Monday, July 22, 2013

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਮੀਰੀ-ਪੀਰੀ ਦਿਵਸ

Sun, Jul 21, 2013 at 5:48 PM
ਸ਼ਹੀਦਾਂ ਦੇ ਸਿਰਤਾਜ ਦਾ ਆਦੇਸ਼ ਸੀ ਕਿ ਹੁਣ ਲੋੜ ਹੈ ਸ਼ਸਤਰ ਧਾਰਨੀ ਹੋਣ ਦੀ 
ਮੀਰੀ-ਪੀਰੀ ਦਿਵਸ ਮਨਾਉਣ ਸਮੇਂ ਅਰਦਾਸ ਕਰ ਰਹੇ ਭਾਈ ਗੁਰਚਰਨ ਸਿੰਘ ਤੇ ਅਰਦਾਸ ਵਿੱਚ ਸ਼ਾਮਲ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਤੇ ਸੰਗਤਾਂ ਦਾ ਭਾਰੀ ਇਕੱਠ
ਅੰਮ੍ਰਿਤਸਰ: 21 ਜੁਲਾਈ (ਪੰਜਾਬ ਸਕਰੀਨ ਬਿਊਰੋ) ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਿਵਸ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥੇ ਭਾਈ ਬਲਵਿੰਦਰ ਸਿੰਘ ਲੋਪੋ ਨੇ ਇਲਾਹੀ ਬਾਣੀ ਦੇ ਕੀਰਤਨ ਦੀਆਂ ਛਹਿਬਰਾਂ ਲਗਾਈਆਂ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਨੇ ਪਾਵਨ-ਪਵਿੱਤਰ ਹੁਕਮਨਾਮਾ ਲਿਆ।
ਸੰਗਤਾਂ ਨੂੰ ਮੀਰੀ-ਪੀਰੀ ਦੇ ਇਸ ਪਵਿੱਤਰ ਦਿਹਾੜੇ ਦੀ ਵਧਾਈ ਦੇਂਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੁ ਅਰਜਨ ਦੇਵ ਪਾਤਸ਼ਾਹ ਨੇ ਆਪਣੀ ਸ਼ਹਾਦਤ ਤੋਂ ਪਹਿਲਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਗੁਰਗੱਦੀ ਦੀ ਜਿੰਮੇਵਾਰੀ ਸੌਂਪਦਿਆਂ ਆਦੇਸ਼ ਦੇਂਦਿਆਂ ਕਿਹਾ ਕਿ ਹੁਣ ਲੋੜ ਹੈ ਸ਼ਸਤਰ ਧਾਰਨੀ ਹੋਣ ਦੀ ਤੇ ਇਸ ਉਪਰੰਤ ਸ਼ਹੀਦੀ ਪ੍ਰਾਪਤ ਕਰ ਗਏ। ਇਸੇ ਹੀ ਆਦੇਸ਼ ਦੀ ਪਾਲਣਾ ਕਰਦੇ ਹੋਏ ਛੇਵੇਂ ਪਾਤਸ਼ਾਜ ਨੇ ਇਸ ਦਿਨ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਪਹਿਨੀਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ। ਗੁਰੁ ਪਾਤਸ਼ਾਹ ਨੇ ਆਪਣੇ ਸਿੱਖਾਂ ਨੂੰ ਆਦੇਸ਼ ਦਿੱਤਾ ਕਿ ਅੱਜ ਤੋਂ ਬਾਅਦ ਹਰ ਸਿੱਖ ਚੰਗੀ ਜਵਾਨੀ, ਚੰਗੇ ਸ਼ਸਤਰ ਅਤੇ ਚੰਗੀ ਨਸਲ ਦੇ ਘੋੜੇ ਲੈ ਕੇ ਹਾਜ਼ਰ ਹੋਵੇ। ਸਤਿਗੁਰੂ ਪਾਤਸ਼ਾਹ ਨੇ ਮੁਗਲਈਆ ਹਕੂਮਤ ਵਿਰੁੱਧ ਆਵਾਜ ਉਠਾਈ ਅਤੇ ਜ਼ੁਲਮ ਦਾ ਨਾਸ ਕੀਤਾ। ਸਿੰਘ ਸਾਹਿਬ ਨੇ ਦੇਸ਼-ਵਿਦੇਸ਼ ਵਿਚ ਵਸਦੇ ਹਰ ਸਿੱਖ ਨੂੰ ਅਮ੍ਰਿਤਧਾਰੀ ਹੋਣ ਦਾ ਉਪਦੇਸ਼ ਦਿੱਤਾ ਅਤੇ ਕਿਹਾ ਕਿ ਉਹ ਨੌਜਵਾਨ ਜੋ ਦਿਨੋ ਦਿਨ ਪਤਿਤ ਹੋਈ ਜਾ ਰਹੇ ਨੇ ਅਤੇ ਨਸ਼ਿਆਂ ਵਿਚ ਗਲਤਾਨ ਹੋ ਪਾਖੰਡੀ ਸਾਧਾਂ ਦੇ ਡੇਰਿਆਂ ਤੇ ਜਾ ਕੇ ਮੱਥੇ ਰਗੜਦੇ ਨੇ ਉਹ ਖੰਡੇ ਬਾਟੇ ਦੀ ਪਾਹੁਲ ਛੱਕ ਗੁਰੁ ਵਾਲੇ ਬਨਣ ਅਤੇ ਜੁਗੋ ਜੁਗ ਅਟੱਲ ਸ੍ਰੀ ਗੁਰੁ ਗ੍ਰੰਥ ਸਾਹਿਬ ਨੂੰ ਹੀ ਆਪਣਾ ਗੁਰੁ ਮੰਨਣ। ਇਸ ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ੍ਰ: ਗੁਰਿੰਦਰ ਸਿੰਘ ਮਥਰੇਵਾਲ, ਸ੍ਰ: ਹਰਜਿੰਦਰ ਸਿੰਘ, ਪੰਜ ਪਿਆਰੇ ਭਾਈ ਸਤਨਾਮ ਸਿੰਘ, ਭਾਈ ਹਰਜੀਤ ਸਿੰਘ ਫਰਾਸ਼, ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਸੰਗਤਾਂ ਦੇ ਭਾਰੀ ਇਕੱਠ ਨੇ ਸਤਿਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।   

No comments: