Thursday, August 08, 2019

ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਅਤੇ ਰਾਏਕੋਟ ਦਾ ਅਚਨਚੇਤ ਦੌਰਾ

Aug 8, 2019, 8:30 PM
ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਘਾਟ ਛੇਤੀ ਪੂਰੀ ਕਰਨ ਦਾ ਭਰੋਸਾ

ਲੁਧਿਆਣਾ: 8 ਅਗਸਤ 2019: (ਪੰਜਾਬ ਸਕਰੀਨ ਬਿਊਰੋ)::
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਅੱਜ ਸਿਵਲ ਹਸਪਤਾਲ ਲੁਧਿਆਣਾ ਅਤੇ ਰਾਏਕੋਟ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦੌਰਾਨ ਜਿੱਥੇ ਉਹਨਾਂ ਹਸਪਤਾਲਾਂ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਉਥੇ ਹੀ ਹਸਪਤਾਲਾਂ ਦੀਆਂ ਬੁਨਿਆਦੀ ਲੋਡ਼ਾਂ ਨੂੰ ਵੀ ਸਮਝਣ ਦੀ ਕੋਸ਼ਿਸ਼ ਕੀਤੀ। ਉਹਨਾਂ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਨ ਦੇ ਵੀ ਆਦੇਸ਼ ਦਿੱਤੇ। 
ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀਂ ਗੱਲਬਾਤ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ 20 ਅਗਸਤ ਤੋਂ ਲਾਗੂ ਹੋਣ ਜਾ ਰਹੀ ਹੈ, ਜਿਸ ਨਾਲ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਤੋਂ ਕਾਫੀ ਹੱਦ ਤੱਕ ਬੋਝ ਘੱਟ ਜਾਵੇਗਾ। ਉਹਨਾਂ  ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਸੂਬੇ ਭਰ ਦੇ ਸਰਬੋਤਮ 311 ਹਸਪਤਾਲਾਂ ਨਾਲ ਸਮਝੌਤਾ ਕਰਾਰਬੱਧ ਕੀਤਾ ਗਿਆ ਹੈ। ਯੋਜਨਾ ਲਾਗੂ ਹੋਣ ਨਾਲ ਇਹਨਾਂ ਹਸਪਤਾਲਾਂ ਵਿੱਚ ਮਰੀਜ਼ ਬਿਨਾਂ ਕਿਸੇ ਖਰਚੇ ਦੇ ਮੁਫ਼ਤ ਇਲਾਜ ਕਰਵਾ ਸਕਣਗੇ। 
ਉਹਨਾਂ ਕਿਹਾ ਕਿ ਪਿਛਲੀ ਸਰਕਾਰ ਨੇ 10 ਸਾਲਾਂ ਦੇ ਸਾਸ਼ਨ ਕਾਲ ਦੌਰਾਨ ਸੂਬੇ ਦੇ ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਲਈ ਕੋਈ ਕੰਮ ਨਹੀਂ ਕੀਤਾ, ਜਿਸ ਕਾਰਨ ਸੂਬੇ ਦੀ ਸਿਹਤ ਵਿਵਸਥਾ ਪੂਰੀ ਤਰਾਂ ਲਡ਼ਖਡ਼ਾ ਗਈ ਸੀ। ਪਿਛਲੇ ਢਾਈ ਸਾਲਾਂ ਦੌਰਾਨ ਕੈਪਟਨ ਸਰਕਾਰ ਵੱਲੋਂ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ਼ ਦੀ ਵੱਡੇ ਪੱਧਰ 'ਤੇ ਭਰਤੀ ਕੀਤੀ ਗਈ ਹੈ, ਜਿਸ ਨਾਲ ਸਿਹਤ ਸਹੂਲਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਹਨਾਂ ਭਰੋਸਾ ਦਿੱਤਾ ਕਿ ਜਲਦ ਹੀ ਡਾਕਟਰਾਂ ਅਤੇ ਹੋਰ ਸਟਾਫ਼ ਦੀ ਵੱਡੇ ਪੱਧਰ 'ਤੇ ਭਰਤੀ ਕੀਤੀ ਜਾਵੇਗੀ। 
ਇਸ ਮੌਕੇ ਉਹਨਾਂ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਬਾਰੇ ਪੁੱਛਿਆ। ਜਿਸ ਉਪਰੰਤ ਉਹਨਾਂ ਨੇ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਵਿਨਾਸ਼ ਜਿੰਦਲ ਨੂੰ ਹਦਾਇਤ ਕੀਤੀ ਕਿ ਹਸਪਤਾਲ ਦੇ ਉਡੀਕ ਏਰੀਆ ਨੂੰ ਪੂਰੀ ਤਰਾਂ  ਵਾਤਾਨਕੂਲਿਤ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਮਰੀਜ਼ਾਂ ਨੂੰ ਪਰਚੀ ਆਦਿ ਕਟਵਾਉਣ ਲਈ ਪ੍ਰੇਸ਼ਾਨ ਨਾ ਹੋਣਾ ਪਵੇ। ਇਸੇ ਤਰਾਂ ਟੋਕਨ ਸਿਸਟਮ ਸ਼ੁਰੂ ਕਰਨ ਬਾਰੇ ਵੀ ਕਿਹਾ ਗਿਆ। 
ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾ ਸਮੇਤ ਸੂਬੇ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਖੂਨ ਦੀ ਕੋਈ ਵੀ ਕਮੀ ਨਹੀਂ ਹੈ। ਇਸ ਤੋਂ ਪਹਿਲਾਂ ਉਹਨਾਂ ਸਿਵਲ ਹਸਪਤਾਲ ਰਾਏਕੋਟ ਦਾ ਵੀ ਦੌਰਾ ਕੀਤਾ ਅਤੇ ਡਾਕਟਰਾਂ ਨੂੰ ਬਣਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਉਹਨਾਂ ਨਾਲ ਵਿਧਾਇਕ ਸ੍ਰੀ ਸੁਰਿੰਦਰ ਡਾਬਰ, ਮੁੱਖ ਮੰਤਰੀ ਦੇ ਪ੍ਰਚਾਰ ਸਕੱਤਰ ਸ੍ਰੀ ਵਿਮਲ ਸੁੰਬਲੀ, ਪੰਜਾਬ ਹੋਮਿਓਪੈਥੀ ਕੌਂਸਲ ਦੇ ਚੇਅਰਮੈਨ ਡਾ. ਤਜਿੰਦਰਪਾਲ ਸਿੰਘ, ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਅਤੇ ਹੋਰ ਵੀ ਹਾਜ਼ਰ ਸਨ। 

No comments: