Friday, August 23, 2013

ਐਸਜੀਪੀਸੀ ਬਣਾਏਗੀ ਹੋਂਦ ਚਿੱਲੜ ਦੇ ਸ਼ਹੀਦਾਂ ਦੀ ਯਾਦਗਾਰ

Fri, Aug 23, 2013 at 7:11 PM
ਇਨਸਾਫ ਲਈ ਕਾਨੂੰਨੀ ਜੰਗ ਦਾ ਖਰਚਾ ਵੀ ਕਰਾਂਗੇ-ਜੱਥੇ:ਅਵਤਾਰ ਸਿੰਘ
ਅੰਮ੍ਰਿਤਸਰ: 23 ਅਗਸਤ 2013: ਤਕਰੀਬਨ ਤਿੰਨ ਦਹਾਕੇ ਪਹਿਲਾਂ ਨਵੰਬਰ 1984 ਦੌਰਾਨ ਹੋਂਦ ਚਿੱਲੜ ਵਿਖੇ ਹੋਏ ਸਿੱਖ ਕਤਲੇਆਮ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਦੀਵੀ ਤੌਰ 'ਤੇ ਕਾਇਮ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਲਦੀ ਹੀ ਪਿੰਡ ਹੋਂਦ ਚਿੱਲਣ ਵਿਖੇ ਆਪਣੇ ਖਰਚੇ 'ਤੇ ਸ਼ਹੀਦੀ ਸਮਾਰਕ ਦਾ ਨਿਰਮਾਣ ਕਰੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ।
ਉਹਨਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਮੁੱਖ ਮੈਂਬਰਾਂ ਅਤੇ ਉਕਤ ਕਾਂਡ ਦੇ ਚਸ਼ਮਦੀਦ ਗਵਾਹਾਂ ਵੱਲੋਂ ਯਾਦਗਾਰ ਬਣਾਉਣ ਸਬੰਧੀ ਕੀਤੀ ਜਾ ਰਹੀ ਮੰਗ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਕਤ ਯਾਦਗਾਰ ਬਣਾਉਣ ਦਾ ਫੈਸਲਾ ਕੀਤਾ ਹੈ।
ਉਹਨਾਂ ਇਹ ਵੀ ਕਿਹਾ ਕਿ ਹੋਂਦ ਚਿੱਲੜ ਵਿਖੇ ਬਣਾਈ ਜਾਣ ਵਾਲੀ ਸ਼ਹੀਦਾਂ ਦੀ ਯਾਦਗਾਰ ਰੂਹਾਨੀਅਤ ਤੇ ਸ਼ਹਾਦਤ ਦਾ ਮੁਜੱਸਮਾ ਹੋਵੇਗੀ ਜੋ ਕਿ ਸਮੁੱਚੀ ਮਨੁੱਖਤਾ ਨੂੰ ਨਫਰਤ ਤੇ ਵੈਰ ਵਿਰੋਧ ਤੋਂ ਉਪਰ ਉਠ ਕੇ ਆਪਸੀ ਭਾਈਚਾਰੇ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇਵੇਗੀ। ਆਪਣੀ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਪੁੱਛੇ ਗਏ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਨਵੰਬਰ 1984 ਦੌਰਾਨ ਪਿੰਡ ਹੋਂਦ ਚਿੱਲੜ ਵਿਖੇ ਫਿਰਕੂ ਜਨੂੰਨੀਆਂ ਵੱਲੋਂ ਕੀਤੇ ਗਏ ਸਿੱਖ ਕਤਲੇਆਮ ਤੋਂ ਪੀੜਤ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ ਦੀ ਪ੍ਰਾਪਤੀ ਲਈ ਹੋਂਦ ਚਿੱਲੜ ਤਾਲਮੇਲ ਕਮੇਟੀ ਵੱਲੋਂ ਲੜੀ ਜਾ ਰਹੀ ਕਾਨੂੰਨੀ ਲੜਾਈ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰਨ ਸਹਿਯੋਗ ਦੇਵੇਗੀ ਅਤੇ ਅਦਾਲਤ ਵਿਚ ਆਪਣੇ ਹੱਕਾਂ ਦੀ ਪ੍ਰਾਪਤੀ ਅਤੇ ਕਤਲੇਆਮ ਦੇ ਮੁੱਖ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਲੜੇ ਜਾ ਰਹੇ ਕੇਸ ਦੀ ਪੈਰਵਾਈ ਦਾ ਸਮੁੱਚਾ ਖਰਚ ਵੀ ਦੇਵੇਗੀ। 
ਇਸ ਮੌਕੇ ਉਹਨਾਂ ਨਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਇੰਜੀ:ਮਨਵਿੰਦਰ ਸਿੰਘ ਗਿਆਸਪੁਰਾ, ਭਾਈ ਦਰਸ਼ਨ ਸਿੰਘ ਘੋਲੀਆ ਅਤੇ ਭਾਈ ਸੁਖਵਿੰਦਰ ਸਿੰਘ ਨਾਲ 10 ਪਰਿਵਾਰਾਂ ਦੇ ਮੈਂਬਰ ਵੀ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਪੁੱਜੇ ਹੋਏ ਸਨ। ਉਹਨਾਂ ਇਹ ਵੀ ਐਲਾਨ ਕੀਤਾ ਕਿ ਹੱਕ ਤੇ ਸੱਚ ਦੀ ਲੜੀ ਜਾ ਰਹੀ ਲੜਾਈ ਉਦੋਂ ਤਕ ਜਾਰੀ ਰਹੇਗੀ ਜਦੋਂ ਤੱਕ ਹੋਂਦ ਚਿੱਲੜ ਦੇ ਪੀੜਤ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ ਨਹੀਂ ਮਿਲਦਾ।
ਜਥੇਦਾਰ ਅਵਤਾਰ ਸਿੰਘ ਨੇ ਹੋਂਦ ਚਿੱਲੜ ਕਾਂਡ ਦੇ ਪੀੜਤ ਮੈਂਬਰ ਜੋ ਸਹਾਇਤਾ ਲੈਣ ਤੋਂ ਰਹਿ ਗਏ ਸਨ ਨੂੰ ਵੀ ਸਹਾਇਤਾ ਸ਼੍ਰੋਮਣੀ ਕਮੇਟੀ ਵੱਲੋਂ ਦੇਣ ਦਾ ਵਿਸ਼ਵਾਸ ਦਿੱਤਾ। 
--------------------------------

ਨਹੀਂ ਰਹੀ ਪੰਜਾਬ ਸਕਰੀਨ ਦੀ ਸਰਗਰਮ ਸੰਚਾਲਿਕਾ ਕਲਿਆਣ ਕੌਰ

No comments: