Wednesday, July 03, 2013

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ  ਮਨਾਇਆ ਗਿਆ ਬੜੀ ਸ਼ਰਧਾ ਭਾਵਨਾ ਨਾਲ 
ਦੁਨਿਆਵੀ ਤਖ਼ਤਾਂ ਨਾਲੋਂ ਮਹਾਨ ਹੈ ਅਕਾਲ ਦਾ ਤਖ਼ਤ - ਜਥੇ:ਅਵਤਾਰ ਸਿੰਘ
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਭਗਤੀ-ਸ਼ਕਤੀ ਦੇ ਸੁਮੇਲ ਨਾਲ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ-ਸਿੰਘ ਸਾਹਿਬ
ਅੰਮਿ੍ਰਤਸਰ: 02 ਜੁਲਾਈ- (ਪੰਜਾਬ ਸਕਰੀਨ ਬਿਊਰੋ): ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ’ਚ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਦਾ 407ਵਾਂ ਸਿਰਜਣਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਗੁਰਚਰਨ ਸਿੰਘ ਵੱਲੋਂ ਕੀਤੀ ਗਈ ਉਪਰੰਤ ਸਤਿਗੁਰੂ ਜੀ ਦੀ ਪਾਵਨ ਬਾਣੀ ਦਾ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਣਾ ਦਿਵਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਚਲਾਇਆ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਪਹਿਲਾਂ ਕਹੇ ਹੋਏ ਬਚਨਾਂ ਅਨੁਸਾਰ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋੋਬਿੰਦ ਸਾਹਿਬ ਪਾਤਸ਼ਾਹ ਨੇ ਭਗਤੀ ਤੇ ਸ਼ਕਤੀ ਦੇ ਸੁਮੇਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ ਤੇ ਫੁਰਮਾਇਆ ਕਿ ਜੋ ਸਿੱਖ ਚੰਗੇ ਘੋੜੇ, ਚੰਗੇ ਸ਼ਸ਼ਤਰ ਲੈ ਕੇ ਗੁਰੂ ਦੀ ਹਜ਼ੂਰੀ ਵਿੱਚ ਹਾਜ਼ਰ ਹੋਵੇਗਾ ਉਸ ਤੇ ਸਤਿਗੁਰੂ ਪਾਤਸ਼ਾਹ ਦੀਆਂ ਰਹਿਮਤਾਂ ਹੋਣਗੀਆਂ ਤਾਂ ਇਸ ਤੇ ਬਹੁਤ ਸਾਰੇ ਸਿੱਖ ਨੌਜਵਾਨ, ਚੰਗੇ ਸ਼ਸ਼ਤਰ ਤੇ ਘੋੜੇ ਲੈ ਕੇ ਸਤਿਗੁਰਾਂ ਦੇ ਸਨਮੁੱਖ ਹਾਜ਼ਰ ਹੋਏ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਮੇਸ਼ਾਂ ਜ਼ਰਵਾਣੇ ਦੇ ਜੁਲਮ ਨੂੰ ਰੋਕਿਆ ਗਿਆ ਹੈ ਤੇ ਨਿਮਾਣੇ ਦੀ ਸਹਾਇਤਾ ਕਰਨ ਦੇ ਉਪਰਾਲੇ ਕੀਤੇ ਗਏ ਹਨ।
ਸਿੰਘ ਸਾਹਿਬ ਨੇ ਕਿਹਾ ਕਿ ਜੋ ਸਿੰਘ ਖਾਲਸਾ ਪੰਥ ਤੋਂ ਮੁਨਕਰ ਹਨ ਉਹ ਅੱਜ ਦੇ ਇਤਿਹਾਸਕ ਦਿਹਾੜੇ ਮੌਕੇ ਆਪਣੇ ਆਪ ਨੂੰ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਕਰਕੇ ਸਤਿਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕਰਨ ਤੇ ਪੰਥ ਦੀ ਚੜ੍ਹਦੀ-ਕਲਾ ਲਈ ਯੋਗਦਾਨ ਪਾਉਣ। ਸਿੰਘ ਸਾਹਿਬ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ ਵੱਲੋਂ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਸਬੰਧੀ ਕੀਤੇ ਜਾਂਦੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਸਮੁੱਚੀ ਕੌਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਜੋ ਨਸ਼ੇ, ਭਰੂਣ ਹੱਤਿਆ ਤੇ ਪਤਿੱਤਪੁਣੇ ਦੀ ਹਨੇਰੀ ਝੁੱਲ ਰਹੀ ਹੈ। ਉਸ ਨੂੰ ਰੋਕਣ ਲਈ ਹਰ ਸਿੱਖ ਖੰਡੇ ਬਾਟੇ ਦੀ ਪਾਹੁਲ ਛਕ, ਬਾਣੀ ਤੇ ਬਾਣੇ ਦਾ ਧਾਰਨੀ ਹੋਵੇ ਤੇ ਦੇਸ਼-ਵਿਦੇਸ਼ ਵਿੱਚ ਸਿੱਖੀ ਦਾ ਪ੍ਰਚਾਰ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋਵੇ।
ਸਥਾਪਨਾ ਸਮਾਗਮ ਸਮੇਂ ਇਲੈਕਟ੍ਰਾਨਿਕਸ ਮੀਡੀਏ ਦੇ ਰੀਪੋਟਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋੋਬਿੰਦ ਸਾਹਿਬ ਜੀ ਨੇ 1606 ਈ: ਵਿੱਚ ਦੁਨਿਆਵੀ ਤਖ਼ਤਾਂ ਨਾਲੋਂ ਉੱਚੇ ਮਹਾਨ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਥਾਪਨਾ ਕੀਤੀ ਸੀ ਤੇ ਇਸ ਦੀ ਉਸਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਦਾ ਮਾਣ ਪ੍ਰਾਪਤ ਬਾਬਾ ਬੁੱਢਾ ਸਾਹਿਬ ਤੇ ਭਾਈ ਗੁਰਦਾਸ ਜੀ ਪਾਸੋਂ ਕਰਵਾਈ। ਉਨ੍ਹਾਂ ਕਿਹਾ ਕਿ ਜਦੋਂ ਜਬਰ ਤੇ ਜ਼ੁਲਮ ਦੀ ਇੰਤਹਾ ਹੋ ਗਈ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਅਸਹਿ ਤੇ ਅਕਹਿ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ। ਫੇਰ ਗੁਰੂ ਹਰਿਗੋਬਿੰਦ ਸਾਹਿਬ ਨੇ ਜਬਰ ਤੇ ਜ਼ੁਲਮ ਦਾ ਮੁਕਾਬਲਾ ਕਰਨ ਤੇ ਸਿੱਖਾਂ ਨੂੰ ਸਸ਼ਤਰਧਾਰੀ ਬਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੇ ਸਿੱਖਾਂ ਲਈ ਸਵਰਉੱਚ ਹੈ।
ਏਥੋਂ ਜਾਰੀ ਹਰ ਹੁਕਮ ਸਮੁੱਚੀ ਸਿੱਖ ਕੌਮ ਲਈ ਇਲਾਹੀ ਹੁਕਮ ਹੈ ਤੇ ਜਿਹੜਾ ਵੀ ਇਸ ਹੁਕਮ ਤੋਂ ਮੁਨਕਰ ਹੋ ਜਾਂਦਾ ਹੈ ਉਸ ਦੀ ਹੋਂਦ ਹਸਤੀ ਖਤਮ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਬਖਸ਼ਿੰਦ ਤੇ ਰਹਿਮਤਾਂ ਦਾ ਪਾਤਰ ਵੀ ਹੈ। ਇਥੋਂ ਭੁੱਲਣਹਾਰਾਂ ਨੂੰ ਬਿਰਤੀ ਸ਼ੁੱਧ ਕਰਨ ਲਈ ਤਨਖਾਹ ਵੀ ਲਗਾਈ ਗਈ ਤੇ ਚੰਗੇ ਕਰਮ ਕਰਨ ਵਾਲਿਆਂ ਨੂੰ ਰਹਿਮਤਾਂ ਦੀ ਬਖਸ਼ਿਸ਼ ਵੀ ਪ੍ਰਾਪਤ ਹੋਈ। ਉਨ੍ਹਾਂ ਕਿਹਾ ਕਿ ਕੁਝ ਪੰਥ ਵਿਰੋਧੀ ਸ਼ਕਤੀਆਂ ਵੱਲੋਂ ਸਿੱਖੀ ਤੇ ਤਰ੍ਹਾਂ-ਤਰ੍ਹਾਂ ਦੇ ਹਮਲੇ ਕਰਨ ਦੀ ਕੋਝੀ ਕੋਸ਼ਿਸ਼ ਹੋ ਰਹੀ ਹੈ। ਉਸ ਦਾ ਮੁਕਾਬਲਾ ਕਰਨ ਲਈ ਸਮੁੱਚੀ ਕੌਮ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਵੇ। ਇਸ ਨਾਲ ਹੀ ਪੰਥ ਵਿਰੋਧੀ ਸ਼ਕਤੀਆਂ ਦਾ ਮੁਕਾਬਲਾ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੁੱਚੀ ਕੌਮ ਨੂੰ ਅੱਜ ਦੇ ਇਤਿਹਾਸਕ ਦਿਹਾੜੇ ਦੀ ਵਧਾਈ ਵੀ ਦਿੱਤੀ।ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸ.ਹਰਜਾਪ ਸਿੰਘ ਸੁਲਤਾਨਵਿੰਡ ਮੈਂਬਰ ਸ਼੍ਰੋਮਣੀ ਕਮੇਟੀ, ਸਕੱਤਰ ਸ.ਤਰਲੋਚਨ ਸਿੰਘ, ਸ.ਰੂਪ ਸਿੰਘ ਤੇ ਸ.ਸਤਬੀਰ ਸਿੰਘ, ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ.ਮਹਿੰਦਰ ਸਿੰਘ ਆਹਲੀ, ਸ.ਦਿਲਜੀਤ ਸਿੰਘ ਬੇਦੀ, ਸ.ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ.ਭੁਪਿੰਦਰਪਾਲ ਸਿੰਘ, ਸ.ਗੁਰਚਰਨ ਸਿੰਘ ਘਰਿੰਡਾ, ਸ.ਗੁਰਬਚਨ ਸਿੰਘ, ਸ.ਸੁਖਦੇਵ ਸਿੰਘ ਭੂਰਾਕੋਹਨਾ, ਸ.ਪਰਮਜੀਤ ਸਿੰਘ ਸਰੋਆ ਤੇ ਸ.ਬਿਜੈ ਸਿੰਘ ਸਾਰੇ ਮੀਤ ਸਕੱਤਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਪ੍ਰਤਾਪ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ.ਕੁਲਵਿੰਦਰ ਸਿੰਘ ਰਮਦਾਸ, ਸੁੁਪਿ੍ਰੰਟੈਂਡੈਂਟ ਸ.ਹਰਮਿੰਦਰ ਸਿੰਘ ਮੂਧਲ ਤੇ ਸ.ਹਰਜਿੰਦਰ ਸਿੰਘ, ਸਹਾਇਕ ਸੁਪਿ੍ਰੰਟੈਂਡੈਂਟ ਸ.ਮਲਕੀਤ ਸਿੰਘ ਬਹਿੜਵਾਲ, ਸ.ਗੁਰਿੰਦਰ ਸਿੰਘ ਤੇ ਸ.ਹਰਜਿੰਦਰ ਸਿੰਘ ਐਡੀ:ਮੈਨੇਜਰ, ਸ.ਜਸਵਿੰਦਰ ਸਿੰਘ ਚੀਫ ਅਕਾਊਟਂ, ਇੰਚਾਰਜ ਸ.ਨਿਰਵੈਰ ਸਿੰਘ, ਸ.ਗੁਰਮੀਤ ਸਿੰਘ, ਸ.ਗੁਰਬਚਨ ਸਿੰਘ, ਸ.ਸਕੱਤਰ ਸਿੰਘ ਤੇ ਸ. ਜਸਪਾਲ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ਼ ਅਤੇ ਵੱਡੀ ਗਿਣਤੀ ’ਚ ਸਿੱਖ ਸੰਗਤਾਂ ਹਾਜ਼ਰ ਸਨ।

No comments: