Saturday, August 24, 2013

ਕੈਨੇਡਾ ਦੇ ਕਿਊਬੇਕ ਸੂਬੇ ‘ਚ ਲੱਗ ਰਹੀ ਪਾਬੰਦੀ ਦਾ ਮਾਮਲਾ ਗਰਮਾਇਆ

Sat, Aug 24, 2013 at 4:16 PM
ਸਿੱਖਾਂ ਦੇ ਧਾਰਮਿਕ ਚਿੰਨਾਂ ‘ਤੇ ਪਾਬੰਦੀ ਲਗਾਉਣ ਵਾਲੇ ਪ੍ਰਸਤਾਵ ਨਾਮੰਜ਼ੂਰ 
ਇਹਨਾਂ ‘ਤੇ ਤੁਰੰਤ ਰੋਕ ਲਗਾਈ ਜਾਵੇ -ਜਥੇ. ਅਵਤਾਰ ਸਿੰਘ
ਅੰਮ੍ਰਿਤਸਰ:: 24 ਅਗਸਤ 2013: (ਕਿੰਗ//ਪੰਜਾਬ ਸਕਰੀਨ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕੈਨੇਡਾ ਦੇ ਕਿਊਬੇਕ ਸੂਬੇ ਦੀ ਵਿਧਾਨਪਾਲਿਕਾ ਵੱਲੋਂ ਸਿੱਖਾਂ ਦੇ ਧਾਰਮਿਕ ਚਿੰਨਾਂ ‘ਤੇ ਜਨਤਕ ਥਾਵਾਂ ‘ਤੇ ਪਾਬੰਦੀ ਲਾਉਣ ਸਬੰਧੀ ਲਿਆਂਦੇ ਜਾ ਰਹੇ ਪ੍ਰਸਤਾਵ ਸਬੰਧੀ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨਾਂ ਭਾਰਤ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਇਸ ਸਬੰਧੀ ਇਕ ਪੱਤਰ ਲਿਖ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੂੰ ਇਸ ਸਬੰਧੀ ਤੁਰੰਤ ਦਖਲ ਦੇ ਕੇ ਕਾਰਵਾਈ ਰੋਕਣ ਦੀ ਅਪੀਲ ਕੀਤੀ ਹੈ।
ਉਨਾਂ ਕਿਹਾ ਕਿ ਸਿੱਖਾਂ ਦੇ ਧਾਰਮਿਕ ਚਿੰਨ ਦਸਤਾਰ, ਕਿ੍ਰਪਾਨ, ਕੜਾ ਨੂੰ ਸਕੂਲਾਂ ਕਾਲਜਾਂ ਵਿਚ ਪਹਿਨਣ ‘ਤੇ ਪਾਬੰਦੀ ਲਾਉਣ ਸਬੰਧੀ ਕੀਤੀ ਜਾ ਰਹੀ ਤਿਆਰੀ ਨੂੰ ਫੌਰੀ ਰੋਕਣਾ ਚਾਹੀਦਾ ਹੈ। ਇਸ ਪਾਬੰਦੀ ਨਾਲ ਸਮੁੱਚੇ ਸੰਸਾਰ ਵਿਚ ਵੱਸਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੇਗੀ ਅਤੇ ਰੋਹ ਪੈਦਾ ਹੋਵੇਗਾ। ਉਨਾਂ ਕਿਹਾ ਕਿ ਕੈਨੇਡਾ ਵਿਚ ਵੱਸਦੇ ਸਿੱਖਾਂ ਨੇ ਕੈਨੇਡਾ ਦੇਸ਼ ਦੀ ਤਰੱਕੀ ਲਈ ਅਹਿਮ ਯੋਗਦਾਨ ਪਾਇਆ ਹੈ ਅਤੇ ਉਥੋਂ ਦੀ ਸਰਕਾਰ ਵੱਲੋਂ ਇਸ ਤਰਾਂ ਦੀ ਕਾਰਵਾਈ ਕਰਨ ਨਾਲ ਸਮੁੱਚੀ ਸਿੱਖ ਕੌਮ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ। ਉਨਾਂ ਕਿਹਾ ਕਿ ਇਸ ਤਰਾਂ ਦੀ ਪਾਬੰਦੀ ਵਿਰੁੱਧ ਸਮੁੱਚੇ ਸੰਸਾਰ ਦੇ ਸਿੱਖਾਂ ਨੂੰ ਲਾਮਬੰਦ ਹੋਣਾ ਚਾਹੀਦਾ ਹੈ ਅਤੇ ਕੈਨੇਡਾ ਦੀ ਕਿਊਬੇਕ ਵਿਧਾਨਪਾਲਿਕਾ ਨੂੰ ਆਪਣਾ ਇਹ ਪ੍ਰਸਤਾਵ ਵਾਪਸ ਲੈ ਕੇ ਸਮੁੱਚੀ ਸਿੱਖ ਕੌਮ ਦਾ ਮਾਣ ਸਤਿਕਾਰ ਬਹਾਲ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸਿੱਖ ਇਕ ਵਿਲੱਖਣ ਤੇ ਨਿਰਾਲੀ ਕੌਮ ਹੈ ਜਿਸ ਨੇ ਹਮੇਸ਼ਾ ਸਦਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਦਿੱਤਾ ਹੈ। ਮੌਜੂਦਾ ਪ੍ਰਸਤਾਵ ਨੂੰ ਵਾਪਸ ਕਰਾਉਣ ਲਈ ਭਾਰਤ ਸਰਕਾਰ ਸੰਜੀਦਗੀ ਨਾਲ ਆਪਣੀ ਭੂਮਿਕਾ ਨਿਭਾਵੇ।

No comments: