Tuesday, April 02, 2013

ਸ਼ੁਕਰਾਨਾ ਸਮਾਗਮ 4 ਅਪ੍ਰੈਲ ਨੂੰ

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਬਰੇਲ ਲਿੱਪੀ ਅੰਤਰਣ
ਵਿਸ਼ੇਸ਼ ਧਾਰਮਿਕ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ
ਅੰਮ੍ਰਿਤਸਰ: 02 ਅਪ੍ਰੈਲ- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਬਾਣੀ ਦੇ ਕਲਿਆਣਕਾਰੀ ਸੰਦੇਸ਼ ਵਿਸ਼ਵ ਭਰ ਵਿੱਚ ਪ੍ਰਚਾਰਣ ਪ੍ਰਸਾਰਣ ਹਿੱਤ ਗੁਰਬਾਣੀ ਦੇ ਅਨੁਵਾਦ, ਟੀਕੇ, ਸ਼ਬਦਾਰਥ ਆਦਿ ਪਹਿਲਾਂ ਵੱਖ-ਵੱਖ ਇਤਿਹਾਸਕਾਰਾਂ ਵੱਲੋਂ ਕੀਤੇ ਗਏ ਸਨ, ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਨੂੰ ਸੂਰਮੇ ਸਿੰਘ (ਅੱਖਾਂ ਦੀ ਜੋਤ ਤੋਂ ਵਿਹੂਣੇ) ਨਹੀਂ ਸਨ ਪੜ੍ਹ ਸਕਦੇ ਜਿੰਨ੍ਹਾਂ ਦੀ ਸਹੂਲਤ ਵਾਸਤੇ ਭਾਈ ਗੁਰਮੇਜ ਸਿੰਘ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸਖਤ ਮਿਹਨਤ ਤੇ ਸਬਰ-ਸਿਦਕ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਮੁੱਚੀ ਗੁਰਬਾਣੀ ਨੂੰ ਬਰੇਲ ਲਿੱਪੀ ਵਿੱਚ ਅੰਤਰਣ ਕਰਨ ਦਾ ਮਹਾਨ ਇਤਿਹਾਸਕ ਤੇ ਅਧਿਆਤਮਿਕ ਕਾਰਜ ਕੀਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਜਾਰੀ ਪ੍ਰੈਸ ਰਲੀਜ਼ 'ਚ ਸ.ਰੂਪ ਸਿੰਘ ਸਕੱਤਰ ਨੇ ਕਿਹਾ ਕਿ ਭਾਈ ਗੁਰਮੇਜ ਸਿੰਘ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਹ ਕਾਰਜ ਸਾਲਾਂ ਦੀ ਮਿਹਨਤ ਨਾਲ 18 ਪੋਥੀਆਂ ਵਿੱਚ ਤਿਆਰ ਕਰਵਾਇਆ, ਜਿੰਨ੍ਹਾਂ ਤੋਂ ਹੁਣ ਸੂਰਮੇ ਸਿੰਘ ਸੰਪੂਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਹਿਜ ਪਾਠ ਕਰ ਸਕਣਗੇ। ਭਾਈ ਗੁਰਮੇਜ ਸਿੰਘ ਵੱਲੋਂ ਕੀਤੇ ਇਸ ਕਾਰਜ ਦੀ ਸੰਪੂਰਨਤਾ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ ਅਨੁਸਾਰ ਵਿਸ਼ੇਸ਼ ਧਾਰਮਿਕ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ 4 ਅਪ੍ਰੈਲ ਨੂੰ ਸਵੇਰੇ 11:00 ਤੋਂ 1:30 ਵਜੇ ਤੀਕ ਹੋਵੇਗਾ।ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।
ਇਸ ਸ਼ੁਕਰਾਨਾ ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਉਚੇਚੇ ਤੌਰ ਤੇ ਸ਼ਮੂਲੀਅਤ ਕਰਨਗੇ। ਸ. ਰੂਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਤੇ ਸਿੱਖ ਸੰਗਤਾਂ ਨੂੰ ਇਸ ਸ਼ੁਕਰਾਨਾ ਸਮਾਗਮ ਵਿੱਚ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਲਈ ਅਪੀਲ ਕੀਤੀ ਹੈ।

No comments: