Thursday, June 07, 2012

ਸਾਕਾ ਨੀਲਾ ਤਾਰਾ ਦੀ 28ਵੀਂ ਬਰਸੀ ਮੌਕੇ

ਘੱਲੂਘਾਰਾ ਦਿਵਸ ਸਮਾਗਮ ਦੌਰਾਨ ਅਮਨ-ਅਮਾਨ
ਜਗਤਾਰ ਸਿੰਘ ਲਾਂਬਾ (ਟ੍ਰਿਬਿਊਨ ਨਿਊਜ਼ ਸਰਵਿਸ)
ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ 
ਦੀ ਯਾਦਗਾਰ ਦਾ ਨੀਂਹ ਪੱਥਰ ਰੱਖ ਰਹੇ ਸਿੰਘ ਸਾਹਿਬਾਨ (ਫੋਟੋ: ਵਿਸ਼ਾਲ ਕੁਮਾਰ)
ਅੰਮ੍ਰਿਤਸਰ, 6 ਜੂਨ
ਸਾਕਾ ਨੀਲਾ ਤਾਰਾ ਦੀ 28ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਵਿਖੇ ਘੱਲੂਘਾਰਾ ਦਿਵਸ ਮਨਾਉਂਦਿਆਂ ਪੰਜ ਸਿੰਘ ਸਾਹਿਬਾਨ ਵੱਲੋਂ ਬੇਅੰਤ ਸਿੰਘ ਕਤਲ ਕਾਂਡ ਵਿਚ ਫਾਂਸੀ ਦੀ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ‘ਜ਼ਿੰਦਾ ਸ਼ਹੀਦ’ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਨੂੰ ਭੇਟ ਕੀਤਾ ਗਿਆ। ਇਸ ਮੌਕੇ ਸ਼ਹੀਦੀ ਯਾਦਗਾਰ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਸ੍ਰੀ ਅਕਾਲ ਤਖ਼ਤ ਦੇ ਸਨਮੁੱਖ ਮਨਾਏ ਗਏ ਸਮਾਗਮ ਵਿਚ ਅੱਜ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦੇ ਕੀਰਤਨ ਮਗਰੋਂ ਅਰਦਾਸ ਹੋਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਮੁੱਚੀ ਕੌਮ ਵੱਲੋਂ ਸਾਕਾ ਨੀਲਾ ਤਾਰਾ ਫੌਜੀ ਕਾਰਵਾਈ ਸਮੇਂ ਮਾਰੇ ਗਏ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਪਹਿਲਾਂ ਪੰਜ ਸਿੰਘ ਸਾਹਿਬਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗਡ਼੍ਹ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮੱਲ ਸਿੰਘ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ‘ਜ਼ਿੰਦਾ ਸ਼ਹੀਦ’ ਦੀ ਉਪਾਧੀ ਭੇਟ ਕੀਤੀ ਗਈ, ਜਿਸ ਤਹਿਤ ਇਕ ਤਸ਼ਤਰੀ, ਸਾਹਿਬ ਅਤੇ ਸਿਰੋਪਾਓ ਉਨ੍ਹਾਂ ਦੀ ਭੈਣ ਬੀਬੀ ਕਮਲਦੀਪ ਕੌਰ ਨੂੰ ਭੇਟ ਕੀਤੀ। ਇਸ ਦੌਰਾਨ ਸਾਕਾ ਨੀਲਾ ਤਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਬਣਾਈ ਜਾ ਰਹੀ ਸ਼ਹੀਦੀ ਯਾਦਗਾਰ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਇਸ ਵਾਰ ਇਹ ਨੀਂਹ ਪੱਥਰ ਗੁਰਦੁਆਰਾ ਥਡ਼੍ਹਾ ਸਾਹਿਬ ਦੇ ਜ਼ਮੀਨਦੋਜ਼ ਹਾਲ ਵਿਚ ਰੱਖਿਆ ਗਿਆ। ਇਸ ਮੌਕੇ ਪੰਜ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਅਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਅਰਦਾਸ ਮਗਰੋਂ ਇਥੇ ਨੀਂਹ ਵਿਚ ਇੱਟਾਂ ਰੱਖੀਆਂ ਅਤੇ ਉਸਾਰੀ ਅਰੰਭ ਕਰਨ ਦਾ ਐਲਾਨ ਕੀਤਾ।  ਇਹ ਸਮਾਗਮ ਅੱਜ ਪਹਿਲਾਂ ਹੀ ਸਮਾਪਤ ਕਰ ਦਿੱਤਾ ਗਿਆ ਕਿਉਂਕਿ ਸੰਭਾਵਨਾ ਪ੍ਰਗਟਾਈ ਜਾ ਰਹੀ ਸੀ ਕਿ ਦਮਦਮੀ ਟਕਸਾਲ ਨੂੰ ਸ਼ਹੀਦੀ ਯਾਦਗਾਰ ਦੀ ਸੇਵਾ ਸੌਂਪਣ ਦਾ ਵਿਰੋਧ ਕਰ ਰਹੀਆਂ ਜਥੇਬੰਦੀਆਂ ਵੱਲੋਂ ਇਸ ਮੌਕੇ ਵਿਘਨ ਪਾਇਆ ਜਾ ਸਕਦਾ ਹੈ।
ਅੰਮ੍ਰਿਤਸਰ ਵਿਖੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਜ਼ਿੰਦਾ ਸ਼ਹੀਦ ਦਾ ਖਿਤਾਬ ਹਾਸਲ ਕਰਦੀ ਹੋਈ (ਫੋਟੋ: ਵਿਸ਼ਾਲ ਕੁਮਾਰ
ਸਮੂਹ ਸਿੱਖ ਸੰਗਤ ਨੂੰ ਜਾਤੀ ਤੇ ਜਮਾਤੀ ਤੌਰ ’ਤੇ ਜੂਨ 1984 ਸਮੇਂ ਦੇ ਜੇਲ੍ਹਾਂ ਵਿਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਸਰਕਾਰ ’ਤੇ ਦਬਾਅ ਪਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਤੋਂ ਪ੍ਰੇਰਣਾ ਲੈ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਿੱਖਿਆ ਅਨੁਸਾਰ ਜੀਵਨ ਬਿਤਾਉਣਾ, ਸਮੂਹ ਸਿੱਖ ਕੌਮ ਇਕਜੁੱਟ ਹੋ ਕੇ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨ ਕਰਨਾ ਅਤੇ ਆਰਥਿਕ ਤੌਰ ’ਤੇ ਪੱਛਡ਼ੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਹਰ ਸੰਭਵ ਸਹਿਯੋਗ ਦੇਣਾ ਹੀ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਆਖਿਆ ਕਿ ਇਥੇ ਬਣਾਈ ਜਾ ਰਹੀ ਸ਼ਹੀਦੀ ਯਾਦਗਾਰ ਸਿੱਖ ਕੌਮ ਦੀ ਨਵੀਂ ਪੀਡ਼੍ਹੀ ਲਈ ਪ੍ਰੇਰਣਾ ਸਰੋਤ ਹੋਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦੀ ਯਾਦਗਾਰ ਦੀ ਉਸਾਰੀ ਅਤੇ ਭਾਈ ਰਾਜੋਆਣਾ ਨੂੰ ‘ਜ਼ਿੰਦਾ’ ਸ਼ਹੀਦ ਦਾ ਖਿਤਾਬ ਦਿੱਤੇ ਜਾਣ ਦੇ ਕੀਤੇ ਵਿਰੋਧ ਬਾਰੇ ਉਨ੍ਹਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ 1984 ਵਿਚ ਸਾਕਾ ਨੀਲਾ ਤਾਰਾ ਕਾਰਵਾਈ ਦੇ ਵਿਰੋਧ ਵਿਚ ਹੀ ਆਪਣਾ ਅਸਤੀਫਾ ਦਿੱਤਾ ਸੀ।  ਉਨ੍ਹਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਿਚ ਚਲੇ ਜਾਣ ਕਾਰਨ ਹੀ ਅਜਿਹੀ ਬਦਲੀ ਹੋਈ ਸੋਚ ਦਾ ਪ੍ਰਗਟਾਵਾ ਕਰ ਰਹੇ ਹਨ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਹੋਰਨਾਂ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਨਮਾਨਿਤ ਕੀਤੇ ਗਏ ਪਰਿਵਾਰਾਂ ਵਿਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪੁੱਤਰ ਭਾਈ ਈਸ਼ਰ ਸਿੰਘ, ਭਾਈ ਅਮਰੀਕ ਸਿੰਘ ਦੀ ਪਤਨੀ ਬੀਬੀ ਗੁਰਮੀਤ ਕੌਰ, ਭਾਈ ਅਮਰੀਕ ਸਿੰਘ ਦੇ ਭਰਾ ਭਾਈ ਮਨਜੀਤ ਸਿੰਘ, ਭਾਈ ਜਸਪਾਲ ਸਿੰਘ ਦੇ ਪਿਤਾ ਸ੍ਰੀ ਗੁਰਚਰਨਜੀਤ ਸਿੰਘ, ਭਾਈ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ, ਭਾਈ ਸਤਵੰਤ ਸਿੰਘ ਦੀ ਮਾਤਾ ਬੀਬੀ ਪਿਆਰ ਕੌਰ ਤੇ ਹੋਰ ਸ਼ਾਮਲ ਸਨ। ਸਮਾਗਮ ਵਿਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤ ਇੰਦਰ ਸਿੰਘ, ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਤੇ ਗਿਆਨੀ ਮੋਹਨ ਸਿੰਘ, ਸੰਤ ਬਲਜੀਤ ਸਿੰਘ ਦਾਦੂਵਾਲ, ਸ਼੍ਰੋਮਣੀ ਅਕਾਲੀ ਦਲ (ਅ) ਤੋਂ ਸਿਮਰਨਜੀਤ ਸਿੰਘ ਮਾਨ, ਸਾਬਕਾ ਐਮ.ਪੀ. ਧਿਆਨ ਸਿੰਘ ਮੰਡ, ਅਕਾਲੀ ਦਲ ਪੰਚ ਪ੍ਰਧਾਨੀ ਦੇ ਦਲਜੀਤ ਸਿੰਘ ਬਿੱਟੂ, ਦਲ ਖਾਲਸਾ ਦੇ ਕੰਵਰਪਾਲ ਸਿੰਘ, ਸਤਨਾਮ ਸਿੰਘ ਪਾਉਂਟਾ ਸਾਹਿਬ, ਦਮਦਮੀ ਟਕਸਾਲ ਦੇ ਅਜਾਇਬ ਸਿੰਘ ਅਭਿਆਸੀ, ਖਾਲਸਾ ਐਕਸ਼ਨ ਕਮੇਟੀ ਦੇ ਭਾਈ ਮੋਹਕਮ ਸਿੰਘ, ਫੈਡਰੇਸ਼ਨ ਆਗੂ ਜਸਬੀਰ ਸਿੰਘ ਘੁੰਮਣ, ਪਰਮਜੀਤ ਸਿੰਘ ਖਾਲਸਾ, ਗੁਰਚਰਨ ਸਿੰਘ ਗਰੇਵਾਲ, ਮਨਜੀਤ ਸਿੰਘ ਭੋਮਾ, ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਗੁਰਬਚਨ ਸਿੰਘ ਕਰਮੂੰਵਾਲ, ਅਮਰਜੀਤ ਸਿੰਘ ਚਾਵਲਾ, ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਬਾਬਾ ਸੁਖਚੈਨ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਬਿਧੀ ਚੰਦ ਸੰਪਰਦਾ ਦੇ ਬਾਬਾ ਅਵਤਾਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਦਰਸ਼ਨ ਸਿੰਘ, ਬਾਬਾ ਮੇਜਰ ਸਿੰਘ, ਬਾਬਾ ਹਰੀਦੇਵ ਸਿੰਘ ਈਸਾਪੁਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ੍ਰੀ ਦਲਮੇਘ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਅਤੇ ਸਿੱਖ ਸੰਗਤਾਂ ਤੇ ਹੋਰ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ। ਇਸ ਮੌਕੇ ਖਾਲਿਸਤਾਨ ਜ਼ਿੰਦਾਬਾਦ ਅਤੇ ਭਿਰਾਂਵਾਲਾ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ ਗਏ। ਕੁਝ ਸਿੱਖ ਜਥੇਬੰਦੀਆਂ ਨੇ ਪਰਚੇ ਵੀ ਵੰਡੇ। ( ਪੰਜਾਬੀ  ਟ੍ਰਿਬਿਊਨ ਚੋ ਧੰਨਵਾਦ ਸਹਿਤ

No comments: