Friday, March 28, 2014

ਜਥੇਦਾਰ ਕਰਤਾਰ ਸਿੰਘ 'ਟੱਕਰ' ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

Fri, Mar 28, 2014 at 3:49 PM
ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ
ਅੰਮ੍ਰਿਤਸਰ: 28 ਮਾਰਚ 2014: (ਇੰਦਰ ਮੋਹਣ ਸਿੰਘ 'ਅਨਜਾਣ'//ਪੰਜਾਬ ਸਕਰੀਨ): 

ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਸਮਰਪਿਤ ਜਥੇਦਾਰ ਕਰਤਾਰ ਸਿੰਘ ਟੱਕਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਤਿਗੁਰੂ ਦੀ ਅਪਾਰ ਬਖਸ਼ਿਸ਼ ਸਦਕਾ ਜਥੇਦਾਰ ਕਰਤਾਰ ਸਿੰਘ ਟੱਕਰ ਨੇ 36 ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਨਿਸ਼ਕਾਮ ਭਾਵਨਾ ਨਾਲ ਸੇਵਾ ਨਿਭਾਈ ਹੈ। ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਸਤਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਕਈ ਹੋਰ ਸੰਸਥਾਵਾਂ ਨੇ ਵੀ ਜੱਥੇਦਾਰ ਟੱਕਰ ਦੇ ਦੇਹਾਂਤ ਤੇ  ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।                                       ਕਾਬਿਲੇ ਜ਼ਿਕਰ ਹੈ ਕਿ ਹਰਿਆਣਾ ਦੇ ਟਕਸਾਲੀ ਅਕਾਲੀ ਨੇਤਾ ਜਥੇਦਾਰ ਕਰਤਾਰ ਸਿੰਘ ਟੱਕਰ ਵੀਰਵਾਰ 27 ਮਾਰਚ ਨੂੰ ਸਵੇਰੇ ਅੰਬਾਲਾ ਸ਼ਹਿਰ ਸਥਿਤ ਨਿਵਾਸ ’ਤੇ ਦੇਹਾਂਤ ਹੋ ਗਿਆ ਸੀ। ਉਹ ਪਿਛਲੇ ਕੁਝ ਦੇਰ ਤੋਂ ਢਿੱਲੇ-ਮੱਠੇ ਚਲੇ ਆ ਰਹੇ ਸਨ। ਜਥੇਦਾਰ ਟੱਕਰ ਨੂੰ ਪਹਿਲਾਂ ਮੋਹਾਲੀ ਅਤੇ ਫਿਰ ਅੰਬਾਲਾ ਦੇ ਇਕ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਸੀ ਪਰ ਉਹਨਾਂ ਨੂੰ ਬਚਾਇਆ ਨਾ ਜਾ ਸਕਿਆ।ਕਲ੍ਹ ਸ਼ਾਮ 5 ਵਜੇ ਦੇ ਕਰੀਬ ਉਨ੍ਹਾਂ ਦਾ ਰਾਮ ਬਾਗ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਰਿਸ਼ਤੇਦਾਰਾਂ ਤੋਂ ਇਲਾਵਾ ਸ਼ਹਿਰ ਦੇ ਆਮ ਲੋਕ, ਵੱਖ ਵੱਖ ਸਿਆਸੀ, ਸਭਿਆਚਾਰਕ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਬਹੁਤ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਇਸ ਮੌਕੇ ਇਨੈਲੋ ਦੇ  ਜ਼ਿਲ੍ਹਾ ਪ੍ਰਧਾਨ ਬਲਵਿੰਦਰ ਪੂਨੀਆ, ਸਾਬਕਾ ਪ੍ਰਧਾਨ ਸੁਰਜੀਤ ਸਿੰਘ ਸੌਂਡਾ, ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬੇਟੀ ਕੁਲਦੀਪ ਕੌਰ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਕੌਂਸਲਰ ਦਲੀਪ ਚਾਵਲਾ ਬਿੱਟੂ, ਕੁਲਵੰਤ ਸਿੰਘ, ਮੈਨੇਜਰ ਗੁਰਦੁਆਰਾ ਪਾਉਂਟਾ ਸਾਹਿਬ,  ਬਾਬਾ ਅਜੀਤ ਸਿੰਘ ਇਛਾ ਪੂਰਕ ਧਾਮ ਵਾਲੇ, ਸ਼੍ਰੋਮਣੀ ਕਮੇਟੀ ਦੇ ਮੌਜੂਦਾ ਮੈਂਬਰ ਹਰਪਾਲ ਸਿੰਘ ਮਛੌਂਡਾ, ਸਾਬਕਾ ਮੈਂਬਰ ਗੁਰਦੀਪ ਸਿੰਘ ਭਾਨੋਖੇਡ਼ੀ, ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਟੀਪੀ ਸਿੰਘ, ਕਾਰ ਸੇਵਾ ਵਾਲੇ ਬਾਬੇ ਅਤੇ ਕਈ ਹੋਰ ਸੰਗਠਨਾਂ ਦੇ ਪ੍ਰਤੀਨਿਧੀ ਭ੍ਰ੍ਫੇ ਦਿਲ ਨਾਲ ਸ਼ਾਮਲ ਹੋਏ। 
ਜਥੇਦਾਰ ਟੱਕਰ ਮਾਸਟਰ ਤਾਰਾ ਸਿੰਘ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਕਾਫੀ ਨਜ਼ਦੀਕੀ ਰਹੇ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਪਹਿਲੀ ਚੋਣ 1960 ਵਿੱਚ ਜਿੱਤੀ ਅਤੇ ਲਗਾਤਾਰ 36 ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ। ਉਨ੍ਹਾਂ ਨੇ ਪੰਜੋਖਰਾ ਸਾਹਿਬ ਵਿਖੇ ਕਾਲਜ ਦੀ ਸਥਾਪਨਾ ਵੀ ਕੀਤੀ। ਉਹ ਗੁਰਦੁਆਰਾ ਕਮੇਟੀ ਪਾਉਂਟਾ ਸਾਹਿਬ ਦੇ ਜਨਰਲ ਸਕੱਤਰ ਵੀ ਰਹੇ। ਸਸਕਾਰ ਤੋਂ ਬਾਅਦ ਸੰਗਤ ਦਾ ਧੰਨਵਾਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਪ੍ਰਦੇਸ਼ ਦੇ ਮੁੱਖ ਜਨਰਲ ਸਕੱਤਰ ਰਣਬੀਰ ਸਿੰਘ ਫੌਜੀ ਨੇ ਦੱਸਿਆ ਕਿ ਜਥੇਦਾਰ ਟੱਕਰ ਜੀ ਦੀ ਅੰਤਿਮ ਅਰਦਾਸ 2 ਅਪਰੈਲ ਨੂੰ ਦੁਪਹਿਰ 1 ਵਜੇ ਤੋਂ ਢਾਈ ਵਜੇ ਤੱਕ ਗੁਰਦੁਆਰਾ ਮੰਜੀ ਸਾਹਿਬ ਜੀਟੀ ਰੋਡ ਅੰਬਾਲਾ ਸ਼ਹਿਰ ਵਿਖੇ ਹੋਵੇਗੀ। ਜੱਥੇਦਾਰ ਟੱਕਰ ਦੇ ਤੁਰ ਜਾਣ ਨਾਲ ਸਿੱਖ ਸੰਘਰਸ਼ਾਂ ਦੇ ਇੱਕ ਯੁਗ ਦਾ ਅੰਤ ਹੋ ਗਿਆ। 

No comments: