Wednesday, December 14, 2011

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਬਾਦਲ ਦਾ ਸਪਸ਼ਟ ਐਲਾਨ

ਟਿਕਟਾਂ ਦੀ ਵੰਡ ਵੇਲੇ ਕਸੌਟੀ ਹੋਵੇਗੀ  
ਉਮੀਦਵਾਰ ਦੀ ਜਿੱਤਣ-ਸਮਰੱਥਾ,ਵਫ਼ਾਦਾਰੀ ਅਤੇ ਪਾਰਟੀ ਪ੍ਰਤੀ ਸੇਵਾਵਾਂ 
*ਸਭ ਤੋਂ ਵੱਧ ਵੋਟਾਂ ਲੈਣ ਵਾਲੇ ਵਿਧਾਇਕ ਨੂੰ ਮਿਲੇਗਾ ਸੋਨ ਤਮਗੇ ਦਾ ਸਨਮਾਨ 
*ਖੇਤੀਬਾੜੀ ਅਤੇ ਸਨਅਤ ਦੀ ਬਰਬਾਦੀ ਲਈ ਠਹਿਰਾਇਆ ਯੂ.ਪੀ.ਏ. ਸਰਕਾਰ ਨੂੰ ਜ਼ਿੰਮੇਵਾਰ 
ਅੰਮ੍ਰਿਤਸਰ//13  ਦਸੰਬਰ//ਗਜਿੰਦਰ ਸਿੰਘ ਕਿੰਗ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਇਛੁੱਕ ਉਮੀਦਵਾਰਾਂ ਨੂੰ ਜਿੱਤਣ ਦੀ ਸਮਰੱਥਾ, ਪਾਰਟੀ ਪ੍ਰਤੀ ਯੋਗਦਾਨ ਤੇ ਵਫ਼ਾਦਾਰੀ ਨੂੰ ਧਿਆਨ ਵਿੱਚ ਰੱਖ ਕੇ ਹੀ ਟਿਕਟਾਂ ਦੀ ਵੰਡ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਸਭ ਤੋਂ ਵੱਧ ਵੋਟਾਂ ਨਾਲ ਜਿੱਤਣ ਵਾਲੇ ਪਾਰਟੀ ਵਿਧਾਇਕ ਨੂੰ 'ਗੋਲਡ ਮੈਡਲ' ਨਾਲ ਸਨਮਾਨਿਤ ਕਰਨ ਦੇ ਨਾਲ-ਨਾਲ ਉਸ ਦੇ ਹਲਕੇ ਲਈ ਵਿਸ਼ੇਸ਼ ਵਿਕਾਸਮਈ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ।
     ਅੱਜ ਇੱਥੇ ਵਿਧਾਨ ਸਭਾ ਹਲਕਾ ਅਟਾਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਲਾਮਿਸਾਲ ਰੈਲੀ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਸ. ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੀਨੀਅਰ ਨੇਤਾਵਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਪਿੱਛੋਂ ਇਕ ਮਹੀਨੇ ਦੇ ਵਿੱਚ-ਵਿੱਚ ਟਿਕਟਾਂ ਦੀ ਵੰਡ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਾ ਅਟੁੱਟ ਰਿਸ਼ਤਾ ਹੈ ਅਤੇ ਜੇਕਰ ਕਿਧਰੇ ਵਿਧਾਨ ਸਭਾ ਹਲਕਿਆਂ ਵਿੱਚ ਤਬਦੀਲੀ ਦੀ ਲੋੜ ਹੋਈ ਤਾਂ ਆਪਸੀ ਸਹਿਮਤੀ ਨਾਲ ਵਟਾਂਦਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ,'' ਸੀਟਾਂ ਦੀ ਸਾਂਝੇਦਾਰੀ ਦਾ ਮਾਮਲਾ ਦੋਵਾਂ ਪਾਰਟੀਆਂ ਦੇ ਨੇਤਾ ਡੂੰਘਾਈ ਨਾਲ ਵਿਚਾਰਨਗੇ।''
     ਸ਼ਹਿਰਾਂ ਦੇ ਵਿਕਾਸ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਰਾਜ ਵਿੱਚ ਸ਼ਹਿਰ ਵਾਸੀਆਂ ਨੂੰ ਸੀਵਰੇਜ, ਜਲ ਸਪਲਾਈ, ਸਟਰੀਟ ਲਾਈਟਾਂ ਆਦਿ ਸਹੂਲਤਾਂ ਮੁਹੱਈਆ ਕਰਵਾਉਣ ਲਈ ਚਾਰ ਹਜ਼ਾਰ ਕਰੋੜ ਰੁਪਏ ਖਰਚ ਕੀਤੇ ਹਨ।
ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਏਜੰਡੇ ਬਾਰੇ ਦੱਸਦਿਆਂ, ਸ. ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜ ਸਾਲਾਂ ਵਿੱਚ ਕੀਤੇ ਲਾਮਿਸਾਲ ਵਿਕਾਸ, ਖੁਸ਼ਹਾਲੀ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੇ ਮੁੱਦੇ ਨੂੰ ਲੈ ਕੇ ਵੋਟਾਂ ਮੰਗੀਆਂ ਜਾਣਗੀਆਂ।
     ਇਸ ਤੋਂ ਮਗਰੋਂ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੀ ਦੁਸ਼ਮਣ ਜਮਾਤ ਕਾਂਗਰਸ ਦਾ ਮੁਕੰਮਲ ਸਫਾਇਆ ਕਰਕੇ ਮੁੜ ਅਕਾਲੀ-ਭਾਜਪਾ ਸਰਕਾਰ ਕਾਇਮ ਕੀਤੀ ਜਾਵੇ ਤਾਂ ਜੋ ਵਿਕਾਸ ਦੀ ਗਤੀ ਨੂੰ ਜਾਰੀ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਦੇ ਵੀ ਪੰਜਾਬ ਦਾ ਭਲਾ ਨਹੀਂ ਸੋਚ ਸਕਦੀ ਕਿਉਂਕਿ ਇਸ ਪਾਰਟੀ ਦੀ ਅਗਵਾਈ ਵਾਲੀਆਂ ਕੇਂਦਰ ਸਰਕਾਰਾਂ ਨੇ ਹਮੇਸ਼ਾ ਹੀ ਪੰਜਾਬ ਵਿਰੋਧੀਆਂ ਨੀਤੀਆਂ ਘੜ ਕੇ ਖੁਸ਼ਹਾਲ ਸੂਬੇ ਨੂੰ ਬਰਬਾਦੀ ਵੱਲ ਧੱਕਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਨੂੰ ਗੁਆਂਢੀ ਮੁਲਕਾਂ ਤੋਂ ਕੋਈ ਖਤਰਾ ਖੜ੍ਹਾ ਹੋਇਆ ਹੈ ਤਾਂ ਪੰਜਾਬ ਦੇ ਬਹਾਦਰ ਜਵਾਨਾਂ ਅਤੇ ਸਰਹੱਦੀ ਖੇਤਰ ਦੇ ਲੋਕਾਂ ਨੇ ਦੁਸ਼ਮਣਾਂ ਦਾ ਡਟ ਕੇ ਮੁਕਾਬਲਾ ਕੀਤਾ ਹੈ ਪਰ ਸਮੇਂ-ਸਮੇਂ ਦੀਆਂ ਕਾਂਗਰਸ ਸਰਕਾਰਾਂ ਨੇ ਪੰਜਾਬ ਨਾਲ ਪੈਰ-ਪੈਰ 'ਤੇ ਘੋਰ ਬੇਇਨਸਾਫੀ ਕੀਤੀ ਹੈ ਜੋ ਅੱਜ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਦੇਸ਼ 'ਤੇ ਲੰਮਾ ਸਮਾਂ ਕਾਂਗਰਸ ਨੇ ਰਾਜ ਕੀਤਾ ਹੈ ਪਰ ਮੁਲਕ ਵਿੱਚ ਅੱਜ ਵੀ ਘੋਰ ਗਰੀਬੀ, ਬੇਰੁਜ਼ਗਾਰੀ, ਅਨਪੜ੍ਹਤਾ ਅਤੇ ਮਹਿੰਗਾਈ ਜਿਹੀਆਂ ਅਲਾਮਤਾਂ ਜਿਉਂ ਦੀਆਂ ਤਿਉਂ ਸਿਰ ਚੁੱਕੀ ਖੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਰਾਜ ਤਾਂ ਮੁਗਲਾਂ ਅਤੇ ਅੰਗਰੇਜ਼ ਹਕੂਮਤਾਂ ਤੋਂ ਵੀ ਬਦਤਰ ਹੈ ਜਿੱਥੇ ਆਮ ਆਦਮੀ ਸਮੱਸਿਆਵਾਂ ਦੀ ਚੱਕੀ ਵਿੱਚ ਬੁਰੀ ਤਰ੍ਹਾਂ ਪਿਸ ਰਿਹਾ ਹੈ। ਸ. ਬਾਦਲ ਨੇ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਨੇ ਪੰਜਾਬੀਆਂ 'ਤੇ ਏਨੇ ਜ਼ੁਲਮ ਕੀਤੇ ਹਨ ਜਿਸ ਨੂੰ ਕਦੇ ਵੀ ਵਿਸਾਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ 'ਤੇ ਕੀਤਾ ਹਮਲਾ ਅਤੇ '84 ਦੇ ਸਿੱਖ ਕਤਲੇਆਮ ਦੌਰਾਨ ਸਿੱਖਾਂ ਨੂੰ ਦਿੱਤੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਜੋ ਕਾਂਗਰਸ ਦੀਆਂ ਪੰਜਾਬੀਆਂ ਖਿਲਾਫ਼ ਜ਼ਿਆਦਤੀਆਂ ਦੀ ਯਾਦ ਦਿਵਾਉਂਦੇ ਰਹਿਣਗੇ। ਸ. ਬਾਦਲ ਨੇ ਕਿਹਾ,'' ਅਸੀਂ ਕਾਂਗਰਸ ਸੱਤਾ ਦੌਰਾਨ ਪੰਜਾਬ ਨਾਲ ਹੋਈ ਧੱਕੇਸ਼ਾਹੀ ਨੂੰ ਕਦੇ ਵੀ ਭੁੱਲ ਨਹੀਂ ਸਕਦੇ। ਇਸ ਤੋਂ ਵੀ ਦੁਖਦਾਇਕ ਗੱਲ ਹੈ ਕਿ ਕਾਂਗਰਸ ਅੱਜ ਵੀ ਸਾਡੇ ਸਮਾਜਿਕ, ਸਿਆਸੀ ਅਤੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨ ਤੋਂ ਬਾਜ਼ ਨਹੀਂ ਆਉਂਦੀ।''
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਕਰਨ ਵਾਲੇ ਪੰਜਾਬ ਦੇ ਕਿਸਾਨ 30 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦੇ ਬੋਝ ਥੱਲੇ ਦੱਬੇ ਹੋਏ ਹਨ। ਇਨ੍ਹਾਂ ਨੀਤੀਆਂ ਕਾਰਨ ਹੀ ਖੇਤੀਬਾੜੀ ਅੱਜ ਘਾਟੇ ਵਾਲਾ ਧੰਦਾ ਬਣ ਗਈ ਹੈ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਮੁਸੀਬਤਾਂ ਵਿੱਚ ਡੁੱਬੀ ਕਿਸਾਨੀ ਦੀ ਬਾਂਹ ਫੜਦਿਆਂ ਉਨ੍ਹਾਂ ਨੂੰ ਖੇਤੀ ਟਿਊਬਵੈਲਾਂ ਦੇ ਬਿੱਲ ਮੁਆਫੀ ਦੀ ਛੋਟ ਦਿੱਤੀ ਹੋਈ ਹੈ ਜਿਸ ਨਾਲ ਕਿਸਾਨਾਂ ਨੂੰ 3800 ਕਰੋੜ ਰੁਪਏ ਦਾ ਵੱਡਾ ਫਾਇਦਾ ਹੋਇਆ ਹੈ।
ਰਾਜ ਵਿੱਚ ਸਨਅਤੀ ਖੇਤਰ ਦੀ ਮੰਦਹਾਲੀ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ, ਸ. ਬਾਦਲ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਗੁਆਂਢੀ ਰਾਜਾਂ ਨੂੰ ਸਨਅਤੀ ਖੇਤਰ ਵਿੱਚ ਵੱਡੀਆਂ ਛੋਟਾਂ ਦੇ ਕੇ ਰਾਜ ਨਾਲ ਵਿਤਕਰੇਬਾਜ਼ੀ ਕੀਤੀ ਹੈ ਜਿਸ ਨਾਲ ਰਾਜ ਦੀ ਸਨਅਤ ਨੂੰ ਵੱਡਾ ਧੱਕਾ ਲੱਗਾ ਹੈ।
     ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਇਸ ਗੱਲ ਦਾ ਫੈਸਲਾ ਕਰਨਗੀਆਂ ਕਿ ਰਾਜ ਦੇ ਲੋਕ ਅਕਾਲੀ-ਭਾਜਪਾ ਗੱਠਜੋੜ ਦੀ ਵਿਕਾਸ ਦੀ ਨੀਤੀ ਨੂੰ ਪਸੰਦ ਕਰਦੇ ਹਨ ਜਾਂ ਕਾਂਗਰਸ ਵੱਲੋਂ ਸਿਆਸੀ ਬਦਲਾਖੋਰੀ ਦੇ ਕੀਤੇ ਜਾ ਰਹੇ ਪ੍ਰਚਾਰ ਨੂੰ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਰਾਜ ਵਿੱਚ ਲਾਮਿਸਾਲ ਵਿਕਾਸ ਕਾਰਜਾਂ ਨੂੰ ਜਾਰੀ ਰੱਖਣ ਲਈ ਮੁੜ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿੱਚ ਫਤਵਾ ਦੇਣ। ਉਨ੍ਹਾਂ ਕਿਹਾ,''ਮੈਂ ਆਸ ਕਰਦਾ ਹਾਂ ਕਿ ਤੁਸੀਂ ਲੋਕ ਅਗਾਮੀ ਵਿਧਾਨ ਚੋਣਾਂ ਵਿੱਚ ਕਾਂਗਰਸ ਦਾ ਸਫਾਇਆ ਕਰ ਦਿਓਗੇ ਤਾਂ ਜੋ ਚੱਲ ਰਹੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ।''
ਸਾਬਕਾ ਕੇਂਦਰੀ ਮੰਤਰੀ ਤੇ ਅਕਾਲੀ ਆਗੂ ਸ੍ਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਦੇਸ਼ ਭਰ ਵਿੱਚ ਕਾਂਗਰਸ ਦੀਆਂ ਲੋਕ ਵਿਰੋਧੀਆਂ ਨੀਤੀਆਂ ਕਰਕੇ ਇਸ ਪਾਰਟੀ ਦੀ ਬੇੜੀ ਡੁੱਬ ਰਹੀ ਹੈ ਅਤੇ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਕਾਂਗਰਸ ਦਾ ਬਿਸਤਰਾ ਗੋਲ ਹੋ ਜਾਵੇਗਾ।
ਸੰਸਦ ਮੈਂਬਰ ਅਤੇ ਭਾਜਪਾ ਆਗੂ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੁਲਕਾਂ ਦੇ ਵੱਡੇ ਅਮੀਰ ਘਰਾਣਿਆਂ ਨੂੰ ਤਾਂ 5 ਲੱਖ 25 ਹਜ਼ਾਰ ਕਰੋੜ ਰੁਪਏ ਦੀ ਰਾਹਤ ਦੇ ਦਿੱਤੀ ਜਦਕਿ ਪੰਜਾਬ ਨੂੰ ਫੁੱਟੀ ਕੌਡੀ ਨਹੀਂ ਦਿੱਤੀ।
     ਇਸ ਮੌਕੇ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਾਣੀਕੇ ਨੇ ਹਲਕੇ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
     ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਵੀਰ ਸਿੰਘ ਲੋਪੋਕੇ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਮੈਂਬਰ ਅਤੇ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

No comments: