Sunday, May 17, 2015

ਯੂ. ਪੀ. ਏ. ਸਰਕਾਰ ਦੇ ਪਾਪ ਰਾਤੋ ਰਾਤ ਨਹੀਂ ਧੋਤੇ ਜਾ ਸਕਦੇ-ਬਾਦਲ

ਐੱਨ. ਡੀ. ਏ. ਸਰਕਾਰ ਦੌਰਾਨ ਪੰਜਾਬ ਨੂੰ ਵੱਡਾ ਆਰਥਿਕ ਲਾਹਾ ਮਿਲੇਗਾ

*ਐੱਨ. ਡੀ. ਏ. ਸਰਕਾਰ ਵੱਲੋਂ ਇੱਕ ਸਾਲ 'ਚ ਕੀਤੇ ਕਾਰਜਾਂ ਦੀ ਪ੍ਰਸੰਸਾ
*ਲੋਕ ਹਿੱਤ ਯੋਜਨਾਵਾਂ ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸੰਸ਼ਾ
*ਸੂਬਾ ਸਰਕਾਰ ਵਪਾਰੀਆਂ ਨੂੰ ਵੈਟ ਰਿਫੰਡ 'ਚ ਤੇਜ਼ੀ ਲਿਆਉਣ ਲਈ ਵਚਨਬੱਧ
*ਕਿਸਾਨਾਂ ਲਈ ਫਸਲ ਬੀਮਾ ਯੋਜਨਾ ਦੀ ਵਕਾਲਤ
*ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਨੂੰ ਦੇਸ਼ ਦੀ ਸਭ ਤੋਂ ਧਰਮ ਨਿਰਪੱਖ ਸਰਕਾਰ ਦੱਸਿਆ
ਲੁਧਿਆਣਾ: 17 ਮਈ (PRD/ਪੰਜਾਬ ਸਕਰੀਨ ਬਿਊਰੋ):
ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਦੇਸ਼ 'ਤੇ 6 ਦਹਾਕਿਆਂ ਤੋਂ ਵਧੇਰੇ ਰਾਜ ਕਰਨ ਵਾਲੀ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਵੱਲੋਂ ਕੀਤੇ ਗਏ ਪਾਪ ਇੱਕ ਸਾਲ ਵਿੱਚ ਧੋਤੇ ਨਹੀਂ ਜਾ ਸਕਦੇ। ਜਦਕਿ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨ. ਡੀ. ਏ. ਦੀ ਸਰਕਾਰ ਨੇ ਆਪਣੇ ਇੱਕ ਸਾਲ ਵਿੱਚ ਦੇਸ਼ ਅਤੇ ਲੋਕਾਂ ਦੇ ਵਿਕਾਸ ਲਈ ਬਹੁਤ ਹੀ ਕਾਰਜ ਕੀਤੇ ਗਏ ਹਨ।
ਸ਼ਹਿਰ ਵਿੱਚ ਕਈ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਇੱਕ ਸਾਲ ਦਾ ਸਮਾਂ ਪੂਰਾ ਕਰਨ 'ਤੇ ਵਧਾਈ ਦਿੰਦਿਆਂ ਪ੍ਰਸੰਸ਼ਾ ਕੀਤੀ ਕਿ ਉਨ੍ਹਾਂ ਨੇ ਇਸ ਸਮੇਂ ਦੌਰਾਨ ਆਮ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਦੀ ਸ਼ੁਰੂਆਤ ਕੀਤੀ। ਜਦਕਿ 6 ਦਹਾਕਿਆਂ ਤੋਂ ਵੀ ਵਧੇਰੇ ਦੇਸ਼ 'ਤੇ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਨੇ ਦੇਸ਼ ਅਤੇ ਦੇਸ਼ ਵਾਸੀਆਂ ਦਾ ਵੱਡਾ ਨੁਕਸਾਨ ਕੀਤਾ, ਜੋ ਕਿ ਇੱਕ ਪਾਪ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਦੀ ਦੂਰਦਰਸ਼ੀ ਅਤੇ ਅਗਾਂਹਵਧੂ ਅਗਵਾਈ ਵਿੱਚ ਆਮ ਲੋਕਾਂ ਦੀ ਭਲਾਈ ਲਈ ਜਨ-ਧਨ ਯੋਜਨਾ, ਸਵੱਛ ਭਾਰਤ ਅਭਿਆਨ, ਬੇਟਾ ਬਚਾਓ-ਬੇਟੀ ਪੜਾਓ, ਸੰਸਦ ਆਦਰਸ਼ ਗਰਾਮ ਯੋਜਨਾ, ਪ੍ਰਧਾਨ ਮੰਤਰੀ ਬੀਮਾ ਸੁਰੱਕਸ਼ਾ ਯੋਜਨਾ, ਅਟੱਲ ਪੈਨਸ਼ਨ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾਵਾਂ ਚਾਲੂ ਕੀਤੀਆਂ ਗਈਆਂ ਜੋ ਕਿ ਆਮ ਲੋਕਾਂ ਦੀ ਭਲਾਈ ਲਈ ਸ਼ਾਹਕਾਰ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਹੁਣ ਤੱਕ ਦੀ ਹੋਰ ਕਿਸੇ ਵੀ ਸਰਕਾਰ ਨੇ ਅਜਿਹੀਆਂ ਯੋਜਨਾਵਾਂ ਦੀ ਸ਼ੁਰੂਆਤ ਮਹਿਜ਼ ਇੱਕ ਸਾਲ ਵਿੱਚ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਐੱਨ. ਡੀ. ਏ. ਸਰਕਾਰ ਦੇ ਇੱਕ ਸਾਲ ਦੇ ਸਮੇਂ ਵਿੱਚ ਪੰਜਾਬ ਨੂੰ ਵੱਡਾ ਫਾਇਦਾ ਹੋਇਆ ਹੈ। ਜਿਸ ਤਹਿਤ ਕੇਂਦਰ ਵੱਲੋਂ ਪੰਜਾਬ ਨੂੰ ਕਈ ਅਹਿਮ ਪ੍ਰੋਜੈਕਟ, ਜਿਵੇਂਕਿ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼), ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ. ਆਈ. ਐੱਮ.) ਅਤੇ ਪੋਸਟ ਗਰੈਜੂਏਟ ਹੌਰਟੀਕਲਚਰ ਰਿਸਰਚ ਐਂਡ ਐਜੂਕੇਸ਼ਨਲ ਇੰਸਟੀਚਿਊਟ ਦਿੱਤੇ, ਜਿਨ੍ਹਾਂ ਨਾਲ ਸੂਬੇ ਦਾ ਵੱਡਾ ਵਿਕਾਸ ਹੋਣਾ ਹੈ।
ਇਕ ਸਵਾਲ ਦਾ ਜਵਾਬ ਦਿੰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ। ਸੂਬੇ ਵਿੱਚ ਹੋਈਆਂ ਇੱਕਾ ਦੁੱਕਾ ਘਟਨਾਵਾਂ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਵੀ ਘਟਦੀਆਂ ਰਹਿੰਦੀਆਂ ਹਨ, ਇਥੋਂ ਤੱਕ ਕਿ ਅਮਰੀਕਾ ਵਰਗੇ ਦੇਸ਼ ਵੀ ਅਜਿਹੀਆਂ ਘਟਨਾਵਾਂ ਤੋਂ ਬਚੇ ਨਹੀਂ ਹਨ। ਉਨ੍ਹਾਂ ਦਿਨਾਂ ਘਟਨਾਵਾਂ ਦਾ ਸਖ਼ਤ ਖੰਡਨ ਕਰਦਿਆਂ ਭਰੋਸਾ ਦਿੱਤਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ।
ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਵੈਟ ਰਿਫੰਡ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਫਸਲ ਦੇ ਖ਼ਰਾਬੇ 'ਤੇ ਮਿਲਣ ਵਾਲੇ ਮੁਆਵਜ਼ੇ ਲਈ ਸ਼ਰਤਾਂ ਨੂੰ ਨਰਮ ਕੀਤਾ ਹੈ, ਜਿਸ ਤਹਿਤ ਹੁਣ 50 ਫੀਸਦੀ ਦੀ ਬਿਜਾਏ 33 ਫੀਸਦੀ ਖਰਾਬੇ ਵਾਲੀਆਂ ਫਸਲਾਂ ਲਈ ਵੀ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਸੂਬੇ ਦੇ ਉਨ੍ਹਾਂ ਕਿਸਾਨਾਂ ਨੂੰ ਭਾਰੀ ਲਾਹਾ ਮਿਲੇਗਾ, ਜਿਨ੍ਹਾਂ ਦੀਆਂ ਫਸਲਾਂ ਪਿਛਲੇ ਸਮੇਂ ਦੌਰਾਨ ਪਈਆਂ ਬੇਮੌਸਮੀ ਬਾਰਿਸ਼ਾਂ ਨਾਲ ਨੁਕਸਾਨੀਆਂ ਗਈਆਂ ਸਨ। ਸ੍ਰ. ਬਾਦਲ ਨੇ ਕਿਸਾਨਾਂ ਲਈ ਫਸਲ ਬੀਮਾ ਯੋਜਨਾ ਦੀ ਵੀ ਵਕਾਲਤ ਕੀਤੀ ਅਤੇ ਇਸ ਨੂੰ ਕਿਸਾਨੀ ਨੂੰ ਬਚਾਉਣ ਲਈ ਅਹਿਮ ਲੋੜ ਦੱਸਿਆ। 
ਇਸ ਤੋਂ ਪਹਿਲਾਂ ਜੈਨ ਕਾਲੋਨੀ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇਸ਼ ਦੀ ਸਭ ਤੋਂ ਵੱਧ ਧਰਮ ਨਿਰਪੱਖ ਸਰਕਾਰ ਹੈ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਵੱਡੇ ਕਾਰਜ ਕੀਤੇ ਹਨ। ਕਿਉਂਕਿ ਪੰਜਾਬ ਸਰਕਾਰ ਸਿੱਖ ਗੁਰੂਆਂ ਵੱਲੋਂ ਦਰਸਾਏ ਸ਼ਾਂਤੀ, ਫਿਰਕੂ ਸਦਭਾਵਨਾ, ਪਿਆਰ ਅਤੇ ਭਾਈਚਾਰਕ ਸਾਂਝ ਦੇ ਰਸਤੇ 'ਤੇ ਚੱਲ ਕੇ ਵਿਕਾਸ ਕਰਨ ਦੀ ਮੁਦੱਈ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਅਤੇ ਖੇਤਰ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। 
ਸ੍ਰ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸੂਬੇ ਦੇ ਸ਼ਾਨਾਮੱਤੀ ਇਤਿਹਾਸ ਅਤੇ ਸੱਭਿਆਚਾਰ ਨੂੰ ਜ਼ਿੰਦਾ ਰੱਖਣ ਲਈ ਵੱਡੇ ਕਾਰਜ ਆਰੰਭੇ ਹੋਏ ਹਨ, ਜਿਸ ਤਹਿਤ 1000 ਕਰੋੜ ਰੁਪਏ ਦੀ ਲਾਗਤ ਨਾਲ ਦੇਸ਼ ਅਤੇ ਸੂਬੇ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਦੀ ਯਾਦ ਵਿੱਚ ਸਮਾਰਕ ਤਿਆਰ ਕੀਤੇ ਜਾ ਰਹੇ ਹਨ, ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਉਸਾਰਿਆ ਗਿਆ 'ਵਿਰਾਸਤ-ਏ-ਖਾਲਸਾ', 'ਵੱਡਾ ਅਤੇ ਛੋਟਾ ਘੱਲੂਘਾਰਾ', 'ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ', 'ਭਗਵਾਨ ਵਾਲਮੀਕੀ (ਭਗਵਾਨ ਵਾਲਮੀਕੀ ਤੀਰਥ ਸਥੱਲ ਅੰਮ੍ਰਿਤਸਰ) ਅਤੇ ਗੁਰੂ ਰਵਿਦਾਸ (ਖੁਰਾਲਗੜ ਜ਼ਿਲਾ ਹੁਸ਼ਿਆਰਪੁਰ) ਪ੍ਰਮੁੱਖ ਹਨ। ਇਸ ਤੋਂ ਇਲਾਵਾ ਕਪੂਰਥਲਾ ਵਿਖੇ ਸਵਾਮੀ ਵਿਵੇਕਾਨੰਦ, ਸ੍ਰੀ ਆਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ), ਫਤਹਿਗੜ ਸਾਹਿਬ ਵਿਖੇ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ, ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਮਤੀਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀਆਂ ਯਾਦਗਾਰਾਂ ਉਸਾਰੀਆਂ ਜਾਣਗੀਆਂ। 
ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਕਦਮ ਉਠਾਏ ਜਾ ਰਹੇ ਹਨ। ਜਿਸ ਤਹਿਤ ਹਰੇਕ ਸੂਬਾ ਵਾਸੀ ਨੂੰ ਉੱਚਤਮ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਮੁੱਖ ਮੰਤਰੀ ਦੇ ਸਲਾਹਕਾਰ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ, ਮੁੱਖ ਸੰਸਦੀ ਸਕੱਤਰ ਸ੍ਰੀ ਚੌਧਰੀ ਨੰਦ ਲਾਲ, ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ, ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਮੰਤਰੀ ਸ੍ਰ. ਹੀਰਾ ਸਿੰਘ ਗਾਬੜੀਆ, ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਭਾਜਪਾ ਦੇ ਜ਼ਿਲਾ ਪ੍ਰਧਾਨ ਸ੍ਰੀ ਪ੍ਰਵੀਨ ਬਾਂਸਲ, ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਐੱਸ. ਕਰੁਣਾ ਰਾਜੂ, ਪੁਲਿਸ ਕਮਿਸ਼ਨਰ ਸ੍ਰੀ ਪ੍ਰਮੋਦ ਬਾਨ, ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ। 


No comments: