Wednesday, July 21, 2021

ਵਿਜੀਲੈਂਸ ਨੇ ਸਿੱਖਿਆ ਵਿਭਾਗ ਦਾ ਕਰਮਚਾਰੀ ਰੰਗੇ ਹੱਥੀਂ ਦਬੋਚਿਆ

 21st July 2021 at 7:08 PM

 ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਕਾਬੂ ਆਇਆ 

ਚੰਡੀਗੜ੍ਹ: 21 ਜੁਲਾਈ 2021: (ਗੁਰਜੀਤ ਬਿੱਲਾ//ਪੰਜਾਬ ਸਕਰੀਨ):: 

ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲਾ ਸਿੱਖਿਆ ਅਫਸਰ (ਪ੍ਰਾਇਮਰੀ) ਦੇ ਦਫਤਰ ਐਸ.ਏ.ਐਸ ਨਗਰ  ਵਿਖੇ ਤਾਇਨਾਤ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਮਰਚਾਰੀ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ, ਈ.ਟੀ.ਟੀ ਅਧਿਆਪਕ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਮੁਅੱਤਲੀ ਸਮੇ ਦੌਰਾਨ ਭੱਤੇ ਦੇ ਬਕਾਏ ਦੀ ਅਦਾਇਗੀ ਕਰਨ ਬਦਲੇ ਉਕਤ ਕਮਰਚਾਰੀ ਵਲੋਂ ਕੁੱਲ ਬਕਾਏ ਦਾ 40 ਫੀਸਦੀ ਹਿੱਸਾ ਬਤੌਰ ਰਿਸ਼ਵਤ ਵਜੋਂ ਮੰਗ ਕੀਤੀ ਗਈ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੂਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ ਨਗਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

No comments: