Sunday, August 16, 2015

ਈਸੜੂ ਰੈਲੀ: ਕੈਪਟਨ ਨੂੰ ਲੋਕਾਂ ਅਤੇ ਸਮੇਂ ਨੇ ਨਕਾਰਿਆ-ਮੁੱਖ ਮੰਤਰੀ ਬਾਦਲ

ਨਵਜੋਤ ਕੌਰ ਸਿੱਧੂ ਦਾ ਰੋਹ ਨਿਰਾਧਾਰ ਅਤੇ ਅਣਉਚਿਤ
ਦੀਨਾਨਗਰ ਅੱਤਵਾਦੀ ਹਮਲੇ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਨੂੰ ਨਕਾਰਿਆ
*ਡੇਰਿਆਂ ਅਤੇ ਢਾਣੀਆਂ ’ਤੇ ਹਰੇਕ ਘਰ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਐਲਾਨ
ਈਸੜੂ (ਲੁਧਿਆਣਾ), 16 ਅਗਸਤ (ਪੰਜਾਬ ਸਕਰੀਨ ਬਿਊਰੋ):
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਕੈਪਟਨ ਨੂੰ ਲੋਕਾਂ ਅਤੇ ਸਮੇਂ ਨੇ ਨਕਾਰ ਦਿੱਤਾ ਹੈ ਅਤੇ ਉਸਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਨੂੰ ਚੋਣਾਂ ਵਿੱਚ ਲਗਾਤਾਰ ਦੋ ਵਾਰ ਹਾਰ ਦਾ ਮੂੰਹ ਦੇਖਣਾ ਪਿਆ ਹੈ। 
ਪਿੰਡ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਰਾਜਸੀ ਲੋਕਾਂ ਵਿੱਚ ਸ਼ਿਸ਼ਟਾਚਾਰ ਦਾ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ। ਪਰ ਬਦਕਿਸਮਤੀ ਨਾਲ ਕੈਪਟਨ ਅਮਰਿੰਦਰ ਸਿੰਘ ਵਿੱਚ ਇਸ ਦੀ ਕਮੀ ਹੈ। ਉਨ੍ਹਾਂ ਕਿਹਾ ਕੈਪਟਨ ਦੀ ਗੁੰਮਰਾਹਕੁੰਨ ਅਤੇ ਨਿਰਾਧਾਰ ਬਿਆਨਬਾਜ਼ੀਆਂ ਦਾ ਆਮ ਲੋਕਾਂ ’ਤੇ ਕੋਈ ਅਸਰ ਨਹੀਂ ਹੁੰਦਾ ਹੈ। ਕੈਪਟਨ ਵੱਲੋਂ ਕੀਤੀ ਗਈ ਗਲਤ ਅਗਵਾਈ ਦੇ ਚੱਲਦਿਆਂ ਕਾਂਗਰਸ ਪਾਰਟੀ ਨੇ ਪਿਛਲੀਆਂ ਦੋ ਚੋਣਾਂ ਵਿੱਚ ਮੂੰਹ ਦੀ ਖਾਧੀ ਹੈ।
ਕੈਪਟਨ ਵੱਲੋਂ ਕੁਝ ਅਕਾਲੀ ਵਿਧਾਇਕਾਂ ਦੀ ਕਾਂਗਰਸ ਪਾਰਟੀ ਵਿੱਚ ਰਲੇਵੇਂ ਦੀ ਸੰਭਾਵਨਾ ਦੇ ਬਿਆਨ ਬਾਰੇ ਉਨ੍ਹਾਂ ਕਿਹਾ ਕਿ ਇਹ ਕੈਪਟਨ ਦੇ ਮਨ ਦੀ ਕਲਪਨਾ ਤੋਂ ਵਧ ਕੇ ਹੋਰ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਪਟਨ ਵੱਲੋਂ ਅਜਿਹੇ ਦਾਅਵੇ ਪਿਛਲੇ ਲੰਮੇ ਸਮੇਂ ਤੋਂ ਕੀਤੇ ਜਾ ਰਹੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਵੀ ਵਿਧਾਇਕ ਨੇ ਹਾਲੇ ਤੱਕ ਕਾਂਗਰਸ ’ਚ ਰਲੇਵਾਂ ਨਹੀਂ ਕੀਤਾ ਹੈ। ਕੈਪਟਨ ਨੂੰ ਅਜਿਹੇ ਝੂਠੇ ਦਾਅਵੇ ਕਰਨ ਦੀ ਆਦਤ ਹੈ ਪਰ ਇਨ੍ਹਾਂ ’ਤੇ ਕੋਈ ਵੀ ਯਕੀਨ ਨਹੀਂ ਕਰਦਾ। 
ਗੰਨਾ ਉਤਪਾਦਕਾਂ ਅਤੇ ਖੰਡ ਮਿੱਲ ਮਾਲਕਾਂ ਵਿੱਚ ਪੈਦਾ ਹੋਏ ਮਸਲਿਆਂ ਨੂੰ ਸੁਲਝਾਉਣ ਲਈ ਕੇਂਦਰ ਦੇ ਦਖ਼ਲ ਦੀ ਮੰਗ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਨਿਪਟਾਉਣ ਲਈ ਸੂਬਾ ਸਰਕਾਰਾਂ ਕੋਲ ਬੜੇ ਘੱਟ ਵਸੀਲੇ ਹੁੰਦੇ ਹਨ, ਜਿਸ ਕਰਕੇ ਕੇਂਦਰ ਦੀ ਸਹਾਇਤਾ ਦੀ ਲੋੜ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਸ ਮਾਮਲੇ ਨੂੰ ਸੁਲਝਾਉਣ ਦੇ ਆਦੇਸ਼ ਦਿੱਤੇ ਹਨ, ਜਿਸ ’ਤੇ ਕਾਰਵਾਈ ਕਰਦਿਆਂ ਮਿੱਲ ਮਾਲਕਾਂ ਅਤੇ ਕਿਸਾਨਾਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਇਸ ਮਸਲੇ ਦਾ ਜਲਦ ਹੀ ਢੁੱਕਵਾਂ ਹੱਲ ਲੱਭ ਲਿਆ ਜਾਵੇਗਾ। 
ਭਾਜਪਾ ਦੀ ਮੁੱਖ ਸੰਸਦੀ ਸਕੱਤਰ ਸ਼੍ਰੀਮਤੀ ਨਵਜੋਤ ਕੌਰ ਸਿੱਧੂ ਵੱਲੋਂ ਸ਼ੁਰੂ ਕੀਤੇ ਗਏ ਮਰਨ ਵਰਤ ਬਾਰੇ ਪੁੱਛੇ ਜਾਣ ’ਤੇ ਸ੍ਰ. ਬਾਦਲ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੀਮਤੀ ਸਿੱਧੂ ਵੱਲੋਂ ਮਰਨ ਵਰਤ ਸ਼ੁਰੂ ਕਰਨ ਦਾ ਦਿਨ ਆਜ਼ਾਦੀ ਦਿਵਸ ਨੂੰ ਚੁਣਿਆ ਗਿਆ ਹੈ। ਉਨ੍ਹਾਂ ਸ਼੍ਰੀਮਤੀ ਸਿੱਧੂ ਨੂੰ ਆਪਣੀ ਧੀ ਦਾ ਦਰਜਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਸਿੱਧੂ ਦੇ ਹਲਕੇ ਵਿਕਾਸ ਲਈ ਦਿਲ ਖੋਲ੍ਹ ਕੇ ਫੰਡ ਮੁਹੱਈਆ ਕਰਵਾਏ ਹਨ। ਉਨ੍ਹਾਂ ਸ਼੍ਰੀਮਤੀ ਸਿੱਧੂ ਵੱਲੋਂ ਇਸ ਪਾਵਨ ਦਿਵਸ ’ਤੇ ਆਪਣਾ ਰੋਹ ਸ਼ੁਰੂ ਕਰਨ ਦੇ ਤਰੀਕੇ ਨੂੰ ਨਿਰਾਧਾਰ ਅਤੇ ਅਣਉਚਿਤ ਦੱਸਿਆ। 
ਸ਼੍ਰੀਮਤੀ ਸਿੱਧੂ ਵੱਲੋਂ ਅਕਾਲੀ ਭਾਜਪਾ ਗਠਜੋੜ ਬਾਰੇ ਦਿੱਤੇ ਗਏ ਬਿਆਨ ਬਾਰੇ ਪੁੱਛੇ ਜਾਣ ’ਤੇ ਸ੍ਰ. ਬਾਦਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿੱਚ ਗਠਜੋੜ ਮਜ਼ਬੂਤ ਅਤੇ ਚਿਰ ਸਥਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੀਮਤੀ ਸਿੱਧੂ ਦੇ ਬਿਆਨਾਂ ਬਾਰੇ ਅਗਲਾ ਫੈਸਲਾ ਭਾਜਪਾ ਨੇ ਲੈਣਾ ਹੈ। ਬੀਤੇ ਦਿਨੀਂ ਹੋਏ ਦੀਨਾਨਗਰ ਅੱਤਵਾਦੀ ਹਮਲੇ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਾਏ ਜਾਣ ਦੀ ਲੋੜ ਨੂੰ ਸਿਰੇ ਤੋਂ ਨਕਾਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਤਹਿ ਤੱਕ ਜਾਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਨੂੰ ਨਾਕਾਮ ਕਰਨ ਵਿੱਚ ਪੰਜਾਬ ਪੁਲਿਸ ਵੱਲੋਂ ਦਿਖਾਈ ਗਈ ਦਲੇਰੀ ਦੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ  ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਵੀ ਸ਼ਲਾਘਾ ਕੀਤੀ ਹੈ।
ਇਸ ਤੋਂ ਪਹਿਲਾਂ ਸ਼ਹੀਦ ਕਰਨੈਲ ਸਿੰਘ ਦੇ ਸ਼ਹੀਦੀ ਦਿਹਾੜੇ ਸੰਬੰਧੀ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਬਾਦਲ ਨੇ ਪੰਜਾਬੀਆਂ ਨੂੰ ਕੁਰਬਾਨੀ ਦਾ ਜਜ਼ਬਾ ਸਿੱਖ ਗੁਰੂਆਂ ਤੋਂ ਵਿਰਸੇ ਵਿੱਚ ਮਿਲਿਆ ਹੈ ਅਤੇ ਪੰਜਾਬੀਆਂ ਨੇ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਕੁੱਲ ਆਬਾਦੀ ਵਿੱਚ ਪੰਜਾਬੀਆਂ ਦੀ ਗਿਣਤੀ ਮਹਿਜ਼ ਦੋ ਫੀਸਦੀ ਹੋਣ ਦੇ ਬਾਵਜੂਦ ਪੰਜਾਬੀਆਂ ਵੱਲੋਂ ਦੇਸ਼ ਲਈ ਕੀਤੀਆਂ ਕੁਰਬਾਨੀਆਂ, ਕੈਦਾਂ ਅਤੇ ਘੋਰ ਸਜ਼ਾਵਾਂ ਕਿਤੇ ਜਿਆਦਾ ਹਨ। ਦੇਸ਼ ਨੂੰ ਆਜ਼ਾਦ ਕਰਾਉਣ ਲਈ ਚੱਲੀਆਂ ਕਈਆਂ ਲਹਿਰਾਂ ਦੀ ਅਗਵਾਈ ਪੰਜਾਬੀਆਂ ਨੇ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ, ਸ਼ਹੀਦ ੳੂਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਲਾਲਾ ਲਾਜਪਤ ਰਾਏ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਪਾਏ ਬੇਮਿਸਾਲ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਯੋਗਦਾਨ ਸਾਡੇ ਅੱਜ ਦੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਦਾ ਵਿਕਾਸ ਕਰਨ ’ਚ ਸਹਾਈ ਸਿੱਧ ਹੋਵੇਗਾ। 
ਆਪਣੇ ਸੰਬੋਧਨ ਦੌਰਾਨ ਸ੍ਰ. ਬਾਦਲ ਨੇ ਐਲਾਨ ਕੀਤਾ ਕਿ ਜਲਦ ਹੀ ਡੇਰਿਆਂ ਅਤੇ ਢਾਣੀਆਂ ’ਤੇ ਵੱਸਦੇ ਹਰੇਕ ਘਰ ਨੂੰ 24 ਘੰਟੇ ਨਿਰਵਿਘਨ ਸਪਲਾਈ ਦਿੱਤੀ ਜਾਵੇਗੀ। ਸ੍ਰ. ਬਾਦਲ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਅਤੇ ਪੁਰਾਤਨ ਵਿਰਸੇ ਨੂੰ ਸੰਭਾਲਣ ਲਈ ਕੀਤੇ ਜਾ ਰਹੇ ਯਤਨਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ  ਦੇ ਦਿਹਾਤੀ ਖੇਤਰਾਂ ’ਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ 1700 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਦਿਹਾਤੀ ਖੇਤਰ ਦੇ ਲੋਕਾਂ ਨੂੰ ਬੁਨਿਆਦੀ ਲੋੜਾਂ ਮੁਹੱਈਆ ਕਰਵਾਉਣ ਲਈ ਕਈ ਵੱਡੇ ਕਦਮ ਉਠਾਏ ਗਏ ਹਨ। 
ਇਸ ਤੋਂ ਪਹਿਲਾਂ ਸ੍ਰ. ਬਾਦਲ ਨੇ ਸ਼ਹੀਦ ਕਰਨੈਲ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ੍ਰ. ਤੋਤਾ ਸਿੰਘ, ਲੋਕ ਸਭਾ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਕੇਂਦਰੀ ਮੰਤਰੀ ਸ੍ਰ. ਬਲਵੰਤ ਸਿੰਘ ਰਾਮੂੰਵਾਲੀਆ, ਸਾਬਕਾ ਵਿਧਾਇਕ ਸ੍ਰ. ਰਣਜੀਤ ਸਿੰਘ ਤਲਵੰਡੀ, ਅਧੀਨ ਸੇਵਾਵਾਂ ਬੋਰਡ ਪੰਜਾਬ ਦੇ ਚੇਅਰਮੈਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸ੍ਰ. ਬਲਵੀਰ ਸਿੰਘ ਰਾਜੇਵਾਲ, ਸਾਬਕਾ ਵਿਧਾਇਕ ਸ੍ਰ. ਜਗਜੀਵਨ ਸਿੰਘ ਖੀਰਨੀਆਂ ਅਤੇ ਹੋਰ ਕਈ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਖੰਨਾ ਸ੍ਰ. ਗੁਰਪ੍ਰੀਤ ਸਿੰਘ ਗਿੱਲ ਤੋਂ ਇਲਾਵਾ ਕਈ ਉੱਚ ਅਧਿਕਾਰੀ ਅਤੇ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।

No comments: