Monday, January 20, 2014

ਮੁੱਖ ਮੰਤਰੀ ਲੁਧਿਆਣਾ ਵਿਖੇ ਲਹਿਰਾਉਣਗੇ ਤਿਰੰਗਾ

Mon, Jan 20, 2014 at 6:47 PM
ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤਾ ਦਿਵਸ ਸਬੰਧੀ ਤਿਆਰੀਆਂ ਦਾ ਜਾਇਜਾ
ਲੁਧਿਆਣਾ: 20 ਜਨਵਰੀ 2014: (ਸਤਪਾਲ ਸੋਨੀ//ਪੰਜਾਬ ਸਕਰੀਨ)::
''26 ਜਨਵਰੀ ਨੂੰ ਸਥਾਨਕ ਸਰਕਾਰੀ ਕਾਲਜ (ਲੜਕੇ) ਦੇ ਖੇਡ ਮੈਦਾਨ 'ਚ ਗਣਤੰਤਰਤਾ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਵੱਲੋਂ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਇਆ ਜਾਵੇਗਾ।'' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਕੀਤਾ। ਉਹ ਅੱਜ ਖੇਡ ਮੈਦਾਨ ਵਿਖੇ ਗਣਤੰਤਰਤਾ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲਾ ਪੱਧਰੀ ਸਮਾਰੋਹ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਜ਼ਿਲਾ ਅਧਿਕਾਰੀਆਂ ਨੂੰ ਗਣਤੰਤਰਤਾ ਦਿਵਸ ਕੌਮੀ ਭਾਵਨਾ ਨਾਲ ਮਨਾਉਣ ਦੀ ਪ੍ਰੇਰਣਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਆਪਣੇ ਮਨਾਂ 'ਚ ਕੌਮੀਅਤ ਦੀ ਭਾਵਨਾ ਪ੍ਰਪੱਕ ਕਰਕੇ ਕੌਮੀ ਦਿਹਾੜੇ ਮਾਣ ਨਾਲ ਮਨਾਉਣੇ ਚਾਹੀਦੇ ਹਨ। ਸ੍ਰੀ ਅਗਰਵਾਲ ਨੇ ਜ਼ਿਲਾ ਨਿਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਗਣਤੰਤਰਤਾ ਦਿਵਸ ਦੇ ਇਸ ਮਹੱਤਵਪੂਰਨ ਸਮਾਗਮ 'ਚ ਆਪਣੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ। 
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਨੀਰੂ ਕਤਿਆਲ ਨੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਵੱਖ-ਵੱਖ ਵਿਭਾਗਾਂ ਨੂੰ ਜ਼ਿਲਾ ਦੀਆਂ ਜਿੰਮੇਵਾਰੀਆਂ ਤੋਂ ਜਾਣੂ ਕਰਵਾਇਆ। ਜ਼ਿਲਾ ਕਿਹਾ ਕਿ ਇਸ ਸਮਾਗਮ ਸਬੰਧੀ ਸਾਰੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚਾੜੇ ਜਾਣਗੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਬਲਦੇਵ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਕੱਢੀਆਂ ਜਾਣ ਵਾਲੀਆਂ ਵੱਖ ਵੱਖ ਵਿਭਾਗਾਂ ਦੀਆਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ। ਏ. ਡੀ. ਸੀ. ਪੀ. (ਹੈੱਡਕੁਆਰਟਰ) ਸ੍ਰ. ਸੁਖਪਾਲ ਸਿੰਘ ਬਰਾੜ ਨੇ ਸੁਰੱਖਿਆ ਪ੍ਰਬੰਧਾਂ, ਕੌਮੀ ਝੰਡਾ ਲਹਿਰਾਉਣ ਤੇ ਪਰੇਡ ਦੀ ਰਿਹਰਸਲ ਲਈ ਲੋੜੀਂਦੇ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ।  
ਉਪ ਜ਼ਿਲਾ ਸਿੱਖਿਆ ਅਫ਼ਸਰ ਨੇ ਸਕੂਲੀ ਬੱਚਿਆਂ ਦਾ ਸੱਭਿਆਚਾਰਕ ਪ੍ਰੋਗਰਾਮ, ਭੰਗੜੇ ਤੇ ਗਿੱਧੇ ਦੀਆਂ ਵਧੀਆ ਟੀਮਾਂ ਤਿਆਰ ਕਰਨ ਦਾ ਭਰੋਸਾ ਦਿੰਦਿਆਂ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਯਾਦਗਾਰੀ ਹੋਵੇਗਾ। ਇਸ ਦੌਰਾਨ ਸਮਾਗਮ ਮੌਕੇ ਆਜ਼ਾਦੀ ਘੁਲਾਟੀਏ ਤੇ ਉਨ੍ਹਾਂ ਦੇ ਪਰਿਵਾਰਾਂ, ਮੁੱਖ ਮਹਿਮਾਨ, ਪਤਵੰਤਿਆਂ, ਪ੍ਰੈਸ ਅਤੇ ਆਮ ਲੋਕਾਂ ਦੇ ਬੈਠਣ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਵਿਧਵਾਵਾਂ ਨੂੰ ਸਿਲਾਈ ਮਸ਼ੀਨਾਂ ਤੇ ਅੰਗਹੀਣਾਂ ਨੂੰ ਟਰਾਈਸਾਈਕਲ ਦੇਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਐੱਸ. ਡੀ. ਐੱਮ. ਸ੍ਰ. ਕੁਲਜੀਤਪਾਲ ਸਿੰਘ ਮਾਹੀ, ਐੱਸ. ਡੀ. ਐੱਮ. ਸ੍ਰੀ ਅਜੇ ਸੂਦ, ਸਿਵਲ ਸਰਜਨ ਡਾ. ਸੁਭਾਸ਼ ਬੱਤਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

No comments: