Wednesday, October 09, 2013

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

Wed, Oct 9, 2013 at 2:45 PM
ਐਸਜੀਪੀਸੀ ਵੱਲੋਂ ਵੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਇਤਿਹਾਸਿਕ ਦਿਹਾੜਾ 
*ਭਾਰੀ ਗਿਣਤੀ ’ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ 
*ਪਵਿੱਤਰ ਸਰੋਵਰ ’ਚ ਲੱਖਾਂ ਸੰਗਤਾਂ ਨੇ ਇਸ਼ਨਾਨ ਕੀਤੇ
*ਸੁੰਦਰ ਜਲੌ ਵੀ ਸਜੇ-ਸੰਗਤਾਂ ਹੁੰਮ-ਹੁਮਾ ਕੇ ਪੁੱਜੀਆਂ 
ਅੰਮ੍ਰਿਤਸਰ: 9 ਅਕਤੂਬਰ 2013: (ਕਿੰਗ//ਪੰਜਾਬ ਸਕਰੀਨ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਨਾਏ ਗਏ 479 ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਅੰਮਿ੍ਰਤ ਵੇਲੇ ਤੋਂ ਹੀ ਵੱਡੀ ਗਿਣਤੀ ’ਚ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।
ਇਸ ਪਵਿੱਤਰ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਵੇਰੇ 9 ਤੋਂ 12 ਵਜੇ ਤੀਕ ਸੁੰਦਰ ਜਲੌ ਸਜਾਏ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮਿ੍ਰਤ ਸੰਚਾਰ ਕੀਤਾ ਗਿਆ ਜਿਥੇ ਅੰਮਿ੍ਰਤ ਅਭਿਲਾਖੀ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣੇ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਪਿੰਡ, ਗੁਰਦੁਆਰਾ ਪਿੱਪਲੀ ਸਾਹਿਬ ਪੁਤਲੀਘਰ ਅਤੇ ਭਾਈ ਵੀਰ ਸਿੰਘ ਹਾਲ ਲਾਰੰਸ ਰੋਡ ਤੋਂ ਵੱਡੀ ਗਿਣਤੀ ਵਿੱਚ ਸ਼ਬਦੀ ਜਥਿਆਂ ਦੇ ਰੂਪ ’ਚ ਸੰਗਤਾਂ ਮੁੱਖ ਪ੍ਰਵੇਸ਼ ਦੁਆਰ ਘੰਟਾ ਘਰ ਪੁੱਜੀਆਂ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਪ੍ਰਮੁੱਖ ਸਖਸ਼ੀਅਤਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ। ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ ’ਤੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਮਨਮੋਹਕ ਆਤਿਸ਼ਬਾਜ਼ੀ ਵੀ ਚਲਾਈ ਗਈ। ਪੀ.ਟੀ.ਸੀ. ਚੈਨਲ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਹੀ ਬਾਣੀ ਦਾ ਕੀਰਤਨ ਅੰਮਿ੍ਰਤ ਵੇਲੇ ਤੋਂ ਲੈ ਕੇ ਸਮਾਪਤੀ ਤੀਕ ਸਿੱਧਾ ਪ੍ਰਸਾਰਨ ਕੀਤਾ ਗਿਆ। ਇਸ ਪਾਵਨ ਦਿਹਾੜੇ ਨੂੰ ਸਮਰਪਿਤ ਸ਼ਹਿਰ ਦੀਆਂ ਵੱਖ-ਵੱਖ ਸਭਾ-ਸੁਸਾਇਟੀਆਂ ਤੇ ਧਾਰਮਿਕ ਜਥੇਬੰਦੀਆਂ ਨੇ ਬੜੀ ਸ਼ਰਧਾ ਭਾਵਨਾ ਨਾਲ ਥਾਂ-ਥਾਂ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂੰਹ ’ਚ ਸੰਗਤਾਂ ਦੀ ਸਿਹਤ ਸਹੂਲਤ ਲਈ ਮੈਡੀਕਲ ਕੈਂਪ ਵੀ ਲਗਾਏ ਗਏ। ਮਿਤੀ 8 ਅਕਤੂਬਰ ਰਾਤ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥ ਪ੍ਰਸਿਧ ਰਾਗੀ ਜਥਿਆਂ ਵੱਲੋਂ ਰਾਗਾਂ ਤੇ ਅਧਾਰਿਤ ਕੀਰਤਨ ਦੀਆਂ ਛਹਿਬਰਾਂ ਲਗਾਈਆਂ ਗਈਆਂ।
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੀਵਾਨ ਹਾਲ ਗੁਰਦੁਆਰਾ ਮੰਜੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਥੇ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ। ਭਾਈ ਤਰਸੇਮ ਸਿੰਘ ਪ੍ਰਚਾਰਕ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਛਲੇ ਪੰਦਰਵਾੜੇ ਦੌਰਾਨ ਦੀਵਾਨ ਹਾਲ ਗੁਰਦੁਆਰਾ ਮੰਜੀ ਸਾਹਿਬ ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਆਯੋਜਿਤ ਕਵਿਤਾ, ਭਾਸ਼ਨ, ਕੀਰਤਨ ਗਾਇਨ ਕਰਨ ਅਤੇ ਪੇਟਿੰਗ ਦੇ ਮੁਕਾਬਲਿਆਂ ’ਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਸ.ਬਲਵਿੰਦਰ ਸਿੰਘ ਜੌੜਾਸਿੰਘਾ ਐਡੀਸ਼ਨਲ ਸਕੱਤਰ ਤੇ ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਯਾਦਗਾਰੀ ਚਿੰਨ, ਪ੍ਰਮਾਣ ਪੱਤਰ ਤੇ ਸਿਰੋਪਾਓ ਨਾਲ ਸਨਮਾਨਤ ਕੀਤਾ। ਇਸ ਮੌਕੇ ਐਡੀ:ਮੈਨੇਜਰ ਸ.ਜਤਿੰਦਰ ਸਿੰਘ, ਸ. ਇੰਦਰ ਮੋਹਣ ਸਿੰਘ ਅਨਜਾਣ ਸੁਪਰਵਾਈਜਰ ਪਬਲੀਸਿਟੀ, ਸ.ਕਾਬਲ ਸਿੰਘ, ਸ.ਸੁਰਜੀਤ ਸਿੰਘ, ਬੀਬੀ ਅਮਰਜੀਤ ਕੌਰ, ਬੀਬੀ ਰਣਜੀਤ ਕੌਰ ਤੇ ਬੀਬੀ ਕਿਰਨਦੀਪ ਕੌਰ ਰੀਸਰਚ ਸਕਾਲਰ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਮੌਜੂਦ ਸਨ।

No comments: