Sunday, July 21, 2013

ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਸੋਨੇ ਅਤੇ ਨਿਕਾਸ਼ੀ ਦੀ ਸੇਵਾ

ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਸੇਵਾ ਸ਼ੁਰੂ ਕੀਤੇ ਜਾਣ ਸਬੰਧੀ ਵਿਸਥਾਰ ਨਾਲ ਵਿਚਾਰਾਂ
ਅੰਮ੍ਰਿਤਸਰ 20 ਜੁਲਾਈ (ਰਾਮ ਸਿੰਘ ਭਿੰਡਰ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਸੋਨੇ ਅਤੇ ਨਿਕਾਸ਼ੀ ਦੀ ਸੇਵਾ ਦਾ ਕਾਰਜ ਕਾਰ ਸੇਵਾ ਰਾਹੀਂ ਸੰਤ ਬਾਬਾ ਕਸ਼ਮੀਰ ਸਿੰਘ ਜੀ ਕਾਰ ਸੇਵਾ ਵਾਲਿਆਂ ਪਾਸੋਂ ਕਰਵਾਉਣ ਸਬੰਧੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਪਾਸ ਹੋਏ ਮਤੇ ਦੀ ਰੌਸ਼ਨੀ ‘ਚ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਐਡੀ: ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ. ਰਾਜਿੰਦਰ ਸਿੰਘ ਮਹਿਤਾ ਤੇ ਸ. ਗੁਰਬਚਨ ਸਿੰਘ ਕਰਮੂੰਵਾਲ (ਦੋਵੇਂ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ) ਨੇ ਅੱਜ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨਾਲ ਸੇਵਾ ਦੌਰਾਨ ਮਰਯਾਦਾ, ਪਵਿੱਤਰਤਾ, ਨਿਕਾਸੀ ਦੀ ਹੂ-ਬ-ਹੂ ਦਿੱਖ ਨੂੰ ਬਰਕਰਾਰ ਰੱਖਣ ਅਤੇ ਸੇਵਾ ਸ਼ੁਰੂ ਕੀਤੇ ਜਾਣ ਸਬੰਧੀ ਵਿਸਥਾਰ ਨਾਲ ਵਿਚਾਰਾਂ ਕੀਤੀਆਂ।
ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੀ ਦੇ ਆਦੇਸ਼ਾਂ ਅਨੁਸਾਰ ਕਾਰ ਸੇਵਾ ਦੀ ਆਰੰਭਤਾ 11 ਅਗਸਤ ਦਿਨ ਐਤਵਾਰ ਨੂੰ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕ ਪ੍ਰਭਾਵਸ਼ਾਲੀ ਧਾਰਮਿਕ ਸਮਾਗਮ ਉਪਰੰਤ ਦੁਪਹਿਰ ਕਰੀਬ 11:00 ਵਜੇ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਪਹਿਲਾਂ ਸਿੰਘ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋੜੀਂਦੇ ਸੁੰਦਰ ਦਿੱਖ ਵਾਲੀ ਪੈਡ (ਸਕਾਫਿੰਗ) ਆਦਿ ਦੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਇਸ ਮੌਕੇ ਕਾਰ ਸੇਵਾ ਵਾਲੇ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲੇ, ਬਾਬਾ ਗੁਰਨਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਸੁਖਦੇਵ ਸਿੰਘ ਭੂਰਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਜਵਾਹਰ ਸਿੰਘ, ਸ. ਗੁਰਿੰਦਰ ਸਿੰਘ ਐਡੀ:ਮੈਨੇਜਰ, ਸ. ਗੁਰਦੀਪ ਸਿੰਘ, ਬਾਬਾ ਪ੍ਰੇਮ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ ਹਾਜ਼ਰ ਸਨ।
ਰਾਮ ਸਿੰਘ ਭਿੰਡਰ

No comments: