Sunday, December 08, 2013

ਸਰਕਾਰ ਧਨੀ ਕਾਰਪੋਰੇਟ ਵਰਗ ਦੀ ਸੇਵਾ ਵਿੱਚ-ਕਾਮਰੇਡ ਡੀ ਪੀ ਮੌੜ

Sun, Dec 8, 2013 at 4:24 PM
70% ਅਬਾਦੀ ਹਰ ਰੋਜ਼ 16 ਰੁਪਏ 60 ਪੈਸੇ ਤੇ ਗੁਜ਼ਾਰਾ ਕਰਦੀ ਹੈ
ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਕੁਲਦੀਪ ਸਿੰਘ ਬਿੰਦਰ
ਲੁਧਿਆਣਾ 8 ਦਸੰਬਰ 2013: (ਰੈਕਟਰ ਕਥੂਰੀਆ//ਪੰਜਾਬ ਸਕਰੀਨ): ਅੱਜ ਇੱਥੇ ਬਸਤੀ ਜੋਧੇਵਾਲ ਚੌਂਕ ਵਿਖੇ ਹੌਜ਼ਰੀ ਵਰਕਰਜ ਯੂਨੀਅਨ (ਏਟਕ) ਵਲੋਂ ਆਯੋਜਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਡੀ ਪੀ ਮੌੜ ਜਨਰਲ ਸਕੱਤਰ ਜੁਆਂਇੰਟ ਕੌਂਸਲ ਆਫ ਟ੍ਰੇਡ ਯੂਨੀਅਨਜ ਲੁਧਿਆਣਾ ਨੇ ਕਿਹਾ ਕਿ ਸਰਕਾਰ ਦੇਸ਼ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਬਜਾਏ ਕੌਮੀ ਅਤੇ ਕੌਮਾਂਤਰੀ ਧਨੀ ਕਾਰਪੋਰੇਟ ਵਰਗ ਦੀ ਸੇਵਾ ਵਿੱਚ ਲੱਗੀ ਹੋਈ ਹੈ। ਸਰਕਾਰ ਵੱਲੋਂ ਲਏ ਗਏ ਫ਼ੈਸਲੇ ਸਰਕਾਰ ਦੀਆਂ ਆਰਥਿਕ ਨੀਤੀਆਂ ਵਿੱਚ ਸੱਜੇ ਪੱਖੀ ਬਦਲਾਅ ਨੂੰ ਸਾਫ਼ ਦਰਸਾਂਦੇ ਹਨ। 

ਸਰਕਾਰ ਕੌਮਾਂਤਰੀ ਵਿੱਤੀ ਸੰਸਥਾਵਾਂ ਦੀਆਂ ਹਿਦਾਇਤਾਂ ਅਨੁਸਾਰ ਫ਼ੈਸਲੇ ਲੈ ਰਹੀ ਹੈ। ਵੱਧ ਰਹੀ ਮਹਿੰਗਾਈ ਨੇ ਆਮ ਆਦਮੀ ਦੀ ਜ਼ਿੰਦਗੀ ਨੂੰ ਦੂਭਰ ਬਣਾ ਦਿੱਤਾ ਹੈ। ਮਹਿੰਗਾਈ ਨੇ ਮਜ਼ਦੂਰ ਜਮਾਤ ਕੋਲੋਂ ਰੋਟੀ, ਕੱਪੜਾ, ਮਕਾਨ, ਡਾਕਟਰੀ ਇਲਾਜ ਅਤੇ ਪੜ੍ਹਾਈ ਦੇ ਮੁੱਢਲੇ ਹੱਕ ਵੀ ਖੋਹ ਲਏ ਹਨ । ਇੱਕ ਰਿਪੋਰਟ ਮੁਤਾਬਕ 100 ਪਰਿਵਾਰਾਂ ਦੇ ਕੋਲ 16 ਲੱਖ ਕਰੋੜ ਧੰਨ ਹੈ ਜਦੋਂ ਕਿ 70% ਅਬਾਦੀ ਹਰ ਰੋਜ਼ 16 ਰੁਪਏ 60 ਪੈਸੇ ਤੇ ਗੁਜ਼ਾਰਾ ਕਰਦੀ ਹੈ। ਨੌਕਰੀਆਂ ਵਿੱਚ ਕਮੀ ਆ ਰਹੀ ਹੈ ਅਤੇ ਅਸੁੱਰਖਿਆ ਵੱਧ ਰਹੀ ਹੈ। ਦੂਜੇ ਪਾਸੇ ਸਰਕਾਰ ਸਾਰੇ ਕਿਤਿੱਆਂ ਨੂੰ ਠੇਕੇਦਾਰਾਂ ਨੂੰ ਸੌਪ ਰਹੀ ਹੈ; ਲੇਬਰ ਵੀ ਠੇਕੇਦਾਰਾਂ ਦੇ ਰਹਿਮੋਕਰਮ ਤੇ ਛੱਡ ਦਿੱਤੀ ਗਈ ਹੈ। ਯੂਨੀਅਨ ਬਨਾਉਣ ਦੇ ਅਧਿਕਾਰ ਤੇ ਸੱਟ ਮਾਰੀ ਜਾ ਰਹੀ ਹੈ ਅਤੇ ਕਾਨੂੰਨ ਵਿੱਚ ਪਰੀਵਰਤਨ ਕਰਕੇ ਯੂਨੀਅਨ ਬਨਾਉਣ ਤੋਂ ਰੋਕਣ ਦੇ ਲਈ ਮਜ਼ਦੂਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ।ਇਸ ਲਈ ਅੱਜ ਦੇਸ਼ ਦੀ ਮਜ਼ਦੂਰ ਜਮਾਤ ਨੂੰ ਏਕੇ ਅਤੇ ਸ਼ੰਘਰਸ਼ ਦਾ ਰਾਹ ਅਪਣਾਉਣਾ ਪਵੇਗਾ।

ਉੱਘੇ ਟਰੇਡ ਯੂਨੀਅਨ ਆਗੂ ਕਾਮਰੇਡ ਉ ਪੀ ਮਹਿਤਾ ਐਡਵੋਕੇਟ ਨੇ ਕਿਹਾ ਸਰਕਾਰ ਮਜ਼ਦੂਰਾਂ ਦੀ ਅਵਾਜ਼ ਨੂੰ ਬੇਦਰਦੀ ਦੇ ਨਾਲ ਦਬਾਉਣ ਤੇ ਤੁਲੀ ਹੋਈ ਹੈ। ਸਰਕਾਰ ਦੀ ਇਹ ਘੋਸ਼ਣਾ ਕਿ ਸਿਰਫ਼ 21.9% ਜਨਤਾ ਹੀ ਗਰੀਬੀ ਰੇਖਾ ਦੇ ਥੱਲੇ ਹੈ ਇਕ ਕੋਝਾ ਮਜ਼ਾਕ ਹੈ। ਉਹਨਾ ਪੁੱਛਿਆ ਕਿ ਹਰ ਰੋਜ਼ 33 ਰੁਪਏ ਕਮਾਉਣ ਵਾਲਾ ਗਰੀਬੀ ਰੇਖਾ ਤੋਂ ਉੱਤੇ ਕਿਸ ਤਰ੍ਹਾਂ ਹੋ ਸਕਦਾ ਹੈ। ਇਹਨਾਂ ਹਾਲਾਤਾਂ ਵਿੱਚ ਟਰੇਡ ਯੂਨੀਅਨਾਂ ਨੇ ਅੱਗੇ ਵੱਧ ਕੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਲੜਾਈ ਲੜਨ ਦੀ ਯੁੱਧਨੀਤੀ ਬਣਾਈ ਹੈ। ਲਗਾਤਾਰ ਚਲ ਰਹੇ ਅੰਦੋਲਨਾਂ ਦੇ ਦੌਰਾਨ ਪਿੱਛੇ ਜਿਹੇ 20-21 ਫ਼ਰਵਰੀ 2013 ਦੀ ਕਾਮਯਾਬ ਆਮ ਕੌਮੀ ਹੜਤਾਲ ਦਾ ਉਹਨਾ ਨੇ ਜ਼ਿਕਰ ਕਰਦਿਆਂ ਕਿਹਾ ਕਿ ਇਸ ਹੜਤਾਲ ਵਿੱਚ ਕੇਂਦਰੀ ਟ੍ਰੇਡ ਯੂਨੀਅਨਾਂ ਦੇ ਨਾਲ ਦੇਸ਼ ਦੀਆਂ ਸਾਰੀਆਂ ਫ਼ੈਡਰੇਸ਼ਨਾਂ, ਐਸੋਸੀਏਸ਼ਨਾਂ ਅਤੇ ਅਜ਼ਾਦ ਟ੍ਰੇਡ ਯੂਨੀਅਨਾਂ ਦੀ ਭਾਗੀਦਾਰੀ ਨੇ ਦਿਖਾ ਦਿੱਤਾ ਕਿ ਮਜ਼ਦੂਰ ਜਮਾਤ ਦੀ ਏਕਤਾ ਸਰਕਾਰ ਸਾ੍ਹਮਣੇ ਬਹੁਤ ਵੱਡੀ ਚੁਣੌਤੀ ਹੈ।
ਹੌਜ਼ਰੀ ਵਰਕਰਜ ਯੂਨੀਅਨ (ਏਟਕ) ਦੇ ਸੀਨੀਅਰ ਆਗੂ ਫ਼ਿਰੋਜ਼ ਮਾਸਟਰ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਮੁੱਖ ਮੰਗ ਇਹ ਹਨ ਕਿ ਸਰਕਾਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਤੇ ਰੋਕ ਲਾਵੇ, ਕਿਰਤ ਕਾਨੂੰਨਾਂ ਦੀ ਉਲੰਘਣਾ ਨਾ ਹੋਵੇ। ਮਜ਼ਦੂਰਾਂ ਨੂੰ ਬਣਦੀ ਸਮਾਜਿਕ ਸੁੱਰਖਿਆ ਜਿਸ ਵਿੱਚ ਸਾਰਿਆਂ ਦੇ ਲਈ ਪੈਨਸ਼ਨ ਸਕੀਮ ਲਾਗੂ ਕਰੇ, ਬੋਨਸ ਅਤੇ ਗਰੈਚੁਟੀ ਦੀ ਹੱਦ ਖਤਮ ਕਰੇ, ਠੇਕੇਦਾਰੀ ਪਰਬੰਧ ਬੰਦ ਕਰੇ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰੇ ਅਤੇ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਨਿਸ਼ਚਿਤ ਕਰੇ। ਉਹਨਾਂ ਅੱਗੇ ਕਿਹਾ ਕਿ ਪਬਲਿਕ ਸੈਕਟਰ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਵਿਨਿਵੇਸ਼ ਬੰਦ ਕਰੇ, ਕੰਮਕਾਜੀ ਔਰਤਾਂ ਲਈ ਪਰਸੂਤੀ ਛੁੱਟੀ ਲਾਗੂ ਕਰੇ। ਉਨ੍ਹਾ ਕਿਹਾ ਕਿ ਹੌਜ਼ਰੀ ਵਰਕਰਜ ਯੂਨੀਅਨ (ਏਟਕ) 12 ਦਿਸੰਬਰ ਨੂੰ ਦਿੱਲੀ ਵਿਖੇ ਸੰਸਦ ਵੱਲ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲਵੇਗੀ। ਉਹਨਾਂ ਕਿਹਾ ਕਿ ਹੋਜ਼ਰੀ ਅੰਦਰ ਕਟਰ ਮਾਸਟਰ ਦਾ ਪਿਛਲੇ ਕਈ ਸਾਲਾਂ ਤੋਂ ਕੋਈ ਰੇਟ ਨਹੀਂ ਵੱਧ ਰਿਹਾ। ਉਹਨਾਂ ਮੰਗ ਕੀਤੀ ਕਿ ਕਟਰ ਮਾਸਟਰ ਦਾ ਪੀਸ ਰੇਟ ਵਧਾਇਆ ਜਾਵੇ ਯਾ ਕਟਰ ਮਾਸਟਰ ਦੀ ਘੱਟੋ ਘੱਟ ਤਨਖ਼ਾਹ 20 ਹਜ਼ਾਰ ਰੁਪਏ ਕੀਤੀ ਜਾਏ ਤੇ ਉਸਤੋਂ 8 ਘੰਟੇ ਤੋਂ ਵੱਧ ਕੰਮ ਨਾ ਲਿਆ ਜਾਵੇ।
ਸੀ ਪੀ ਆਈ ਦੇ ਸ਼ਹਿਰੀ ਸਕੱਤਰ ਕਾਮਰੇਡ ਰਮੇਸ਼ ਰਤਨ ਨੇ ਕਿਹਾ ਇੱਕ ਪਾਸੇ ਤਾਂ ਯੂ ਪੀ ਏ-2 ਸਰਕਾਰ ਆਪਣੀਆਂ ਲੋਕ ਵਿਰੋਧੀ ਆਰਥਿਕ ਨੀਤੀਆਂ ਕਰਕੇ ਲੋਕਾਂ ਦੇ ਮਨਾ ਤੋਂ ਉਤਰ ਰਹੀ ਹੈ। ਦੂਜੇ ਪਾਸੇ ਭਾ ਜ ਪਾ ਅਤੇ ਆਰ ਐਸ ਐਸ ਜਿਹੀਆਂ ਫ਼ਿਰਕੂ ਜਮਾਤਾਂ ਮੋਦੀ ਨੂੰ ਪਰਧਾਨ ਮੰਤਰੀ ਦੇ ਉਮੀਦਵਾਰ ਵਜੋਂ ਉਭਾਰ ਕੇ ਹਾਲਾਤ ਦਾ ਲਾਭ ਉਠਾ ਕੇ ਦੇਸ਼ ਤੇ ਸਮਾਜ ਨੂੰ ਵੰਡਣ ਤੇ ਤੁਲੀਆਂ ਹੋਈਆਂ ਹਨ।
ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਗੁਰਨਾਮ ਸਿੰਘ ਸਿੱਧੂ, ਕਾਮਰੇਡ ਕੁਲਦੀਪ ਸਿੰਘ ਬਿੰਦਰ, ਕਾਮਰੇਡ ਮਨਜੀਤ ਸਿੰਘ ਬੂਟਾ, ਕਾਮਰੇਡ ਮਾਸਟਰ ਸ਼ਫ਼ੀਕ, ਕਾਮਰੇਡ ਰਾਮ ਪਰਤਾਪ ਸਿੰਘ ਅਤੇ ਕਾਮਰੇਡ ਅਮਰ ਨਾਥ ਨੇ ਆਪਣੇ ਸੁਨੇਹੇ ਵਿੱਚ ਯੂਨੀਅਨਾਂ ਨੂੰ ਅਗਲੇ ਦੌਰ ਦੇ ਸੰਘਰਸ਼ਾਂ ਦੇ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਹੀ ਚਲ ਰਹੀ ਹੈ। ਸਰਕਾਰ ਵਲੋਂ ਪਿੱਛੇ ਜਿਹੇ ਲਗਾਏ ਗਏ ਟੈਕਸ ਅਤੇ ਨੌਕਰੀਆਂ ਦੀ ਮੰਗ ਕਰ ਰਹੇ ਨੌਜਵਾਨਾਂ ਨੂੰ ਹਰ ਰੋਜ਼ ਲਾਠੀਆਂ ਅਤੇ ਹੋਰ ਦਮਨਕਾਰੀ ਨੀਤੀਆਂ ਨਾਲ ਕੁਚਲਣਾ ਇਸ ਗੱਲ ਦਾ ਹੀ ਪ੍ਰਗਟਾਵਾ ਹੈ। ਉਨ੍ਹਾ 12 ਦਸੰਬਰ ਨੂੰ ਦਿੱਲੀ ਵਿਖੇ ਸੰਸਦ ਵੱਲ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।
ਹੋਰਨਾਂ ਤੋਂ ਇਲਾਵਾ ਅਸ਼ੋਕ ਕੁਮਾਰ, ਸੰਜੈ, ਏ ਕੇ ਖ਼ਾਨ, ਲਲਿਤ, ਕੁਮਾਰ, ਰਾਮ ਰੀਤ, ਬਦਰੀ ਪ੍ਰਸਾਦ, ਮੋਹੱਮਦ ਸ਼ਹਾਬੁਦੀਨ ਨੇ ਰੈਲੀ ਨੂੰ ਸੰਬੋਧਨ ਕੀਤਾ।

No comments: