Tuesday, December 24, 2013

ਸਜ਼ਾ ਤੋਂ ਬਾਅਦ ਵੀ ਰਿਹਾ ਨਾ ਕਰਨਾ ਮਨੁੱਖੀ ਅਧਿਕਾਰਾਂ ਦਾ ਘਾਣ

ਇਹ ਪ੍ਰਕ੍ਰਿਆ ਆਜ਼ਾਦੀ ਘੁਲਾਟੀਆਂ ਨੂੰ ਜੇਲਾਂ 'ਚ ਸਾੜਨ ਤੇ ਆਜ਼ਾਦੀ ਦੀ ਜਦੋਜਹਿਦ ਨੂੰ ਦਬਾਉਣ ਲਈ ਬਣਾਈ ਗਈ ਸੀ
ਜਮਹੂਰੀ ਅਧਿਕਾਰ ਸਭਾ ਨੇ ਬੁਲੰਦ ਕੀਤੀ ਸਰਬੱਤ ਦੇ ਅਧਿਕਾਰਾਂ ਦੀ ਆਵਾਜ਼ 
ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਇੱਕ ਵਾਰ ਫੇਰ ਸਰਬੱਤ ਨੂੰ ਪ੍ਰਣਾਏ ਸੰਘਰਸ਼ ਤੇ ਪਹਿਰਾ ਦੇਂਦਿਆਂ ਮਨੁੱਖੀ ਅਧਿਕਾਰਾਂ ਪ੍ਰਤੀ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਹੈ। ਸਭਾ ਨੇ ਕਿਹਾ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਸਿਆਸੀ ਅਤੇ ਆਮ ਕੈਦੀਆਂ ਨੂੰ ਰਿਹਾ ਨਾ ਕਰਨਾ-ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਇਸ ਬਿਆਨ ਨੂੰ ਸਰਗਰਮ ਲੋਕ ਪੱਖੀ ਕਲਮਕਾਰ ਨਰਿੰਦਰ ਕੁਮਾਰ ਜੀਤ ਨੇ ਆਪਣੇ ਪ੍ਰੋਫ਼ਾਈਲ ਤੇ ਵੀ ਪੋਸਟ ਕੀਤਾ ਹੈ। 
Photo Courtesy:Akarathi Senkanal
ਜਮਹੂਰੀ ਅਧਿਕਾਰ ਸਭਾ ਪੰਜਾਬ ਸਜ਼ਾ ਪੂਰੀ ਕਰ ਚੁੱਕੇ ਸਿਆਸੀ ਅਤੇ ਇਖਲਾਕੀ ਕੈਦੀਆਂ ਨੂੰ ਰਿਹਾ ਨਾ ਕੀਤੇ ਜਾਣ ਨੂੰ ਸੰਵਿਧਾਨਿਕ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਅਤੇ ਪੱਖਪਾਤੀ ਵਤੀਰਾ ਕਰਾਰ ਦਿੰਦੀ ਹੈ। ਸਭਾ ਸਮਝਦੀ ਹੈ ਕਿ ਕੈਦੀਆਂ ਦੀ ਰਿਹਾਈ ਦੀ ਪ੍ਰਕ੍ਰਿਆ ਅੰਗਰੇਜ਼ਾਂ ਦੇ ਜ਼ਮਾਨੇ ਵਾਲੀ ਹੈ ਜੋ ਉਹਨਾਂ ਨੇ ਆਪਣੇ ਬਸਤੀਵਾਦੀ ਰਾਜ ਦੇ ਹਿੱਤ ਵਿੱਚ ਸਾਡੇ ਦੇਸ਼ ਦੇ ਆਜ਼ਾਦੀ ਘੁਲਾਟੀਆਂ ਨੂੰ ਜੇਲਾਂ ਵਿੱਚ ਸਾੜਨ ਅਤੇ ਆਜ਼ਾਦੀ ਦੀ ਜਦੋਜਹਿਦ ਨੂੰ ਦਬਾਉਣ ਲਈ ਬਣਾਈ ਸੀ। ਇਸ ਪ੍ਰਕ੍ਰਿਆ ਅਨੁਸਾਰ ਸਜ਼ਾ ਪੂਰੀ ਕਰ ਚੁੱਕੇ ਕੈਦੀ ਨੂੰ ਆਪਣੀ ਰਿਹਾਈ ਲਈ ਪ੍ਰਸਾਸ਼ਨ ਤੋਂ ਕਲੀਨ ਚਿੱਟ ਲੈਣੀ ਪੈਂਦੀ ਹੈ। ਮੁਲਕ ਦੇ ਹੁਕਮਰਾਨ ਤਬਦੀਲੀ ਪਸੰਦ ਵਿਚਾਰਾਂ ਨੂੰ ਸੱਭ ਤੋਂ ਖਤਰਨਾਕ ਸਮਝਦੇ ਹਨ। ਉਹਨਾਂ ਦਾ ਰਾਜਤੰਤਰ ਵਿਰੋਧੀ ਵਿਚਾਰਾਂ/ਸਰਗਰਮੀਆਂ ਵਾਲੇ ਵਿਅਕਤੀ ਨੂੰ ਕਦੇ ਵੀ ਕਲੀਨ ਚਿੱਟ ਨਹੀਂ ਦੇਵੇਗਾ। ਅੱਜ ਆਧੁਨਿਕ ਯੁਗ ਵਾਲੀ 21 ਵੀਂ ਸਦੀ 'ਚ ਜਮਹੂਰੀਅਤ ਦੇ ਯੁੱਗ ਵਿੱਚ ਬਸਤੀਵਾਦੀਆਂ ਦੇ ਬਣਾਏ ਅਜਿਹੇ ਕਾਇਦੇ ਕਾਨੂੰਨਾਂ ਨੂੰ ਜਾਰੀ ਰੱਖਣਾ ਸਮਾਜ ਦੀ ਤਰੱਕੀ ਦਾ ਰਾਹ ਰੋਕਣਾ ਹੈ।
Akarathi Senkanal
ਵਿਹਾਰਕ ਨਜ਼ਰੀਏ ਤੋਂ ਇਹ ਲੰਬੀ ਚੌੜੀ ਪ੍ਰਕ੍ਰਿਆ ਆਰਥਿਕ ਅਤੇ ਸਮਾਜਿਕ ਪੱਖ ਤੋਂ ਵਾਂਝੇ ਆਮ ਨਾਗਰਿਕਾਂ ਅਤੇ ਦੱਬੇ ਕੁੱਚਲੇ ਲੋਕਾਂ ਦੇ ਵੱਸੋਂ ਬਾਹਰ ਹੈ। ਇਹ ਕਾਨੂੰਨ ਸਿਰਫ ਸਥਾਪਤੀ ਪੱਖੀ, ਸਮਾਜਿਕ ਅਤੇ ਸਿਆਸੀ ਅਸਰ ਰਸੂਖ ਵਾਲੇ ਅਤੇ ਸਾਧਨਾ ਵਾਲੇ ਕੁਲੀਨ ਹਿੱਸੇ ਲਈ ਵਿਸ਼ੇਸ਼ ਸਹੂਲਤ ਬਣਿਆ ਹੋਇਆ ਹੈ। ਇਸ ਸਮੇਂ ਇੱਕ ਅੰਦਾਜ਼ੇ ਅਨੁਸਾਰ ਪੰਜਾਬ ਦੇ ਕੋਈ 280 ਕੈਦੀਆਂ ਸਮੇਤ ਦੇਸ਼ ਭਰ ਵਿੱਚ ਹਜ਼ਾਰਾਂ ਕੈਦੀ ਆਪਣੀ ਸਜ਼ਾ ਪੁਰੀ ਕਰਨ ਦੇ ਬਾਵਜੂਦ ਜੇਲਾਂ ਵਿੱਚ ਰੁਲ ਰਹੇ ਹਨ। ਇਹਨਾਂ ਵਿੱਚ ਸਥਾਪਤੀ ਵਿਰੋਧੀ ਲਹਿਰਾਂ ਦੇ ਕਾਰਕੁੰਨ, ਮੁਸਲਮਾਨ, ਸਿੱਖਾਂ ਅਤੇ ਇਸਾਈ ਧਾਰਮਿਕ ਘੱਟ ਗਿਣਤੀਆਂ ਦੇ ਸਮੇਤ ਵੱਡੀ ਗਿਣਤੀ ਆਰਥਿਕ ਪੱਖੋਂ ਗਰੀਬ, ਦਲਿਤ, ਆਦਿਵਾਸੀਆਂ ਅਤੇ ਵਿਦੇਸ਼ੀਆਂ ਰਾਜਨੀਤਕ ਕੈਦੀ ਸ਼ਾਮਿਲ ਹਨ।
ਇਸ ਪ੍ਰਬੰਧ ਵਿੱਚ ਸਭਨਾ ਲਈ ਇਕਸਾਰ ਨਿਯਮ ਲਾਗੂ ਨਹੀਂ ਹਨ। ਆਰਥਿਕ ਅਤੇ ਰਾਜਨੀਤਕ ਪੱਖੋਂ ਪਹੁੰਚ ਵਾਲੇ ਲੋਕ, ਜਿਹੜੇ ਪਹਿਲਾਂ ਹੀ ਆਪਣੇ ਸਿਆਸੀ ਅਸਰ ਰਸੂਖ ਦੇ ਜ਼ੋਰ ਮੁਕੱਦਮੇ ਦਰਜ਼ ਹੋਣ ਅਤੇ ਸਜ਼ਾਵਾਂ ਤੋਂ ਅਕਸਰ ਹੀ ਬਚ ਨਿਕਲਦੇ ਹਨ, ਕਦੇ ਵੀ ਪੂਰੀਆ ਸਜ਼ਾਵਾਂ ਜੇਲਾਂ ਵਿੱਚ ਨਹੀਂ ਕੱਟਦੇ, ਸਗੋਂ ਅਕਸਰ ਹੀ ਉਹ ਆਪਣੀਆਂ ਸਜ਼ਾਵਾਂ ਨੂੰ ਮੁਆਫ ਵੀ ਕਰਵਾ ਲੈਂਦੇ ਹਨ। ਦਿੱਲੀ ਦੰਗਿਆਂ ਦੇ ਕੁੱਝ ਦੋਸ਼ੀਆਂ ਦੀ ਸਜ਼ਾ, ਜੋ ਹਾਈਕੋਰਟ ਨੇ ਘਟਾ ਕੇ ਉਮਰ ਕੈਦ ਕਰ ਦਿੱਤੀ ਸੀ, ਨੂੰ ਦਿੱਲੀ ਸਰਕਾਰ ਨੇ ਬਿਲਕੁਲ ਹੀ ਮੁਆਫ ਕਰ ਦਿੱਤਾ ਸੀ। ਗੁਜਰਾਤ ਦੰਗਿਆਂ ਦੀ ਦੋਸ਼ੀ ਉਥੋਂ ਦੀ ਸਾਬਕਾ ਸਿਹਤ ਮੰਤਰੀ ਮਾਇਆ ਕੋਡਨਾਨੀ ਜੇਲ ਵਿੱਚੋ ਪੈਰੋਲ ਦੀ ਸਹੂਲਤ ਲੈ ਚੁੱਕੀ ਹੈ।
ਪ੍ਰੋਫੈਸਰ ਅਜਮੇਰ ਅੋਲਖ
ਪ੍ਰੋਫੈਸਰ ਜਗਮੋਹਨ ਸਿੰਘ
ਇਸ ਤੋਂ ਇਲਵਾ ਦੇਸ਼ ਭਰ ਵਿੱਚ ਜੇਲਾਂ ਵਿੱਚ ਬੰਦ 3.85 ਲੱਖ ਕੈਦੀਆਂ ਵਿੱਚੋਂ 2.54 ਲੱਖ ਹਵਾਲਾਤੀ ਹਨ ਜਿਹੜੇ ਕੁੱਲ ਕੈਦੀਆਂ ਦਾ 65 ਫੀਸਦੀ ਬਣਦੇ ਹਨ। ਹਵਾਲਾਤੀਆਂ ਚੋਂ 1.58 ਲੱਖ ਹਵਾਲਾਤੀ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ ਵਿੱਚ ਹਨ। ਪੰਜ ਸਾਲ ਤੋਂ ਵੱਧ ਸੁਣਵਾਈ ਅਧੀਨ ਲਟਕ ਰਹੇ ਹਵਾਲਾਤੀਆਂ ਦੀ ਗਿਣਤੀ (317) ਨਾਲ ਪੰਜਾਬ ਦੇਸ਼ ਭਰ ਵਿੱਚ ਚੋਂ ਦੂਜੇ ਨੰਬਰ (ਪਹਿਲਾ ਸਥਾਨ ਯੂ.ਪੀ-324ਹਵਾਲਾਤੀ) 'ਤੇ ਹੈ। ਬਹੁਤੇ ਹਵਾਲਾਤੀਆਂ ਦੇ ਮੁਕੱਦਮਿਆਂ ਦੀ ਸੁਣਵਾਈ ਹੀ ਸ਼ੁਰੂ ਨਹੀਂ ਹੁੰਦੀ ਅਤੇ ਅਨੇਕਾਂ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਕਿ ਮਾਮੂਲੀ ਗੁਨਾਹਾਂ ਦੇ ਹਵਾਲਾਤੀ ਆਪਣੇ ਇਲਜ਼ਾਮ ਦੀ ਬਣਦੀ ਸਜ਼ਾ ਤੋਂ ਵੱਧ ਸਮਾਂ ਪਹਿਲਾਂ ਹੀ ਜੇਲ ਵਿੱਚ ਗੁਜ਼ਾਰ ਚੁੱਕੇ ਹਨ। ਹਵਾਲਾਤੀਆਂ ਵਿੱਚੋਂ ਬਹੁਤੇ ਗਰੀਬ, ਅਨਪੜ੍ਹ, ਦਲਿਤ ਅਤੇ ਆਦਿਵਾਸੀ ਲੋਕ ਹਨ ਜਿਹਡ਼ੇ ਸਾਧਨਾ ਅਤੇ ਸ੍ਰੋਤਾਂ ਦੀ ਘਾਟ ਕਰਕੇ ਜਮਾਨਤ ਵੀ ਨਹੀਂ ਕਰਵਾ ਸਕਦੇ। ਦੱਬੇ ਕੁਚਲੇ ਅਤੇ ਸਾਧਨਾ ਤੋਂ ਵਾਂਝੇ ਹਿੱਸਿਆ ਦੇ ਬੇਸ਼ੁਮਾਰ ਕੈਦੀ ਛੋਟੇ ਛੋਟੇ ਇਲਜਾਮਾਂ ਹੇਠ 
Narinder Kumar Jeet
ਜੇਲਾਂ ਵਿੱਚ ਸੜ ਰਹੇ ਹਨ। ਇੱਕ ਉਭਰਵੀ ਉਦਾਹਰਣ ਕੇਂਦਰੀ ਆਸਾਮ ਦੇ ਆਦਿਵਾਸੀ ਮਚਾਂਗ ਲਾਲੁੰਗ ਦੀ ਹੈ ਜਿਸਨੂੰ 23 ਸਾਲ ਦੀ ਉਮਰ ਵਿੱਚ ਆਈ.ਪੀ.ਸੀ. ਦੀ ਧਾਰਾ 326 ਅਧੀਨ ਗ੍ਰਿਫਤਾਰ ਕੀਤਾ ਗਿਆ ਸੀ ਅਤੇ 2005 ਵਿੱਚ ਉਸਨੂੰ 54 ਸਾਲਾਂ ਪਿਛੋਂ ਰਿਹਾ ਕੀਤਾ ਗਿਆ। ਇਸ ਤਰਾਂ ਲੋਕਾਂ ਦਾ ਜੇਲਾਂ ਵਿੱਚ ਰੁਲਣਾ ਸੰਵਿਧਾਨ ਦੀ ਧਾਰਾ 21 ਦੀ ਖੁੱਲੇਆਮ ਉਲੰਘਣਾ ਹੈ।
ਸਭਾ ਮੰਗ ਕਰਦੀ ਹੈ ਕਿ 'ਬਸਤੀਵਾਦੀ ਸਮੇਂ ਤੋਂ ਚਲੀਆ ਰਹੀ ਰਿਹਾਈ ਪ੍ਰਕ੍ਰਿਆ ਨੂੰ ਖਤਮ ਕੀਤਾ ਜਾਵੇ ਅਤੇ ਇਸ ਨੂੰ ਅਦਾਲਤ ਦੀ ਨਿਗਰਾਨੀ ਹੇਠ ਪਾਰਦਰਸ਼ੀ ਅਤੇ ਸਰਲ ਬਣਾਇਆ ਜਾਵੇ ਅਤੇ ਸਜ਼ਾ ਪੂਰੀ ਕਰ ਚੱਕੇ ਕੈਦੀਆਂ ਦੀ ਰਿਹਾਈ ਬਿਨਾਂ ਕਿਸੇ ਵਿਤਕਰੇ ਦੇ ਯਕੀਨੀ ਬਣਾਈ ਜਾਵੇ। ਇਸ ਵਿੱਚ ਹੀ ਸਰਬੱਤ ਦਾ ਭਲਾ ਹੈ। ਬਿਨਾਂ ਸੁਣਵਾਈ ਜਾਂ ਲੰਮੇ ਸਮੇ ਤੋਂ ਸੁਣਵਾਈ ਅਧੀਨ ਚੱਲ ਰਹੇ ਮੁਕੱਦਮਿਆਂ ਦੇ ਵੇਰਵੇ ਲੋਕਾਂ ਸਾਹਮਣੇ ਲਿਆਕੇ, ਗ੍ਰਿਫਤਾਰ ਲੋਕਾਂ ਦੀ ਰਿਹਾ ਕੀਤਾ ਜਾਵੇ'।
ਸਭਾ ਆਪਣੇ ਮੈਂਬਰਾਂ ਸਮੇਤ ਸੱਭ ਜਮਹੂਰੀ ਪਸੰਦ ਤਾਕਤਾਂ, ਬੁਧੀਜੀਵੀਆਂ ਅਤੇ ਸੰਘਰਸ਼ੀਲ ਲੋਕਾਂ ਨੂੰ ਇਸ ਬਾਰੇ ਲੋਕਰਾਏ ਲਾਮਬੰਦ ਕਰਨ ਦੀ ਮੁਹਿੰਮ ਚਲਾਉਣ ਦੀ ਅਪੀਲ ਕਰਦੀ ਹੈ।

ਜਾਰੀ ਕਰਤਾ:ਪ੍ਰੋਫੈਸਰ ਅਜਮੇਰ ਅੋਲਖ , ਸੂਬਾ ਪ੍ਰਧਾਨ--9815575495
ਪ੍ਰੋਫੈਸਰ ਜਗਮੋਹਨ ਸਿੰਘ, ਸੂਬਾ ਜਨਰਲ ਸਕੱਤਰ--9814001836

No comments: