Jun 25, 2019, 6:25 PM
ਨਸ਼ੇ ਦੇ ਖਾਤਮੇ ਲਈ ਤਿਆਰ ਕੀਤੀ ਵਿਸ਼ੇਸ਼ ਰਣਨੀਤੀ
ਲੁਧਿਆਣਾ: 25 ਜੂਨ 2019: (ਪੰਜਾਬ ਸਕਰੀਨ ਬਿਊਰੋ)::
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਕੱਢਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਫ਼ਲ ਕਰਨ ਲਈ ਲੁਧਿਆਣਾ ਪੁਲਿਸ ਨੇ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਹੈ। ਇਸ ਰਣਨੀਤੀ ਤਹਿਤ ਜਿੱਥੇ ਨਸ਼ਾ ਵਿਰੋਧੀ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ, ਉਥੇ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਗਲੇ 15 ਦਿਨਾਂ ਵਿੱਚ 100 ਪਿੰਡਾਂ ਨੂੰ ਪੂਰੀ ਤਰਾਂ ਨਸ਼ਾ ਮੁਕਤ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਟੀਚਾ ਪ੍ਰਾਪਤ ਕਰਨ ਲਈ ਸੀਨੀਅਰ ਅਧਿਕਾਰੀਆਂ ਨੂੰ ਬਕਾਇਦਾ ਜਿੰਮੇਵਾਰ ਬਣਾਇਆ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਕਮਿਸ਼ਨਰੇਟ ਅਧੀਨ ਪੈਂਦੇ 28 ਪੁਲਿਸ ਸਟੇਸ਼ਨਾਂ ਵਿੱਚੋਂ ਅਜਿਹੇ 8 ਪੁਲਿਸ ਸਟੇਸ਼ਨਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿਹਨਾਂ ਅਧੀਨ ਆਉਂਦੇ ਖੇਤਰ ਨਸ਼ੇ ਦੇ ਨਜ਼ਰ ਤੋਂ ਸੰਵੇਦਨਸ਼ੀਲ ਹਨ। ਇਸ ਰਣਨੀਤੀ ਤਹਿਤ ਇਹਨਾਂ ਖੇਤਰਾਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਸਹਾਇਕ ਪੁਲਿਸ ਕਮਿਸ਼ਨਰ ਅਤੇ ਐੱਸ. ਐੱਚ. ਓਜ਼ ਪੱਧਰ ਦੇ ਅਧਿਕਾਰੀਆਂ ਨੂੰ ਇਸ ਬੁਰਾਈ ਨਾਲ ਲੜਨ ਲਈ ਜਿੰਮੇਵਾਰ ਬਣਾਇਆ ਗਿਆ ਹੈ। ਇਹ ਟੀਮਾਂ ਤਕਨੀਕੀ ਅਤੇ ਮਨੁੱਖੀ ਖੂਫੀਆਂ ਰਿਪੋਰਟਾਂ ਦੇ ਅਧਾਰ 'ਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਕਾਰਵਾਈ ਕਰਨੀ ਯਕੀਨੀ ਬਣਾਉਣਗੀਆਂ। ਇਸ ਯੋਜਨਾਬੰਧੀ ਤਹਿਤ ਜਿੱਥੇ ਨਸ਼ਾ ਤਸਕਰਾਂ ਨੂੰ ਫੜਿਆ ਜਾਵੇਗਾ, ਉਥੇ ਹੀ ਨੌਜਵਾਨਾਂ ਦੇ ਸਹਿਯੋਗ ਨਾਲ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾਵੇਗੀ।
ਉਹਨਾਂ ਦੱਸਿਆ ਕਿ ਹੁਣ ਤੱਕ 7 ਪਿੰਡਾਂ ਅਤੇ 6 ਇਲਾਕਿਆਂ ਨੂੰ ਨਸ਼ਾ ਮੁਕਤ ਐਲਾਨਿਆ ਜਾ ਚੁੱਕਾ ਹੈ, ਜਦਕਿ ਅਗਲੇ 15 ਦਿਨਾਂ ਵਿੱਚ ਕੁੱਲ 290 ਪਿੰਡਾਂ ਵਿੱਚੋਂ 100 ਪਿੰਡਾਂ ਨੂੰ ਨਸ਼ਾ ਮੁਕਤ ਐਲਾਨਣ ਦਾ ਟੀਚਾ ਹੈ। ਜਦਕਿ ਇਸ ਰਣਨੀਤੀ ਤਹਿਤ ਸਾਰੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਹੈ। ਡਾ. ਗਿੱਲ ਨੇ ਦੱਸਿਆ ਕਿ ਜਿਹੜੇ ਪੁਲਿਸ ਅਧਿਕਾਰੀ ਜਾਂ ਮੁਲਾਜ਼ਮ ਦੀ ਨਸ਼ੇ ਦੇ ਕਾਰੋਬਾਰ ਆਦਿ ਨਾਲ ਕਿਸੇ ਵੀ ਤਰਾਂ ਦੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਆਰੰਭੀ ਜਾਵੇਗੀ।
ਉਹਨਾਂ ਦੱਸਿਆ ਕਿ ਲੁਧਿਆਣਾ ਪੁਲਿਸ ਨੇ ਇਸ ਸਾਲ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਕਾਫੀ ਸਫ਼ਲਤਾ ਹਾਸਿਲ ਕੀਤੀ ਹੈ। ਹੁਣ ਤੱਕ 178 ਮਾਮਲਿਆਂ ਵਿੱਚ 248 ਨਸ਼ਾ ਤਸਕਰ ਕਾਬੂ ਕੀਤੇ ਜਾ ਚੁੱਕੇ ਹਨ। 9 ਕਿਲੋਗ੍ਰਾਮ ਅਫੀਮ, 2 ਕੁਇੰਟਲ ਭੁੱਕੀ, 300 ਗਰਾਮ ਚਰਸ, 74 ਕਿਲੋ ਗਾਂਜਾ, 9.5 ਕਿਲੋਗ੍ਰਾਮ ਹੈਰੋਇਨ, 368 ਗਰਾਮ ਨਸ਼ੀਲਾ ਪਾਊਡਰ, 26568 ਨਸ਼ੀਲੀਆਂ ਗੋਲੀਆਂ ਅਤੇ ਕੁਝ ਹੋਰ ਨਸ਼ੇ ਦੀਆਂ ਪੀਣ ਵਾਲੀਆਂ ਦਵਾਈਆਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਉਹਨਾਂ ਕਿਹਾ ਕਿ ਸੀਨੀਅਰ ਅਧਿਕਾਰੀ ਲਗਾਤਾਰ ਜਾਂਚ ਅਫ਼ਸਰਾਂ ਨਾਲ ਰਾਬਤਾ ਰੱਖ ਰਹੇ ਹਨ। ਪੁਲਿਸ ਵੱਲੋਂ ਸਾਰਾ ਨੈੱਟਵਰਕ ਤੋੜਨ ਲਈ ਯਤਨ ਕੀਤੇ ਜਾ ਰਹੇ ਹਨ। ਹਫ਼ਤਾਵਰੀ ਰਿਵਿਊ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਉਕਤ ਤੋਂ ਇਲਾਵਾ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਲਗਾਤਾਰ ਜਾਣੂ ਕਰਵਾਇਆ ਜਾ ਰਿਹਾ ਹੈ। ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਨੁੱਕੜ ਨਾਟਕ, ਸੈਮੀਨਾਰ, ਲਿਟਰੇਚਰ ਵੰਡ ਕਰਵਾਉਣ ਦੇ ਨਾਲ-ਨਾਲ ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਨਾਲ ਜੋੜਨ ਲਈ ਯਤਨ ਕੀਤੇ ਜਾ ਰਹੇ ਹਨ।
ਡਾ. ਗਿੱਲ ਨੇ ਨਸ਼ਾ ਪੀੜਤਾਂ ਦੇ ਪਰਿਵਾਰਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਮਾਂ ਰਹਿੰਦੇ ਨਸ਼ਾ ਛੁਡਾਊ ਕੇਂਦਰਾਂ ਤੱਕ ਲਿਆ ਕੇ ਇਲਾਜ਼ ਕਰਵਾਉਣਾ ਯਕੀਨੀ ਬਣਾਉਣ। ਇਸ ਲਈ ਉਹਨਾਂ ਨੂੰ ਲੁਧਿਆਣਾ ਪੁਲਿਸ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾ ਇਹ ਮੁਹਿੰਮ ਸਫ਼ਲ ਨਹੀਂ ਕੀਤੀ ਜਾ ਸਕਦੀ। ਇਸ ਦਿਸ਼ਾ ਵਿੱਚ ਲੁਧਿਆਣਾ ਪੁਲਿਸ ਵੱਲੋਂ ਗੈਰ ਸਰਕਾਰੀ ਸੰਸਥਾਵਾਂ, ਸਾਂਝ ਕਮੇਟੀ ਮੈਂਬਰਾਂ, ਡੈਪੋਜ਼ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਮੈਂਬਰਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਨਾਲ ਜੁੜਨ ਅਤੇ ਇਸ ਨੂੰ ਸਫ਼ਲ ਕਰਨ।
ਇਸ ਗੱਲ ਵਿੱਚ ਕੋਈ ਸ਼ੱਕ ਵੀ ਨਹੀਂ ਕਿ ਲੋਕਾਂ ਦੇ ਸਰਗਰਮ ਸਹਿਯੋਗ ਬਿਨਾ ਨਸ਼ੇ ਦੇ ਇਸ ਮਾਰੂ ਵਾਰ ਨੂੰ ਨਾਕਾਮ ਨਹੀਂ ਕੀਤਾ ਜਾ ਸਕਦਾ ਪਰ ਨਸ਼ੇ ਦੇ ਖਾਤਮੇ ਲਈ ਅੱਗੇ ਆਈਆਂ ਬੇਲਣ ਬ੍ਰਿਗੇਡ ਵਰਗੀਆਂ ਜੱਥੇਬੰਦੀਆਂ ਨੂੰ ਕਿਸ ਸਾਜ਼ਿਸ਼ ਅਧੀਨ ਖਾਮੋਸ਼ ਕਰ ਦਿੱਤਾ ਗਿਆ? ਜਦੋਂ ਤੱਕ ਇਸ ਤਰਾਂ ਦੀਆਂ ਸਿਆਸਤਾਂ ਕਾਇਮ ਰਹਿਣਗੀਆਂ ਉਦੋਂ ਤੱਕ ਲੋਕ ਨਸ਼ਾ ਵਿਰੋਧੀ ਮੁਹਿੰਮਾਂ ਨਾਲ ਸੱਚੇ ਦਿਲੋਂ ਕਿਵੇਂ ਜੁੜ ਸਕਣਗੇ?
No comments:
Post a Comment