Tuesday, June 04, 2013

ਕਹਾਣੀ//ਪਹਿਲੀ ਤੋਂ ਅਗਲੀ ਝਾਕੀ//ਲਾਲ ਸਿੰਘ ਦਸੂਹਾ

.................ਆਪੇ ਤੋਂ ਬਾਹਰ ਹੋਈ ਵੱਡੀ ਕੁਰਸੀ ਨੂੰ ਆਪਣਾ ਸਿੰਘਾਸਣ ਹਿਲਦਾ ਜਾਪਦਾ ਹੈ । ਉਸ ਨੇ ਛੋਟੀਆਂ ਕੁਰਸੀਆਂ ਤੋਂ ਅਜਿਹੇ  ਵਾਹਿਯਾਤ ਫ਼ਰਸ਼ ਨੂੰ ਤਹਿਸ–ਨਹਿਸ ਕਰ ਦੇਣ ਦਾ ਸਮਰਥਨ ਮੰਗਿਆ ਹੈ ।................................................
 ਇਹ , ਗੁਸਤਾਖੀ ਨਹੀਂ ਸੱਚਾਈ ਹੈ , ਡਿਕਟੇਟਰ ਸਾਹਬ .........। ਫ਼ਰਸ਼ ਤੋਂ ਬਿਨਾਂ ਕੁਰਸੀਆਂ ਕਿੱਥੇ ਬੈਠਣਗੀਆਂ,ਕੰਧਾਂ ਕਿੱਥੇ ਖੜੀਆਂ ਹੋਣਗੀਆਂ ........,( ਇਸੇ ਕਹਾਣੀ ਵਿੱਚੋਂ )
ਪਰਦਾ ਉੱਠਿਆ ਹੈ । ਉੱਠਿਆ ਨਹੀਂ, ਸਰਕਿਆ ਹੈ । ਥੋੜਾ ਖੱਬੇ ਹੱਥ, ਬਹੁਤਾ ਸੱਜੇ ਹੱਥ । ਚਿੱਟੇ ਪੀਲੇ ਚਾਨਣ ਨਾਲ ਤੁੰਨਿਆ ਇਕ ਹਾਲ ਕਮਰਾ ਸਟੇਜ  ‘ਤੇ ਉਭਰਦਾ ਹੈ  । ਇਸ ਦੇ ਰੌਸ਼ਨਦਾਨਾਂ ,ਤਾਕੀਆਂ, ਅਲਮਾਰੀਆਂ, ਦਰਵਾਜ਼ਿਆਂ ਦੇ ਨਾਂ , ਭਗਤਾਂ ਦੇ ਦੇਸ਼-ਭਗਤਾਂ , ਯੋਧਿਆਂ-ਸੂਰਬੀਰਾਂ , ਇਤਿਹਾਸਾਂ-ਮਿਥਿਹਾਸਾਂ , ਧਰਮਾਂ-ਗ੍ਰੰਥਾਂ, ਰਾਜਿਆਂ-ਰਾਣਿਆਂ ਦੇ ਨਾਵਾਂ ਨਾਲ ਜੋੜ ਕੇ ਰੱਖੇ ਹੋਏ ਹਨ ।
ਹਾਲ ਕਮਰੇ ਦੇ ਉੱਚੇ ਥੜ੍ਹੇ ਤੇ ਬੈਠੀ ਵੱਡੀ ਕੁਰਸੀ ਕੁਝ ਬੋਲਣ ਲਈ ਆਪਣੀ ਢੋਅ ਤਣ ਲੈਂਦੀ ਹੈ ।
ਕਮਰੇ ਅੰਦਰ ਗੋਲ ਦਾਇਰੇ ਬਣਾਈ ਬੈਠੀਆਂ ਛੋਟੀਆਂ ਕੁਰਸੀਆਂ ਦੇ ਕੰਨ ਖੜੇ ਹੋ ਜਾਂਦੇ ਹਨ ।
 ਯਾਦ ਹੈ ਨਾ ਕਿ ਤੁਹਾਡੀ ਹੋਂਦ ਮੇਰੇ ਕਾਰਨ ਹੈ ?  ਵੱਡੀ ਆਖਦੀ ਹੈ ।
 ਜੀ ........ਈ ਮਾਈ ਬਾਪ , ਹਾਂ ....ਹਾਂ ਮਾਈ ਬਾਪ । 
 ਕਿਸੇ ਨੂੰ ਭੁਲੇਖਾ ਨਾ ਹੋਵੇ ਕਿ ਮੈਂ ਤੁਹਾਡੀ ਬਦੌਲਤ ਹਾਂ । 
 ਕੰਧਾਂ ਦੀ ਇਸ ਸਬੰਧੀ ਕੀ ਰਾਏ ਹੈ ? “ ਵੱਡੀ ਕੁਰਸੀ ਨੇ ਚਾਰੇ ਪਾਸੇ ਅੱਖਾਂ ਘੁਮਾਈਆਂ ਹਨ ।
ਪਿਛਲੀ ਕੰਧ ਨੇ ਹੱਥਾਂ ਚ ਸਾਂਭੇ ਚੋਰ ਸਮੇਤ ਕੁਰਸੀ ਸਾਹਮਣੇ ਹੋ ਕੇ ਡੰਡੌਤ ਕੀਤੀ ਹੈ, ਬੋਲੀ ਕੁਝ ਨਹੀਂ । ਸਾਹਮਣੀ ਕੰਧ ਨੇ ਚਾਰ ਕਦਮ ਅੱਗੇ ਵੱਧ ਕੇ ਸਲੂਟ ਮਾਰਿਆ ਹੈ ,ਬੋਲੀ ਕੁਝ ਨਹੀਂ । ਸੱਜੇ –ਪਾਸੇ ਵਾਲੀਆਂ ਦੋਨੋਂ ਕੰਧਾਂ ਨੇ ਦੋ-ਦੋ ਕਦਮ ਖੱਬੇ-ਸੱਜੇ ਪੁਜ਼ੀਸ਼ਨਾਂ ਲੈ ਕੇ ਇਕੱਠਿਆਂ ਸਲੂਟ ਮਾਰਿਆ ਹੈ , ਬੋਲੀਆਂ ਉਹ ਵੀ ਕੁਝ ਨਹੀਂ ।
ਵੱਡੀ ਕੁਰਸੀ ਦੇ ਚਿਹਰੇ ਉਤੇ ਮਸ਼ਕਰੀ ਭਰੀ ਮੁਸਕਾਨ ਤਣ ਗਈ ਹੈ । .....ਹੌਲੇ ਜਿਹੇ ਪੈੱਨ ਵਾਲਾ ਹੱਥ ਕਾਪੀ ਤੋਂ ਉੱਪਰ ਉੱਠਾ , ਅਸ਼ੀਰਵਾਦ ਦੀ ਮੁਦਰਾ ਵਜੋਂ ਹਵਾ ਵਿੱਚ ਹਿਲਾਇਆ ਹੈ ।
ਕੰਧਾਂ ਨੇ ਸਲੂਟ ਲਈ ਚੁੱਕਿਆ ਇਕ-ਇਕ ਹੱਥ ਦੂਜੇ ਮੋਢੇ ਤੇ ਧਰੇ ਹਥਿਆਰਾਂ ਦੇ ਬੱਟ ਤੇ ਮਾਰ ਕੇ ਨੀਵਾਂ ਕੀਤਾ ਹੈ ਅਤੇ ਅਪਣੀ ਥਾਂ ਸਿਰ ਚਲੀਆਂ ਗਈਆਂ ਹਨ ।
 ਦਰਵਾਜ਼ੇ-ਖਿੜਕੀਆਂ ਦਾ ਕੀ ਵਿਚਾਰ ਹੈ ?  ਵੱਡੀ ਕੁਰਸੀ ਦੇ ਚਿਹਰੇ ਤੇ ਫਿਰ ਗੰਭੀਰਤਾ ਦੀ ਛਾਂ ਹੋ ਗਈ ।ਦਰਵਾਜ਼ੇ-ਖਿੜਕੀਆਂ ਨੂੰ ਜਿਵੇਂ ਕੁਝ ਵੀ ਨਾ ਸੁਣਿਆ ਹੋਵੇ ।
ਵੱਡੀ ਕੁਰਸੀ ਦੇ ਬੋਲ ਫਿਰ ਕੜਕੇ ਹਨ ।
ਹਵਾ ਦਾ ਇਕ ਠੰਡਾ-ਠਾਰ ਫ਼ਰਾਟਾ ਹਾਲ ਕਮਰੇ ਅੰਦਰ ਲੰਘ ਆਉਂਦਾ ਹੈ , ਪਰ ਹਰ ਦਰਵਾਜ਼ਾ ਬਾਹਰ ਵਲ ਮੂੰਹ ਕੀਤੀ ਆਪਣੀ ਆਪਣੀ ਥਾਂ ਖੜਾ ਰਹਿੰਦਾ ਹੈ ।
 ਵੱਡੀ ਕੁਰਸੀ ਦਾ ਧਿਆਨ ਛੱਤ ਵਲ ਜਾਂਦਾ ਹੈ ।
ਛੱਤ, ਹੱਸ ਛੱਡਦੀ ਹੈ ।
ਵੱਡੀ ਕੁਰਸੀ ਦੇ ਚਿਹਰੇ ਤੇ ਤਿਊੜੀਆਂ ਉਭਰ ਆਉਂਦੀਆਂ ਹਨ ਅਤੇ ਉਹ ਫ਼ਰਸ਼ ਵਲ ਦੇਖਣ ਲੱਗਦੀ ਹੈ ।
ਕੁਰਸੀਆਂ ਦੇ ਪੈਰਾਂ ਨੂੰ ਲੱਗੀਆਂ ਖੁਰੀਆਂ ਦੀ ਚੌਭ ਕਾਰਨ ਸੁੱਤੇ ਹੋਏ ਫ਼ਰਸ਼ ਨੇ ਅੱਖਾਂ ਪੁਟੀਆਂ ਹਨ- ਪਾਸਾ ਪਰਤਿਆ ਹੈ । ਆਕੜ ਭੰਨ ਕੇ ਉਹਨੇ ਆਲਸ ਤੋੜੀ ਹੈ ਅਤੇ ਖਿਲਰੀ ਜੁੱਲੀ ਦੀ ਬੁੱਕਲ ਮਾਰ ਕੇ ਬੈਠ ਜਾਂਦਾ ਹੈ । ਨੀਦੋਂ –ਜਾਗੇ ਫ਼ਰਸ਼ ਦੀਆਂ ਅੱਖਾਂ ਅੰਦਰ ਲਾਲ-ਲਾਲ ਡੋਰੇ ਦੇਖ ਕੇ ਵੱਡੀ ਕੁਰਸੀ ਅਵਾ-ਤਵਾ ਬੋਲਦੀ , ਚੌਹਾਂ ਲੱਤਾਂ ਭਾਰ ਉੱਠ ਕੇ ਖੜੀ ਹੋ ਜਾਂਦੀ ਹੈ ।
ਚੀਥੜੇ ਜਿਹੀ ਜੁੱਲੀ ਦੀ ਢੋਅ ਲਾਈ ਬੈਠਾ , ਕਾਲ-ਹਲੂਣਾ ,ਚਿੱਥ-ਖੜਿਬਾ ਫ਼ਰਸ਼,ਸਿਓ ਰੰਗੀ ਕੁਰਸੀ ਦੇ ਗੋਲ-ਮਟੋਲ ਚਿਹਰੇ ਤੇ ਬੀੜੀਆਂ ਬਿੱਲੀਆਂ ਅੱਖਾਂ ਵਿਚੋਂ ਚੌ ਕੇ ਸ਼ਰਬਤੀ ਰੰਗ ਨੂੰ ਦੇਖਦਾ ਰਹਿੰਦਾ ਹੈ ........ਦੇਖਦਾ ਰਹਿੰਦਾ ਹੈ ।
ਬੇ-ਆਰਾਮ ਹੋਈ ਕੁਰਸੀ ਤਲਮਲਾ ਜਾਂਦੀ ਹੈ ਤੇ ਅਕਾਰਨ ਹੀ ਪਾਸੇ ਮਾਰਨ ਲੱਗਦੀ ਹੈ ।
ਫ਼ਰਸ਼ ਦੀ ਤਾੜਵੀਂ ਨਿਗਾਹ ਕੁਰਸੀ ਦੇ ਚਿਹਰੇ ਤੇ ਉਵੇਂ ਦੀ ਉਵੇਂ ਹੀ ਟਿਕੀ ਰਹਿੰਦੀ ਹੈ ........ਟਿਕੀ ਰਹਿੰਦੀ ਹੈ ।
 ਇਹ ਕੀ ਬਕਵਾਸ ਹੈ ?  ਆਖਿਰ ਕੁਰਸੀ ਤੋਂ ਰਿਹਾ ਨਹੀਂ ਜਾਂਦਾ ।
ਫ਼ਰਸ਼ ਤੇ ਕੋਈ ਅਸਰ ਨਹੀਂ ਹੁੰਦਾ ।
ਆਪੇ ਤੋਂ ਬਾਹਰ ਹੋਈ ਵੱਡੀ ਕੁਰਸੀ ਨੂੰ ਆਪਣਾ ਸਿੰਘਾਸਣ ਹਿਲਦਾ ਜਾਪਦਾ ਹੈ । ਉਸ ਨੇ ਛੋਟੀਆਂ ਕੁਰਸੀਆਂ ਤੋਂ ਅਜਿਹੇ ਵਾਹਿਯਾਤ  ਫ਼ਰਸ਼ ਨੂੰ ਤਹਿਸ –ਨਹਿਸ ਕਰ ਦੇਣ ਦਾ ਸਮਰਥਨ ਮੰਗਿਆ ਹੈ ।
ਛੋਟੀਆਂ ਕੁਰਸੀਆਂ ਨੇ ਦੋਨੋਂ-ਦੋਨੋਂ ਬਾਹਾਂ ਖੜ੍ਹੀਆਂ ਕਰ ਕੇ ਪਰਸਤਾਵ ਪਾਸ ਕਰ ਦਿੱਤਾ ਹੈ , ਪਰ ........ਪਰ ਪੰਜ-ਚਾਰ ਕੁਰਸੀਆਂ ਬਾਹਾਂ ਖੜੀਆਂ ਕਰਨ ਦੀ ਥਾਂ ਆਪ ਖੜੀਆਂ ਹੋ ਗਈਆਂ ਹਨ ।
ਵੱਡੀ ਕੁਰਸੀ ਦਾ ਨਜ਼ਲਾ ਫ਼ਰਸ਼ ਤੋਂ ਹਟ ਕੇ ਖੜੀਆਂ ਕੁਰਸੀਆਂ ਤੇ ਡਿੱਗਦਾ ਹੈ ।
ਇੰਝ ਸਾਹਮਣੇ ਹੋਣਾ ਹੁਕਮ-ਅਦੂਲੀ ਹੈ । 
 ਨਹੀਂ ..........ਮਾਈ-ਬਾਪ , ਸਾਡੀ ਰਾਏ.........।
 ਰਾਏ-ਵਾਏ ਕੁਛ ਨਹੀਂ, ਪਰਸਤਾਵ ਪਾਸ ਹੋ ਚੁੱਕਾ ਹੈ । 
ਸਾਡੀ ਗੱਲ ਤਾਂ ਸੁਣ ਲਈ ਜਾਏ ,  ਖੜੀਆਂ-ਕੁਰਸੀਆਂ ਇਕੱਠੀਆਂ ਬੌਲੀਆਂ ਹਨ ।
 ਮੇਰੇ ਕੰਨ ਗੁਸਤਾਖ ਗੱਲਾਂ ਸੁਣਨ ਦੇ ਆਦੀ ਨਹੀਂ । 
 ਇਹ , ਗੁਸਤਾਖੀ ਨਹੀਂ ਸੱਚਾਈ ਹੈ , ਡਿਕਟੇਟਰ ਸਾਹਬ .........। ਫ਼ਰਸ਼ ਤੋਂ ਬਿਨਾਂ ਕੁਰਸੀਆਂ ਕਿੱਥੇ ਬੈਠਣਗੀਆਂ,ਕੰਧਾਂ ਕਿੱਥੇ ਖੜੀਆਂ ਹੋਣਗੀਆਂ ........,
ਸ਼ਬਦ ਡਿਕਟੇਟਰ  ਸੁਣ ਕੇ ਵੱਡੀ ਕੁਰਸੀ ਨੂੰ ਜਿਵੇਂ ਅੱਗ ਈ ਲੱਗ ਗਈ ਹੋਵੇ । ਖੜੀਆਂ ਕੁਰਸੀਆਂ ਦੀ ਗੱਲ ਦਾ ਬਾਕੀ ਹਿੱਸਾ , ਵੱਡੀ ਕੁਰਸੀ ਦੇ ਕੰਨਾਂ ਤਕ ਪਹੁੰਚਣ ਤੋਂ ਪਹਿਲਾਂ ਹੀ , ਉਸ ਦੇ ਮੂੰਹ ਚੋਂ ਉੱਗਲ ਹੁੰਦੀ ਅੱਗ ਵਿੱਚ ਭਸਮ ਹੋ ਗਿਆ ਹੈ ।
ਅੱਗ ਭਬੂਕਾ ਹੋਈ ਵੱਡੀ ਕੁਰਸੀ ਨੇ ਖੜੀਆਂ ਕੁਰਸੀਆਂ ਨੂੰ ਢਹਿ-ਢੇਰੀ ਕਰਨ ਦਾ ਹੁਕਮ ਚਾੜ੍ਹ ਦਿੱਤਾ ।
ਪਿਛਲੀ ਅਤੇ ਸਾਹਮਣਲੀ ਕੰਧ ਨੇ ਲਾਠੀਆਂ ਮਾਰ-ਮਾਰ ਖੜੀਆਂ ਕੁਰਸੀਆਂ ਨੂੰ ਫ਼ਰਸ਼ ਤੇ ਵਿਛਾ ਦਿੱਤਾ ਹੈ ।
ਵੱਡੀ ਕੁਰਸੀ ਨੇ ਫ਼ਸਾਦ ਦੀ ਜੜ੍ਹ  ਫ਼ਰਸ਼ ਨੂੰ ਬੰਦੇ ਦਾ ਪੁੱਤ  ਬਣਾਉਣ ਦਾ ਹੁਕਮ ਦਿੱਤਾ ਹੈ ।
ਪਿਛਲੀ ਅਤੇ ਸਾਹਮਣਲੀ ਕੰਧ ਨੇ ਲਾਠੀਆਂ ਦੀ ਥਾਂ ਅਥਰੂ-ਗੈਸ,ਪਸਤੌਲਾਂ,ਰਾਈਫ਼ਲਾਂ,ਕਾਰਬਾਈਨਾਂ ,ਸਟੇਨ ਗੱਨਾਂ , ਬਰੈਨਗੱਲਾਂ ਦੀ ਵਰਤੋਂ ਕੀਤੀ ਹੈ ।
ਜ਼ਖਮੀ ਹੋਏ  ਫ਼ਰਸ਼ ਦੀਆਂ ਅੱਖਾਂ ਵਿਚਲੇ ਲਾਲ ਡੋਰੇ ਹੋਰ ਸੰਘਣੇ ਹੋ ਗਏ ਹਨ ਅਤੇ ਸਮਾਧੀ ਹੋਰ ਸਥਿਰ ।
ਵੱਡੀ ਕੁਰਸੀ ਨੇ , ਫ਼ਰਸ਼ ਦੀਆਂ ਹਾਲੀਂ ਤੱਕ ਦੇਖੀ ਜਾਣ ਦੀ ਸਮਰੱਥਾ ਰੱਖਣ ਯੋਗ ਅੱਖਾਂ ਅੰਦਰ ਬਾਰੂਦ ਦਾ ਹੋਰ ਧੂੰਆਂ ਭਰਨ ਲਈ , ਤਿਆਰ-ਬਰ-ਤਿਆਰ ਖੜੀਆਂ ਦੂਜੀਆਂ ਕੰਧਾਂ ਨੂੰ ਵੀ ਇਸ਼ਾਰਾ ਕੀਤਾ ਹੈ ।
ਅੱਧੇ ਛਿੰਨ ਅੰਦਰ ਦੋਨੋਂ ਕੰਧਾਂ ਨੇ ਫਾਇਰ-ਦੀ-ਪੁਜ਼ੀਸਨ  ਲਈ ਆਪਣਾ ਇਕ-ਇਕ ਗੋਡਾ ਟੇਕਿਆ ਹੀ ਹੈ ਕਿ.........ਕਿ.........ਕਿ ਉਹਨਾਂ ਆਸਰੇ ਖੜੀ ਛੱਤ ਵੀ ਖਿਸਕਣ ਲੱਗਦੀ ਹੈ ,ਡੋਲ ਜਾਂਦੀ ਹੈ ।
ਭੈ-ਭੀਤ ਹੋਈ ਵੱਡੀ ਕੁਰਸੀ ,ਡਿਗਣ ਲੱਗੀ ਛੱਤ ਵਿੱਚੋਂ ਆਪਣਾ ਆਪ ਬਚਾਉਣ ਲਈ ਦਰਵਾਜ਼ੇ ਵਲ ਦੌੜਦੀ ਹੈ .....ਤੇ ਰਵਾਂ-ਰਵੀਂ ਬਾਹਰ ਨਿਕਲ ਜਾਂਦੀ ਹੈ ।
ਹਾਲ ਕਮਰੇ ਅੰਦਰ ਬੈਠੀਆਂ ਛੋਟੀਆਂ ਕੁਰਸੀਆਂ ਫਿਕਰਮੰਦ ਹੋ ਗਈਆਂ ਹਨ ਅਤੇ ਐਕਸ਼ਨ  ਰੋਕ ਕੇ ਆਪਣੀ ਆਪਣੀ ਥਾਂ ਸਿਰ ਜਾ ਖੜੀਆਂ ਕੰਧਾਂ-ਪਰੇਸ਼ਾਨ ।
ਬਾਹਰ ਵਲ ਮੂੰਹ ਕੀਤੀ ਖੜਾ ਦਰਵਾਜ਼ਾ ,ਅਡੋਲ ਖੜਾ ਹੈ ।
ਹਵਾ ਦਾ ਇਕ ਠੰਡਾ-ਠਾਰ ਫਰਾਟਾ ਅੰਦਰ ਲੰਘ ਆਉਂਦਾ ਹੈ । ਅਤੇ ....ਅਤੇ ਲਹੂ-ਲੁਹਾਨ ਹੋਇਆ ਫ਼ਰਸ਼ ਜ਼ਖਮਾਂ ਚੋਂ ਰਿਸਦੀ ਪੀੜ ਨੂੰ ਭੁੱਲ ਕੇ ਵੀ , ਹੱਸਣ ਦਾ ਯਤਨ ਕਰਦਾ ਹੈ .........ਹੱਸਣ ਵਿੱਚ ਸਫ਼ਲ ਹੁੰਦਾ ਹੈ ........ਹੱਸਦਾ ਰਹਿੰਦਾ ਹੈ .......ਅਤੇ ਹੱਸਦਾ ..........ਹੀ..........ਰਹਿੰਦਾ ........ਹੈ ।..........
ਪਰਦਾ ।
----------------------------------
ਪਤਾ : ਲਾਲ ਸਿੰਘ ਦਸੂਹਾ
ਨੇੜੇ ਐਸ.ਡੀ.ਐਮ. ਕੋਰਟ,
ਜੀ.ਟੀ.ਰੋਡ ਦਸੂਹਾ(ਹੁਸ਼ਿਆਰਪੁਰ)
Mobile No : 094655-74866

No comments: