Sunday, August 16, 2015

ਖੇਤੀਬਾੜੀ ਮੰਤਰੀ ਤੋਤਾ ਸਿੰਘ ਨੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ


*ਲੋਕਾਂ ਨੂੰ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਦਾ ਸੱਦਾ
*ਆਜ਼ਾਦੀ ਪ੍ਰਵਾਨਿਆਂ ਦੇ ਸੁਪਨੇ ਸਾਕਾਰ ਕਰਨ ਲਈ ਸਾਂਝੇ ਹੰਭਲੇ ਦੀ ਲੋੜ-ਤੋਤਾ ਸਿੰਘ
ਲੁਧਿਆਣਾ, 16 ਅਗਸਤ 2015: (ਪੰਜਾਬ ਸਕਰੀਨ ਬਿਊਰੋ):


ਲੁਧਿਆਣਾ ਵਿਖੇ ਜ਼ਿਲਾ ਪੱਧਰੀ 69ਵਾਂ ਆਜ਼ਾਦੀ ਦਿਵਸ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬੜੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰ. ਤੋਤਾ ਸਿੰਘ ਵੱਲੋਂ ਅਦਾ ਕੀਤੀ ਗਈ। ਜ਼ਿਲਾ ਵਾਸੀਆਂ ਦੇ ਨਾਂਅ ਆਪਣਾ ਸੰਦੇਸ਼ ਦਿੰਦਿਆਂ ਤੋਤਾ ਸਿੰਘ ਨੇ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਕਿ ਇਸ ਮਹਾਨ ਦਿਨ 'ਤੇ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖੀ ਜਾਵੇ ਅਤੇ ਦੇਸ਼ ਭਗਤਾਂ ਵੱਲੋਂ ਆਜ਼ਾਦੀ ਦੀ ਪ੍ਰਾਪਤੀ ਅਤੇ ਬਹਾਲੀ ਲਈ ਪਾਏ ਪੂਰਨਿਆਂ 'ਤੇ ਚਲਦੇ ਹੋਏ ਆਪਣੇ ਫਰਜ਼ਾਂ ਪ੍ਰਤੀ ਸੁਚੇਤ ਹੋਈਏ ਅਤੇ ਦੇਸ਼ ਦੀ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਸੀਂ ਆਜ਼ਾਦ ਫਿਜ਼ਾ ਵਿਚ ਜ਼ਿੰਦਗੀ ਬਸਰ ਕਰ ਰਹੇ ਹਾਂ।
ਉਨ੍ਹਾਂ ਕਿਹਾ ਕਿ ਦੇਸ਼ ਦੇ ਮਹਾਨ ਆਗੂਆਂ ਦੇ ਸੁਪਨੇ ਸਾਕਾਰ ਕਰਨ ਲਈ ਸਾਂਝੇ ਹੰਭਲੇ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਸਦਕਾ ਅੱਜ ਪੰਜਾਬ ਵਿਕਾਸ ਦੀਆਂ ਲੀਹਾਂ 'ਤੇ ਪੁੱਜਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਹਰ ਪਾਸੇ ਸੜਕਾਂ ਦੇ ਜਾਲ ਵਿਛਾਏ ਗਏ ਹਨ, ਉਥੇ ਆਮ ਜਨਤਾ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਵੀ ਸੂਬਾ ਸਰਕਾਰ ਪੱਬਾਂ ਭਾਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਜਿੱਥੇ ਵਿਕਾਸ ਕਾਰਜ ਮੁਕੰਮਲ ਕਰ ਦਿੱਤੇ ਹਨ, ਉਥੇ ਸੂਬੇ ਦੀ ਨੁਹਾਰ ਬਦਲਣ ਲਈ ਹੋਰ ਵੀ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਤੋਤਾ ਸਿੰਘ ਵੱਲੋਂ ਜਿੱਥੇ ਪੀ. ਟੀ. ਸ਼ੋਅ, ਲੇਜ਼ੀਅਮ ਅਤੇ ਸੱਭਿਆਚਾਰਕ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਗਰੁੱਪਾਂ ਨੂੰ 25-25 ਹਜ਼ਾਰ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਗਿਆ, ਉਥੇ ਉਨ੍ਹਾਂ ਸੱਭਿਆਚਾਰ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਲਈ 17 ਅਗਸਤ ਦੀ ਛੁੱਟੀ ਦਾ ਵੀ ਐਲਾਨ ਕੀਤਾ। ਪਰੇਡ ਦੇ ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਜਤ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰ. ਪਰਮਰਾਜ ਸਿੰਘ ਉਮਰਾਨੰਗਲ ਵੀ ਉਨ੍ਹਾਂ ਦੇ ਨਾਲ ਸਨ।
ਸਮਾਰੋਹ ਦੌਰਾਨ ਤੋਤਾ ਸਿੰਘ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਪ੍ਰਾਪਤੀ ਕਰਨ ਬਦਲੇ 32 ਵਿਅਕਤੀਆਂ ਨੂੰ ਪ੍ਰਸ਼ੰਸ਼ਾ ਪੱਤਰ ਵੀ ਵੰਡੇ ਗਏ। ਉਨ੍ਹਾਂ ਨੇ 5 ਅੰਗਹੀਣ ਵਿਅਕਤੀਆਂ ਨੂੰ ਟਰਾਈ ਸਾਈਕਲਾਂ ਅਤੇ 5 ਵਿਧਵਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ। ਇਸ ਮੌਕੇ ਪਰੇਡ ਕਮਾਂਡਰ ਏ. ਸੀ. ਪੀ. ਸ੍ਰ. ਜਸਕੀਰਤ ਸਿੰਘ ਪੀ. ਪੀ. ਐੱਸ. ਦੀ ਅਗਵਾਈ ਹੇਠ ਅਨੁਸ਼ਾਸ਼ਿਤ ਫੋਰਸ ਦੇ ਜਵਾਨ ਜਿਨ੍ਹਾਂ ਵਿਚ ਪੰਜਾਬ ਪੁਲਿਸ, ਹੋਮ ਗਾਰਡਜ਼, ਟਰੈਫਿਕ ਪੁਲਿਸ, ਐਨ.ਸੀ.ਸੀ., ਏਅਰ ਵਿੰਗ, ਸਕਾਊਟਸ ਤੇ ਗਾਈਡਜ਼ ਦੀਆਂ ਟੁਕੜੀਆਂ ਸ਼ਾਮਿਲ ਸਨ, ਨੇ ਮਾਰਚ ਪਾਸਟ ਕੀਤਾ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਇਸ ਮੌਕੇ ਮਾਈ ਭਾਗੋ ਵਿਦਿਆ ਯੋਜਨਾ ਅਧੀਨ ਜ਼ਿਲਾ ਲੁਧਿਆਣਾ ਦੀਆਂ 30 ਲੜਕੀਆਂ ਨੂੰ ਸਾਈਕਲਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਤੋਤਾ ਸਿੰਘ ਦੀ ਧਰਮਪਤਨੀ ਸ਼੍ਰੀਮਤੀ ਮੁਖਤਿਆਰ ਕੌਰ, ਸ੍ਰ. ਬਰਜਿੰਦਰ ਸਿੰਘ ਬਰਾੜ ਚੇਅਰਮੈਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ, ਪੰਜਾਬ ਯੋਜਨਾ ਬੋਰਡ ਦੇ ਉੱਪ ਚੇਅਰਮੈਨ ਸ੍ਰੀ ਰਾਜਿੰਦਰ ਭੰਡਾਰੀ, ਜ਼ਿਲਾ ਤੇ ਸ਼ੈਸ਼ਨ ਜੱਜ ਸ੍ਰ. ਕਰਮਜੀਤ ਸਿੰਘ ਕੰਗ, ਨਗਰ ਨਿਗਮ ਕਮਿਸ਼ਨਰ ਸ੍ਰ. ਜੀ. ਕੇ. ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਨਰਿੰਦਰ ਭਾਰਗਵ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਕੁਲਦੀਪ ਸਿੰਘ ਵੈਦ, ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ, ਸ੍ਰ. ਬਲਵਿੰਦਰ ਸਿੰਘ ਮੋਗਾ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।

No comments: