Tuesday, September 03, 2013

ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਏ ਗਏ

Tue, Sep 3, 2013 at 10:42 AM
ਸੰਗਤਾਂ ਨੂੰ ਸ਼ਬਦ ਗੁਰੂ ਦੇ ਸਿਧਾਤ ਤੋਂ ਜਾਣੂੰ ਕਰਾਇਆ
ਅੰਮ੍ਰਿਤਸਰ- 03 ਸਤੰਬਰ 2013:(ਕਿੰਗ/ਪੰਜਾਬ ਸਕਰੀਨ):ਬਾਣੀ ਦੇ ਬੋਹਿਥ, ਜੁਗੋ-ਜੁਗ ਅਟੱਲ, ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪੁਰਾਣਾ ਦਰਵਾਜਾ ਜੰਡਿਆਲਾ ਗੁਰੂ (ਅੰਮ੍ਰਿਤਸਰ) ਵਿਖੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਦਾ ਪਿਛਲੇ ਦਿਨੀਂ ਆਯੋਜਨ ਕੀਤਾ ਗਿਆ।
ਗੁਰਮਤਿ ਸਮਾਗਮ ਵਿੱਚ ਅੰਮ੍ਰਿਤ ਵੇਲੇ ਪੰਜ ਬਾਣੀਆਂ ਦੇ ਨਿਤਨੇਮ ਉਪਰੰਤ ਭਾਈ ਦੀਪਕਪਾਲ ਸਿੰਘ ਦੇ ਰਾਗੀ ਜਥੇ ਵੱਲੋਂ ਆਸਾ ਦੀ ਵਾਰ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਪਰਮਜੀਤ ਸਿੰਘ ਨੇ ਗੁਰਬਾਣੀ ਦੀ ਰੌਸ਼ਨੀ ਵਿੱਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੂਹਾਨੀਅਤ ਦੇ ਇਸ ਸਰਬ ਸਾਂਝੇ ਸ਼ਬਦ ਗੁਰੂ ਅੱਗੇ ਹੀ ਸਿਰ ਝੁਕਾਉਣਾ ਚਾਹੀਦਾ ਹੈ।  
ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਵਡਾਲਾ ਨੇ ਸੰਗਤਾਂ ਨੂੰ ਸ਼ਬਦ ਗੁਰੂ ਦੇ ਸਿਧਾਤ ਤੋਂ ਜਾਣੂੰ ਕਰਾਇਆ। ਗੁਰਬਾਣੀ ਵਿਖਿਆਨਾਂ ਰਾਹੀਂ ਸੰਗਤਾਂ ਨੂੰ ਸਾਂਝੀ ਵਾਲਤਾ ਦੇ ਪ੍ਰਤੀਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲੜ ਲੱਗਣ ਅਤੇ ਗੁਰਬਾਣੀ ਵਿੱਚ ਦਿੱਤੇ ਉਪਦੇਸ ਅਨੁਸਾਰ ਆਪਣੇ ਜੀਵਨ ਨੂੰ ਜਿਊਣ ਲਈ ਪ੍ਰੇਰਿਆ। ਉਨ•ਾਂ ਕਿਹਾ ਕਿ ਸਾਰੇ ਸੰਸਾਰ ਦੇ ਧਾਰਮਿਕ ਤੇ ਵਿਗਿਆਨਕ ਲੋਕ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉਪਦੇਸ਼ ਵੱਲ ਰੁਚਿਤ ਹਨ। ਉਨ•ਾਂ ਕਿਹਾ ਕਿ ਸਾਨੂੰ ਪਾਖੰਡੀਆਂ, ਦੇਹਧਾਰੀ ਲੋਕਾਂ ਤੋਂ ਬਚਣ ਦੀ ਜਰੂਰਤ ਹੈ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗ ਕੇ ਹੀ ਇਹਨਾਂ ਤੋਂ ਬਚਿਆ ਜਾ ਸਕਦਾ ਹੈ। ਧਾਰਮਿਕ ਸਮਾਗਮ ਦੀ ਸਮਾਪਤੀ ਉਪਰੰਤ ਕੜਾਹਿ ਪ੍ਰਸ਼ਾਦਿ ਦੀ ਦੇਗ ਵਰਤਾਈ ਗਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਪੁੱਜੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਇਸ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਭਾਈ ਅਰਵਿੰਦਰ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਅਵਤਾਰ ਸਿੰਘ, ਭਾਈ ਪਰਮਜੀਤ ਸਿੰਘ ਰਿੰਪੀ ਤੇ ਭਾਈ ਜਗਜੀਤ ਸਿੰਘ ਬਿੱਟੂ ਅਤੇ ਮੁਹੱਲੇ ਦੀਆਂ ਸੰਗਤਾਂ ਸ਼ਾਮਲ ਹੋਈਆਂ।

No comments: