Wednesday, September 18, 2024

ਚਾਰ ਚੁਫੇਰਿਓਂ ਉੱਠੀ ਮੰਗ-ਮਾਲੀ ਨੂੰ ਰਿਹਾ ਕਰੋ

ਚੰਡੀਗੜ੍ਹ ਵਾਲੇ ਰੋਸ ਮੁਜ਼ਾਹਰੇ ਵਿੱਚ ਵੀ  ਮੰਗ ਤੇ ਜ਼ੋਰ 


ਚੰਡੀਗੜ੍ਹ
: 18 ਸਤੰਬਰ 2024: (ਮੀਡੀਆ ਲਿੰਕ//ਪੰਜਾਬ ਸਕਰੀਨ ਡੈਸਕ)::

ਬੇਬਾਕ ਅਤੇ ਨਿਰਪੱਖ ਚਿੰਤਕ ਮਾਲਵਿੰਦਰ ਸਿੰਘ ਮਾਲੀ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਖਿਲਾਫ ਚਾਰ ਚੁਫੇਰਿਓਂ ਨਿੰਦਾ ਅਤੇ ਨਿਖੇਧੀਆਂ ਦੀ ਹਨੇਰੀ ਜਿਹੀ ਆ ਰਹੀ ਹੈ। ਬਹੁਤ ਸਾਰੀਆਂ ਪਾਰਟੀਆਂ ਅਤੇ ਸ਼ਖਸੀਅਤਾਂ ਨੇ ਇਸ ਗ੍ਰਿਫਤਾਰੀ ਦਾ ਤਿੱਖਾ ਵਿਰੋਧ ਕੀਤਾ ਹੈ। ਮਾਨਸਾ, ਚੰਡੀਗੜ੍ਹ, ਮੋਹਾਲੀ, ਜਲੰਧਰ, ਅੰਮ੍ਰਿਤਸਰ ਸਮੇਤ ਬਹੁਤ ਸਾਰੇ ਸਟੇਸ਼ਨਾਂ ਤੋਂ ਇਸ ਗ੍ਰਿਫਤਾਰੀ ਦਾ ਵਿਰੋਧ ਹੋ ਰਿਹਾ ਹੈ। ਬੇਬਾਕ ਅਤੇ ਨਿਧੜਕ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਹਰ ਪਾਸਿਓਂ ਉੱਠ ਰਹੀ ਹੈ। ਚੇਤੇ ਰਹੇ ਕਿ ਇਹ ਉਹੀ ਮਾਲਵਿੰਦਰ ਮਾਲੀ ਹੈ ਜਿਸਨੇ ਕਦਮ ਕਦਮ ਤੇ ਪੰਜਾਬ ਦੇ ਹੱਕਾਂ ਅਤੇ ਸ਼ਾਂਤੀ ਦੀ ਗੱਲ ਬਾਰ ਬਾਰ ਕੀਤੀ ਹੈ। 

ਪੰਜਾਬ ਦੇ ਇਸ ਨਿਧੜਕ ਸਿਆਸੀ ਅਲੋਚਕ ਤੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਪਿਛਲੇ ਦਿਨੀਂ ਮੁਹਾਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਵਿਰੁੱਧ ਪੰਜਾਬ ਦੇ ਬੁੱਧੀਜੀਵੀ, ਚਿੰਤਕ ਤੇ ਵੱਡੀ ਗਿਣਤੀ ਵਿੱਚ ਸਮਾਜ ਸੇਵਕ ਨਿੱਤਰ ਆਏ ਹਨ। ਸ੍ਰੀ ਮਾਲੀ ਦੇ ਇਹਨਾਂ ਹਮਾਇਤੀਆਂ ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ-17 ਵਿੱਚ ਵੀ ਪੰਜਾਬ ਸਰਕਾਰ ਤੇ ਪੰਜਾਬ ਪੁਲੀਸ ਦੇ ਵਤੀਰੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਮਾਲਵਿੰਦਰ ਸਿੰਘ ਮਾਲੀ ਵਿਰੁੱਧ ਦਰਜ ਕੀਤੇ ਪੁਲੀਸ ਕੇਸ ਰੱਦ ਕਰ ਕੇ ਸ੍ਰੀ ਮਾਲੀ ਨੂੰ ਜਲਦ ਰਿਹਾਅ ਕਰਨ ਦੀ ਮੰਗ ਵੀ ਕੀਤੀ ਹੈ।

ਰੋਸ ਵਿਖਾਵੇ ਦੇ ਇਸ ਮੌਕੇ ਡਾ. ਪਿਆਰੇ ਲਾਲ ਗਰਗ, ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਸਾਬਕਾ ਸੰਸਦ ਮੈਂਬਰ ਅਤਿੰਦਰ ਪਾਲ ਸਿੰਘ, ਵਿਕਰਮ ਬਾਜਵਾ, ਰਣਜੀਤ ਪਵਾਰ, ਡਾ. ਖੁਸ਼ਹਾਲ ਸਿੰਘ, ਐਡਵੋਕੇਟ ਰਾਜਵਿੰਦਰ ਸਿੰਘ ਬੈਂਸ, ਪ੍ਰੋ. ਮਨਜੀਤ ਸਿੰਘ, ਰਾਜਵਿੰਦਰ ਸਿੰਘ ਰਾਹੀ ਸਣੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸੰਬੋਧਨ ਕੀਤਾ।

ਇਹਨਾਂ ਪ੍ਰਦਰਸ਼ਨਕਾਰੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰ ਵਿਰੁੱਧ ਬੋਲਣ ਵਾਲਿਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਸੰਵਿਧਾਨ ਦੇ ਉਲਟ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸੂਬਾ ਸਰਕਾਰ ਵੱਲੋਂ ਕਾਨੂੰਨ ਦੀ ਵਰਤੋਂ ਅਪਰਾਧਾਂ ’ਤੇ ਨੱਥ ਪਾਉਣ ਦੀ ਥਾਂ ਮੀਡੀਆ ਦੀ ਸੁਤੰਤਰਤਾ ਨੂੰ ਕੁਚਲਣ ਅਤੇ ਆਲੋਚਕਾਂ ਦੀ ਆਵਾਜ਼ ਬੰਦ ਕਰਨ ਲਈ ਕੀਤੀ ਜਾ ਰਹੀ ਹੈ। ਪਹਿਲਾਂ ਸੂਬਾ ਸਰਕਾਰ ਵੱਲੋਂ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਰਾਜਸੀ ਅਲੋਚਕਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀਆਂ ਗਈਆਂ ਸਨ, ਹੁਣ ਯੂ-ਟਿਊਬਰਾਂ ’ਤੇ ਪੁਲੀਸ ਰਾਹੀਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੁਲਿਸ ਉਨ੍ਹਾਂ ਨੂੰ ਪੁਲੀਸ ਸਟੇਸ਼ਨਾਂ ਵਿੱਚ ਬੁਲਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਈ ਸੋਸ਼ਲ ਮੀਡੀਆ ਅਤੇ ਯੂਟਿਊਬਰ ਪੱਤਰਕਾਰਾਂ ਦੇ ਖਾਤੇ ਬੰਦ ਕਰਾ ਦਿੱਤੇ ਹਨ। ਜ਼ਾਹਰ ਹੈ ਕਿ ਸਰਕਾਰ ਦੇ ਇਰਾਦੇ ਮੀਡੀਆ ਦੀ ਆਜ਼ਾਦੀ ਨੂੰ ਲੈਕੇ ਨੇਕ ਨਹੀਂ ਹਨ। 

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਰਾਹ ’ਤੇ ਚੱਲਣ ਦਾ ਦਾਅਵਾ ਕਰਨ ਵਾਲੇ ਮੁੱਖ ਮੰਤਰੀ ਅੱਜ ਲੋਕਤੰਤਰੀ ਲੀਹਾਂ ਪਾਰ ਕੇ ਅਲੋਚਨਾ ਨੂੰ ਕੁਚਲਣ ਦੇ ਰਾਹ ਹੀ ਪੈ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਤਰ੍ਹਾਂ ਅਲੋਚਕਾਂ, ਚਿੰਤਕਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ ਹੈ, ਇਹ ਭਵਿੱਖ ਵਿੱਚ ਹੋਰ ਵਧੇਗੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਸਿਆਸੀ ਅਲੋਚਕ ਤੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਵਿਰੁੱਧ ਦਰਜ ਕੀਤੇ ਪੁਲੀਸ ਕੇਸ ਨੂੰ ਰੱਦ ਕਰ ਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵਿਰੁੱਧ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵੱਖ ਵਿਚਾਰਾਂ ਵਾਲੇ ਇਸ ਮੁਦੇ ਤੇ ਇਕਜੁੱਟ ਨਜ਼ਰ  ਆਏ। 

ਚੰਡੀਗੜ੍ਹ ਦੇ ਸੈਕਟਰ ਸਤਾਰਾਂ ਵਾਲੇ ਇਸ ਰੋਸ ਵਖਾਵੇ ਮੌਕੇ ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ, ਪਰਮਜੀਤ ਕੌਰ ਲਾਂਡਰਾ, ਕਰਨੈਲ ਸਿੰਘ ਪੰਜੌਲੀ, ਡਾ. ਖੁਸ਼ਹਾਲ ਸਿੰਘ ਸਣੇ ਵੱਡੀ ਗਿਣਤੀ ਵਿੱਚ ਬੁੱਧੀਜੀਵੀ, ਚਿੰਤਕ, ਵਕੀਲ, ਕਿਸਾਨ ਤੇ ਵੱਖ-ਵੱਖ ਵਰਗਾਂ ਤੋਂ ਲੋਕ ਮੌਜੂਦ ਰਹੇ।


No comments: