Sun, Oct 5, 2014 at 4:40 PM
2014-15 ਲਈ ਆਨਲਾਈਨ ਰਜਿਸਟ੍ਰੇਸ਼ਨ 'ਚ 35.28% ਦਾ ਵਾਧਾ
ਲੁਧਿਆਣਾ: 5 ਅਕਤੂਬਰ 2014:(ਰੈਕਟਰ ਕਥੂਰੀਆ//ਪੰਜਾਬ ਸਕਰੀਨ):
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਇਸ ਸਾਲ ਰਿਕਾਰਡ 2,95,344 ਵਿਦਿਆਰਥੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਗਈ ਹੈ। 30 ਸਤੰਬਰ ਨੂੰ ਆਨਲਾਈਨ ਰਜਿਸਟ੍ਰੇਸ਼ਨ ਦਾ ਆਖਰੀ ਦਿਨ ਸੀ।
ਇਕ ਪ੍ਰੈੱਸ ਨੋਟ ਰਾਹੀਂ ਜ਼ਿਆਦਾ ਜਾਣਕਾਰੀ ਦਿੰਦਿਆਂ ਭਲਾਈ ਮੰਤਰੀ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਸਾਲ 2014-15 ਲਈ ਆਨਲਾਈਨ ਰਜਿਸਟ੍ਰੇਸ਼ਨ ਵਿਚ 35.28 ਫੀਸਦੀ ਦਾ ਵਾਧਾ ਹੋਇਆ ਹੈ। ਪਿਛਲੇ ਸਾਲ ਦੇ 2,18,323 ਵਿਦਿਆਰਥੀਆਂ ਦੇ ਮੁਕਾਬਲੇ ਇਸ ਸਾਲ 2,95,344 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਆਸ਼ੀਰਵਾਦ ਪੋਰਟਲ ਰਾਹੀਂ ਹੋਈ ਇਸ ਰਜਿਸਟ੍ਰੇਸ਼ਨ ਵਿਚ 77021 ਵਿਦਿਆਰਥੀ ਪਿਛਲੇ ਸਾਲ ਦੇ ਮੁਕਾਬਲੇ ਜ਼ਿਆਦਾ ਹਨ।
ਭਲਾਈ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਤੇ ਨਿੱਜੀ 4403 ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਗਿਆ ਹੈ। ਕੇਂਦਰ ਸਰਕਾਰ ਕੋਲ ਪੰਜਾਬ ਦਾ ਪੱਖ ਜ਼ੋਰਦਾਰ ਤਰੀਕੇ ਨਾਲ ਉਠਾਉਣ ਸਦਕਾ ਕੇਂਦਰ ਦਾ ਇਸ ਸਕੀਮ ਸਬੰਧੀ ਬਣਦਾ 149.67 ਕਰੋੜ ਰੁਪਏ ਦਾ ਹਿੱਸਾ ਵੀ ਪਹਿਲੀ ਵਾਰ ਪੇਸ਼ਗੀ ਰੂਪ ਵਿਚ ਪ੍ਰਾਪਤ ਕਰ ਲਿਆ ਗਿਆ ਹੈ।
ਭਲਾਈ ਵਿਭਾਗ ਦੀ ਸਕੱਤਰ ਸੀਮਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਾਰੀਆਂ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਲਾਈ ਸਕੀਮਾਂ ਬਣਦੇ ਲਾਭਪਾਤਰੀਆਂ ਨੂੰ ਸਹੀ ਸਮੇਂ ਅਤੇ ਪਾਰਦਰਸ਼ੀ ਤਰੀਕੇ ਨਾਲ ਮੁਹੱਈਆਂ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਪੂਰੀ ਵਚਨਬੱਧਤਾ ਨਾਲ ਕਾਰਜ ਕੀਤਾ ਜਾ ਰਿਹਾ ਹੈ।
No comments:
Post a Comment