Tuesday, September 07, 2021

ਵਿਜੀਲੈਂਸ ਵੱਲੋਂ ਮਹਿਲਾ ਪਟਵਾਰੀ ਤੇ ਉਸਦਾ ਸਹਾਇਕ ਰਿਸ਼ਵਤ ਲੈਂਦੇ ਕਾਬੂ

7th September 2021 at 8:11 PM

  6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ  

ਚੰਡੀਗੜ੍ਹ: 7 ਸਤੰਬਰ 2021: (ਗੁਰਜੀਤ ਬਿੱਲਾ//ਪੰਜਾਬ ਸਕਰੀਨ)::
ਭ੍ਰਿਸ਼ਟਾਚਾਰ ਵਿਰੁੱਧ ਚਲਾਈਆਂ ਜਾਂਦੀਆਂ ਮੁਹਿੰਮਾਂ, ਉਪਦੇਸ਼ਾਂ ਅਤੇ ਸਖਤੀਆਂ ਦੇ ਬਾਵਜੂਦ ਰਿਸ਼ਵਤਖੋਰੀ ਰੁਕਣ ਦਾ ਨਾਮ ਨਹੀਂ ਲੈਂਦੀ। ਹੁਣ ਨਵਾਂ ਮਾਮਲਾ ਸਾਹਮਣੇ ਆਇਆ ਹੈ ਇਕ ਲੇਡੀ ਪਟਵਾਰੀ ਦਾ। 
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਬਾਜੇਵਾਲਾ, ਜਿਲਾ ਮਾਨਸਾ ਵਿਖੇ ਤਾਇਨਾਤ ਮਹਿਲਾ ਪਟਵਾਰੀ ਅਮਨਦੀਪ ਕੌਰ ਅਤੇ ਉਸਦੇ ਸਹਾਇਕ ਤੇ ਡਰਾਇਵਰ ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਹਰਜੀਤ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਹਿਲਾ ਪਟਵਾਰੀ ਨੂੰ ਪਿੰਡ ਬਾਜੇਵਾਲਾ ਦੇ ਸ਼ਿਕਾਇਤਕਰਤਾ ਰਾਜਾ ਸਿੰਘ ਦੀ ਸ਼ਿਕਾਇਤ 'ਤੇ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਜਮੀਨ ਦੇ ਤਬਾਦਲੇ ਦਾ ਇੰਤਕਾਲ ਦਰਜ ਕਰਨ ਬਦਲੇ 12,000 ਰੁਪਏ ਦੀ ਮੰਗ ਕੀਤੀ ਗਈ ਸੀ ਪਰ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਹ ਦੋਸ਼ੀ ਮਹਿਲਾ ਪਟਵਾਰੀ ਨੂੰ ਪਹਿਲੀ ਕਿਸ਼ਤ ਦੇ 4,000 ਰੁਪਏ ਪਹਿਲਾਂ ਹੀ ਅਦਾ ਕਰ ਚੁੱਕਾ ਹੈ।

ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਪਟਵਾਰੀ ਅਤੇ ਉਸਦੇ ਸਹਾਇਕ ਪ੍ਰਾਈਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।   

No comments: