Wednesday, August 13, 2014

ਛੇ ਮੈਂਬਰੀ ਅਕਾਲੀ-ਭਾਜਪਾ ਤਾਲਮੇਲ ਕਮੇਟੀ ਕਾਇਮ

ਤਾਲਮੇਲ ਕਮੇਟੀ ਵਿੱਚ ਦੋਵਾਂ ਧਿਰਾਂ ਦੇ ਤਿੰਨ-ਤਿੰਨ ਮੈਂਬਰ ਸ਼ਾਮਲ
ਚੰਡੀਗੜ੍ਹ:12 ਅਗਸਤ 2014: (ਪੰਜਾਬ ਸਕਰੀਨ ਬਿਊਰੋ):
ਚੋਣ ਨਤੀਜਿਆਂ ਤੋਂ ਬਾਅਦ  ਸਬੰਧਾਂ ਨੂੰ ਸੁਖਾਵੇਂ ਬਣਾਈ ਰੱਖਣ ਲਈ ਇੱਕ ਹੋਰ ਪਹਿਲ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹੁਣ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿੱਚ ਟਕਰਾਅ ਦੇ ਹੱਲ ਅਤੇ ਬਿਹਤਰ ਤਾਲਮੇਲ ਬਣਾਉਣ ਲਈ ਦੋਵਾਂ ਭਾਈਵਾਲਾਂ ਦੀ 6 ਮੈਂਬਰੀ ਸੂਬਾ ਤਾਲਮੇਲ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਸ ਐਲਾਨ ਤੋਂ ਬਾਅਦ ਭਾਜਪਾ ਕੇਦਰ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। 
ਇਸ ਸਬੰਧੀ ਜਾਣਕਾਰੀ ਦੇਂਦਿਆਂ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਇਸ ਕਮੇਟੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਨੁਮਾਇੰਦਗੀ ਸੀਨੀਅਰ ਉਪ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਤੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦਡ਼ ਕਰਨਗੇ, ਜਦੋਂਕਿ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ, ਸੀਨੀਅਰ ਭਾਜਪਾ ਆਗੂ ਨਰੋਤਮ ਦੇਵ ਰੱਤੀ ਤੇ ਪ੍ਰੋਫ਼ੈਸਰ ਰਾਜਿੰਦਰ ਸਿੰਘ ਭੰਡਾਰੀ ਇਸ ਕਮੇਟੀ ਵਿੱਚ ਭਾਜਪਾ ਦੀ ਨੁਮਾਇੰਦਗੀ ਕਰਨਗੇ। ਉਨ੍ਹਾਂ ਕਿਹਾ ਕਿ ਹੇਠਲੇ ਪੱਧਰ ’ਤੇ ਤਾਲਮੇਲ ਵਧਾਉਣ ਲਈ ਵੀ ਛੇਤੀ ਹੀ ਅਜਿਹੀਆਂ ਕਮੇਟੀਆਂ ਬਣਾਈਆਂ ਜਾਣਗੀਆਂ। ਸ੍ਰੀ ਬਾਦਲ ਤੇ ਭਾਜਪਾ ਦੇ ਸੀਨੀਅਰ ਆਗੂ ਸ਼ਾਂਤਾ ਕੁਮਾਰ ਵਿਚਕਾਰ ਜੂਨ ਵਿੱਚ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਗੱਠਜੋਡੜ ਦੇ ਆਗੂਆਂ ਦਰਮਿਆਨ ਵਧ ਰਹੇ ਟਕਰਾਅ ਦੇ ਹੱਲ ਲਈ ਦੋਹਾਂ ਪਾਰਟੀਆਂ ਦੇ ਆਗੂਆਂ ’ਤੇ ਆਧਾਰਿਤ ਤਾਲਮੇਲ ਕਮੇਟੀ ਦੇ ਗਠਨ ਦਾ ਫ਼ੈਸਲਾ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਭਾਜਪਾ ਦੇ ਆਗੂਆਂ ਦੀ ਸਹਿਮਤੀ ਨਾਲ ਤਾਲਮੇਲ ਕਮੇਟੀ ਵਿੱਚ ਦਲ ਦੇ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਪਹਿਲਾਂ ਤਾਲਮੇਲ ਕਮੇਟੀਆਂ ਵਿੱਚ ਛੋਟੇ ਲੀਡਰਾਂ ਨੂੰ ਸ਼ਾਮਲ ਕੀਤਾ ਜਾਂਦਾ ਸੀ। ਸੂਤਰਾਂ ਅਨੁਸਾਰ ਦੋਹਾਂ ਪਾਰਟੀਆਂ ਦਰਮਿਆਨ ਵਧ ਰਹੇ ਟਕਰਾਅ ਨੂੰ ਦੇਖਦਿਆਂ ਤਾਲਮੇਲ ਬਣਾਉਣ ਦੀ ਜ਼ਿੰਮੇਵਾਰੀ ਹੁਣ ਸੀਨੀਅਰ ਅਕਾਲੀ ਆਗੂਆਂ ਨੂੰ ਦੇ ਦਿੱਤੀ ਗਈ ਹੈ। ਉਮੀਦ ਹੈ ਇਸ ਨਾਲ ਜਿੱਥੇ ਸਬੰਧਾਂ ਵਿੱਚ ਸੁਧਾਰ ਹੋਵੇਗਾ ਉੱਥੇ ਅਫਵਾਹਾਂ 'ਤੇ ਵੀ ਫੁੱਲ ਸਟਾਪ ਲੱਗੇਗਾ। 

No comments: