Wednesday, March 30, 2011

ਮੌਜੂਦ ਹੈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਲਿਖਤ ਦਾ ਖਰੜਾ

 ਪਿਛਲੇ ਦਿਨੀਂ ਗੁਰਮੇਲ ਸਿੰਘ ਖਾਲਸਾ ਨੇ ਆਪਣੀ ਇੱਕ ਲਿਖਤ ਵਿੱਚ ਕਿਹਾ ਸੀ ਕਿ ਸ਼ਹੀਦ-ਏ-ਆਜ਼ਮ ਸਰਦਾਰ  ਭਗਤ ਸਿੰਘ ਦੀ ਪ੍ਰਸਿਧ ਲਿਖਤ,"ਮੈਂ ਨਾਸਤਿਕ ਕਿਓਂ ਹਾਂ" ਦਾ ਖਰੜਾ ਕਿਸੇ ਕੋਲ ਵੀ ਮੌਜੂਦ ਨਹੀਂ. ਇਸ ਦਾਵੇ ਨੂੰ ਝੁਠਲਾਉਂਦਿਆਂ ਸ਼ਹੀਦ ਭਗਤ ਸਿੰਘ ਬਾਰੇ ਸਰਬ ਪ੍ਰਵਾਨਿਤ ਸ਼ਖਸੀਅਤ ਡਾਕਟਰ ਚਮਨ ਲਾਲ ਹੁਰਾਂ ਨੇ ਉਦੋਂ ਹੀ ਆਖ ਦਿੱਤਾ ਸੀ ਕਿ ਇਹ ਲੇਖ ਲਾਹੋਰ ਤੋਂ ਛਪਦੇ ਪਰਚੇ ਪੀਪਲ ਨੇ ਆਪਣੇ 27 ਸਤੰਬਰ 1931 ਵਾਲੇ ਅੰਕ ਵਿੱਚ ਪ੍ਰਕਾਸ਼ਿਤ ਕੀਤਾ ਸੀ ਅਤੇ ਇਸਦਾ ਖਰੜਾ ਦਿੱਲੀ ਦੀ ਤੀਨ ਮੂਰਤੀ ਲਾਇਬ੍ਰੇਰੀ ਵਿੱਚ ਅਜੇ ਵੀ ਸੰਭਾਲਿਆ ਪਿਆ ਹੈ. ਜਿਸ ਨੂੰ ਵੀ ਕੋਈ ਸ਼ਕ ਹੋਵੇ ਉਹ ਜਾ ਕੇ ਦੇਖ ਸਕਦਾ ਹੈ. ਹੁਣ ਇਕ਼ਬਾਲ ਪਾਠਕ ਹੁਰਾਂ ਨੇ ਇਸਨੂੰ ਪੰਜਾਬੀ ਵਿੱਚ ਆਨਲਾਈਨ ਲਭਿਆ ਅਤੇ ਸ਼ੇਅਰ ਵੀ ਕੀਤਾ. ਸਤਦੀਪ ਗਿੱਲ ਹੁਰਾਂ ਨੇ ਇਸ ਲਿਖਤ ਨੂੰ ਇੱਕ ਵਾਰ ਫੇਰ ਪਾਠਕਾਂ ਸਾਹਮਣੇ ਲਿਆਉਂਦਿਆਂ  ਦੱਸਿਆ ਹੈ ਕਿ ਮੂਲ ਅੰਗ੍ਰੇਜ਼ੀ ਵਿਚੋਂ ਇਸਦਾ ਪੰਜਾਬੀ ਉਲਥਾ ਅਮਰਜੀਤ ਚੰਦਨ ਹੁਰਾਂ ਨੇ ਬੜੀ ਹੀ ਮੇਹਨਤ ਨਾਲ  1979  ਵਿੱਚ ਕੀਤਾ ਸੀ. ਸੰਨ 2005 ਵਿੱਚ ਇਸਨੂੰ ਦੁਬਾਰਾ ਸੋਧਿਆ ਵੀ ਗਿਆ. ਤੁਸੀਂ ਇਸ ਲਿਖਤ ਨੂੰ ਇਥੇ ਕਲਿੱਕ ਕਰਕੇ ਵੀ ਪੜ੍ਹ ਸਕਦੇ ਹੋ.ਇਸ ਬਾਰੇ ਤੁਹਾਡੇ ਵਿਚਾਰਾਂ ਦੀ ਉਡੀਕ ਪਹਿਲਾਂ ਵਾਂਗ ਹੀ ਬਣੀ ਰਹੇਗੀ.--ਰੈਕਟਰ ਕਥੂਰੀਆ 
ਮੈਂ ਨਾਸਤਿਕ ਕਿਉਂ ਹਾਂ? – ਭਗਤ ਸਿੰਘ
ਸਤਦੀਪ ਗਿੱਲ

ਨਵੀਂ ਸਮੱਸਿਆ ਖੜ੍ਹੀ ਹੋ ਗਈ ਹੈ। ਕੀ ਸਰਬਸ਼ਕਤੀਮਾਨ, ਸਰਬਵਿਆਪਕ ਤੇ ਸਰਬਹਿਤਕਾਰੀ ਰੱਬ ਦੀ ਹੋਂਦ ਵਿਚ ਮੇਰੀ ਅਵਿਸ਼ਵਾਸ ਮੇਰੇ ਅਹੰਕਾਰ ਕਰਕੇ ਹੈ? ਮੈਨੂੰ ਕਦੇ ਚਿੱਤ-ਚੇਤਾ ਵੀ ਨਹੀਂ ਸੀ ਕਿ ਮੈਨੂੰ ਕਿਸੇ ਵੇਲੇ ਇਹੋ-ਜਿਹੀ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ। ਅਪਣੇ ਕੁਝ ਦੋਸਤਾਂ ਨਾਲ਼ ਗੱਲ ਕਰਕੇ ਪਤਾ ਲੱਗਾ ਹੈ ਕਿ ਮੇਰੇ ਕੁਝ ਦੋਸਤਾਂ ਨੇ (ਜੋ ਦੋਸਤੀ ਦਾ ਇਹ ਦਾਅਵਾ ਗ਼ਲਤ ਨਾ ਹੋਵੇ) ਮੇਰੇ ਨਾਲ਼ ਥੋੜ੍ਹੇ ਜਿਹੇ ਮੇਲ਼ਜੋਲ ਮਗਰੋਂ ਹੀ ਇਹ ਸਿੱਟਾ ਕੱਢ ਲਿਆ ਕਿ ਮੇਰਾ ਰੱਬ ਦੀ ਹੋਂਦ ਤੋਂ ਮੁਨਕਰ ਹੋਣਾ ਮੇਰੀ ਹਿਮਾਕਤ ਹੈ ਅਤੇ ਇਹ ਵੀ ਕਿ ਮੇਰਾ ਅਹੰਕਾਰ ਹੀ ਮੇਰੇ ਅਵਿਸ਼ਵਾਸ ਦਾ ਕਾਰਣ ਹੈ। ਫਿਰ ਵੀ ਸਮੱਸਿਆ ਤਾਂ ਗੰਭੀਰ ਹੀ ਹੈ। ਮੈਂ ਇਨ੍ਹਾਂ ਇਨਸਾਨੀ ਵਤੀਰਿਆਂ ਤੋਂ ਉੱਪਰ ਹੋਣ ਦਾ ਦਾਅਵਾ ਨਹੀਂ ਕਰਦਾ। ਮੈਂ ਵੀ ਆਖ਼ਿਰ ਇਨਸਾਨ ਹਾਂ, ਇਸ ਤੋਂ ਵੱਧ ਕੁਝ ਨਹੀਂ। ਤੇ ਨਾ ਹੀ ਕੋਈ ਇਸ ਤੋਂ ਵੱਧ ਹੋਣ ਦਾ ਦਾਅਵਾ ਕਰ ਸਕਦਾ ਹੈ। ਮੇਰੇ ਵਿਚ ਵੀ ਕਮਜ਼ੋਰੀ ਹੈ। ਅਹੰਕਾਰ ਮੇਰੇ ਸੁਭਾਅ ਦਾ ਵੀ ਅੰਗ ਹੈ। ਮੇਰੇ ਅਪਣੇ ਸਾਥੀ ਮੈਨੂੰ ਤਾਨਾਸ਼ਾਹ ਕਹਿੰਦੇ ਰਹੇ ਹਨ। ਇੱਥੋਂ ਤਕ ਕਿ ਮੇਰਾ ਦੋਸਤ ਬੀ.ਕੇ. ਦੱਤ ਵੀ ਕਦੀ-ਕਦੀ ਮੈਨੂੰ ਤਾਨਾਸ਼ਾਹ ਕਹਿੰਦਾ ਹੁੰਦਾ ਸੀ। ਕਈ ਮੌਕਿਆਂ ‘ਤੇ ਮੈਨੂੰ ਹੈਂਕੜਬਾਜ਼ ਵੀ ਕਿਹਾ ਗਿਆ। ਕੁਝ ਦੋਸਤ ਗੰਭੀਰ ਦੋਸ਼ ਲਾਉਂਦੇ ਰਹੇ ਕਿ ਮੈਂ ਦੂਜਿਆਂ ਤੇ ਅਪਣੀ ਰਾਇ ਮੜ੍ਹਦਾ ਹਾਂ ਅਤੇ ਅਪਣੀ ਗੱਲ ਮੰਨਵਾ ਲੈਂਦਾ ਹਾਂ। ਮੈਂ ਇਨਕਾਰ ਨਹੀਂ ਕਰਦਾ ਕਿ ਇਹ ਗੱਲ ਕਿਸੇ ਹੱਦ ਤਕ ਸਹੀ ਹੈ। ਇਸ ਨੂੰ ਅਹੰਵਾਦ ਵੀ ਕਿਹਾ ਜਾ ਸਕਦਾ ਹੈ। ਜਿੱਥੋਂ ਤਕ ਸਮਾਜ ਦੀਆਂ ਰੂੜ੍ਹੀਵਾਦੀ ਰਵਾਇਤਾਂ ਦੇ ਵਿਰੋਧ ਦਾ ਸਵਾਲ ਹੈ, ਮੈਂ ਅਹੰਕਾਰੀ ਹਾਂ। ਪਰ ਇਹ ਜ਼ਾਤੀ ਗੱਲ ਨਹੀਂ। ਇਹ ਅਪਣੇ ਵਿਚਾਰਾਂ ‘ਤੇ ਮਾਣ ਵਾਲ਼ੀ ਗੱਲ ਹੈ; ਇਹਨੂੰ ਅਹੰਕਾਰ ਨਹੀਂ ਕਿਹਾ ਜਾ ਸਕਦਾ। ਅਭਿਮਾਨ, ਜਾਂ ਕਹਿ ਲਓ ਅਹੰਕਾਰ ਕਿਸੇ ਮਨੁੱਖ ਵਿਚ ਲੋੜੋਂ ਵੱਧ ਅਪਣੇ ਆਪ ਦਾ ਪ੍ਰਗਟਾਵਾ ਹੁੰਦਾ ਹੈ। ਕੀ ਮੈਂ ਬੇਲੋੜੇ ਮਾਣ ਕਰਕੇ ਨਾਸਤਿਕ ਬਣਿਆਂ ਹਾਂ ਜਾਂ ਇਸ ਵਿਸ਼ੇ ਤੇ ਡੂੰਘਾ ਮੁਤਾਲਿਆ ਕਰਨ ਮਗਰੋਂ ਅਤੇ ਗੰਭੀਰ ਸੋਚ-ਵਿਚਾਰ ਮਗਰੋਂ ਨਾਸਤਿਕ ਬਣਿਆਂ ਹਾਂ? ਇਹ ਸਵਾਲ ਹੈ, ਜਿਸ ਬਾਰੇ ਮੈਂ ਇੱਥੇ ਚਰਚਾ ਕਰਨਾ ਚਾਹੁੰਦਾ ਹਾਂ। ਸਭ ਤੋਂ ਪਹਿਲੇ ਇਹ ਨਬੇੜਾ ਕਰ ਲਈਏ ਕਿ ਅਭਿਮਾਨ ਤੇ ਅਹੰਕਾਰ ਦੋ ਅਲੱਗ-ਅਲੱਗ ਗੱਲਾਂ ਹੁੰਦੀਆਂ ਹਨ।
ਮੈਨੂੰ ਇਸ ਗੱਲ ਦੀ ਹੁਣ ਤਕ ਸਮਝ ਨਹੀਂ ਆਈ ਕਿ ਬੇਲੋੜਾ ਮਾਣ ਜਾਂ ਫੋਕਾ ਅਭਿਮਾਨ ਮਨੁੱਖ ਲਈ ਆਸਤਿਕਤਾ ਦੇ ਰਾਹ ਦਾ ਰੋੜਾ ਕਿਵੇਂ ਬਣ ਸਕਦੇ ਹਨ? ਮੈਂ ਕਿਸੇ ਸੱਚੀਂਮੁੱਚੀਂ ਦੇ ਮਹਾਨ ਵਿਅਕਤੀ ਦੀ ਮਹਾਨਤਾ ਤੋਂ ਮੁਨਕਰ ਹੋ ਸਕਦਾ ਹਾਂ, ਬਸ਼ਰਤੇ ਕਿ ਮੈਨੂੰ ਐਵੇਂ ਰਾਹ ਜਾਂਦੇ ਹੀ ਸ਼ੁਹਰਤ ਹੱਥ ਲੱਗ ਗਈ ਹੋਵੇ ਜਾਂ ਮਹਾਨ ਹੋਣ ਲਈ ਸੱਚੀਮੁੱਚੀ ਲੋੜੀਂਦੇ ਗੁਣ ਹੀ ਮੇਰੇ ਵਿਚ ਨਾ ਹੋਣ। ਇਹ ਗੱਲ ਸਮਝ ਪੈਂਦੀ ਹੈ, ਪਰ ਇਹ ਕਿਵੇਂ ਹੋ ਸਕਦਾ ਹੈ ਕਿ ਕੋਈ ਆਸਤਿਕ ਅਪਣੇ ਅਹੰਕਾਰ ਕਰਕੇ ਨਾਸਤਿਕ ਹੋ ਜਾਵੇ? ਸਿਰਫ਼ ਦੋ ਗੱਲਾਂ ਹੋ ਸਕਦੀਆਂ ਹਨ; ਜਾਂ ਤਾਂ ਮਨੁੱਖ ਖ਼ੁਦ ਨੂੰ ਖ਼ੁਦਾ ਦਾ ਰਕੀਬ ਸਮਝਣਾ ਸ਼ੁਰੂ ਕਰ ਦੇਵੇ ਜਾਂ ਫੇਰ ਖ਼ੁਦ ਹੀ ਖ਼ੁਦਾ ਬਣ ਬੈਠੇ। ਦੋਹਾਂ ਹਾਲਤਾਂ ਵਿਚ ਉਹ ਸਹੀ ਨਾਸਤਿਕ ਨਹੀਂ ਹੋ ਸਕਦਾ। ਪਹਿਲੀ ਸੂਰਤ ਵਿਚ ਉਹ ਰਕੀਬ ਦੀ ਹਾਲਤ ਤੋਂ ਮੁਨਕਰ ਨਹੀਂ ਹੁੰਦਾ। ਦੂਸਰੀ ਹਾਲਤ ਵਿਚ ਉਹ ਸਚੇਤ ਸੱਤਾ ਦੀ ਹੋਂਦ ਨੂੰ ਮੰਨਦਾ ਹੈ, ਜੋ ਪਰਦੇ ਪਿੱਛਿਉਂ ਸਾਰੀ ਪ੍ਰਕ੍ਰਿਤੀ ਨੂੰ ਚਲਾ ਰਹੀ ਹੈ। ਇਸਦੀ ਸਾਡੇ ਲਈ ਕੋਈ ਅਹਿਮੀਅਤ ਨਹੀਂ ਕਿ ਉਹ ਖ਼ੁਦ ਨੂੰ ਖ਼ੁਦਾ ਸਮਝਦਾ ਹੈ ਜਾਂ ਖੁਦਾ ਨੂੰ ਖ਼ੁਦ ਤੋਂ ਅਲੱਗ ਕੋਈ ਪਰਮਸੱਤਾ ਮੰਨਦਾ ਹੈ। ਅਸਲ ਨੁਕਤਾ ਇਹ ਹੈ। ਦੋਹਾਂ ਹਾਲਤਾਂ ਵਿਚ ਉਸਦਾ ਰੱਬ ਵਿਚ ਵਿਸ਼ਵਾਸ ਕਾਇਮ ਰਹਿੰਦਾ ਹੈ। ਉਹ ਕਿਸੇ ਵੀ ਤਰ੍ਹਾਂ ਨਾਸਤਿਕ ਨਹੀਂ। ਇਹੋ ਮੈਂ ਆਖਣਾ ਚਾਹੁੰਦਾ ਹਾਂ। ਮੈਂ ਉਪਰਲੀਆਂ ਦੋਹਵਾਂ ਕਿਸਮਾਂ ਵਿਚ ਨਹੀਂ ਆਉਂਦਾ। ਮੈਂ ਤਾਂ ਕਿਸੇ ਵੀ ਸਰਬਸ਼ਕਤੀਮਾਨ ਜਾਂ ਸਰਵੋਪਰੀ ਸੱਤਾ ਦੀ ਹੋਂਦ ਤੋਂ ਮੂਲੋਂ ਹੀ ਇਨਕਾਰੀ ਹਾਂ। ਇੰਜ ਕਿਉਂ ਹੈ? ਮੈਂ ਇਹਦੇ ਬਾਰੇ ਅੱਗੇ ਚੱਲ ਕੇ ਵਿਚਾਰ-ਚਰਚਾ ਕਰਾਂਗਾ।
ਇਥੇ ਮੈਂ ਇਹ ਗੱਲ ਸਪੱਸ਼ਟ ਕਰ ਦੇਣੀ ਚਾਹੁੰਦਾ ਹਾਂ ਕਿ ਮੈਂ ਅਹੰਕਾਰ ਕਰਕੇ ਨਾਸਤਿਕਤਾ ਦੇ ਸਿਧਾਂਤ ਦਾ ਧਾਰਨੀ ਨਹੀਂ ਹੋਇਆ। ਨਾ ਤਾਂ ਮੈਂ ਖ਼ੁਦਾ ਦਾ ਰਕੀਬ ਹਾਂ, ਨਾ ਕੋਈ ਰੱਬੀ ਅਵਤਾਰ ਤੇ ਨਾ ਹੀ ਆਪ ਪ੍ਰਮਾਤਮਾ ਹਾਂ। ਇਕ ਗੱਲ ਤਾਂ ਪੱਕੀ ਹੈ ਕਿ ਅਹੰਕਾਰ ਕਾਰਣ ਮੈਂ ਇਹ ਸੋਚਣੀ ਨਹੀਂ ਅਪਣਾਈ। ਇਸ ਇਲਜ਼ਾਮ ਦਾ ਜਵਾਬ ਦੇਣ ਲਈ ਮੈਂ ਤੱਥ ਬਿਆਨ ਕਰਦਾ ਹਾਂ। ਮੇਰੇ ਦੋਸਤ ਕਹਿੰਦੇ ਹਨ ਕਿ ਦਿੱਲੀ ਬੰਬ ਤੇ ਲਾਹੌਰ ਸਾਜ਼ਿਸ਼ ਕੇਸਾਂ ਦੌਰਾਨ ਮੈਨੂੰ ਬੜੀ ਬੇਲੋੜੀ ਸ਼ੁਹਰਤ ਮਿਲ਼ੀ, ਉਸ ਕਾਰਣ ਮੇਰੇ ਵਿਚ ਫੋਕੀ ਸ਼ਾਨ ਆ ਗਈ। ਆਓ, ਆਪਾਂ ਦੇਖੀਏ ਕਿ ਉਨ੍ਹਾਂ ਦੇ ਕਥਨ ਕਿੱਥੋਂ ਤਕ ਠੀਕ ਹਨ? ਪਿੱਛੇ ਜਿਹੇ ਵਾਪਰੀਆਂ ਘਟਨਾਵਾਂ ਕਾਰਣ ਮੈਂ ਨਾਸਤਿਕ ਨਹੀਂ ਹੋਇਆ। ਮੈਂ ਤਾਂ ਓਦੋਂ ਹੀ ਰੱਬ ਨੂੰ ਮੰਨਣੋਂ ਹਟ ਗਿਆ ਸੀ, ਜਦ ਮੈਂ ਨਾਮਾਲੂਮ ਨੌਜਵਾਨ ਸੀ; ਜਦ ਮੇਰੇ ਉਪਰੋਕਤ ਦੋਸਤ ਰੱਬ ਦੀ ਹੋਂਦ ਤੋਂ ਸਚੇਤ ਵੀ ਨਹੀਂ ਸਨ। ਘੱਟੋ-ਘੱਟ ਕਾਲਜ ਦਾ ਕੋਈ ਵਿਦਿਆਰਥੀ ਏਨਾ ਅਭਿਮਾਨੀ ਨਹੀਂ ਹੋ ਸਕਦਾ ਕਿ ਉਹ ਨਾਸਤਿਕ ਹੋ ਜਾਵੇ। ਭਾਵੇਂ ਕੁਝ ਪ੍ਰੋਫ਼ੈਸਰ ਮੈਨੂੰ ਪਸੰਦ ਕਰਦੇ ਸਨ ਤੇ ਕੁਝ ਨਾਪਸੰਦ, ਪਰ ਮੈਂ ਕਦੇ ਵੀ ਮਿਹਨਤੀ ਮੁੰਡਾ ਨਹੀਂ ਸੀ। ਅਹੰਕਾਰ ਵਰਗੇ ਵਿਚਾਰ ਰੱਖਣ ਦਾ ਮੈਨੂੰ ਕੋਈ ਮੌਕਾ ਨਹੀਂ ਮਿਲ਼ਿਆ ਸੀ। ਮੈਂ ਬਹੁਤ ਸੰਙਾਊ ਸੁਭਾਅ ਵਾਲ਼ਾ ਤੇ ਭਵਿੱਖ ਬਾਰੇ ਉਲ਼ਝਿਆ ਰਹਿਣ ਵਾਲ਼ਾ ਮੁੰਡਾ ਸੀ ਤੇ ਉਨ੍ਹਾਂ ਦਿਨਾਂ ਵਿਚ ਮੈਂ ਪੂਰਾ ਨਾਸਤਿਕ ਨਹੀਂ ਸੀ। ਮੈਂ ਅਪਣੇ ਬਾਬਾ ਜੀ ਦੇ ਅਸਰ ਹੇਠ ਵੱਡਾ ਹੋਇਆ ਸੀ ਤੇ ਉਹ ਪੱਕੇ ਆਰੀਆ ਸਮਾਜੀ ਸਨ। ਕੋਈ ਆਰੀਆ ਸਮਾਜੀ ਹੋਰ ਤਾਂ ਸਭ ਕੁਝ ਹੋ ਸਕਦਾ ਹੈ, ਪਰ ਨਾਸਤਿਕ ਨਹੀਂ। ਮੈਂ ਅਪਣੀ ਪ੍ਰਾਇਮਰੀ ਦੀ ਪੜ੍ਹਾਈ ਮੁਕਾ ਕੇ ਲਾਹੌਰ ਦੇ ਡੀ.ਏ.ਵੀ. ਸਕੂਲ ਵਿਚ ਦਾਖ਼ਿਲ ਹੋ ਗਿਆ ਤੇ ਇਹਦੇ ਬੋਰਡਿੰਗ ਹਾਊਸ ਵਿਚ ਪੂਰਾ ਇਕ ਸਾਲ ਰਿਹਾ। ਉਥੇ ਸਵੇਰ ਅਤੇ ਤ੍ਰਿਕਾਲ-ਸੰਧਿਆ ਦੀਆਂ ਪ੍ਰਾਰਥਨਾਵਾਂ ਤੋਂ ਛੁੱਟ ਮੈਂ ਘੰਟਿਆਂ-ਬੱਧੀ ਗਾਇਤ੍ਰੀ ਮੰਤ੍ਰ ਦਾ ਜਾਪ ਕਰਦਾ ਸੀ। ਮੈਂ ਉਨ੍ਹਾਂ ਦਿਨਾਂ ਵਿਚ ਪੱਕਾ ਸ਼ਰਧਾਲੂ ਸੀ। ਫੇਰ ਮੈਂ ਅਪਣੇ ਪਿਤਾ ਜੀ ਨਾਲ਼ ਰਹਿਣ ਲਗ ਪਿਆ। ਉਨ੍ਹਾਂ ਦਾ ਧਾਰਮਿਕ ਦ੍ਰਿਸ਼ਟੀਕੋਣ ਉਦਾਰ ਸੀ। ਉਨ੍ਹਾਂ ਦੀਆਂ ਸਿੱਖਿਆਵਾਂ ਸਦਕਾ ਹੀ ਮੈਂ ਅਪਣੀ ਜ਼ਿੰਦਗੀ ਆਜ਼ਾਦੀ ਦੇ ਆਦਰਸ਼ ਨੂੰ ਅਰਪੀ। ਪਰ ਉਹ ਨਾਸਤਿਕ ਨਹੀਂ ਸਨ। ਉਨ੍ਹਾਂ ਦਾ ਰੱਬ ਵਿਚ ਪੱਕਾ ਅਕੀਦਾ ਸੀ। ਉਹ ਮੈਨੂੰ ਹਰ ਰੋਜ਼ ਪ੍ਰਾਰਥਨਾ ਕਰਨ ਲਈ ਕਹਿੰਦੇ ਹੁੰਦੇ ਸਨ। ਸੋ ਮੇਰੀ ਪਰਵਰਿਸ਼ ਇਸ ਢੰਗ ਨਾਲ਼ ਹੋਈ। ਨਾਮਿਲਵਰਤਣ ਦੇ ਦਿਨਾਂ ਵਿਚ ਮੈਂ ਨੈਸ਼ਨਲ ਕਾਲਜ ਵਿਚ ਦਾਖ਼ਿਲ ਹੋ ਗਿਆ। ਉਥੇ ਹੀ ਮੈਂ ਸਾਰੀਆਂ ਧਾਰਮਿਕ ਸਮੱਸਿਆਵਾਂ ਬਾਰੇ, ਇੱਥੋਂ ਤਕ ਕਿ ਰੱਬ ਬਾਰੇ ਵੀ ਖੁੱਲ੍ਹੇ ਤੌਰ ‘ਤੇ ਸੋਚਣਾ ਤੇ ਇੰਨਾ ਬਾਰੇ ਵਿਚਾਰ-ਚਰਚਾ ਕਰਨੀ ਸ਼ੁਰੂ ਕਰ ਦਿੱਤੀ। ਪਰ ਮੇਰਾ ਓਦੋਂ ਵੀ ਰੱਬ ਵਿਚ ਪੱਕਾ ਵਿਸ਼ਵਾਸ ਸੀ। ਓਦੋਂ ਮੈਂ ਦਾੜ੍ਹੀ-ਕੇਸ ਰੱਖ ਲਏ ਸੀ, ਪਰ ਤਾਂ ਵੀ ਮੈਂ ਸਿੱਖੀ ਦੇ ਮਿਥਿਹਾਸ ਜਾਂ ਸਿਧਾਂਤ ਜਾਂ ਕਿਸੇ ਹੋਰ ਧਰਮ ਵਿਚ ਵਿਸ਼ਵਾਸ ਨਾ ਕਰ ਸਕਿਆ। ਪਰ ਰੱਬ ਦੀ ਹੋਂਦ ਵਿਚ ਮੇਰਾ ਪੱਕਾ ਵਿਸ਼ਵਾਸ ਸੀ।
ਫੇਰ ਮੈਂ ਇਨਕਲਾਬੀ ਪਾਰਟੀ ਵਿਚ ਸ਼ਾਮਿਲ ਹੋ ਗਿਆ। ਮੈਂ ਜਿਸ ਪਹਿਲੇ ਆਗੂ ਨੂੰ ਮਿਲਿਆ, ਉਹ ਰੱਬ ਦੀ ਹੋਂਦ ਤੋਂ ਇਨਕਾਰੀ ਹੋਣ ਦਾ ਹੌਂਸਲਾ ਤਕ ਨਹੀਂ ਕਰ ਸਕਦਾ ਸੀ, ਭਾਵੇਂ ਉਹ ਇਹਦੇ ਬਾਰੇ ਪੂਰੀ ਤਰਾਂ ਸਚੇਤ ਨਹੀਂ ਸੀ। ਮੈਂ ਉਹਦੇ ਕੋਲੋਂ ਰੱਬ ਬਾਰੇ ਪੁੱਛਣਾ ਤਾਂ ਉਹਨੇ ਆਖ ਛੱਡਣਾ, ”ਜਦ ਤੇਰਾ ਦਿਲ ਕਰੇ, ਰੱਬ ਨੂੰ ਧਿਆ ਲਿਆ ਕਰ।” ਨਾਸਤਿਕਤਾ ਦੇ ਸਿਧਾਂਤ ਨੂੰ ਮੰਨਣ ਲਈ ਜੋ ਹੌਂਸਲਾ ਚਾਹੀਦਾ ਹੈ, ਇਹ ਉਹ ਹੌਂਸਲੇ ਤੋਂ ਬਿਨਾਂ ਨਾਸਤਿਕਤਾ ਹੈ। ਮੈਂ ਜਿਸ ਦੂਜੇ ਆਗੂ ਨੂੰ ਮਿਲ਼ਿਆ, ਉਹਦਾ ਰੱਬ ਵਿਚ ਪੱਕਾ ਵਿਸ਼ਵਾਸ ਸੀ। ਮੈਂ ਤੁਹਾਨੂੰ ਉਹਦਾ ਨਾ ਦਸਦਾਂ – ਮਾਣਯੋਗ ਕਾਮਰੇਡ ਸ਼ਚੀਂਦਰ ਨਾਥ ਸਾਨਿਆਲ, ਜੋ ਹੁਣ ਕਰਾਚੀ ਸਾਜ਼ਿਸ਼ ਕੇਸ ਵਿਚ ਉਮਰ ਕੈਦ ਭੁਗਤ ਰਹੇ ਹਨ। ਉਨ੍ਹਾਂ ਦੀ ਇੱਕੋ-ਇਕ ਤੇ ਪ੍ਰਸਿੱਧ ਕਿਤਾਬ ਬੰਦੀ ਜੀਵਨ ਵਿਚ ਪਹਿਲੇ ਸਫ਼ੇ ਤੋਂ ਹੀ ਰੱਬ ਦੀ ਸ਼ਾਨ ਦੀ ਜ਼ੋਰਦਾਰ ਮਹਿਮਾ ਗਾਈ ਗਈ ਹੈ। ਇਸ ਖ਼ੂਬਸੂਰਤ ਕਿਤਾਬ ਦੇ ਦੂਜੇ ਭਾਗ ਦੇ ਆਖ਼ਿਰੀ ਸਫ਼ੇ ਵਿਚ ਉਨ੍ਹਾਂ ਦੇ ਵੇਦਾਂਤਵਾਦ ਕਾਰਣ ਰੱਬ ਦੀ ਅਧਿਆਤਮਕ ਮਹਿਮਾ ਉਨ੍ਹਾਂ ਦੇ ਵਿਚਾਰਾਂ ਦਾ ਸਾਰ ਹੈ। ਇਸਤਗਾਸੇ ਦੀ ਕਹਾਣੀ ਮੁਤਾਬਕ ਜੋ ਇਨਕਲਾਬੀ ਪਰਚਾ 28 ਜਨਵਰੀ 1925 ਨੂੰ ਹਿੰਦੋਸਤਾਨ ਭਰ ਵਿਚ ਵੰਡਿਆ ਗਿਆ ਸੀ, ਉਹ ਇਨ੍ਹਾਂ ਦੇ ਦਿਮਾਗ਼ ਦਾ ਸਿੱਟਾ ਸੀ। ਜਿਵੇਂ ਹੁੰਦਾ ਹੀ ਹੈ ਕਿ ਗੁਪਤ ਸਰਗਰਮੀ ਵਿਚ ਕੋਈ ਉੱਘਾ ਆਗੂ ਵਿਚਾਰ ਪ੍ਰਗਟਾਉਂਦਾ ਹੈ, ਜੋ ਕਿ ਉਹਨੂੰ ਬੜੇ ਪਿਆਰੇ ਹੁੰਦੇ ਹਨ ਅਤੇ ਦੂਜੇ ਕਾਰਕੁੰਨਾਂ ਨੂੰ ਮਤਭੇਦਾਂ ਦੇ ਬਾਵਜੂਦ ਉਨ੍ਹਾਂ ਵਿਚਾਰਾਂ ਨਾਲ਼ ਸਹਿਮਤੀ ਪ੍ਰਗਟਾਉਣੀ ਪੈਂਦੀ ਹੈ।
ਉਸ ਪਰਚੇ ਵਿਚ ਪੂਰਾ ਪੈਰਾ ਪਰਮੇਸ਼ਵਰ ਤੇ ਉਹਦੀਆਂ ਲੀਲਾਵਾਂ ਬਾਰੇ ਸੀ। ਇਹ ਰਹੱਸਵਾਦ ਹੈ। ਮੈਂ ਆਖਣਾ ਇਹ ਚਾਹੁੰਦਾ ਹਾਂ ਕਿ ਓਦੋਂ ਇਨਕਲਾਬੀ ਪਾਰਟੀ ਵਿਚ ਰੱਬ ਦੀ ਹੋਂਦ ਤੋਂ ਇਨਕਾਰੀ ਹੋਣ ਦਾ ਵਿਚਾਰ ਪੈਦਾ ਵੀ ਨਹੀਂ ਹੋਇਆ ਸੀ। ਕਾਕੋਰੀ ਦੇ ਉੱਘੇ ਚਾਰ ਸ਼ਹੀਦਾਂ ਨੇ ਅਪਣਾ ਅੰਤਿਮ ਦਿਨ ਪ੍ਰਾਰਥਨਾ/ਦੁਆ ਕਰਦਿਆਂ ਲੰਘਾਇਆ ਸੀ। ਰਾਮ ਪ੍ਰਸ਼ਾਦ ਬਿਸਮਿਲ ਪੱਕੇ ਆਰੀਆ ਸਮਾਜੀ ਸਨ। ਸਮਾਜਵਾਦ ਤੇ ਸਾਮਵਾਦ ਦੇ ਖੇਤਰ ਵਿਚ ਅਪਣੇ ਡੂੰਘੇ ਅਧਿਅਨ ਦੇ ਬਾਵਜੂਦ ਰਾਜਨ ਲਾਹਿੜੀ ਕੋਲੋਂ ਉਪਨਿਸ਼ਦਾਂ ਦੇ ਮੰਤ੍ਰ ਉੱਚਾਰਣ ਤੇ ਗੀਤਾ ਦਾ ਪਾਠ ਕਰਨ ਤੋਂ ਰਿਹਾ ਨਾ ਗਿਆ। ਉਨ੍ਹਾਂ ਸਾਰਿਆਂ ਵਿਚ ਮੈਂ ਇੱਕੋ ਬੰਦਾ ਦੇਖਿਆ ਸੀ, ਜਿਨ੍ਹੇ ਕਦੇ ਵੀ ਪ੍ਰਾਰਥਨਾ ਨਹੀਂ ਕੀਤੀ ਸੀ ਤੇ ਉਹ ਕਿਹਾ ਕਰਦਾ ਸੀ, “ਧਾਰਮਿਕ ਫ਼ਲਸਫ਼ਾ ਮਨੁੱਖੀ ਕਮਜ਼ੋਰੀ ਜਾਂ ਸੀਮਿਤ ਗਿਆਨ ਦਾ ਸਿੱਟਾ ਹੈ।” ਇਹ ਬੰਦਾ ਵੀ ਉਮਰ ਕੈਦ ਭੁਗਤ ਰਿਹਾ ਹੈ। ਪਰ ਇਹਨੂੰ ਵੀ ਕਦੇ ਆਖਣ ਦੀ ਹਿੰਮਤ ਨਹੀਂ ਪਈ ਕਿ ਰੱਬ ਨਹੀਂ ਹੈ।
ਉਸ ਅਰਸੇ ਤਕ ਮੈਂ ਸਿਰਫ਼ ਰੋਮਾਂਟਿਕ ਵਿਚਾਰਵਾਦੀ ਇਨਕਲਾਬੀ ਸੀ। ਉਦੋਂ ਤਕ ਤਾਂ ਅਸੀਂ ਸਿਰਫ਼ ਅਨੁਆਈ ਹੀ ਸਾਂ। ਫੇਰ ਸਾਰੀ ਜ਼ਿੰਮੇਵਾਰੀ ਅਪਣੇ ਮੋਢਿਆਂ ‘ਤੇ ਲੈਣ ਦਾ ਵੇਲਾ ਆਇਆ। ਕੁਝ ਚਿਰ ਪਾਰਟੀ ਦੇ ਅਟੱਲ ਵਿਰੋਧ ਕਾਰਣ ਇਹਦੀ ਹੋਂਦ ਹੀ ਖ਼ਤਰੇ ਵਿਚ ਸੀ। ਜੋਸ਼ ਨਾਲ਼ ਭਰੇ ਕਾਮਰੇਡ ਹੀ ਨਹੀਂ, ਸਗੋਂ ਆਗੂ ਵੀ ਮਜ਼ਾਕ ਉਡਾਉਣ ਲੱਗੇ। ਕੁਝ ਚਿਰ ਮੈਨੂੰ ਵੀ ਸੰਸਾ ਰਿਹਾ ਕਿ ਕਿਸੇ ਦਿਨ ਮੈਨੂੰ ਵੀ ਅਪਣੀ ਪਾਰਟੀ ਦੀ ਨਿਸਫਲਤਾ ਦਾ ਯਕੀਨ ਹੋ ਜਾਏਗਾ। ਇਹ ਮੇਰੇ ਇਨਕਲਾਬੀ ਜੀਵਨ ਵਿਚ ਆਇਆ ਵੱਡਾ ਮੋੜ ਸੀ। ‘ਅਧਿਅਨ ਕਰਨ’ ਦੇ ਅਹਿਸਾਸ ਦੀਆਂ ਤਰੰਗਾਂ ਮੇਰੇ ਮਨ ਵਿਚ ਉਭਰਦੀਆਂ ਰਹੀਆਂ। ਅਧਿਅਨ ਕਰ, ਤਾਂ ਕਿ ਤੂੰ ਅਪਣੇ ਵਿਰੋਧੀਆਂ ਦੀਆਂ ਦਲੀਲਾਂ ਦਾ ਜਵਾਬ ਦੇ ਸਕਣ ਦੇ ਯੋਗ ਹੋ ਜਾਏਂ। ਅਪਣੇ ਸਿਧਾਂਤ ਦੀ ਹਮਾਇਤ ਵਿਚ ਦਲੀਲਾਂ ਨਾਲ਼ ਅਪਣੇ ਆਪ ਨੂੰ ਲੈਸ ਕਰਨ ਲਈ ਅਧਿਅਨ ਕਰ! ਮੈਂ ਅਧਿਅਨ ਕਰਨਾ ਸ਼ੁਰੂ ਕਰ ਦਿੱਤਾ। ਮੇਰੇ ਪਹਿਲੇ ਅਕੀਦੇ ਤੇ ਵਿਸ਼ਵਾਸਾਂ ਵਿਚ ਵੱਡੀ ਤਬਦੀਲੀ ਆ ਗਈ। ਸਾਡੇ ਤੋਂ ਪਹਿਲਾਂ ਦੇ ਇਨਕਲਾਬੀਆਂ ਵਿਚ ਸਿਰਫ਼ ਤਸ਼ੱਦਦ ਦੇ ਤੌਰ-ਤਰੀਕਿਆਂ ਦਾ ਰੋਮਾਂਸ ਏਨਾ ਭਾਰੂ ਸੀ, ਹੁਣ ਉਹਦੀ ਥਾਂ ਗੰਭੀਰ ਵਿਚਾਰਾਂ ਨੇ ਲੈ ਲਈ। ਹੁਣ ਰਹੱਸਵਾਦ ਵਾਸਤੇ ਅੰਧਵਿਸ਼ਵਾਸ ਵਾਸਤੇ ਕੋਈ ਥਾਂ ਨਾ ਰਹੀ। ਯਥਾਰਥਵਾਦ ਸਾਡਾ ਸਿਧਾਂਤ ਹੋ ਗਿਆ। ਸਖ਼ਤ ਲੋੜ ਵੇਲੇ ਤਾਕਤ ਦੀ ਵਰਤੋਂ ਜਾਇਜ਼ ਹੈ, ਪਰ ਅਹਿੰਸਾ ਸਾਰੀਆਂ ਜਨਤਕ ਲਹਿਰਾਂ ਦੀ ਅਟੁੱਟ ਨੀਤੀ ਹੈ। ਮੈਂ ਤੌਰ-ਤਰੀਕਿਆਂ ਬਾਰੇ ਕਾਫ਼ੀ ਆਖ ਚੁੱਕਾ ਹਾਂ। ਸਭ ਤੋਂ ਅਹਿਮ ਗੱਲ ਇਹ ਸੀ ਕਿ ਜਿਸ ਆਦਰਸ਼ ਵਾਸਤੇ ਅਸੀਂ ਜੂਝਣਾ ਹੈ, ਉਹਦਾ ਸਪੱਸ਼ਟ ਸੰਬੋਧ ਸਾਡੇ ਸਾਹਮਣੇ ਹੋਵੇ। ਕਿਉਂਕਿ ਐਕਸ਼ਨ ਵਜੋਂ ਕੋਈ ਖ਼ਾਸ ਸਰਗਰਮੀਆਂ ਨਹੀਂ ਹੋ ਰਹੀਆਂ ਸਨ, ਇਸ ਲਈ ਮੈਨੂੰ ਸੰਸਾਰ ਇਨਕਲਾਬ ਦੇ ਵੱਖ-ਵੱਖ ਆਦਰਸ਼ਾਂ ਦੇ ਅਧਿਅਨ ਵਾਸਤੇ ਕਾਫ਼ੀ ਮੌਕਾ ਮਿਲ ਗਿਆ। ਮੈਂ ਅਰਾਜਕਤਾਵਾਦੀ ਆਗੂ ਬਾਕੂਨਿਨ* ਨੂੰ ਪੜ੍ਹਿਆ। ਸਮਾਜਵਾਦ ਦੇ ਪਿਤਾਮਾ ਮਾਰਕਸ ਦੀਆਂ ਕੁਝ ਲਿਖਤਾਂ ਪੜ੍ਹੀਆਂ ਅਤੇ ਲੈਨਿਨ, ਟਰਾਟਸਕੀ* ਦੀਆਂ ਤੇ ਅਪਣੇ ਦੇਸ਼ਾਂ ਵਿਚ ਸਫਲ ਇਨਕਲਾਬ ਲਿਆਉਣ ਵਾਲੇ ਹੋਰ ਵਿਅਕਤੀਆਂ ਦੀਆਂ ਕਿਤਾਬਾਂ ਪੜੀ੍ਹਆਂ। ਇਹ ਸਾਰੇ ਨਾਸਤਿਕ ਸਨ। ਬਾਕੂਨਿਨ ਦੀ ਕਿਤਾਬ ਗੌਡ ਐਂਡ ਸਟੇਟ (ਰੱਬ ਤੇ ਰਿਆਸਤ) ਭਾਵੇਂ ਅਧੂਰੀ-ਜਿਹੀ ਹੈ, ਪਰ ਇਹ ਇਸ ਵਿਸ਼ੇ ਦਾ ਦਿਲਚਸਪ ਅਧਿਅਨ ਹੈ। ਇਸ ਤੋਂ ਮਗਰੋਂ ਮੈਨੂੰ ਨਿਰਲੰਬ ਸਵਾਮੀ ਦੀ ਲਿਖੀ ਕਿਤਾਬ ਕੌਮਨ ਸੈਂਸ (ਆਮ ਸਮਝਬੂਝ) ਹੱਥ ਲੱਗੀ। ਇਸ ਕਿਤਾਬ ਵਿਚ ਅਧਿਆਤਮਕ ਨਾਸਤਿਕਵਾਦ ਸੀ। ਇਸ ਵਿਸ਼ੇ ਵਿਚ ਮੇਰੀ ਬਹੁਤ ਜ਼ਿਆਦਾ ਦਿਲਚਸਪੀ ਹੋ ਗਈ। 1926 ਦੇ ਅਖ਼ੀਰ ਤਕ ਮੇਰਾ ਇਹ ਵਿਸ਼ਵਾਸ ਪੱਕਾ ਹੋ ਚੁੱਕਾ ਸੀ ਕਿ ਬ੍ਰਹਮੰਡ ਦੇ ਸਿਰਜਨ, ਪਾਲਣਹਾਰ ਤੇ ਸਰਬਸ਼ਕਤੀਮਾਨ ਦੀ ਹੋਂਦ ਦਾ ਸਿਧਾਂਤ ਬੇਬੁਨਿਆਦ ਹੈ। ਮੈਂ ਇਸ ਵਿਸ਼ੇ ਬਾਰੇ ਅਪਣੇ ਦੋਸਤਾਂ ਨਾਲ਼ ਬਹਿਸ ਕਰਨੀ ਸ਼ੁਰੂ ਕੀਤੀ। ਮੈਂ ਐਲਾਨੀਆ ਨਾਸਤਿਕ ਹੋ ਚੁੱਕਾ ਸੀ। ਨਾਸਤਿਕ ਹੋਣ ਦਾ ਕਾਰਣ ਮੈਂ ਹੇਠਾਂ ਬਿਆਨ ਕਰਦਾ ਹਾਂ।
ਮਈ 1927 ਵਿਚ ਮੈਂ ਲਾਹੌਰ ਵਿਚ ਗ੍ਰਿਫ਼ਤਾਰ ਹੋਇਆ। ਮੇਰੀ ਗ੍ਰਿਫ਼ਤਾਰੀ ਮੇਰੇ ਲਈ ਬੜੀ ਅਚੰਭੇ ਵਾਲੀ ਗੱਲ ਸੀ। ਮੈਨੂੰ ਅਸਲੋਂ ਹੀ ਕੋਈ ਸਾਰ ਨਹੀਂ ਸੀ ਕਿ ਪੁਲਿਸ ਮੇਰੇ ਪਿੱਛੇ ਲੱਗੀ ਹੋਈ ਹੈ। ਜਦ ਮੈਂ ਕਿਸੇ ਬਾਗ਼ ਵਿੱਚੋਂ ਦੀ ਲੰਘ ਰਿਹਾ ਸੀ, ਤਾਂ ਅਚਾਨਕ ਮੈਂ ਦੇਖਿਆ ਕਿ ਪੁਲਿਸ ਨੇ ਮੈਨੂੰ ਘੇਰਿਆ ਹੋਇਆ ਹੈ। ਹੁਣ ਮੈਨੂੰ ਆਪ ਹੈਰਾਨੀ ਹੁੰਦੀ ਹੈ। ਮੈਂ ਉਦੋਂ ਬਹੁਤ ਠਰੰਹਮੇ ਨਾਲ਼ ਪੇਸ਼ ਆਇਆ ਸੀ। ਮੈਨੂੰ ਕੋਈ ਘਬਰਾਹਟ ਨਾ ਹੋਈ। ਪੁਲਿਸ ਨੇ ਮੈਨੂੰ ਹਿਰਾਸਤ ਵਿਚ ਲੈ ਲਿਆ। ਅਗਲੇ ਦਿਨ ਉਹ ਮੈਨੂੰ ਰੇਲਵੇ ਪੁਲਿਸ ਦੀ ਜੇਲ ਲੈ ਗਏ, ਜਿੱਥੇ ਮੈਂ ਪੂਰਾ ਮਹੀਨਾ ਕੱਟਿਆ। ਪੁਲਿਸ ਅਫ਼ਸਰਾਂ ਦੀ ਕਈ ਦਿਨਾਂ ਦੀ ਗੱਲਬਾਤ ਤੋਂ ਮਗਰੋਂ ਮੈਂ ਅੰਦਾਜ਼ਾ ਲਾਇਆ ਕਿ ਉਨ੍ਹਾਂ ਨੂੰ ਕਾਕੋਰੀ ਪਾਰਟੀ ਨਾਲ਼ ਮੇਰੇ ਸੰਬੰਧਾਂ ਬਾਰੇ ਤੇ ਇਨਕਲਾਬੀ ਲਹਿਰ ਨਾਲ਼ ਜੁੜੀਆਂ ਮੇਰੀਆਂ ਕੁਝ ਹੋਰ ਸਰਗਰਮੀਆਂ ਦੀ ਜਾਣਕਾਰੀ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਕਿ (ਕਾਕੋਰੀ) ਮੁਕੱਦਮੇ ਦੀ ਸਮਾਇਤ ਦੌਰਾਨ ਮੈਂ ਲਖਨਊ ਵਿਚ ਸੀ ਕਿ ਉਨ੍ਹਾਂ ਨਾਲ਼ (ਕਾਕੋਰੀ ਮੁਲਜ਼ਮਾਂ) ਉਨ੍ਹਾਂ ਨੂੰ ਫ਼ਰਾਰ ਕਰਨ ਦੀ ਵਿਉਂਤ ਬਣਾਈ ਸੀ ਅਤੇ ਉਨ੍ਹਾਂ ਦੀ ਮਨਜ਼ੂਰੀ ਮਿਲਣ ਮਗਰੋਂ ਅਸੀਂ ਕੁਝ ਬੰਬ ਇਕੱਠੇ ਕੀਤੇ ਸਨ ਅਤੇ ਇਹ ਕਿ ਆਜ਼ਮਾਇਸ਼ ਵਾਸਤੇ ਉਨ੍ਹਾਂ ਵਿਚੋਂ ਇਕ ਬੰਬ 1926 ਦੇ ਦੁਸਹਿਰੇ ਦੇ ਮੌਕੇ ਉੱਤੇ ਭੀੜ ਵਿਚ ਸੁੱਟਿਆ ਸੀ। ਉਨ੍ਹਾਂ ਨੇ ਮੇਰੇ ਹਿਤ ਵਾਸਤੇ ਮੈਨੂੰ ਇਹ ਵੀ ਦੱਸਿਆ ਕਿ ਜੇ ਮੈਂ ਇਨਕਲਾਬੀ ਪਾਰਟੀ ਦੀਆਂ ਸਰਗਰਮੀਆਂ ਬਾਰੇ ਕੋਈ ਬਿਆਨ ਦੇ ਦੇਵਾਂ, ਤਾਂ ਮੈਨੂੰ ਕੈਦ ਨਹੀਂ ਹੋਏਗੀ। ਸਗੋਂ ਉਹ ਮੈਨੂੰ ਰਿਹਾਅ ਕਰ ਦੇਣਗੇ ਤੇ ਇਨਾਮ ਦੇਣਗੇ ਤੇ ਮੈਨੂੰ ਅਦਾਲਤ ਵਿਚ ਵਾਅਦਾ ਮੁਆਫ਼ ਵਜੋਂ ਪੇਸ਼ ਨਹੀਂ ਕਰਨਗੇ। ਮੈਂ ਉਨ੍ਹਾਂ ਦੀ ਇਹ ਤਜਵੀਜ਼ ਉੱਤੇ ਹੱਸ ਛੱਡਿਆ। ਇਹ ਸਰਾਸਰ ਧੋਖਾ ਸੀ। ਸਾਡੇ ਵਿਚਾਰਾਂ ਵਾਲ਼ੇ ਲੋਕ ਕਦੇ ਵੀ ਅਪਣੇ ਮਾਸੂਮ ਲੋਕਾਂ ਉੱਤੇ ਬੰਬ ਨਹੀਂ ਸੁੱਟਦੇ। ਇਕ ਦਿਨ ਸਵੇਰੇ ਮਿਸਟਰ ਨਿਊਮੈਨ ਮੇਰੇ ਕੋਲ਼ ਆਇਆ, ਜੋ ਉਨ੍ਹੀ ਦਿਨੀਂ ਸੀ.ਆਈ.ਡੀ. ਦਾ ਸੀਨੀਅਰ ਸੁਪਰਟੰਡੈਂਟ ਹੁੰਦਾ ਸੀ। ਉਹਨੇ ਮੇਰੇ ਨਾਲ਼ ਲੰਮੀ-ਚੌੜੀ ਹਮਦਰਦ ਗੱਲਬਾਤ ਮਗਰੋਂ ਅਪਣੇ ਚਿੱਤੋਂ ਮੈਨੂੰ ਬੜੀ ਮਾੜੀ ਖ਼ਬਰ ਦਿੱਤੀ ਕਿ ਜੇ ਮੈਂ ਉਨ੍ਹਾਂ ਦੀ ਮਰਜ਼ੀ ਮੁਤਾਬਿਕ ਕੋਈ ਬਿਆਨ ਨਾ ਦਿੱਤਾ, ਤਾਂ ਉਹ ਮੇਰੇ ਉੱਤੇ ਕਾਕੋਰੀ ਮੁਕੱਦਮੇ ਦੇ ਸੰਬੰਧ ਵਿਚ ਜੰਗ ਛੇੜਨ ਦੀ ਸਾਜ਼ਿਸ਼ ਅਤੇ ਦੁਸਹਿਰਾ ਬੰਬ ਸਾਕੇ ਦੇ ਵਹਿਸ਼ੀ ਕਾਤਿਲਾਂ ਦਾ ਮੁਕੱਦਮਾ ਚਲਾਉਣ ਲਈ ਮਜਬੂਰ ਹੋਣਗੇ। ਫੇਰ ਉਹ ਮੈਨੂੰ ਆਖਣ ਲੱਗਾ ਕਿ ਮੈਨੂੰ ਸਜ਼ਾ ਦਿਵਾਉਣ ਤੇ ਫਾਹੇ ਲਾਉਣ ਲਈ ਉਨ੍ਹਾਂ ਕੋਲ਼ ਗਵਾਹੀ ਮੌਜੂਦ ਹੈ। ਉਨ੍ਹੀਂ ਦਿਨੀਂ ਮੇਰਾ ਵਿਸ਼ਵਾਸ ਸੀ – ਭਾਵੇਂ ਮੈਂ ਬਿਲਕੁਲ ਮਾਸੂਮ ਸੀ – ਕਿ ਪੁਲਿਸ ਜੋ ਚਾਹਵੇ ਉਹ ਕਰ ਵੀ ਸਕਦੀ ਹੈ। ਉਸੇ ਦਿਨ ਕੁਝ ਪੁਲਿਸ ਅਫ਼ਸਰ ਦੋਹਵੇਂ ਵੇਲੇ ਰੱਬ ਦਾ ਨਾਂ ਲੈਣ ਲਈ ਮੈਨੂੰ ਪ੍ਰੇਰਨ ਲੱਗ ਪਏ। ਮੈਂ ਤਾਂ ਨਾਸਤਿਕ ਸੀ। ਮੈਂ ਅਪਣੇ ਆਪ ਨਾਲ਼ ਫ਼ੈਸਲਾ ਕਰਨਾ ਚਾਹੁੰਦਾ ਸਾਂ ਕਿ ਕੀ ਮੈਂ ਅਮਨ ਚੈਨ ਤੇ ਖ਼ੁਸ਼ੀ ਦੇ ਦਿਨਾਂ ਵਿਚ ਨਾਸਤਿਕ ਹੋਣ ਦੀ ਫੜ੍ਹ ਮਾਰ ਸਕਦਾ ਹਾਂ ਜਾਂ ਇਹੋ ਜਿਹੀ ਔਖੀ ਘੜੀ ਵੇਲੇ ਮੈਂ ਅਪਣੇ ਅਸੂਲਾਂ ਉੱਤੇ ਸਾਬਤ ਕਦਮ ਰਹਿ ਸਕਦਾ ਹਾਂ ਜਾਂ ਨਹੀਂ? ਬੜੀ ਸੋਚ-ਵਿਚਾਰ ਮਗਰੋਂ ਮੈਂ ਫ਼ੈਸਲਾ ਕੀਤਾ ਕਿ ਮੈਂ ਰੱਬ ਵਿਚ ਯਕੀਨ ਨਹੀਂ ਕਰ ਸਕਦਾ ਤੇ ਨਾ ਹੀ ਅਰਦਾਸ ਕਰ ਸਕਦਾ ਹਾਂ। ਮੈਂ ਕਦੇ ਵੀ ਅਰਦਾਸ ਨਾ ਕੀਤੀ। ਇਹ ਪਰਖ ਦੀ ਘੜੀ ਸੀ ਤੇ ਮੈਂ ਇਸ ਪਰਖ ਵਿਚ ਕਾਮਯਾਬ ਰਿਹਾ। ਮੈਂ ਕਦੇ ਇਕ ਪਲ ਵੀ ਕਿਸੇ ਵੀ ਕੀਮਤ ਤੇ ਅਪਣੀ ਜਾਨ ਬਚਾਉਣ ਦੀ ਗੱਲ ਨਹੀਂ ਸੋਚੀ ਸੀ। ਸੋ ਮੈਂ ਪੱਕਾ ਨਾਸਤਿਕ ਸੀ ਤੇ ਓਦੋਂ ਤੋਂ ਲੈ ਕੇ ਹੁਣ ਤਕ ਹਾਂ। ਉਸ ਆਜ਼ਮਾਇਸ਼ ਵਿਚ ਪੂਰਾ ਉਤਰਨਾ ਕੋਈ ਸੌਖੀ ਗੱਲ ਨਹੀਂ ਸੀ। ‘ਵਿਸ਼ਵਾਸ’ ਮੁਸ਼ਕਿਲਾਂ ਘਟਾ ਦਿੰਦਾ ਹੈ, ਇੱਥੋਂ ਤਕ ਕਿ ਉਨ੍ਹਾਂ ਨੂੰ ਖ਼ੁਸ਼ਗਵਾਰ ਬਣਾ ਦਿੰਦਾ ਹੈ। ਬੰਦਾ ਰੱਬ ਵਿਚ ਧਰਵਾਸ ਅਤੇ ਆਸਰੇ ਦਾ ਬਹੁਤ ਜ਼ੋਰਦਾਰ ਅਹਿਸਾਸ ਲੱਭ ਸਕਦਾ ਹੈ। ‘ਉਹਦੇ’ ਤੋਂ ਬਿਨਾਂ ਮਨੁੱਖ ਨੂੰ ਅਪਣੇ ਆਪ ਉੱਤੇ ਨਿਰਭਰ ਹੋਣਾ ਪੈਂਦਾ ਹੈ। ਝੱਖੜ-ਝਾਂਜਿਆਂ ਤੇ ਤੂਫ਼ਾਨਾਂ ਵਿਚ ਸਾਬਤਕ.ਦਮ ਰਹਿਣਾ ਬੱਚੇ ਦੀ ਖੇਡ ਨਹੀਂ। ਇਹੋ ਜਿਹੀਆਂ ਆਜ਼ਮਾਇਸ਼ੀ ਘੜੀਆਂ ਵਿਚ ਕਿਸੇ ਵਿਚ ਕੋਈ ਹਉਮੈ ਬਚੀ ਹੋਵੇ, ਤਾਂ ਉਹ ਕਾਫ਼ੂਰ ਹੋ ਜਾਂਦੀ ਹੈ ਅਤੇ ਮਨੁੱਖ ਆਮ ਵਿਸ਼ਵਾਸਾਂ ਨੂੰ ਉਲੰਘਣ ਦੀ ਹਿੰਮਤ ਤਕ ਨਹੀਂ ਕਰ ਸਕਦਾ। ਜੇ ਉਹ ਹਿੰਮਤ ਕਰਦਾ ਹੈ, ਤਾਂ ਸਾਨੂੰ ਇਹ ਕਹਿਣਾ ਪਵੇਗਾ ਕਿ ਉਸ ਵਿਚ ਨਿਜੀ ਹਉਮੈ ਨਾਲ਼ੋਂ ਹੋਰ ਕੋਈ ਤਾਕਤ ਵੀ ਹੁੰਦੀ ਹੋਣੀ ਹੈ। ਹੁਣ ਬਿਲਕੁਲ ਇਹੀ ਹਾਲਤ ਹੈ। ਪਹਿਲਾਂ ਹੀ ਚੰਗੀ ਤਰ੍ਹਾਂ ਪਤਾ ਹੈ ਕਿ (ਸਾਡੇ ਮੁਕੱਦਮੇ ਦਾ) ਕੀ ਫ਼ੈਸਲਾ ਹੋਏਗਾ। ਹਫ਼ਤੇ ਦੇ ਵਿਚ-ਵਿਚ ਫ਼ੈਸਲਾ ਸੁਣਾ ਦਿੱਤਾ ਜਾਏਗਾ। ਮੈਂ ਅਪਣੀ ਜ਼ਿੰਦਗੀ ਆਦਰਸ਼ ਖ਼ਾਤਰ ਕੁਰਬਾਨ ਕਰ ਦੇਣੀ ਹੈ, ਇਸ ਵਿਚਾਰ ਤੋਂ ਬਿਨਾਂ ਮੇਰਾ ਹੋਰ ਕਿਹੜਾ ਧਰਵਾਸ ਹੈ? ਕਿਸੇ ਆਸਤਿਕ ਹਿੰਦੂ ਨੰੂੰ ਤਾਂ ਦੂਜੇ ਜਨਮ ਵਿਚ ਬਾਦਸ਼ਾਹ ਬਣਨ ਦੀ ਆਸ ਹੋ ਸਕਦੀ ਹੈ। ਕੋਈ ਮੁਸਲਮਾਨ ਜਾਂ ਈਸਾਈ ਤਾਂ ਅਪਣੀਆਂ ਮੁਸ਼ਕਿਲਾਂ ਤੇ ਕੁਰਬਾਨੀਆਂ ਬਦਲੇ ਸਵਰਗ ਦੀਆਂ ਐਸ਼ੋ-ਇਸ਼ਰਤਾਂ ਦੀ ਕਲਪਨਾ ਕਰ ਸਕਦਾ ਹੈ। ਪਰ ਮੈਂ ਕਿਸ ਗੱਲ ਦੀ ਆਸ ਰੱਖਾਂ? ਮੈਨੂੰ ਪਤਾ ਹੈ ਕਿ ਜਿਸ ਪਲ ਮੇਰੇ ਗਲ਼ ਵਿਚ ਫਾਂਸੀ ਦਾ ਫ਼ੰਦਾ ਪਾ ਦਿੱਤਾ ਜਾਏਗਾ ਤੇ ਮੇਰੇ ਪੈਰਾਂ ਹੇਠੋਂ ਤਖ਼ਤੇ ਖੋਲ੍ਹ ਦਿੱਤੇ ਗਏ, ਤਾਂ ਉਹ ਮੇਰਾ ਆਖ਼ਿਰੀ ਪਲ ਹੋਏਗਾ। ਮੇਰਾ ਜਾਂ ਮਿਥਿਹਾਸਿਕ ਸ਼ਬਦਾਵਲੀ ਵਿਚ ਆਖੀਏ ਤਾਂ, ਮੇਰੀ ਆਤਮਾ ਦਾ ਬਿਲਕੁਲ ਖ਼ਾਤਮਾ ਹੋ ਜਾਏਗਾ। ਇਸ ਪਲ ਮਗਰੋਂ ਕੁਝ ਵੀ ਨਹੀਂ ਹੋਣਾ। ਜੇ ਮੈਂ ਇਨਾਮ ਦੇ ਦ੍ਰਿਸ਼ਟੀਕੋਣ ਤੋਂ ਦੇਖਣ ਦੀ ਹਿੰਮਤ ਕਰਾਂ, ਤਾਂ ਸ਼ਾਨਦਾਰ ਅੰਤ ਤੋਂ ਵਾਂਝੀ ਜੱਦੋਜਹਿਦ ਭਰੀ ਮੁਖ਼ਤਸਰ ਜ਼ਿੰਦਗੀ ਹੀ ਅਪਣੇ ਆਪ ਵਿਚ (ਮੇਰਾ) ਇਨਾਮ ਹੋਏਗਾ। * ਮਿਖ਼ਾਇਲ ਬਾਕੂਨਿਨ (1814-1876) ਰੂਸੀ ਇਨਕਲਾਬੀ, ਲੇਖਕ * ਲਿਓਨ ਟਰਾਟਸਕੀ (1879-1940) ਅਕਤੂਬਰ ਇਨਕਲਾਬ ਦਾ ਆਗੂ ਇਸ ਤੋਂ ਵੱਧ ਕੁਝ ਨਹੀਂ। ਹੁਣ ਜਾਂ ਕਦੇ ਵੀ ਕੁਝ ਹਾਸਿਲ ਕਰ ਸਕਣ ਦੀ ਕਿਸੇ ਵੀ ਖ਼ੁਦਗ਼ਰਜ਼ੀ ਤੋਂ ਬਿਨਾਂ ਮੈਂ ਕਾਫ਼ੀ ਬੇਲਾਗ ਹੋ ਕੇ ਅਪਣੀ ਜ਼ਿੰਦਗੀ ਆਜ਼ਾਦੀ ਦੇ ਲੇਖੇ ਲਾਈ ਹੈ, ਕਿਉਂਕਿ ਮੇਰੇ ਕੋਲ ਇਸ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਸੀ। ਜਿਸ ਦਿਨ ਮਨੁੱਖਤਾ ਦੀ ਸੇਵਾ ਤੇ ਦੁੱਖ ਝਾਗ ਰਹੀ ਮਨੁੱਖਤਾ ਦੇ ਨਜਾਤ ਦੀ ਭਾਵਨਾ ਨਾਲ਼ ਪ੍ਰੇਰੇ ਬਹੁਤ ਸਾਰੇ ਮਰਦ-ਔਰਤਾਂ ਅੱਗੇ ਆ ਗਏ, ਜਿਹੜੇ ਇਸ ਬਗ਼ੈਰ ਹੋਰ ਕਿਸੇ ਚੀਜ਼ ‘ਤੇ ਜੀਵਨ ਨਹੀਂ ਲਾ ਸਕਦੇ। ਉਸ ਦਿਨ ਤੋਂ ਮੁਕਤੀ ਦਾ ਯੁੱਗ ਸ਼ੁਰੂ ਹੋਵੇਗਾ। ਉਹ ਦਮਨਕਾਰੀਆਂ, ਲੋਟੂਆਂ ਤੇ ਜ਼ਾਲਿਮਾਂ ਨੂੰ ਏਸ ਗੱਲੋਂ ਨਹੀਂ ਵੰਗਾਰਨਗੇ ਕਿ ਉਹ ਇਸ ਜਾਂ ਅਗਲੇ ਜਨਮ ਵਿਚ ਜਾਂ ਮੌਤ ਮਗਰੋਂ ਬਹਿਸ਼ਤ ਵਿਚ ਬਾਦਸ਼ਾਹ ਬਣ ਜਾਣਗੇ ਜਾਂ ਉਨ੍ਹਾਂ ਨੂੰ ਕੋਈ ਇਨਾਮ ਮਿਲ ਜਾਵੇਗਾ, ਸਗੋਂ ਮਨੁੱਖਤਾ ਦੀ ਧੌਣ ਤੋਂ ਗ਼ੁਲਾਮੀ ਦਾ ਜੂਲਾ ਲਾਹੁਣ ਲਈ ਅਤੇ ਆਜ਼ਾਦੀ ਤੇ ਅਮਨ ਕਾਇਮ ਕਰਨ ਲਈ ਹੀ ਉਹ ਇਸ ਬਿਖੜੇ ਪਰ ਇੱਕੋ-ਇਕ ਸ਼ਾਨਦਾਰ ਮਾਰਗ ਉੱਤੇ ਚਲਣਗੇ। ਕੀ ਅਪਣੇ ਸੱਚੇ ਆਦਰਸ਼ ਵਿਚ ਉਨ੍ਹਾਂ ਦੇ ਮਾਣ ਨੂੰ ਅਹੰਕਾਰ ਕਿਹਾ ਜਾ ਸਕਦਾ ਹੈ? ਇਹੋ ਜਿਹੀ ਗ਼ਲਤਬਿਆਨੀ ਕਰਨ ਦੀ ਕੌਣ ਜੁਅਰਤ ਕਰ ਸਕਦਾ ਹੈ? ਇਹੋ ਜਿਹੇ ਬੰਦੇ ਨੂੰ ਮੈਂ ਮੂਰਖ ਜਾਂ ਪਾਖੰਡੀ ਆਖਾਂਗਾ। ਚਲੋ ਆਪਾਂ ਇਸ ਨੂੰ ਮੁਆਫ਼ ਕਰ ਦਿੰਦੇ ਹਾਂ, ਕਿਉਂਕਿ ਉਹ ਸੁੱਚੇ ਆਦਰਸ਼ ਵਾਲ਼ੇ ਦਿਲ ਦੇ ਜਜ਼ਬੇ, ਭਾਵਨਾ ਤੇ ਅਹਿਸਾਸ ਨੂੰ ਜਾਣ ਨਹੀਂ ਸਕਦਾ। ਉਹਦਾ ਦਿਲ ਮਾਸ ਦਾ ਬੇਜਾਨ ਲੋਥੜਾ ਹੈ। ਉਹਦੀ ਦ੍ਰਿਸ਼ਟੀ ਕਮਜ਼ੋਰ ਹੈ, ਕਿਉਂਕਿ ਹੋਰ ਗ਼ਰਜ਼ਾਂ ਦੀਆਂ ਬੁਰਾਈਆਂ ਦਾ ਉਨ੍ਹਾਂ ਉੱਤੇ ਪਰਦਾ ਪਿਆ ਹੋਇਆ ਹੈ। ਸਵੈਵਿਸ਼ਵਾਸ ਨੂੰ ਅਹੰਕਾਰ ਸਮਝਿਆ ਜਾ ਸਕਦਾ ਹੈ। ਇਹ ਅਫ਼ਸੋਸਨਾਕ ਤੇ ਤਰਸਯੋਗ ਗੱਲ ਹੈ, ਪਰ ਇਹਦਾ ਕੋਈ ਚਾਰਾ ਨਹੀਂ।
ਤੁਸੀਂ ਪ੍ਰਚਲਿਤ ਵਿਸ਼ਵਾਸ ਦਾ ਵਿਰੋਧ ਕਰਕੇ ਦੇਖ ਲਓ, ਤੁਸੀਂ ਨਿਹਕਲੰਕ ਅਵਤਾਰ ਸਮਝੇ ਜਾਂਦੇ ਕਿਸੇ ਨਾਇਕ, ਕਿਸੇ ਮਹਾਨ ਪੁਰਖ ਦੀ ਨੁਕਤਾਚੀਨੀ ਕਰਕੇ ਦੇਖ ਲਓ, ਤਾਂ ਤੁਹਾਡੀ ਦਲੀਲ ਦਾ ਜਵਾਬ ਤੁਹਾਨੂੰ ਘੁਮੰਡੀ ਜਾਂ ਅਹੰਕਾਰੀ ਆਖ ਕੇ ਦਿੱਤਾ ਜਾਵੇਗਾ। ਇਹਦਾ ਕਾਰਣ ਮਾਨਸਿਕ ਖ਼ੜੋਤ ਹੈ। ਆਲੋਚਨਾ ਤੇ ਸੁਤੰਤਰ ਸੋਚਣੀ ਇਨਕਲਾਬੀ ਦੇ ਦੋ ਲਾਜ਼ਮੀ ਗੁਣ ਹੁੰਦੇ ਹਨ। ਕਿਉਂਕਿ ਮਹਾਤਮਾ (ਗਾਂਧੀ) ਜੀ ਮਹਾਨ ਹਨ; ਇਸ ਲਈ ਕੋਈ ਉਨ੍ਹਾਂ ਦੀ ਆਲੋਚਨਾ ਨਾ ਕਰੇ, ਕਿਉਂਕਿ ਉਹ ਉੱਪਰ ਉੱਠ ਚੁੱਕੇ ਹਨ। ਇਸ ਲਈ ਉਹ ਰਾਜਨੀਤੀ ਜਾਂ ਧਰਮ, ਆਰਥਿਕਤਾ ਜਾਂ ਸਦਾਚਾਰ ਬਾਰੇ ਕੁਝ ਵੀ ਕਹਿੰਦੇ ਹਨ, ਤਾਂ ਸਹੀ ਹੁੰਦਾ ਹੈ। ਤੁਸੀਂ ਮੰਨਦੇ ਹੋ ਭਾਵੇਂ ਨਹੀਂ ਮੰਨਦੇ, ਤੁਹਾਨੂੰ ਇਹ ਜ਼ਰੂਰ ਕਹਿਣਾ ਪਵੇਗਾ, ”ਹਾਂ ਇਹ ਗੱਲ ਠੀਕ ਹੈ।” ਇਹ ਮਾਨਸਿਕਤਾ ਸਾਨੂੰ ਪ੍ਰਗਤੀ ਵਲ ਨਹੀਂ ਲਿਜਾਂਦੀ, ਸਗੋਂ ਇਹ ਸਪੱਸ਼ਟ ਤੌਰ ‘ਤੇ ਪ੍ਰਤੀਗਾਮੀ
(ਮਾਨਸਿਕਤਾ) ਹੈ।
ਕਿਉਂਕਿ ਸਾਡੇ ਵੱਡੇ-ਵਡੇਰਿਆਂ ਨੇ ਕਿਸੇ ਸਰਬਸ਼ਕਤੀਮਾਨ ਪਰਮਾਤਮਾ ਵਿਚ ਵਿਸ਼ਵਾਸ ਬਣਾ ਲਿਆ ਸੀ। ਇਸ ਲਈ ਕੋਈ ਵੀ ਬੰਦਾ, ਜਿਹੜਾ ਉਸ ਵਿਸ਼ਵਾਸ ਜਾਂ ਉਸ ਪਰਮਾਤਮਾ ਦੀ ਹੋਂਦ ਤੋਂ ਮੁਨਕਰ ਹੋਣ ਦਾ ਹੌਂਸਲਾ ਕਰਦਾ ਹੈ, ਉਹਨੂੰ ਹਰ ਹਾਲਤ ਵਿਚ ਕਾਫ਼ਿਰ, ਗ਼ੱਦਾਰ ਕਿਹਾ ਜਾਏਗਾ। ਜੇ ਉਹਦੀਆਂ ਵਜ਼ਨਦਾਰ ਦਲੀਲਾਂ ਨੂੰ ਅੱਗੋਂ ਕੱਟਿਆ ਨਾ ਜਾ ਸਕਦਾ ਹੋਵੇ ਅਤੇ ਸਰਬਸ਼ਕਤੀਮਾਨ ਦੀ ਕਰੋਪੀ ਵੀ ਉਹਦੀ ਜ਼ੋਰਦਾਰ ਦ੍ਰਿੜ੍ਹਤਾ ਨੂੰ ਡੇਗ ਨਾ ਸਕੇ, ਤਾਂ ਉਹਨੂੰ ਘੁਮੰਡੀ ਗਰਦਾਨਿਆ ਜਾਏਗਾ ਅਤੇ ਉਹਦੀ ਦ੍ਰਿੜ੍ਹਤਾ ਨੂੰ ਅਹੰਕਾਰ ਆਖਿਆ ਜਾਏਗਾ। ਤਾਂ ਫੇਰ ਇਸ ਫ਼ਜ਼ੂਲ ਬਹਿਸ ਵਿਚ ਸਮਾਂ ਕਿਉਂ ਜ਼ਾਇਆ ਕੀਤਾ ਜਾਏ? ਇਹ ਸਵਾਲ ਲੋਕਾਂ ਅੱਗੇ ਪਹਿਲੀ ਵਾਰ ਆ ਰਿਹਾ ਹੈ ਤੇ ਇਸ ਨੂੰ ਇਸ ਤਰੀਕੇ ਨਾਲ਼ ਪਹਿਲੀ ਵਾਰ ਲਿਆ ਜਾ ਰਿਹਾ ਹੈ, ਇਸੇ ਲਈ ਲੰਮੀ ਬਹਿਸ ਹੋ ਰਹੀ ਹੈ।
ਜਿੱਥੋਂ ਤਕ ਪਹਿਲੇ ਸਵਾਲ ਦਾ ਸੰਬੰਧ ਹੈ, ਮੇਰਾ ਵਿਚਾਰ ਹੈ ਕਿ ਮੈਂ ਸਪੱਸ਼ਟ ਕਰ ਦਿੱਤਾ ਹੈ ਕਿ ਮੈਂ ਅਹੰਕਾਰ ਕਾਰਣ ਨਾਸਤਿਕ ਨਹੀਂ ਬਣਿਆ। ਇਹ ਫ਼ੈਸਲਾ ਮੈਂ ਨਹੀਂ ਸਗੋਂ ਮੇਰੇ ਪਾਠਕਾਂ ਨੇ ਕਰਨਾ ਹੈ ਕਿ ਮੇਰੀਆਂ ਦਲੀਲਾਂ ਖੁੱਭਵੀਆਂ ਸਾਬਿਤ ਹੋਈਆਂ ਹਨ ਜਾਂ ਨਹੀਂ। ਮੈਨੂੰ ਪਤਾ ਹੈ ਕਿ ਹੁਣ ਦੀਆਂ ਹਾਲਤਾਂ ਵਿਚ ਜੇ ਮੈਂ ਆਸਤਿਕ ਹੁੰਦਾ, ਤਾਂ ਮੇਰੀ ਜ਼ਿੰਦਗੀ ਹੁਣ ਨਾਲ਼ੋਂ ਆਸਾਨ ਹੋਣੀ ਸੀ ਅਤੇ ਮੇਰਾ ਬੋਝ ਹੁਣ ਨਾਲ਼ੋਂ ਘੱਟ ਹੋਣਾ ਸੀ ਅਤੇ ਮੇਰੇ ਰੱਬ ਦੀ ਹੋਂਦ ਤੋਂ ਇਨਕਾਰੀ ਹੋਣ ਕਰਕੇ ਹਾਲਾਤ ਬਹੁਤ ਹੀ ਅਣਸੁਖਾਵੇਂ ਹੋ ਗਏ ਹਨ ਤੇ ਹਾਲਤ ਇਸ ਤੋਂ ਵੀ ਭੈੜੀ ਹੋ ਸਕਦੀ ਹੈ। ਥੋੜ੍ਹਾ ਜਿੰਨਾ ਰਹੱਸਵਾਦ ਇਸ ਹਾਲਤ ਨੂੰ ਸ਼ਾਇਰਾਨਾ ਬਣਾ ਸਕਦਾ ਹੈ। ਪਰ ਮੈਨੂੰ ਅਪਣੇ ਅੰਤ ਵਾਸਤੇ ਕਿਸੇ ਨਸ਼ੇ ਦੀ ਮਦਦ ਦੀ ਲੋੜ ਨਹੀਂ ਹੈ। ਮੈਂ ਯਥਾਰਥਵਾਦੀ ਹਾਂ। ਮੈਂ ਤਰਕ ਦੀ ਮਦਦ ਨਾਲ਼ ਇਸ ਰੁਜਹਾਨ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਦਾ ਰਿਹਾ ਹਾਂ। ਮੈਂ ਇਸ ਕੋਸ਼ਿਸ਼ ਵਿਚ ਹਮੇਸ਼ਾ ਹੀ ਸਫਲ ਨਹੀਂ ਹੁੰਦਾ। ਪਰ ਬੰਦੇ ਦਾ ਫ਼ਰਜ਼ ਤਾਂ ਕੋਸ਼ਿਸ਼ ਕਰੀ ਜਾਣਾ ਹੁੰਦਾ ਹੈ। ਕਾਮਯਾਬੀ ਮੌਕੇ ਦੇ ਹਾਲਾਤ ਮੁਤਾਬਿਕ ਹੁੰਦੀ ਹੈ।
ਦੂਜਾ ਸਵਾਲ ਇਹ ਹੈ ਕਿ ਜੇ ਅਹੰਕਾਰ ਨਹੀਂ, ਤਾਂ ਰੱਬ ਦੀ ਹੋਂਦ ਪੁਰਾਣੀ ਤੇ ਪ੍ਰਚਲਿਤ ਧਾਰਨਾ ਨੂੰ ਨਾ ਮੰਨਣ ਦਾ ਕੋਈ ਕਾਰਣ ਹੋਵੇਗਾ। ਹਾਂ, ਮੈਂ ਇਸ ਸਵਾਲ ਵਲ ਆਉਂਦਾ ਹਾਂ। ਇਹਦਾ ਕਾਰਣ ਹੈ। ਮੇਰੇ ਵਿਚਾਰ ਅਨੁਸਾਰ ਜਿਸ ਵਿਅਕਤੀ ਕੋਲ ਥੋੜ੍ਹੀ-ਬਹੁਤ ਤਰਕ ਸ਼ਕਤੀ ਹੈ, ਉਹ ਹਮੇਸ਼ਾ ਅਪਣੇ ਆਲ਼ੇ-ਦੁਆਲ਼ੇ ਨੂੰ ਤਰਕ ਦੀ ਕਸਵੱਟੀ ਉੱਤੇ ਪਰਖਦਾ ਹੈ। ਜਿੱਥੇ ਸਿੱਧੇ ਸਬੂਤ ਨਹੀਂ ਮਿਲ਼ਦੇ, ਉੱਥੇ ਫ਼ਲਸਫ਼ੇ ਦਾ ਅਹਿਮ ਥਾਂ ਹੁੰਦਾ ਹੈ। ਜਿਵੇਂ ਮੈਂ ਪਹਿਲਾਂ ਹੀ ਆਖ ਚੁੱਕਾ ਹਾਂ, ਮੇਰਾ ਕੋਈ ਇਨਕਲਾਬੀ ਦੋਸਤ ਕਿਹਾ ਕਰਦਾ ਸੀ ਕਿ ‘ਫ਼ਲਸਫ਼ਾ ਮਨੁੱਖੀ ਕਮਜ਼ੋਰੀ ਦੀ ਪੈਦਾਵਾਰ ਹੈ।’ ਜਦ ਸਾਡੇ ਵੱਡੇ-ਵਡੇਰਿਆਂ ਕੋਲ਼ ਇਸ ਜਗ-ਤਮਾਸ਼ੇ ਨੂੰ ਜਾਨਣ ਦੀ ਕਾਫ਼ੀ ਫ਼ੁਰਸਤ ਮਿਲੀ ਤੇ ਜਦ ਉਨ੍ਹਾਂ ਨੂੰ ਜਗਤ ਦੇ ਅਤੀਤ ਵਰਤਮਾਨ ਤੇ ਭਵਿੱਖ ਤੇ ਹੋਰ ਬਹੁਤ ਸਾਰੇ ਸਵਾਲ਼ਾ ਦੇ ਸਿੱਧੇ ਸਬੂਤ ਨਾ ਮਿਲ਼ੇ ਤਾਂ, ਹਰ ਕਿਸੇ ਨੇ ਇਸ ਸਮੱਸਿਆ ਨੂੰ ਅਪਣੇ ਤਰੀਕੇ ਨਾਲ਼ ਸੁਲਝਾਉਣ ਦੀ ਕੋਸ਼ਿਸ਼ ਕੀਤੀ। ਇਸੇ ਕਰਕੇ ਵੱਖ-ਵੱਖ ਧਰਮਾਂ ਦੇ ਬੁਨਿਆਦੀ ਸਿਧਾਂਤਾਂ ਵਿਚ ਵੱਡੇ-ਵੱਡੇ ਮੱਤਭੇਦ ਮਿਲ਼ਦੇ ਹਨ, ਜਿਹੜੇ ਕਦੇ-ਕਦੇ ਬਹੁਤ ਵਿਰੋਧੀ ਰੂਪ ਅਖ਼ਤਿਆਰ ਕਰ ਜਾਂਦੇ ਹਨ। ਜਿੱਥੇ ਏਸ਼ੀਆਈ ਅਤੇ ਯੂਰਪੀ ਫ਼ਿਲਾਸਫ਼ੀਆਂ ਵਿਚ ਵਖਰੇਵਾਂ ਹੈ, ਇੱਥੋਂ ਤਕ ਕਿ ਹਰ ਮਹਾਂਖੇਤਰ ਦੀਆਂ ਵੱਖ-ਵੱਖ ਵਿਚਾਰ-ਪ੍ਰਣਾਲੀਆਂ ਵਿਚ ਮਤਭੇਦ ਮਿਲ਼ਦਾ ਹੈ। ਏਸ਼ੀਆਈ ਧਰਮਾਂ ਵਿਚ ਮੁਸਲਿਮ ਧਰਮ ਦੀ ਹਿੰਦੂ ਧਰਮ ਨਾਲ਼ ਕੋਈ ਸਾਂਝ ਨਹੀਂ। ਸਿਰਫ਼ ਹਿੰਦੋਸਤਾਨ ਵਿਚ ਹੀ ਬੁੱਧ ਧਰਮ ਅਤੇ ਜੈਨ ਧਰਮ ਬ੍ਰਾਹਮਣਵਾਦ ਤੋਂ ਕਾਫ਼ੀ ਵੱਖਰੇ ਹਨ ਤੇ ਬ੍ਰਾਹਮਣਵਾਦ ਵਿਚ ਵੀ ਅਗਾਂਹ ਆਰੀਆ ਸਮਾਜ ਤੇ ਸਨਾਤਨ ਧਰਮ ਵਰਗੇ ਵਿਰੋਧੀ ਮੱਤ ਹਨ। ਚਾਰਵਾਕ* ਪੁਰਾਤਨ ਕਾਲ ਦਾ ਸੁਤੰਤਰ ਚਿੰਤਕ ਸੀ। ਇਹਨੇ ਰੱਬ ਦੀ ਪ੍ਰਭੂ ਸੱਤਾ ਨੂੰ ਵੰਗਾਰਿਆ ਸੀ। ਇਹਨਾਂ ਸਾਰੇ ਮੱਤਾਂ ਵਿਚ ਬੁਨਿਆਦੀ ਸਵਾਲ ਬਾਰੇ ਮੱਤਭੇਦ ਹਨ ਅਤੇ ਹਰ ਕੋਈ ਅਪਣੇ ਆਪ ਨੂੰ ਦਰੁਸਤ ਮੰਨਦਾ ਹੈ। ਇਹੋ ਸਾਰੀ ਬੁਰਾਈ ਹੈ। ਪੁਰਾਣੇ ਵਿਦਵਾਨਾਂ ਦੇ ਵਿਚਾਰਾਂ ਅਤੇ ਤਜਰਬਿਆਂ ਨੂੰ ਅਗਿਆਨਤਾ ਵਿਰੁੱਧ ਸਾਡੀ ਆਉਣ ਵਾਲੀ ਜੱਦੋਜਹਿਦ ਦਾ ਆਧਾਰ ਬਣਾਉਣ ਤੇ ਇਸ ਭੇਤ ਭਰੀ ਸਮੱਸਿਆ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨ ਦੀ ਥਾਂ ਅਸੀਂ ਸੁਸਤ, ਨਿਕੰਮੇ, ਕੱਟੜ ਧਰਮ ਦੀ ਹਾਲ ਦੁਹਾਈ ਪਾਉਣ ਲੱਗ ਜਾਂਦੇ ਹਾਂ ਅਤੇ ਇੰਜ ਮਨੁੱਖੀ ਜਾਗ੍ਰਤੀ ਵਿਚ ਆਈ ਖੜ੍ਹੋਤ ਦੇ ਕਸੂਰਵਾਰ ਹਾਂ।
ਜਿਹੜਾ ਵੀ ਮਨੁੱਖ ਪ੍ਰਗਤੀ ਦਾ ਹਾਮੀ ਹੈ, ਉਹਨੂੰ ਲਾਜ਼ਿਮੀ ਤੌਰ ‘ਤੇ ਪੁਰਾਣੇ ਵਿਸ਼ਵਾਸ ਦੀ ਹਰ ਗੱਲ ਦੀ ਆਲੋਚਨਾ ਕਰਨੀ ਪਏਗੀ, ਇਹਦੇ ਵਿਚ ਅਵਿਸ਼ਵਾਸ ਪ੍ਰਗਟ ਕਰਨਾ ਪਏਗਾ ਤੇ ਇਹਦੇ ਹਰ ਪਹਿਲੂ ਨੂੰ ਵੰਗਾਰਨਾ ਪਏਗਾ; ਪ੍ਰਚਲਿਤ ਵਿਸ਼ਵਾਸ ਦੀ ਇਕੱਲੀ-ਇਕੱਲੀ ਗੱਲ ਦੀ ਬਾਦਲੀਲ ਪੁਣਛਾਣ ਕਰਨੀ ਹੋਵੇਗੀ। ਜੇ ਕੋਈ ਦਲੀਲ ਨਾਲ਼ ਕਿਸੇ ਸਿਧਾਂਤ ਜਾਂ ਫ਼ਲਸਫ਼ੇ ਵਿਚ ਵਿਸ਼ਵਾਸ ਕਰਨ ਲੱਗਦਾ ਹੈ, ਤਾਂ ਉਹ ਵਿਸ਼ਵਾਸ ਸਰਾਹੁਣਯੋਗ ਹੈ। ਉਹਦੀ ਦਲੀਲ ਗ਼ਲਤ ਜਾਂ ਉੱਕਾ ਹੀ ਬੇਬੁਨਿਆਦ ਹੋ ਸਕਦੀ ਹੈ। ਪਰ ਉਹਨੂੰ ਦਰੁਸਤ ਰਾਹ ‘ਤੇ ਲਿਆਂਦਾ ਜਾ ਸਕਦਾ ਹੈ, ਕਿਉਂਕਿ ਤਰਕਸ਼ੀਲਤਾ ਉਹਦੀ ਜ਼ਿੰਦਗੀ ਦਾ ਧਰੂ-ਤਾਰਾ ਹੁੰਦੀ ਹੈ। ਪਰ ਨਿਰਾ ਵਿਸ਼ਵਾਸ ਅਤੇ ਅੰਨ੍ਹਾ ਵਿਸ਼ਵਾਸ ਖ਼ਤਰਨਾਕ ਹੁੰਦਾ ਹੈ। ਇਹ ਦਿਮਾਗ ਨੂੰ ਕੁੰਦ ਬਣਾਉਦਾ ਹੈ ਤੇ ਬੰਦੇ ਨੂੰ ਪ੍ਰਤੀਗਾਮੀ ਬਣਾ ਦਿੰਦਾ ਹੈ। ਜਿਹੜਾ ਵੀ ਬੰਦਾ ਯਥਾਰਥਵਾਦੀ ਹੋਣ ਦਾ ਦਾਅਵਾ ਕਰਦਾ ਹੈ, ਉਹਨੂੰ ਸਮੁੱਚੇ ਪੁਰਾਤਨ ਵਿਸ਼ਵਾਸ ਨੂੰ ਚੈਲੰਜ ਕਰਨਾ ਪਏਗਾ। ਜੇ ਇਹ ਵਿਸ਼ਵਾਸ ਦਲੀਲ ਅੱਗੇ ਨਾ ਖੜ੍ਹ ਸਕੇ, ਤਾਂ ਇਹ ਢਹਿ-ਢੇਰੀ ਹੋ ਜਾਣਗੇ। ਫਿਰ ਉਸ ਬੰਦੇ ਦਾ ਪਹਿਲਾ ਕੰਮ ਸਾਰੇ ਪੁਰਾਤਨ ਵਿਸ਼ਵਾਸ ਨੂੰ ਤਬਾਹ ਕਰਕੇ ਨਵੇਂ ਫ਼ਲਸਫ਼ੇ ਲਈ ਜ਼ਮੀਨ ਤਿਆਰ ਕਰਨਾ ਹੋਵੇਗਾ। ਇਹ ਨਕਾਰਾਤਮਕ ਪੱਖ ਹੈ। ਇਸ ਤੋਂ ਮਗਰੋਂ ਸਕਾਰਾਤਮਕ ਕੰਮ ਸ਼ੁਰੂ ਹੰਦਾ ਹੈ, ਜਿਸ ਵਿਚ ਕਈ ਪੁਰਾਣੇ ਵਿਸ਼ਵਾਸ ਦੀ ਕੁਝ ਸਮੱਗਰੀ ਮੁੜ ਉਸਾਰੀ ਲਈ ਵਰਤੀ ਜਾ ਸਕਦੀ ਹੈ। ਜਿੱਥੋਂ ਤਕ ਮੇਰਾ ਸੰਬੰਧ ਹੈ, ਮੈਂ ਇਹ ਤਸਲੀਮ ਕਰਦਾ ਹਾਂ ਕਿ ਮੈਂ ਇਸ ਬਾਰੇ ਬਹੁਤਾ ਅਧਿਅਨ ਨਹੀਂ ਕਰ ਸਕਿਆ। ਏਸ਼ੀਆਈ ਫ਼ਲਸਫ਼ੇ ਨੂੰ ਪੜ੍ਹਨ ਦੀ ਮੇਰੀ ਵੱਡੀ ਰੀਝ ਸੀ, ਪਰ ਮੈਨੂੰ ਇਸ ਦਾ ਵਕਤ ਜਾਂ ਮੌਕਾ ਨਹੀਂ ਮਿਲ ਸਕਿਆ। ਪਰ ਜਿੱਥੋਂ ਤਕ ਨਕਾਰਾਤਮਕ ਪੱਖ ਦਾ ਸੰਬੰਧ ਹੈ, ਮੈਨੂੰ ਇੱਥੋਂ ਤਕ ਯਕੀਨ ਹੈ ਕਿ ਮਂੈ ਪੁਰਾਤਨ ਵਿਸ਼ਵਾਸ ਦੀ ਪੁਖ਼ਤਗੀ ਉੱਤੇ ਕਿੰਤੂ ਕਰ ਸਕਦਾ ਹਾਂ। (ਮੈਨੂੰ ਪੱਕਾ ਯਕੀਨ ਹੈ ਕਿ ਕੁਦਰਤ ਨੂੰ ਚਲਾਉਣ ਵਾਲ਼ਾ ਕੋਈ ਪਰਮਾਤਮਾ ਜਾਂ ਸਚੇਤ-ਸੱਤਾ ਨਹੀਂ ਹੈ। ਸਾਡਾ ਕੁਦਰਤ ਵਿਚ ਯਕੀਨ ਹੈ ਤੇ ਸਮੁੱਚੀ ਤਰੱਕੀ ਦਾ ਨਿਸ਼ਾਨਾ ਮਨੁੱਖ ਦਾ ਕੁਦਰਤ ਉੱਤੇ ਅਪਣੀ ਸੇਵਾ ਵਾਸਤੇ ਗ਼ਲਬਾ ਪਾਉਣਾ ਹੈ।) ਇਹਦੇ ਪਿੱਛੇ ਕੋਈ ਸਚੇਤ ਚਾਲਕ ਸ਼ਕਤੀ ਨਹੀਂ ਹੈ। ਇਹੋ ਸਾਡਾ ਫ਼ਲਸਫ਼ਾ ਹੈ।
ਨਕਾਰਾਤਮਕ ਪੱਖ ਤੋਂ ਅਸੀਂ ਆਸਤਿਕਾਂ ਤੋਂ ਕੁਝ ਸਵਾਲ ਪੁੱਛਦੇ ਹਾਂ:
ਤੁਹਾਡੇ ਵਿਸ਼ਵਾਸ ਅਨੁਸਾਰ ਜੇ ਕੋਈ ਸਰਵਸ਼ਕਤੀਮਾਨ, ਸਰਵਵਿਆਪਕ ਤੇ ਸਰਵਗਿਆਤਾ ਰੱਬ ਹੈ, ਤਾਂ ਦੁਨੀਆ ਜਾਂ ਧਰਤੀ ਨੂੰ ਕਿਸਨੇ ਸਾਜਿਆ ਸੀ। ਮੈਨੂੰ ਇਹ ਦੱਸਣ ਦੀ ਮਿਹਰਬਾਨੀ ਕਰੋ ਕਿ ਉਸਨੇ ਧਰਤੀ ਸਾਜੀ ਹੀ ਕਿਉਂ? ਉਹ ਧਰਤੀ ਜੋ ਦੁੱਖਾਂ, ਆਫ਼ਤਾਂ, ਅਣਗਿਣਤ ਅਨੰਤ ਦੁਖਾਂਤਾਂ ਨਾਲ਼ ਭਰੀ ਪਈ ਹੈ। ਜਿੱਥੇ ਇਕ ਵੀ ਜੀਅ ਪੂਰੀ ਤਰ੍ਹਾਂ ਸੁਖੀ ਨਹੀਂ ਹੈ।
ਮਿਹਰਬਾਨੀ ਕਰਕੇ ਇਹ ਨਾ ਆਖੋ ਕਿ ਇਹ ਉਸਦਾ ਨੇਮ ਹੈ: ਜੇ ਉਹ ਕਿਸੇ ਨੇਮ ਦੇ ਵੱਸ ਹੈ, ਤਾਂ ਉਹ ਸਰਵਸ਼ਕਤੀਮਾਨ ਨਹੀਂ। ਤਾਂ ਫੇਰ ਉਹ ਵੀ ਸਾਡੇ ਵਰਗਾ ਗ਼ੁਲਾਮ ਹੈ। ਮਿਹਰਬਾਨੀ ਕਰਕੇ ਇਹ ਵੀ ਨਾ ਆਖੋ ਕਿ ਉਹ ਉਸਦਾ ਸ਼ੁਗਲ ਹੈ। ਨੀਰੋ ਨੇ ਤਾਂ ਇੱਕੋ ਰੋਮ ਸਾੜ ਕੇ ਸਵਾਹ ਕੀਤਾ ਸੀ। ਉਸ ਨੇ ਗਿਣਤੀ ਦੇ ਬੰਦੇ ਜਾਨੋਂ ਮਾਰੇ ਸਨ। ਉਸਦੇ ਹੱਥੋਂ ਬਹੁਤ ਘੱਟ ਦੁਖਾਂਤ ਵਾਪਰੇ। ਇਹ ਸਭ ਉਸ ਨੇ ਅਪਣੇ ਮਜ਼ੇ ਲਈ ਕੀਤਾ ਤੇ ਇਤਿਹਾਸ ਵਿਚ ਉਹਨੂੰ ਕਿਹੜੀ ਥਾਂ ਹਾਸਿਲ ਹੈ? ਇਤਿਹਾਸਕਾਰ ਉਹਦਾ ਜ਼ਿਕਰ ਕਿਹੜੇ ਨਾਵਾਂ ਨਾਲ਼ ਕਰਦੇ ਹਨ? ਸਾਰੇ ਵਿਹੁਲੇ ਵਿਸ਼ੇਸ਼ਣ ਉਹਦੇ ਲਈ ਵਰਤੇ ਜਾਂਦੇ ਹਨ। ਜ਼ਾਲਿਮ, ਬੇਰਹਿਮ, ਸ਼ੈਤਾਨ ਨੀਰੋ ਦੀ ਨਿਖੇਧੀ ਕਰਨ ਲਈ ਲਾਹਨਤਾਂ ਨਾਲ਼ ਸਫ਼ਿਆਂ ਦੇ ਸਫ਼ੇ ਕਾਲ਼ੇ ਕੀਤੇ ਪਏ ਹਨ। ਇਕ ਚੰਗੇਜ਼ ਖ਼ਾਨ ਨੇ ਮਜ਼ਾ ਲੈਣ ਲਈ ਕੁਝ ਹਜ਼ਾਰ ਲੋਕਾਂ ਦੀ ਜਾਨ ਲਈ ਸੀ ਅਤੇ ਅੱਜ ਅਸੀਂ ਉਹਦੇ ਨਾਂ ਤਕ ਨੂੰ ਨਫ਼ਰਤ ਕਰਦੇ ਹਾਂ। ਤਾਂ ਫੇਰ ਤੁਸੀਂ ਅਪਣੇ ਸਰਵਸ਼ਕਤੀਮਾਨ ਅਨੰਤ ਨੀਰੋ ਨੂੰ ਕਿਵੇਂ ਵਾਜਿਬ ਠਹਿਰਾਓਗੇ; ਜੋ ਅਜੇ ਵੀ ਹਰ ਦਿਨ, ਹਰ ਘੜੀ ਤੇ ਹਰ ਪਲ ਅਣਗਿਣਤ ਕਤਲ ਕਰੀ ਜਾ ਰਿਹਾ ਹੈ? ਤੁਸੀਂ ਉਸ ਦੀਆਂ ਉਨ੍ਹਾਂ ਕਰਤੂਤਾਂ ਦੀ ਹਿਮਾਇਤ ਕਿਵੇਂ ਕਰੋਗੇ, ਜਿਹੜੀਆਂ ਪਲੋ-ਪਲੀ ਚੰਗੇਜ਼ ਦੀਆਂ ਕਰਤੂਤਾਂ ਨੂੰ ਵੀ ਮਾਤ ਪਾਈ ਜਾਂਦੀਆਂ ਹਨ? ਮੈਂ ਪੁੱਛਦਾ ਹਾਂ ਕਿ ਇਹ ਦੁਨੀਆ ਬਣਾਈ ਹੀ ਕਿਉਂ ਸੀ? ਦੁਨੀਆ ਜਿਹੜੀ ਸੱਚੀਮੁੱਚੀ ਦਾ ਨਰਕ ਹੈ, ਅਨੰਤ ਤੇ ਤਲਖ਼ ਬੇਚੈਨੀ ਦਾ ਘਰ ਹੈ। ਸਰਵਸ਼ਕਤੀਮਾਨ ਨੇ ਮਨੁੱਖ ਕਿਉਂ ਸਾਜਿਆ, ਜਦ ਕਿ ਉਹਦੇ ਕੋਲ਼ ਮਨੁੱਖ ਸਾਜਣ ਦੀ ਤਾਕਤ ਸੀ? ਇੰਨ੍ਹਾਂ ਸਾਰੀਆਂ ਗੱਲਾਂ ਦਾ ਤੁਹਾਡੇ ਕੋਲ਼ ਕੀ ਜਵਾਬ ਹੈ? ਤੁਸੀਂ ਇਹ ਆਖੋਗੇ ਕਿ ਅਗਲੇ ਜਨਮ ਵਿਚ ਮਾਸੂਮ ਪੀੜਿਤਾਂ ਨੂੰ ਨਿਵਾਜਣ ਲਈ ਅਤੇ ਕੁਕਰਮੀਆਂ ਨੂੰ ਸਜ਼ਾ ਦੇਣ ਲਈ ਉਸਨੇ ਇੰਜ ਕੀਤਾ? ਅੱਛਾ ਤਾਂ ਫੇਰ, ਤੁਸੀਂ ਉਸ ਬੰਦੇ ਨੂੰ ਕਿਵੇਂ ਹੱਕੀ ਠਹਿਰਾਉਗੇ, ਜੋ ਤੁਹਾਡੇ ਸਰੀਰ ਨੂੰ ਇਸ ਵਾਸਤੇ ਜ਼ਖ਼ਮੀ ਕਰਦਾ ਹੈ ਕਿ ਮਗਰੋਂ ਬੜੇ ਪਿਆਰ ਨਾਲ਼ ਟਕੋਰਾਂ ਕਰੇਗਾ? ਗਲੈਡੀਏਟਰ ਸੰਸਥਾ ਦੇ ਹਮਾਇਤੀਆਂ ਤੇ ਪ੍ਰਬੰਧਕਾਂ ਦਾ ਇਹ ਕਾਰਾ ਕਿੱਥੋਂ ਤਾਈਂ ਸਹੀ ਹੁੰਦਾ ਸੀ, ਦੂਜੇ ਉਹ *ਮਹਾਭਾਰਤ ਵੇਲੇ ਦਾ ਸੰਦੇਹਵਾਦੀ ਦਾਰਸ਼ਨਿਕ, ਜਿਹੜਾ ਪਦਾਰਥਵਾਦੀ ਸਿਧਾਂਤ ਦਾ ਪ੍ਰਚਾਰਕ ਸੀ। ਸਮੇਂ ਦੇ ਹਾਕਮਾਂ ਨੇ ਉਸ ਨੂੰ ਜਿਉਂਦੇ ਨੂੰ ਸਾੜ ਦਿੱਤਾ ਸੀ। ਭੁੱਖੇ ਕਰੋਪੀ ਸ਼ੇਰਾਂ ਅੱਗੇ ਬੰਦਿਆਂ ਨੂੰ ਇਸ ਲਈ ਸੁੱਟ ਦਿੰਦੇ ਸੀ ਕਿ, ਜੇ ਉਹ ਸ਼ੇਰਾਂ ਦੇ ਹੱਥੋਂ ਬਚ ਗਏ, ਤਾਂ ਉਨ੍ਹਾਂ ਦੀ ਬਹੁਤ ਖ਼ਾਤਰ-ਤਵੱਜੋ ਹੋਏਗੀ? ਇਸੇ ਕਰਕੇ ਮੈਂ ਪੁੱਛਦਾ ਹਾਂ: ”ਸਚੇਤ ਸਰਬ ਉੱਚ ਸੱਤਾ ਨੇ ਇਹ ਦੁਨੀਆ ਤੇ ਮਨੁੱਖ ਕਿਉਂ ਸਾਜਿਆ? ਮਜ਼ਾ ਲੈਣ ਲਈ। ਫੇਰ ਉਹਦੇ ਵਿਚ ਤੇ ਨੀਰੋ ਵਿਚ ਫ਼ਰਕ ਹੀ ਕੀ ਹੈ।”
ਮੁਸਲਮਾਨੋ ਤੇ ਈਸਾਈਓ: ਹਿੰਦੂ ਦਰਸ਼ਨ ਕੋਲ਼ ਤਾਂ ਹੋਰ ਵੀ ਦਲੀਲ ਹੋਏਗੀ, ਮੈਂ ਤੁਹਾਡੇ ਕੋਲ਼ੋਂ ਉਪਰਲੇ ਸਵਾਲ਼ਾਂ ਦੇ ਜਵਾਬ ਪੁੱਛਦਾ ਹਾਂ। ਪੂਰਬਲੇ ਜਨਮ ਵਿਚ ਤੁਹਾਡਾ ਯਕੀਨ ਨਹੀਂ ਹੈ। ਤੁਸੀਂ ਹਿੰਦੂਆਂ ਵਾਂਗ ਮਾਸੂਮ ਪੀੜਿਤਾਂ ਦੇ ਪਹਿਲੇ ਕੀਤੇ ਮੰਦੇ ਕਰਮਾਂ ਵਾਲੀ ਦਲੀਲ ਨਹੀਂ ਵਰਤ ਸਕਦੇ। ਮੈਂ ਤੁਹਾਥੋਂ ਪੁੱਛਦਾ ਹਾਂ ਕਿ ਸਰਬਸ਼ਕਤੀਮਾਨ ਨੇ ਇਹ ਦੁਨੀਆ ਸਾਜਣ ਲਈ ਛੇ ਦਿਨ ਕਿਉਂ ਲਾਏ? ਉਹਨੇ ਕਿਉਂ ਕਿਹਾ ਸੀ ਕਿ ਸਭ ਅੱਛਾ ਹੈ? ਉਹਨੂੰ ਅੱਜ ਹੀ ਸੱਦੋ। ਉਹਨੂੰ ਪਿਛਲਾ ਇਤਿਹਾਸ ਦਿਖਾਓ। ਉਹਨੂੰ ਮੌਜੂਦਾ ਹਾਲਾਤ ਬਾਰੇ ਜਾਣਨ ਦਿਓ। ਫੇਰ ਦੇਖਾਂਗੇ ਕਿ ਉਹ ਇਹ ਕਹਿਣ ਦੀ ਜੁਰਅਤ ਕਰਦਾ ਹੈ: ਸਭ ਅੱਛਾ ਹੈ।
ਜੇਲਖ਼ਾਨਿਆਂ ਦੀਆਂ ਕਾਲ਼ਕੋਠੜੀਆਂ ਤੋਂ ਗੰਦੀਆਂ ਬਸਤੀਆਂ ਤੇ ਝੌਂਪੜੀਆਂ ਵਿਚ ਭੁੱਖਮਰੀ ਦੇ ਹੱਥੋਂ ਮਰ ਰਹੇ ਲੱਖਾਂ ਹੀ ਲੋਕਾਂ ਨੂੰ ਦੇਖ ਕੇ ਪੂੰਜੀਵਾਦੀ ਲੋਕਾਂ ਕੋਲੋਂ ਚੁੱਪ-ਚਾਪ ਜਾਂ ਕਹਿ ਲਓ, ਬੇਵਾਸਤਗੀ ਨਾਲ਼ ਅਪਣਾ ਲਹੂ ਪਿਲਾ ਰਹੇ ਲੁਟੀਂਦੇ ਮਜ਼ਦੂਰਾਂ ਨੂੰ ਦੇਖ ਕੇ, ਇਨਸਾਨੀ ਤਾਕਤ ਦੀ ਬਰਬਾਦੀ ਜਿਸਨੂੰ ਦੇਖ ਕੇ ਅੱਤ ਸਾਧਾਰਾਣ ਬੁੱਧੀ ਵਾਲ਼ਾ ਵਿਅਕਤੀ ਵੀ ਡਰ ਨਾਲ਼ ਕੰਬਣ ਲੱਗ ਜਾਏ ਅਤੇ ਲੋੜਵੰਦਾਂ ਨੂੰ ਵੰਡਣ ਦੀ ਥਾਂ ਵਾਧੂ ਪੈਦਾਵਾਰ ਸਮੁੰਦਰਾਂ ਵਿਚ ਸੁੱਟੀ ਜਾਂਦੀ ਦੇਖ ਕੇ, ਇਨਸਾਨਾਂ ਦੀਆਂ ਹੱਡੀਆਂ ਨਾਲ਼ ਚਿਣੀਆਂ ਨੀਹਾਂ ਉੱਤੇ ਉਸਰੇ ਬਾਦਸ਼ਾਹਾਂ ਦੇ ਮਹਿਲਾਂ ਨੂੰ ਦੇਖ ਕੇ ਉਹ ਰਤਾ ਆਖੇ ਤਾਂ ਸਹੀ: ਸਭ ਅੱਛਾ ਹੈ। ਕਿਉਂ ਤੇ ਕਿਸ ਕਾਰਣ? ਇਹ ਮੇਰਾ ਸਵਾਲ ਹੈ। ਤੁਸੀਂ ਚੁੱਪ ਹੋ। ਠੀਕ ਹੈ, ਮੈਂ ਅਪਣੀ ਗੱਲ ਅੱਗੇ
ਤੋਰਦਾ ਹਾਂ।
ਤੁਸੀਂ ਹਿੰਦੂ ਇਹ ਆਖਦੇ ਹੋ ਕਿ ਅੱਜ ਜਿਹੜਾ ਵੀ ਦੁੱਖ ਝੱਲ ਰਿਹਾ ਹੈ, ਉਹ ਪੂਰਬਲੇ ਜਨਮ ਦੇ ਮੰਦੇ ਕਰਮਾਂ ਕਰਕੇ ਹੈ। ਠੀਕ ਤੁਸੀਂ ਇਹ ਵੀ ਕਹਿੰਦੇ ਹੋ ਕਿ ਜਿਹੜੇ ਅੱਜ ਲੋਕਾਂ ਨੂੰ ਦਬਾ ਰਹੇ ਹਨ, ਉਹ ਪੂਰਬਲੇ ਜਨਮਾਂ ਵਿਚ ਧਰਮਾਤਮਾ ਲੋਕ ਸਨ। ਇਸ ਕਰਕੇ ਉਨ੍ਹਾਂ ਦੇ ਹੱਥ ਤਾਕਤ ਹੈ। ਮੈਂ ਤਾਂ ਮੰਨਦਾ ਹਾਂ ਕਿ ਤੁਹਾਡੇ ਵੱਡੇ-ਵਡੇਰੇ ਬੜੇ ਸ਼ਾਤਰ ਲੋਕ ਸਨ। ਉਹ ਐਸੇ ਸਿਧਾਂਤ ਲੱਭਣ ਵਿਚ ਲੱਗੇ ਰਹੇ, ਜਿਨ੍ਹਾਂ ਨਾਲ਼ ਤਰਕ ਤੇ ਅਵਿਸ਼ਵਾਸ ਨੂੰ ਖ਼ਤਮ ਕੀਤਾ ਜਾ ਸਕੇ। ਪਰ ਆਪਾਂ ਦੇਖਦੇ ਹਾਂ ਕਿ ਇਸ ਦਲੀਲ ਵਿਚ ਕਿੰਨਾ ਕੁ ਵਜ਼ਨ ਹੈ?
ਉੱਘੇ ਨਿਆਂਸ਼ਾਸਤਰੀਆਂ ਦਾ ਇਹ ਵਿਚਾਰ ਹੈ ਕਿ ਕਸੂਰਵਾਰ ਨੂੰ ਜੋ ਸਜ਼ਾ ਦਿੱਤੀ ਜਾਂਦੀ ਹੈ, ਉਸਦੇ ਤਿੰਨ ਜਾਂ ਚਾਰ ਮਕਸਦ ਹੋ ਸਕਦੇ ਹਨ ਤੇ ਇਨ੍ਹਾਂ ਕਰਕੇ ਸਜ਼ਾ ਨੂੰ ਵਾਜਿਬ ਕਰਾਰ ਦਿੱਤਾ ਜਾ ਸਕਦਾ ਹੈ। ਇਹ ਮਕਸਦ ਹਨ: ਬਦਲਾ, ਸੁਧਾਰ ਤੇ ਵਰਜਣ ਲਈ ਡਰ। ਹੁਣ ਸਾਰੇ ਸਿਆਣੇ ਚਿੰਤਕ ਬਦਲੇ ਦੇ ਸਿਧਾਂਤ ਦੀ ਨਿਖੇਧੀ ਕਰਦੇ ਹਨ। ਵਰਜਣ ਵਾਲੇ ਸਿਧਾਂਤ ਦੀ ਵੀ ਨੁਕਤਾਚੀਨੀ ਹੋ ਰਹੀ ਹੈ। ਸੁਧਾਰਕ ਸਿਧਾਂਤ ਹੀ ਜ਼ਰੂਰੀ ਹੈ ਅਤੇ ਇਨਸਾਨੀ ਤਰੱਕੀ ਦਾ ਅਟੁੱਟ ਅੰਗ ਹੈ। ਇਸ ਸਿਧਾਂਤ ਦਾ ਮੰਤਵ ਇਹ ਹੈ ਕਿ ਕਸੂਰਵਾਰ ਸਭ ਤੋਂ ਵੱਧ ਕਾਬਿਲ ਤੇ ਅਮਨਪਸੰਦ ਸ਼ਹਿਰੀ ਬਣ ਕੇ ਸਮਾਜ ਵਿਚ ਵਾਪਸ ਆ ਜਾਵੇ। ਪਰ ਜੇ ਅਸੀਂ ਇਹ ਮੰਨ ਵੀ ਲਈਏ ਕਿ ਬੰਦਿਆਂ ਨੇ (ਪੂਰਬਲੇ ਜਨਮ ਵਿਚ) ਪਾਪ ਕੀਤੇ ਹੋਣਗੇ, ਤਾਂ ਰੱੱਬ ਜਿਹੜੀ ਉਨ੍ਹਾਂ ਨੂੰ ਸਜ਼ਾ ਦਿੰਦਾ ਹੈ, ਉਹ ਕਿਹੋ ਜਿਹੀ ਹੈ? ਤੁਸੀਂ ਆਖਦੇ ਹੋ ਕਿ ਉਹ ਉਨ੍ਹਾਂ ਨੂੰ ਗਾਂ, ਬਿੱਲੀ, ਦਰੱਖ਼ਤ, ਜੜ੍ਹੀ-ਬੂਟੀ ਜਾਂ ਜਾਨਵਰ ਦੇ ਰੂਪ ਵਿਚ ਜਨਮ ਲੈਣ ਲਈ ਭੇਜਦਾ ਹੈ। ਤੁਸੀਂ ਇਨ੍ਹਾਂ ਸਜ਼ਾਵਾਂ ਦੀ ਗਿਣਤੀ 84 ਲੱਖ ਦੱਸਦੇ ਹੋ। ਮੈਨੂੰ ਇਹ ਦੱਸੋ ਕਿ ਇਸ ਦਾ ਮਨੁੱਖ ਉੱਤੇ ਕੋਈ ਸੁਧਾਰਕ ਅਸਰ ਪੈਂਦਾ ਹੈ? ਤੁਸੀਂ ਐਸੇ ਕਿੰਨੇ ਕੁ ਜਣਿਆਂ ਨੂੰ ਮਿਲ਼ੇ ਹੋ, ਕਿ ਉਹ ਪਾਪ ਕਰਨ ਕਾਰਣ ਪਿਛਲੇ ਜਨਮ ਵਿਚ ਗਧੇ ਦੀ ਜੂਨ ਪਏ ਸਨ? ਕੋਈ ਨਹੀਂ ਮਿਲ਼ਿਆ ਹੋਣਾ। ਅਪਣੇ ਪੁਰਾਣਾਂ ਦੇ ਬਿਰਤਾਂਤ ਦੇਣ ਦੀ ਲੋੜ ਨਹੀਂ। ਮੈਂ ਤੁਹਾਡੀਆਂ ਮਿਥਿਹਾਸਿਕ ਕਹਾਣੀਆਂ ਦਾ ਜ਼ਿਕਰ ਤਕ ਨਹੀਂ ਛੁਹਣਾ ਚਾਹੁੰਦਾ। ਇਸ ਤੋਂ ਬਿਨਾਂ ਤੁਹਾਨੂੰ ਇਸ ਗੱਲ ਦਾ ਪਤਾ ਹੈ ਕਿ ਦੁਨੀਆਵਿਚ ਸਭ ਤੋਂ ਵੱਡਾ ਪਾਪ ਗ਼ਰੀਬ ਹੋਣਾ ਹੈ। ਗ਼ਰੀਬੀ ਪਾਪ ਹੈ, ਇਹ ਸਜ਼ਾ ਹੈ। ਤੁਸੀਂ ਇਹੋ ਜਿਹੀਆਂ ਸਜ਼ਾਵਾਂ ਤਜਵੀਜ਼ ਕਰਨ ਵਾਲੇ ਕਿਸੇ ਅਪਰਾਧ-ਵਿਗਿਆਨੀ, ਕਿਸੇ ਕਾਨੂੰਨਦਾਨ ਜਾਂ ਕਾਨੂੰਨਸਾਜ਼ ਦੀ ਕਿੰਨੀ ਕੁ ਸਿਫ਼ਤ-ਸਲਾਹੀ ਕਰੋਗੇ, ਜਿਸ ਨਾਲ਼ ਮਨੁੱਖ ਹੋਰ ਵਧੇਰੇ ਗੁਨਾਹ ਕਰਨ ਲਈ ਮਜ਼ਬੂਰ ਹੁੰਦਾ ਹੈ? ਕੀ ਤੁਹਾਡੇ ਰੱਬ ਨੇ ਇਸ ਗੱਲ ਬਾਰੇ ਪਹਿਲਾਂ ਨਹੀਂ ਸੋਚਿਆ ਸੀ ਜਾਂ ਉਹ ਵੀ ਇਹ ਗੱਲਾਂ ਮਨੁੱਖਤਾ ਦੀਆਂ ਅਕਹਿ ਦੁੱਖ-ਤਕਲੀਫ਼ਾਂ ਦੀ ਕੀਮਤ ਉੱਤੇ ਤਜਰਬਿਆਂ ਰਾਹੀਂ ਸਿੱਖਦਾ ਹੈ। ਤੁਹਾਡੀ ਜਾਚੇ ਕਿਸੇ ਚਮਾਰ ਜਾਂ ਭੰਗੀ ਦੇ ਅਨਪੜ੍ਹ ਪਰਿਵਾਰ ਵਿਚ ਜੰਮੇ ਬੰਦੇ ਦੀ ਕੀ ਹੋਣੀ ਹੋਏਗੀ? ਉਹ ਗ਼ਰੀਬ ਹੈ, ਇਸ ਲਈ ਉਹ ਪੜ੍ਹਾਈ ਨਹੀਂ ਕਰ ਸਕਦਾ। ਖ਼ੁਦ ਨੂੰ ਚੰਗੇ ਸਮਝਣ ਵਾਲੇ ਦੂਜੇ ਇਨਸਾਨ ਉਹਨੂੰ ਨਫ਼ਰਤ ਕਰਦੇ ਹਨ ਤੇ ਧਿੱਕਾਰਦੇ ਹਨ, ਕਿਉਂਕਿ ਉਹ ਉਚੇਰੀ ਜ਼ਾਤ ਵਿਚ ਪੈਦਾ ਹੋਏ ਸਨ। ਉਸਦੀ ਅਗਿਆਨਤਾ ਉਸਦੀ ਗ਼ਰੀਬੀ ਤੇ ਜਿਹੜਾ ਸਲੂਕ ਉਸਦੇ ਨਾਲ਼ ਹੁੰਦਾ ਹੈ, ਇੰਨ੍ਹਾਂ ਸਾਰੀਆਂ ਗੱਲਾਂ ਕਾਰਣ ਸਮਾਜ ਤਾਈਂ ਉਸਦਾ ਦਿਲ ਸਖ਼ਤ ਹੋ ਜਾਏਗਾ। ਫ਼ਰਜ਼ ਕਰੋ ਕਿ ਉਹ ਕੋਈ ਪਾਪ ਕਰਦਾ ਹੈ, ਤਾਂ ਇਹਦਾ ਖ਼ਮਿਆਜ਼ਾ ਕੌਣ ਭੁਗਤੇਗਾ? ਰੱਬ ਜਾਂ ਪਾਪ ਕਰਨ ਵਾਲ਼ਾ ਜਾਂ ਸਮਾਜ ਦੇ ਗੁਣੀ-ਗਿਆਨੀ ਬੰਦੇ? ਉਨ੍ਹਾਂ ਲੋਕਾਂ ਨੂੰ ਮਿਲ਼ੀਆਂ ਸਜ਼ਾਵਾਂ ਬਾਰੇ ਤੁਸੀਂ ਕੀ ਆਖੋਗੇ ਜਿਨ੍ਹਾਂ ਨੂੰ ਹਿਰਸੀ ਤੇ ਹੰਕਾਰੀ ਬ੍ਰਾਹਮਣਾਂ ਨੇ ਜਾਣ-ਬੁੱਝ ਕੇ ਅਗਿਆਨਤਾ ਦੀਆਂ ਗ਼ਾਰਾਂ ਵਿਚ ਸੁੱਟਿਆ ਸੀ। ਉਨ੍ਹਾਂ ਦਾ ਕਸੂਰ ਇਹੋ ਸੀ ਕਿ ਉਨ੍ਹਾਂ * ਪੁਰਾਤਨ ਰੋਮ ਵਿਚ ਗ਼ੁਲਾਮਾਂ, ਜੰਗੀ ਕੈਦੀਆਂ ਜਾਂ ਸਜ਼ਾਯਾਫ਼ਤਾ ਮੁਜਰਮਾਂ ਨੂੰ ਰਾਜੇ ਦੇ ਦਰਬਾਰ ਵਿਚ ਆਪਸ ਵਿਚ ਜਾਨਲੇਵਾ ਤਲਵਾਰਬਾਜ਼ੀ ਕਰਨ ਦੀ ਬਹੁਤ ਸਖ਼ਤ ਕਿਸਮ ਦੀ ਸਿਖਲਾਈ ਦਿੱਤੀ ਜਾਂਦੀ ਸੀ। ਰਾਜਾ ਕਈ ਵਾਰ ਮਜ਼ੇ ਖ਼ਾਤਰ ਗ਼ੁਲਾਮਾਂ ਨੂੰ ਭੁੱਖੇ ਸ਼ੇਰਾਂ ਅੱਗੇ ਛੱਡ ਦਿੰਦਾ ਸੀ। ਗਲੈਡੀਏਟਰ ਲਾਤੀਨੀ ਬੋਲੀ ਦਾ ਸ਼ਬਦ ਹੈ ਤੇ ਇਸ ਦਾ ਅਰਥ ਹੈ: ਤਲਵਾਰਬਾਜ਼। ਪਾਪੀਆਂ ਨੇ ਤੁਹਾਡੇ ਗਿਆਨ ਦੀਆਂ ਪੋਥੀਆਂ ਵੇਦਾਂ ਦੀਆਂ ਕੁਝ ਸਤਰਾਂ ਅਪਣੇ ਕੰਨੀ ਸੁਣ ਲਈਆਂ ਸਨ ਅਤੇ ਤੁਸੀਂ ਉਨ੍ਹਾਂ ਦੇ ਕੰਨਾਂ ਵਿਚ ਸਿੱਕਾ ਢਾਲ਼ ਕੇ ਪਾ ਦਿੱਤਾ ਸੀ, ਜੇ ਉਨ੍ਹਾਂ ਨੇ ਕੋਈ ਕਸੂਰ ਕੀਤਾ ਸੀ ਤਾਂ ਇਸਦਾ ਜ਼ਿੰਮੇਵਾਰ ਕੌਣ ਸੀ ਤੇ ਬਿਪਤਾ ਕਿਸ ਦੇ ਸਿਰ ਪੈਣੀ ਸੀ? ਮੇਰੇ ਪਿਆਰੇ ਦੋਸਤੋ, ਇਹ ਸਾਰੇ ਸਿਧਾਂਤ ਖ਼ਾਸ ਅਧਿਕਾਰਾਂ ਦੇ ਮਾਲਕਾਂ ਦੀਆਂ ਕਾਢਾਂ ਹੀ ਹਨ, ਇਨ੍ਹਾਂ ਸਿਧਾਂਤਾਂ ਸਦਕਾ ਹੀ ਉਹ ਅਪਣੀ ਲੁੱਟੀ ਹੋਈ ਤਾਕਤ ਦੌਲਤ ਤੇ ਉੱਤਮਤਾ ਨੂੰ ਵਾਜਿਬ ਠਹਿਰਾਉਂਦੇ ਹਨ। ਹਾਂ ਸ਼ਾਇਦ ਅਪਟਨ ਸਿਨਕਲੇਅਰ ਨੇ ਕਿਸੇ ਥਾਂ ਲਿਖਿਆ ਸੀ ਕਿ ਬੰਦੇ ਨੂੰ (ਆਤਮਾ ਦੀ) ਅਮਰਤਾ ਵਿਚ ਯਕੀਨ ਕਰਨ ਲਾ ਦਿਓ ਅਤੇ ਫੇਰ ਉਹਦੇ ਕੋਲ਼ ਜੋ ਕੁਝ ਵੀ ਹੈ, ਉਹ ਲੁੱਟ ਲਓ। ਉਹ ਸਗੋਂ ਹੱਸ ਕੇ ਤੁਹਾਡੀ ਮਦਦ ਕਰੇਗਾ। ਧਾਰਮਿਕ ਉਪਦੇਸ਼ਕਾਂ ਤੇ ਹੁਕਮਰਾਨਾਂ ਨੇ ਮਿਲੀਭੁਗਤ ਕਰਕੇ ਜੇਲਾਂ, ਫਾਹੀਆਂ, ਕੋਰੜੇ ਤੇ ਇਨ੍ਹਾਂ ਸਿਧਾਂਤਾਂ ਦੀ ਕਾਢ ਕੱਢੀ ਸੀ।
ਮੈਨੂੰ ਇਹ ਦੱਸੋ ਕਿ ਤੁਹਾਡਾ ਸਰਬਸ਼ਕਤੀਮਾਨ ਰੱਬ ਹਰ ਕਿਸੇ ਬੰਦੇ ਨੂੰ ਕਸੂਰ ਜਾਂ ਪਾਪ ਕਰਨੋਂ ਵਰਜਦਾ ਕਿਉਂ ਨਹੀਂ? ਉਹਦੇ ਲਈ ਤਾਂ ਇਹ ਕੰਮ ਬਹੁਤ ਸੌਖਾ ਹੈ। ਉਹਨੇ ਜੰਗਬਾਜ਼ਾਂ ਨੂੰ ਕਿਉਂ ਨਾ ਜਾਨੋਂ ਮਾਰਿਆ ਜਾਂ ਉਨ੍ਹਾਂ ਦੇ ਜੰਗੀ ਪਾਗਲਪਣ ਨੂੰ ਮਾਰ ਕੇ ਵੱਡੀ ਜੰਗ ਨਾਲ਼ ਮਨੁੱਖਤਾ ਉੱਤੇ ਆਈ ਪਰਲੋ ਨੂੰ ਕਿਉਂ ਨਾ ਬਚਾਇਆ? ਉਹ ਅੰਗਰੇਜ਼ ਲੋਕਾਂ ਦੇ ਮਨਾਂ ਵਿਚ ਕੋਈ ਅਜਿਹਾ ਜਜ਼ਬਾ ਕਿਉਂ ਨਹੀਂ ਭਰ ਦਿੰਦਾ ਕਿ ਉਹ ਹਿੰਦੋਸਤਾਨ ਛੱਡ ਕੇ ਚਲੇ ਜਾਣ? ਉਹ ਸਾਰੇ ਸਰਮਾਏਦਾਰਾਂ ਦੇ ਮਨਾਂ ਵਿਚ ਇਹ ਜਜ਼ਬਾ ਕਿਉਂ ਨਹੀਂ ਭਰ ਦਿੰਦਾ ਕਿ ਉਹ ਪੈਦਾਵਾਰੀ ਸਾਧਨਾਂ ਦੀ ਸਾਰੀ ਜਾਇਦਾਦ ਛੱਡ ਦੇਣ ਤੇ ਸਾਰੇ ਮਿਹਨਤਕਸ਼ ਤਬਕੇ ਨੂੰ ਹੀ ਨਹੀਂ, ਸਗੋਂ ਸਾਰੇ ਮਨੁੱਖੀ ਸਮਾਜ ਨੂੰ ਪੂੰਜੀਵਾਦ ਦੇ ਬੰਧਨ ਤੋਂ ਮੁਕਤ ਕਰ ਦੇਣ। ਤੁਸੀਂ ਬਹਿਸ ਕਰਨੀ ਚਾਹੋਗੇ ਕੀ ਸਮਾਜਵਾਦੀ ਸਿਧਾਂਤ ਲਾਗੂ ਹੋ ਸਕਦਾ ਹੈ ਜਾਂ ਨਹੀਂ? ਮੈਂ ਇਹਨੂੰ ਲਾਗੂ ਕਰਨ ਦਾ ਜ਼ਿੰਮਾ ਤੁਹਾਡੇ ਪਰਵਰਦਿਗਾਰ ਉੱਤੇ ਸੁੱਟਦਾ ਹਾਂ। ਜਿੱਥੋਂ ਤਕ ਆਮ ਲੋਕ ਭਲਾਈ ਦਾ ਸੰਬੰਧ ਹੈ, ਲੋਕਾਂ ਨੂੰ ਸਮਾਜਵਾਦ ਦੇ ਗੁਣਾਂ ਦਾ ਪਤਾ ਹੈ। ਉਹ ਇਹਦਾ ਵਿਰੋਧ ਇਸ ਨੁਕਤੇ ਤੋਂ ਕਰਦੇ ਹਨ ਕਿ ਇਹ ਲਾਗੂ ਨਹੀਂ ਹੋ ਸਕਦਾ। ਚਲੋ, ਤੁਹਾਡਾ ਰੱਬ ਆਵੇ ਤੇ ਸਭ ਕੁਝ ਬਾਕਾਇਦਾ ਤਰੀਕੇ ਨਾਲ਼ ਕਰ ਦੇਵੇ। ਹੁਣ ਤੁਸੀਂ ਦਲੀਲ ਵਿੱਚੋਂ ਦਲੀਲ ਕੱਢਣ ਦੀ ਕੋਸ਼ਿਸ਼ ਨਾ ਕਰਨੀ। ਮੈਂ ਤੁਹਾਨੂੰ ਦੱਸਦਾ ਹਾਂ: ਹਿੰਦੋਸਤਾਨ ਉੱਤੇ ਜੇ ਬਰਤਾਨਵੀ ਹਕੂਮਤ ਹੈ, ਤਾਂ ਇਹ ਰੱਬ ਦੀ ਮਰਜ਼ੀ ਕਾਰਣ ਨਹੀਂ ਹੈ; ਸਗੋਂ ਇਸ ਕਾਰਣ ਹੈ ਕਿ ਸਾਡੇ ਵਿਚ ਇਸ ਦਾ ਵਿਰੋਧ ਕਰਨ ਦੀ ਹਿੰਮਤ ਨਹੀਂ ਹੈ। ਉਹ ਰੱਬ ਦੀ ਮਦਦ ਨਾਲ਼ ਸਾਨੂੰ ਗ਼ੁਲਾਮ ਨਹੀਂ ਰੱਖ ਰਹੇ; ਸਗੋਂ ਉਨ੍ਹਾਂ ਨੇ ਬੰਦੂਕਾਂ, ਤੋਪਾਂ, ਬੰਬਾਂ, ਗੋਲ਼ੀਆਂ, ਪੁਲਿਸ, ਫ਼ੌਜ ਦੀ ਮਦਦ ਨਾਲ਼ ਸਾਨੂੰ ਗ਼ੁਲਾਮ ਬਣਾਇਆ ਹੋਇਆ ਹੈ ਅਤੇ ਸਾਡਾ ਕਸੂਰ ਕੀ ਹੈ ਕਿ ਉਹ (ਮਨੁੱਖੀ) ਸਮਾਜ ਵਿਰੁੱਧ ਸਭ ਤੋਂ ਵੱਧ ਘਿਣਾਉਣਾ ਗੁਨਾਹ ਇਹ ਕਰ ਰਹੇ ਹਨ ਕਿ ਇਕ ਕੌਮ ਹੱਥੋਂ ਦੂਜੀ ਕੌਮ ਲੁੱਟੀ ਜਾ ਰਹੀ ਹੈ। ਕਿੱਥੇ ਹੈ ਰੱਬ? ਉਹ ਕੀ ਕਰ ਰਿਹਾ ਹੈ? ਕੀ ਉਹ ਮਨੁੱਖਤਾ ਦੀਆਂ ਇੰਨ੍ਹਾਂ ਸਾਰੀਆਂ ਦੁੱਖ ਤਕਲੀਫ਼ਾਂ ਦਾ ਮਜ਼ਾ ਲੈ ਰਿਹਾ ਹੈ? ਉਹ ਨੀਰੋ ਹੈ, ਉਹ ਚੰਗੇਜ਼ ਖਾਂ ਹੈ। ਰੱਬ ਮੁਰਦਾਬਾਦ!
ਤੁਸੀਂ ਮੈਨੂੰ ਇਹ ਪੁੱਛੋਗੇ ਕਿ ਇਸ ਦੁਨੀਆ ਦਾ ਤੇ ਮਨੁੱਖ ਦਾ ਆਰੰਭ ਕਿਵੇਂ ਹੋਇਆ ਸੀ? ਚਾਰਲਸ ਡਾਰਵਿਨ ਨੇ ਇਹ ਦਸਣ ਦੀ ਕੋਸ਼ਿਸ਼ ਕੀਤੀ ਹੈ। ਉਹਦਾ ਮੁਤਾਲਿਆ ਕਰੋ। ਸੋਹੰਮ ਸਵਾਮੀ ਦੀ ਕਿਤਾਬ ਕਾਮਨਸੈਂਸ (ਆਮ ਸਮਝਬੂਝ) ਪੜ੍ਹੋ। ਤੁਹਾਨੂੰ ਇਸ ਸਵਾਲ ਦਾ ਕੁਝ ਹੱਦ ਤਕ ਜਵਾਬ ਮਿਲ ਜਾਏਗਾ। ਇਹ ਕੁਦਰਤ ਦਾ ਵਿਸ਼ਾ ਹੈ। ਵੱਖ-ਵੱਖ ਪਦਾਰਥਾਂ ਦੇ ਇਤਫ਼ਾਕੀਆ ਮੇਲ਼ ਨਾਲ਼ ਧਰਤੀ ਨੇਬੂਲੇ ਦੇ ਰੂਪ ਵਿਚ ਪੈਦਾ ਹੋਈ ਸੀ। ਕਦੋਂ? ਇਹ ਜਾਨਣ ਲਈ ਇਤਿਹਾਸ ਪੜ੍ਹੋ। ਇਸ ਅਮਲ ਵਿਚ ਜਾਨਵਰ ਤੇ ਫੇਰ ਅਖ਼ੀਰ ਵਿਚ ਮਨੁੱਖ ਪੈਦਾ ਹੋਇਆ ਸੀ। ਤੁਸੀਂ ਡਾਰਵਿਨ ਦੀ ਕਿਤਾਬ ਓਰਿਜਨ ਆੱਵ ਸਪੀਸੀਜ਼ ਪੜ੍ਹੋ ਅਤੇ ਉਸਤੋਂ ਮਗਰੋਂ ਜੋ ਵੀ ਉੱਨਤੀ ਹੋਈ, ਉਹ ਮਨੁੱਖ ਦੀ ਕੁਦਰਤ ਨਾਲ਼ ਲਗਾਤਾਰ ਟੱਕਰ ਤੇ ਮਨੁੱਖ ਦੀ ਕੁਦਰਤ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਸਦਕਾ ਹੋਈ ਸੀ। ਧਰਤੀ ਦੇ ਆਦਿ ਬਾਰੇ ਇਹ ਸਭ ਤੋਂ ਸੰਖੇਪ ਜਿਹਾ ਵੇਰਵਾ ਹੈ।
ਤੁਹਾਡਾ ਅਗਲਾ ਸਵਾਲ ਇਹ ਹੋ ਸਕਦਾ ਹੈ ਕਿ ਪਿਛਲੇ ਜਨਮ ਵਿਚ ਮਾੜੇ ਕਰਮ ਨਾ ਕੀਤੇ ਹੋਣ ਤਾਂ ਬੱਚਾ ਅੰਨ੍ਹਾ ਜਾਂ ਲੰਙੜਾ ਕਿਉਂ ਜੰਮਦਾ ਹੈ? ਜੀਵ-ਵਿਗਿਆਨੀਆਂ ਨੇ ਇਸ ਸਮੱਸਿਆ ਦਾ ਜ਼ਿਕਰ ਕੀਤਾ ਹੈ ਕਿ ਇਹ ਜੀਵ-ਵਿਗਿਆਨਕ ਵਿਸ਼ਾ ਹੈ। ਇਹਦੇ ਕਾਰਣ ਬੱਚੇ ਮਾਂ ਪਿਉ ਦੇ ਜੀਵ-ਇਤਿਹਾਸ ਵਿਚ ਹੀ ਹੁੰਦੇ ਹਨ।
ਕੁਦਰਤਨ ਤੁਸੀਂ ਇਕ ਹੋਰ ਸਵਾਲ ਪੁੱਛ ਸਕਦੇ ਹੋ, ਭਾਵੇਂ ਕਿ ਇਹ ਨਿਰਾ ਬਚਗਾਨਾ ਸਵਾਲ ਹੀ ਹੈ। ਉਹ ਸਵਾਲ ਇਹ ਹੈ ਕਿ ਜੇ ਰੱਬ ਨਹੀਂ ਸੀ, ਤਾਂ ਫੇਰ ਲੋਕ ਉਹਨੂੰ ਮੰਨਣ ਕਿਵੇਂ ਲੱਗੇ? ਮੇਰਾ ਜਵਾਬ ਸਪੱਸ਼ਟ ਤੇ ਸੰਖੇਪ ਹੈ। ਜਿਵੇਂ ਲੋਕ ਭੂਤਾਂ ਪ੍ਰੇਤਾਂ ਨੂੰ ਮੰਨਣ ਲੱਗ ਪਏ ਸੀ, ਓਵੇਂ ਹੀ ਉਹ ਰੱਬ ਨੂੰ ਮੰਨਣ ਲੱਗ ਪਏ। ਫ਼ਰਕ ਸਿਰਫ਼ ਇੰਨਾ ਹੈ ਕਿ ਰੱਬ ਵਿਚ ਵਿਸ਼ਵਾਸ ਤਕਰੀਬਨ ਸਰਬਵਿਆਪਕ ਹੈ ਤੇ ਇਹਦਾ ਦਰਸ਼ਨ ਕਾਫ਼ੀ ਵਿਕਸਿਤ ਹੈ। ਕੁਝ ਪਰਿਵਰਤਨਕਾਰੀਆਂ (ਰੈਡੀਕਲਜ਼) ਵਾਂਗ ਮੇਰਾ ਇਹ ਵਿਚਾਰ ਨਹੀਂ ਹੈ ਕਿ ਰੱਬ ਦਾ ਆਦਿ ਲੁੱਟਖਸੁੱਟ ਕਰਨ ਵਾਲਿਆਂ ਦੀ ਕਰਤੂਤ ਸੀ, ਤਾਂ ਕਿ ਉਹ ਸਰਬਉੱਚ ਸੱਤਾ ਦੀ ਹੋਂਦ ਦਾ ਪ੍ਰਚਾਰ ਕਰਕੇ ਅਪਣੀਆਂ ਗੱਦੀਆਂ ਕਾਇਮ ਰੱਖਣ ਲਈ ਲੋਕਾਂ ਨੂੰ ਗ਼ੁਲਾਮ ਰਖ ਸਕਣ। ਭਾਵੇਂ ਕਿ ਉਨ੍ਹਾਂ ਨਾਲ਼ ਇਸ ਜ਼ਰੂਰੀ ਨੁਕਤੇ ਨਾਲ਼ ਮੇਰਾ ਕੋਈ ਮੱਤਭੇਦ ਨਹੀਂ ਹੈ ਕਿ ਸਾਰੇ ਧਾਰਮਿਕ ਮੱਤ, ਧਰਮ, ਸਿਧਾਂਤ ਤੇ ਹੋਰ ਇਹੋ ਜਿਹੀਆਂ *ਅਪਟਨ ਸਿਨਕਲੇਅਰ (1878-1968) ਅਮਰੀਕੀ ਲੇਖਕ ਤੇ ਸੋਸ਼ਲਿਸਟ ਪਾਰਟੀ ਦਾ ਕਾਰਕੁੰਨ। ਭਗਤ ਸਿੰਘ ਦਾ ਇਸ਼ਾਰਾ ਸ਼ਾਇਦ ਸਿਨਕਲੇਅਰ 1918 ਵਿਚ ਲਿਖੇ ਪੈਂਫ਼ਲਟ ਪਰੌਫ਼ਿਟਸ ਆੱਵ ਰਿਲੀਜਨ (ਧਰਮ ਦੇ ਮੁਨਾਫ਼ੇ) ਵਲ ਹੈ। * ਚਾਰਲਸ ਡਾਰਵਿਨ (1809-1882) ਅੰਗਰੇਜ਼ ਪ੍ਰਕ੍ਰਿਤਵਾਦੀ। ਉਨ੍ਹੀਵੀਂ ਸਦੀ ਦੀ ਸਭ ਤੋਂ ਵੱਡੀ ਜਿੱਤ ਉਸਦੀ 1859 ਵਿਚ ਛਪੀ ਓਰਿਜਨ ਆੱਵ ਸਪੀਸੀਜ਼ ਸੀ, ਜਿਸ ਵਿਚ ਪ੍ਰਕ੍ਰਿਤੀ ਦੇ ਵਿਕਾਸ ਦਾ ਸਿਧਾਂਤ ਸੀ। ਇਸ ਸਿਧਾਂਤ ਨੇ ਕੁਦਰਤ ਸੰਬੰਧੀ ਧਾਰਮਿਕ ਤੇ ਵਿਚਾਰਵਾਦੀ ਸੰਬੋਧ ਤੋੜ ਦਿੱਤੇ। ਸੰਸਥਾਵਾਂ ਆਖ਼ਿਰਕਾਰ ਜਾਬਰ, ਦਮਨਕਾਰੀ ਸੰਸਥਾਵਾਂ, ਵਿਅਕਤੀਆਂ ਦੀਆਂ ਜਮਾਤਾਂ ਦੀਆਂ ਹਮਾਇਤੀ ਹੀ ਹੋ ਨਿਬੜੀਆਂ ਹਨ। ਹਰ ਧਰਮ ਇਹ ਕਹਿੰਦਾ ਹੈ ਕਿ ਬਾਦਸ਼ਾਹ ਵਿਰੁੱਧ ਬਗ਼ਾਵਤ ਕਰਨਾ ਹਮੇਸ਼ਾ ਹੀ ਪਾਪ ਹੁੰਦਾ ਹੈ।
ਰੱਬ ਦੇ ਆਦਿ ਬਾਰੇ ਮੇਰਾ ਅਪਣਾ ਵਿਚਾਰ ਇਹ ਹੈ ਕਿ ਜਦ ਮਨੁੱਖ ਨੂੰ ਅਪਣੀਆਂ ਸੀਮਾਵਾਂ ਕਮਜ਼ੋਰੀਆਂ ਤੇ ਕਮੀਆਂ ਦਾ ਅਹਿਸਾਸ ਹੋ ਗਿਆ ਹੈ, ਤਾਂ ਉਹਨੇ ਰੱਬ ਦੀ ਕਾਲਪਨਿਕ ਹੋਂਦ ਬਣਾ ਲਈ, ਤਾਂ ਕਿ ਇਮਤਿਹਾਨੀ ਹਾਲਤ ਦਾ ਦ੍ਰਿੜ੍ਹਤਾ ਨਾਲ਼ ਸਾਹਮਣਾ ਕਰਨ ਲਈ ਮਨੁੱਖ ਨੂੰ ਹੌਂਸਲਾ ਮਿਲੇ, ਤਾਂ ਕਿ ਸਾਰੇ ਖ਼ਤਰਿਆਂ ਦਾ ਜਵਾਂਮਰਦੀ ਨਾਲ਼ ਮੁਕਾਬਿਲਾ ਕਰ ਸਕੇ ਅਤੇ ਖ਼ੁਸ਼ਹਾਲੀ ਤੇ ਅਮੀਰੀ ਦੀ ਹਾਲਤ ਵਿਚ ਅਪਣੀਆਂ ਇੱਛਾਵਾਂ ‘ਤੇ ਕਾਬੂ ਪਾ ਸਕੇ। ਮਨੁੱਖ ਨੇ ਰੱਬ ਨੂੰ ਇਹਦੇ ਨਿਜਪੂਰਕ ਨੇਮਾਂ ਤੇ ਪਾਲਣਹਾਰ ਗੁਣਾਂ ਦੇ ਰੂਪ ਵਿਚ ਚਿਤਵਿਆ ਸੀ ਤੇ ਚਿਤਰਿਆ ਸੀ। ਉਹਦੀ ਕਰੋਪੀ ਤੇ ਨਿਜਰੂਪਕ ਨੇਮਾਂ ਨੂੰ ਵਿਚਾਰਨ ਵੇਲੇ ਉਹ ਤਾੜਨਾ ਦਾ ਕੰਮ ਦਿੰਦਾ ਸੀ ਤਾਂ ਕਿ ਮਨੁੱਖ ਸਮਾਜ ਵਾਸਤੇ ਖ਼ਤਰਾ ਨਾ ਬਣ ਜਾਵੇ। ਉਹਦੇ ਪਾਲਣਹਾਰ ਗੁਣਾਂ ਵਿਚ ਉਹ ਮਾਂ, ਪਿਤਾ, ਭੈਣ, ਭਾਈ, ਦੋਸਤ ਤੇ ਮਦਦਗਾਰ ਸੀ; ਤਾਂ ਕਿ ਉਸ ਹਾਲਤ ਵਿਚ ਜਦ ਬੰਦੇ ਨੂੰ ਔਖੇ ਵੇਲੇ ਹਰ ਕੋਈ ਛੱਡ ਜਾਵੇ, ਤਾਂ ਉਸ ਘੜੀ ਵੀ ਬੰਦੇ ਨੂੰ ਇਹ ਧਰਵਾਸ ਰਹੇ ਕਿ ਉਹਦੀ ਮਦਦ ਕਰਨ ਲਈ ਉਹਨੂੰ ਢਾਰਸ ਦੇਣ ਲਈ ਸਦਾ ਸਲਾਮਤ ਰਹਿਣ ਵਾਲ਼ਾ ਸੱਚਾ ਮਿਤਰ ਰੱਬ ਹੈ। ਆਦਿਕਾਲ ਵਿਚ ਰੱਬ ਸੱਚੇ ਅਰਥਾਂ ਵਿਚ ਸਮਾਜ ਲਈ ਲਾਹੇਵੰਦ ਸੀ। ਔਖੀ ਘੜੀ ਵੇਲੇ ਰੱਬ ਦਾ ਵਿਚਾਰ ਬੰਦੇ ਲਈ ਮਦਦਗਾਰ ਹੁੰਦਾ ਹੈ।
ਸਮਾਜ ਨੇ ਜਿਵੇਂ ਬੁੱਤਪੂਜਾ ਤੇ ਧਰਮ ਦੇ ਤੰਗਨਜ਼ਰ ਸੰਬੋਧ ਵਿਰੁੱਧ ਲੜਾਈ ਲੜੀ ਸੀ, ਉਸੇ ਤਰਾਂ ਸਮਾਜ ਨੂੰ ਰੱਬ ਦੇ ਵਿਸ਼ਵਾਸ ਵਿਰੁੱਧ ਲੜਨਾ ਪੈਣਾ ਹੈ। ਇਸੇ ਤਰਾਂ ਬੰਦਾ ਜਦ ਅਪਣੇ ਪੈਰੀਂ ਹੋਣ ਦੀ ਕੋਸ਼ਿਸ਼ ਕਰਨ ਲੱਗਾ ਤੇ ਯਥਾਰਥਵਾਦੀ ਹੋਣ ਲੱਗਾ ਤਾਂ ਉਹਨੂੰ ਰੱਬ ਦਾ ਵਿਸ਼ਵਾਸ ਲਾਂਭੇ ਸੁੱਟਣਾ ਪਏਗਾ ਅਤੇ ਹਰ ਮੁਸ਼ਕਿਲ, ਹਰ ਆਫ਼ਤ ਤੇ ਹਰ ਤਰ੍ਹਾਂ ਦੀ ਹਾਲਤ ਦਾ ਡਟ ਕੇ ਮੁਕਾਬਲਾ ਕਰਨਾ ਪਏਗਾ। ਇਸ ਵੇਲੇ ਮੇਰੀ ਹਾਲਤ ਬਿਲਕੁਲ ਇਹੀ ਹੈ। ਮੇਰੇ ਦੋਸਤੋ, ਮੇਰਾ ਇਹ ਕੋਈ ਅਹੰਕਾਰ ਨਹੀਂ ਹੈ। ਮੈਂ ਅਪਣੀ ਸੋਚਣ ਵਿਧੀ ਨਾਲ਼ ਹੀ ਨਾਸਤਿਕ ਬਣਿਆ ਹਾਂ। ਮੇਰਾ ਖ਼ਿਆਲ ਨਹੀਂ ਕਿ ਰੱਬ ਵਿਚ ਵਿਸ਼ਵਾਸ ਕਰਨ ਨਾਲ਼ ਤੇ ਹਰ ਰੋਜ਼ ਅਰਦਾਸ ਕਰਨ ਨਾਲ਼ (ਜਿਹੜਾ ਕਿ ਮੈਂ ਮਨੁੱਖ ਦਾ ਸਭ ਤੋਂ ਵੱਧ ਖ਼ੁਦਗ਼ਰਜ਼ੀ ਕਰਨ ਵਾਲ਼ਾ ਤੇ ਘਟੀਆ ਕੰਮ ਸਮਝਦਾ ਹਾਂ) ਮੇਰਾ ਕੁਝ ਸੌਰ ਸਕਦਾ ਹੈ ਜਾਂ ਇਹਦੇ ਨਾਲ਼ ਮੇਰੀ ਹਾਲਤ ਹੋਰ ਵੀ ਭੈੜੀ ਹੋ ਜਾਵੇਗੀ। ਮੈਂ ਉਨ੍ਹਾਂ ਨਾਸਤਿਕਾਂ ਬਾਰੇ ਪੜ੍ਹਿਆ ਹੈ, ਜਿੰਨ੍ਹਾਂ ਨੇ ਬਹੁਤ ਡਟ ਕੇ ਸਾਰੀਆਂ ਮੁਸ਼ਕਿਲਾਂ ਦਾ ਮੁਕਾਬਲਾ ਕੀਤਾ ਸੀ। ਇਸੇ ਲਈ ਮੈਂ ਅਖ਼ੀਰ ਤਕ ਫਾਂਸੀ ਦੇ ਤਖ਼ਤੇ ‘ਤੇ ਵੀ ਮਰਦ ਵਾਂਗ ਸਿਰ ਤਾਣ ਕੇ ਸਾਬਤਕਦਮ ਰਹਿਣ ਦੀ ਕੋਸ਼ਿਸ਼ ਕਰ ਰਿਹਾ ਹਾਂ।
ਦੇਖੀਏ ਮੈਂ ਇਸ ਤੇ ਕਿੰਨਾ ਕੁ ਪੂਰਾ ਉੱਤਰਦਾ ਹਾਂ। ਮੇਰੇ ਕਿਸੇ ਦੋਸਤ ਨੇ ਮੈਨੂੰ ਅਰਦਾਸ ਕਰਨ ਲਈ ਕਿਹਾ ਸੀ। ਜਦ ਮੈਂ ਉਹਨੂੰ ਦੱਸਿਆ ਕਿ ਮੈਂ ਤਾਂ ਨਾਸਤਿਕ ਹਾਂ, ਤਾਂ ਉਹ ਕਹਿਣ ਲੱਗਿਆ, ”ਦੇਖੀਂ ਅਪਣੇ ਅਖ਼ੀਰੀ ਦਿਨਾਂ ‘ਚ ਰੱਬ ਨੂੰ ਮੰਨਣ ਲੱਗ ਜਾਏਂਗਾ।” ਮੈਂ ਅੱਗੋਂ ਕਿਹਾ, “ਨਹੀਂ ਪਿਆਰੇ ਜਨਾਬ ਜੀ, ਇਸ ਤਰਾਂ ਹਰਗ਼ਿਜ਼ ਨਹੀਂ ਹੋਣ ਲੱਗਾ। ਇੰਜ ਕਰਨਾ ਮੇਰੇ ਲਈ ਬੜੀ ਘਟੀਆ ਤੇ ਪਸਤੀ ਵਾਲੀ ਗੱਲ ਹੋਵੇਗੀ। ਖ਼ੁਦਗ਼ਰਜ਼ੀ ਵਾਸਤੇ ਮੈਂ ਅਰਦਾਸ ਨਹੀਂ ਕਰਨੀ।” ਪਾਠਕੋ ਤੇ ਦੋਸਤੋ, ਕੀ ਇਹ ਹਉਮੈ ਹੈ। ਜੇ ਹੈ, ਤਾਂ ਮੈਨੂੰ ਹਉਮੈ ਚੰਗੀ ਲਗਦੀ ਹੈ।

1 comment:

N.K.Jeet said...

There is another factual error in the article by Gurmel Singh Khalsa. He says,"ਲਾਲਾ ਲਾਜਪਤ ਰਾਏ ਦੀ ਛੱਤਰੀ ਤੇ ਬੈਂਤ ਦੀ ਮਾੜੀ ਜਿਹੀ ਸੋਟੀ ਲੱਗੀ ਸੀ। ਉਹ ਦਿਲ ਦਾ ਮਰੀਜ਼ ਸੀ। ਉਹ ਤਿੰਨ ਮਹੀਨੇ ਬਾਅਦ ਮਰ ਗਿਆ ਅਤੇ ਗੱਲ ਧੁਮਾਈ ਗਈ ਕਿ ਸੀਨੀਅਰ ਸੁਪਰੀਟੈਂਡੈਟ ਪੁਲਿਸ ਮਿਸਟਰ ਸਕਾਟ ਨੇ ਲਾਲਾ ਜੀ ਨੂੰ ਡਾਂਗਾਂ ਨਾਲ ਕੁਟਿੱਆ ਸੀ ਤੇ ਉਹ ਸ਼ਹੀਦ ਹੋ ਗਿਆ।" Without going into the fact about how Lala Lajpat Rai was hit by the police and what caused his death, I would like to state that he did not die "three months" after the incident. The lathi-charge occurred on 30th October 1928 and Lal Lajpat Rai died on 17th November 1928, i.e. after 17 days. It once again proves my allegation that Gurmel Singh Khalsa has distorted the historical facts to suit his own ends.