Friday, August 13, 2021

ਕੇਂਦਰ ਸਰਕਾਰ ਦੇ ਖਿਲਾਫ ਬੋਲਣ ਵਾਲੇ ਨੂੰ ਦੇਸ਼ਧ੍ਰੋਹੀ ਕਿਹਾ ਜਾ ਰਿਹੈ: ਰਾਕੇਸ਼ ਟਿਕੈਤ

 13th August 2021 at 6:51 PM

 ਕਿਸਾਨ ਹਰ ਹਾਲ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨ ਤੇ ਮਜਬੂਰ ਕਰਨਗੇ 

ਨਵੀਂ ਦਿੱਲੀ: 13 ਅਗਸਤ 2021: (ਮਨਪ੍ਰੀਤ ਸਿੰਘ ਖਾਲਸਾ//ਪੰਜਾਬ ਸਕਰੀਨ):

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਡਰਾਉਣ ਲਈ ਉਨ੍ਹਾਂ ਖਿਲਾਫ ਝੂਠੇ ਮਾਮਲੇ ਦਰਜ ਕਰਨ ਦਾ ਦੋਸ਼ ਲਗਾਂਦੇ ਹੋਏ ਕਿਹਾ ਕਿ ਉਨ੍ਹਾਂ ਦਾ ਇਹ ਵਤੀਰਾ ਕਿਸਾਨਾਂ ਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਤੋਂ ਨਹੀਂ ਰੋਕ ਸਕੇਗਾ ਅਤੇ ਉਨ੍ਹਾਂ ਦਾ ਅੰਦੋਲਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੱਕ ਜਾਰੀ ਰਹੇਗਾ ਇਸਦੇ ਨਾਲ ਹੀ ਉਨ੍ਹਾਂ ਨੇ ਰਾਜ ਸਰਕਾਰ ਨੂੰ ਉਨ੍ਹਾਂ ਦੇ ਸ਼ਾਂਤੀਪੂਰਨ ਅੰਦੋਲਨ ’ਚ ਦਖ਼ਲਅੰਦਾਜੀ ਨਹੀਂ ਕਰਨ ਦੀ ਚਿਤਾਵਨੀ ਦਿੱਤੀ। ਉਨ੍ਹਾਂ ਦੋਸ਼ ਲਗਾਇਆ,‘‘ਹਰਿਆਣਾ ’ਚ ਸੱਤਾਧਾਰੀ ਸਰਕਾਰ ਅੰਦੋਲਨਕਾਰੀ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਅਤੇ ਉਨ੍ਹਾਂ ਵਿਰੁੱਧ ਝੂਠੇ ਮਾਮਲੇ ਦਰਜ ਕਰ ਕੇ ਆਪਣੇ ਸਿਆਸੀ ਮਾਲਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।’’

ਪੱਤਰਕਾਰਾ ਵਲੋਂ ਪੁੱਛੇ ਗਏ ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਕਿਸਾਨ ਇਕਜੁਟ ਹਨ ਅਤੇ ਕੇਂਦਰ ਸਰਕਾਰ ਨਾਲ ਇਕ ਲੰਬੀ ਲੜਾਈ ਲੜ ਰਹੇ ਹਨ, ਜੋ ‘ਕਾਰਪੋਰੇਟ ਸਮਰਥਕ’ ਹਨ। ਉਨ੍ਹਾਂ ਕਿਹਾ,‘‘ਕੇਂਦਰ ਸਰਕਾਰ ਕਿਸੇ ਦੀ ਵੀ ਸੁਣਦੀ ਨਹੀਂ ਹੈ ਅਤੇ ਜੋ ਕੋਈ ਵੀ ਉਨ੍ਹਾਂ ਦੇ ਅਨਿਆਂ ਵਿਰੁੱਧ ਬੋਲਣ ਦੀ ਕੋਸ਼ਿਸ਼ ਕਰਦਾ ਹੈ, ਉਸ ਨੂੰ ਦੇਸ਼ਧ੍ਰੋਹੀ ਕਰਾਰ ਦੇ ਦਿੱਤਾ ਜਾਂਦਾ ਹੈ।’’ ਇਕ ਹੋਰ ਸਵਾਲ ਦੇ ਜਵਾਬ ’ਚ ਟਿਕੈਤ ਨੇ ਕਿਹਾ ਕਿ ਕਿਸਾਨ ਆਪਣੀ ਜਿੱਤ ਦੇ ਪ੍ਰਤੀ ਭਰੋਸੇ ’ਚ ਹਨ ਅਤੇ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨ ਲਈ ਮਜ਼ਬੂਰ ਕਰਨਗੇ। ਪੰਜਾਬ ਅਤੇ ਉੱਤਰ ਪ੍ਰਦੇਸ਼ ’ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਵਿਰੁੱਧ ਕਿਸੇ ਵੀ ਮੁਹਿੰਮ ਬਾਰੇ ਪੁੱਛੇ ਗਏ ਇਕ ਹੋਰ ਸਵਾਲ ਦੇ ਜਵਾਬ ’ਚ ਟਿਕੈਤ ਨੇ ਕਿਹਾ ਕਿ ਕਿਸਾਨ ਸਭ ਕੁਝ ਜਾਣਦੇ ਹਨ। ਉਨ੍ਹਾਂ ਕਿਹਾ,‘‘ਉਹ ਚੋਣਾਂ ਦੌਰਾਨ ਜਵਾਬ ਦੇਣਗੇ ਅਤੇ ਉਸੇ ਅਨੁਸਾਰ ਕਾਰਵਾਈ ਕਰਨਗੇ ਅਤੇ ਇਕਜੁਟ ਹੋ ਕੇ ਕੰਮ ਕਰਨਗੇ।’’

No comments: