Date: 2016-04-10 16:31 GMT+05:30
ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ ਵਿਖੇ ਹੋਵੇਗਾ ਸਮਾਗਮ
ਵਿੱਤ ਅਤੇ ਯੋਜਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਕਿਸਾਨਾਂ ਨੂੰ ਵੰਡਣਗੇ ਸਮਾਰਟ ਕਾਰਡ
ਲੁਧਿਆਣਾ: 10 ਅਪਰੈਲ 2016: (ਪੰਜਾਬ ਸਕਰੀਨ ਬਿਊਰੋ):
ਪੰਜਾਬ ਸਰਕਾਰ ਵੱਲੋਂ ਆਟਾ ਦਾਲ ਕਾਰਡ ਧਾਰਕਾਂ ਨੂੰ ਦਿੱਤੀ ਭਗਤ ਪੂਰਨ ਸਿੰਘ ਸਿਹਤ ਬੀਮਾ ਸਕੀਮ ਦੀ ਤਰਜ਼ ’ਤੇ ਹੀ ਰਾਜ ਦੇ ਕਿਸਾਨਾਂ ਨੂੰ ਵੀ ਇਸ ਯੋਜਨਾ ਅਧੀਨ ਸਾਲਾਨਾ 50 ਹਜ਼ਾਰ ਰੁਪਏ ਤੱਕ ਦੇ ਲਾਭ ਦੇਣ ਹਿੱਤ ਸਮਾਰਟ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਮਿਤੀ 11 ਅਪ੍ਰੈੱਲ ਨੂੰ ਸਵੇਰੇ 10.30 ਵਜੇ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਸਰਕਾਰ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਕਿਸਾਨਾਂ ਨੂੰ ਸਮਾਰਟ ਕਾਰਡਾਂ ਦੀ ਵੰਡ ਕਰਨਗੇ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਲਈ ਸ਼ੁਰੂ ਕੀਤੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਸਾਲਾਨਾ ਪ੍ਰੀਮੀਅਮ ਦੀ ਕਿਸ਼ਤ ਪੰਜਾਬ ਮੰਡੀ ਬੋਰਡ ਵੱਲੋਂ ਦਿੱਤੀ ਜਾਵੇਗੀ। ਇਸ ਸਿਹਤ ਬੀਮਾ ਯੋਜਨਾ ਤਹਿਤ ਕਿਸਾਨ ਪਰਿਵਾਰ ਦੇ ਮੁਖੀ ਦੇ ਦੇਹਾਂਤ ਜਾਂ ਨਕਾਰਾ ਹੋਣ ’ਤੇ 5 ਲੱਖ ਰੁਪਏ ਦਾ ਮੁਆਵਜ਼ਾ ਵੀ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਸਬੰਧਤ ਕਿਸਾਨ ਪਰਿਵਾਰ ਦਾ 50 ਹਜ਼ਾਰ ਰੁਪਏ ਤੱਕ ਦਾ ਮੁਫ਼ਤ ਇਲਾਜ ਸੂਚੀਬੱਧ ਹਸਪਤਾਲਾਂ ਵਿੱਚੋਂ ਕੈਸ਼ਲੈੱਸ ਹੋਵੇਗਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਕੀਮ ਦੀ ਸ਼ੁਰੂਆਤ ਮੌਕੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ. ਪਰਮਿੰਦਰ ਸਿੰਘ ਢੀਂਡਸਾ ਮੁੱਖ ਮਹਿਮਾਨ ਵਜੋਂ ਪੁੱਜਣਗੇ। ਉਨ੍ਹਾਂ ਜ਼ਿਲ੍ਹੇ ਦੇ ਲਾਭਪਾਤਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮ ਦੌਰਾਨ ਵੱਧ ਤੋਂ ਵੱਧ ਗਿਣਤੀ ਵਿੱਚ ਪੁੱਜਣ ਅਤੇ ਉਨ੍ਹਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਇਸ ਸਕੀਮ ਦਾ ਲਾਭ ਉਠਾਉਣ।
No comments:
Post a Comment