Wednesday, October 31, 2018

ਰਾਸ਼ਟਰੀ ਏਕਤਾ ਦਿਵਸ ਮੌਕੇ 'ਰਨ ਫਾਰ ਯੂਨਿਟੀ' ਦਾ ਆਯੋਜਨ


ਸੈਂਕੜੇ ਸ਼ਹਿਰਵਾਸੀਆਂ ਨੇ ਲਿਆ ਦੌੜ ਵਿੱਚ ਹਿੱਸਾ
ਸਾਨੂੰ ਆਪਸੀ ਏਕਤਾ ਅਤੇ ਆਖੰਡਤਾ ਨੂੰ ਬਰਕਰਾਰ ਰੱਖਣ ਲਈ ਯਤਨ ਕਰਨਾ ਚਾਹੀਦਾ-ADCP ਸੁਰਿੰਦਰ ਲਾਂਬਾ

ਲੁਧਿਆਣਾ: 31 ਅਕਤੂਬਰ 2018: (ਐਮ ਐਸ ਭਾਟੀਆ//ਪੰਜਾਬ ਸਕਰੀਨ)::
ਦੇਸ਼ ਦੀ ਅਜ਼ਾਦੀ, ਏਕਤਾ ਅਤੇ ਆਖੰਡਤਾ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਅਤੇ ਦੇਸ਼ ਦੇ ਪਹਿਲੇ ਉੱਪ ਪ੍ਰਧਾਨ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਅੱਜ ਸਾਰੇ ਦੇਸ਼ ਵਿੱਚ 'ਰਾਸ਼ਟਰੀ ਏਕਤਾ ਦਿਵਸ' ਵਜੋਂ ਮਨਾਇਆ ਗਿਆ। ਇਸ ਸੰਬੰਧੀ ਸ਼ਹਿਰ ਵਿੱਚ ਇੱਕ ਦੌੜ 'ਰਨ ਫਾਰ ਯੂਨਿਟੀ' ਦਾ ਵੀ ਆਯੋਜਨ ਕੀਤਾ ਗਿਆ। ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਸੁਰਿੰਦਰ ਲਾਂਬਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਰੱਖੇ ਗਏ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਲਾਂਬਾ ਨੇ ਕਿਹਾ ਕਿ ਸਾਨੂੰ ਰਾਸ਼ਟਰ ਦੀ ਏਕਤਾ, ਆਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਆਪਣੇ ਆਪ ਨੂੰ ਸਮਰਪਿਤ ਕਰਨਾ ਚਾਹੀਦਾ ਹੈ ਅਤੇ ਆਪਣੇ ਦੇਸ਼ਵਾਸੀਆਂ ਵਿੱਚ ਇਹ ਸੰਦੇਸ਼ ਫੈਲਾਉਣ ਦਾ ਵੀ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ। ਇਸ ਮੌਕੇ ਉਹਨਾਂ ਸਰਦਾਰ ਵੱਲਭ ਭਾਈ ਪਟੇਲ ਦੀ ਸਖ਼ਸ਼ੀਅਤ ਅਤੇ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ।ਉਹਨਾਂ ਕਿਹਾ ਕਿ ਸਾਨੂੰ ਦੇਸ਼ ਦੀ ਅੰਦਰੂਨੀ ਸੁਰੱਖਿਆ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਦੇਸ਼ ਦੀ ਏਕਤਾ, ਇਕਸਾਰਤਾ ਅਤੇ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਵਾਲੀਆਂ ਤਾਕਤਾਂ ਨੂੰ ਠੱਲ ਪਾਉਣ ਲਈ ਯਤਨ ਕਰਨਾ ਚਾਹੀਦਾ ਹੈ।
ਸਟੇਡੀਅਮ ਤੋਂ ਸ਼ੁਰੂ ਹੋਈ 'ਰਨ ਫਾਰ ਯੂਨਿਟੀ' ਦੌੜ ਕਲੱਬ ਰੋਡ, ਫੁਹਾਰਾ ਚੌਕ, ਮਾਲ ਰੋਡ, ਭਾਰਤ ਨਗਰ ਚੌਕ, ਦੁਰਗਾ ਮਾਤਾ ਮੰਦਿਰ ਹੁੰਦੀ ਹੋਈ ਸਟੇਡੀਅਮ ਵਿਖੇ ਸਮਾਪਤ ਹੋਈ। ਜਿਸ ਵਿੱਚ 500 ਤੋਂ ਵਧੇਰੇ ਖ਼ਿਡਾਰੀਆਂ, ਬੱਚਿਆਂ ਅਤੇ ਸ਼ਹਿਰ ਵਾਸੀਆਂ ਨੇ ਭਾਗ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜ) ਸ੍ਰ. ਅਮਰਿੰਦਰ ਸਿੰਘ ਮੱਲ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸ੍ਰ. ਰਤਨ ਸਿੰਘ ਬਰਾੜ, ਜ਼ਿਲਾ ਖੇਡ ਅਫ਼ਸਰ ਸ੍ਰ. ਰਵਿੰਦਰ
ਸਿੰਘ, ਜ਼ਿਲਾ ਲੋਕ ਸੰਪਰਕ ਅਫਸਰ ਸ੍ਰੀ ਪ੍ਰਭਦੀਪ ਸਿੰਘ ਨੱਥੋਵਾਲ, ਸਾਈ ਕੇਂਦਰ ਤੋਂ ਸ੍ਰ. ਹਰਬੰਸ ਸਿੰਘ ਅਤੇ ਹੋਰ ਅਧਿਕਾਰੀ ਤੇ ਆਮ ਲੋਕ ਹਾਜ਼ਰ ਸਨ।

No comments: