Showing posts with label Anti Curfew. Show all posts
Showing posts with label Anti Curfew. Show all posts

Saturday, May 08, 2021

ਕਈ ਥਾਂਵਾਂ ਤੇ ਲਾਕਡਾਊਨ ਅਤੇ ਕਰਫਿਊ ਦਾ ਜ਼ੋਰਦਾਰ ਵਿਰੋਧ

8th May 2021 at 2:31 PM

ਜਨ ਸੰਗਠਨਾਂ ਨੇ ਕਿਹਾ ਕਿ ਕੋਰੋਨਾ ਬਹਾਨੇ ਮੜ੍ਹਿਆ ਗਿਆ ਹੈ ਕਰਫਿਊ 


ਲੁਧਿਆਣਾ
: 8 ਮਈ 2021: (ਪੰਜਾਬ ਸਕਰੀਨ ਬਿਊਰੋ)::

ਲਾਕਡਾਊਨ ਨੂੰ ਲੈ ਕੇ ਦੁਕਾਨਦਾਰ, ਕਾਰੋਬਾਰੀ ਅਤੇ ਵਪਾਰੀ ਪਹਿਲਾਂ ਹੀਉ ਬੇਹੱਦ ਗੁੱਸੇ ਵਿੱਚ ਹਨ। ਹੁਣ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਮਗਰੋਂ ਬਹੁਤ ਸਾਰੇ ਜਨਸੰਗਠਨ ਵੀ ਪੂਰੀ ਤਰਾਂ ਸਰਕਾਰ ਦੇ ਖਿਲਾਫ ਆ ਖੜੋਤੇ ਹਨ। ਇਹਨਾਂ ਦਾ ਕਹਿਣਾ ਹੈ ਕਿ ਲਾਕਡਾਊਨ ਅਤੇ ਕਰਫਿਊ ਵਰਗੀਆਂ ਪਾਬੰਦੀਆਂ ਅਸਲ ਵਿੱਚ ਕੋਰੋਨਾ ਨੂੰ ਬਹਾਨਾ ਬਣਾ ਕੇ ਲਾਈਆਂ ਗਈਆਂ ਹਨ। ਅਜਿਹੀ ਹਾਲਤ ਵਿੱਚ ਕਿਸਾਨ ਮੋਰਚੇ ਦਾ ਅੰਦੋਲਨ ਨਵਾਂ ਰੰਗਰੂਪ ਵੀ ਅਖਤਿਆਰ ਕਰ ਸਕਦਾ ਹੈ। 

ਇੱਕ ਪ੍ਰੈਸ ਨੋਟ ਵਿੱਚ ਇਹਨਾਂ ਲੋਕ ਸੰਗਠਨਾਂ ਨੇ ਕਿਹਾ ਕਿ ਲੁਧਿਆਣੇ ਵਿੱਚ ਕਰੋਨਾ ਬਹਾਨੇ ਮੜ੍ਹੀਆਂ ਕਰਫਿਊ ਤੇ ਹੋਰ ਪਾਬੰਦੀਆਂ ਖਿਲਾਫ਼ ਅਵਾਜ਼ ਬੁਲੰਦ ਕਰਦੇ ਹੋਏ ਅੱਜ ਜਮਾਲਪੁਰ ਇਲਾਕੇ ਦੇ ਦੁਕਾਨਦਾਰਾਂ ਤੇ ਰੇਹੜੀ-ਫੜੀ ਕਿਰਤੀਆਂ ਵੱਲੋਂ ਚੰਡੀਗੜ੍ਹ ਰੋਡ, ਜਮਾਲਪੁਰ, ਲੁਧਿਆਣਾ ’ਤੇ ਰੋਹ ਭਰਪੂਰ ਮੁਜ਼ਾਹਰਾ ਕਰਕੇ ਕਰਫਿਊ ਅਤੇ ਹੋਰ ਪਾਬੰਦੀਆਂ ਖ਼ਤਮ ਕਰਨ ਦੀ ਮੰਗ ਕੀਤੀ ਗਈ। ਇਸ ਰੋਸ ਮੁਜ਼ਾਹਰੇ ਵਿੱਚ ਕਾਰਖਾਨਾ ਮਜ਼ਦੂਰ ਯੂਨੀਅਨ, ਟੈਕਸਟਾਈਲ-ਹੌਜ਼ਰੀ ਕਾਮਗਾਰ ਯੂਨੀਅਨ ਅਤੇ ਲੋਕ ਏਕਤਾ ਸੰਗਠਨ ਵੱਲੋਂ ਸ਼ਮੂਲੀਅਤ ਕੀਤੀ ਗਈ।  ਬੁਲਾਰਿਆਂ ਨੇ ਕਿਹਾ ਕਿ ਸਰਕਾਰ ਦੀਆਂ ਜ਼ਾਬਰ ਪਾਬੰਦੀਆਂ ਅਤੇ ਫੈਲਾਈ ਦਹਿਸ਼ਤ ਕਾਰਨ ਪਹਿਲਾਂ ਤੋਂ ਲੋਕਾਂ ਨੂੰ ਮਿਲ ਰਹੀਆਂ ਮਾੜੀਆਂ-ਮੋਟੀਆਂ ਦਵਾ-ਇਲਾਜ ਦੀਆਂ ਸਹੂਲਤਾਂ ਦੇ ਪ੍ਰਬੰਧ ਦਾ ਵੀ ਭੱਠਾ ਬੈਠ ਗਿਆ ਹੈ, ਆਰਥਿਕ, ਮਾਨਸਿਕ ਹਾਲਤ ਨਿੱਘਰ ਗਈ ਹੈ। ਇਸ ਕਰਕੇ ਕਰੋਨਾ ਅਤੇ ਹੋਰ ਬਿਮਾਰੀਆਂ ਕਾਰਨ ਲੋਕਾਂ ਦਾ ਵਧੇਰੇ ਨੁਕਸਾਨ ਹੋ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਕਰਫਿਊ, ਲੌਕਡਾਊਨ ਤੇ ਹੋਰ ਪਾਬੰਦੀਆਂ ਤੁਰੰਤ ਹਟਾਈਆਂ ਜਾਣ, ਮਹਾਂਮਾਰੀ ਦਾ ਪੂਰੀ ਤਰ੍ਹਾਂ ਨਾਜਾਇਜ ਡਰ ਫੈਲਾਉਣਾ ਬੰਦ ਕੀਤਾ ਜਾਵੇ, ਕਰੋਨਾ ਸਮੇਤ ਸਭਨਾਂ ਬਿਮਾਰੀਆਂ ਦੇ ਇਲਾਜ ਲਈ ਢੁੱਕਵੇਂ ਪ੍ਰਬੰਧ ਸਰਕਾਰੀ ਪੱਧਰ ਉੱਤੇ ਕੀਤੇ ਜਾਣ, ਦੁਕਾਨਦਾਰਾਂ, ਰੇਹੜੀ-ਫੜੀ ਵਾਲ਼ਿਆਂ, ਹੋਰ ਕੰਮ ਧੰਦੇ ਵਾਲ਼ਿਆਂ, ਮਜ਼ਦੂਰਾਂ ਆਦਿ ਕਿਰਤੀ ਲੋਕਾਂ ਨੂੰ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇ। ਬੁਲਾਰਿਆਂ ਨੇ ਇਹ ਵੀ ਕਿਹਾ ਕਿ ਕਰੋਨਾ ਬਹਾਨੇ ਮੜ੍ਹੀਆਂ ਜਾ ਰਹੀਆਂ ਪਾਬੰਦੀਆਂ ਦਾ ਮੁੱਖ ਮਕਸਦ ਖੇਤੀ ਕਨੂੰਨਾਂ ਖਿਲਾਫ਼ ਸੰਘਰਸ਼ ਨੂੰ ਕੁਚਲਣਾ ਹੈ। ਇਸ ਮੌਕੇ ਤੇਜਵੀਰ ਸਿੰਘ, ਗੁਰਚਰਨ ਸਿੰਘ, ਰਾਕੇਸ਼ ਕੁਮਾਰ ਤੇ ਹੋਰ ਦੁਕਾਨਦਾਰਾਂ, ਰੇਹੜੀ-ਫੜੀ ਕਿਰਤੀਆਂ ਤੋਂ ਇਲਾਵਾ ਐਡਵੋਕੇਟ ਹਰਪ੍ਰੀਤ ਸਿੰਘ ਜਮਾਲਪੁਰ, ਕਾਰਖਾਨਾ ਮਜ਼ਦੂਰ ਯੂਨੀਅਨ ਵੱਲੋਂ ਲਖਵਿੰਦਰ ਤੇ ਜਸਮੀਤ, ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਵੱਲੋਂ ਜਗਦੀਸ਼, ਲੋਕ ਏਕਤਾ ਸੰਗਠਨ ਵੱਲੋਂ ਗੱਲਰ ਚੌਹਾਨ ਆਦਿ ਨੇ ਸੰਬੋਧਿਤ ਕੀਤਾ।

Friday, May 07, 2021

ਲਾਕਡਾਊਨ ਵਿਰੁੱਧ 8 ਮਈ ਨੂੰ ਪੰਜਾਬ ਭਰ ਦੇ ਪਿੰਡਾਂ ਸ਼ਹਿਰਾਂ 'ਚ ਵਿਰੋਧ ਪ੍ਰਦਰਸ਼ਨ

WhatsApp on 7th May 2021 at 3:53 PM

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਤਿਆਰੀਆਂ 

ਚੰਡੀਗੜ੍ਹ: 6 ਮਈ 2021: (ਹਰਜਿੰਦਰ ਸਿੰਘ//ਪੰਜਾਬ ਸਕਰੀਨ ਬਿਊਰੋ)::

ਭਾਕਿਯੂ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸਨੋਟ ਰਾਹੀਂ ਐਲਾਨ ਕੀਤਾ ਗਿਆ ਹੈ ਕਿ ਕਰੋਨਾ ਦੀ ਆੜ ਹੇਠ ਲਾਕਡਾਊਨ ਰਾਹੀਂ ਆਮ ਦੁਕਾਨਦਾਰਾਂ ਅਤੇ ਰੇੜ੍ਹੀ ਫੜ੍ਹੀ ਵਾਲਿਆਂ ਦੇ ਕਾਰੋਬਾਰ ਠੱਪ ਕਰਕੇ ਉਨ੍ਹਾਂ ਨੂੰ ਭੁੱਖਮਰੀ ਵੱਲ ਧੱਕਣ ਖਿਲਾਫ਼ ਉਨ੍ਹਾਂ ਵੱਲੋਂ ਪੰਜਾਬ ਭਰ ਵਿੱਚ ਕੀਤੇ ਜਾ ਰਹੇ ਹੱਕੀ ਵਿਰੋਧ ਪ੍ਰਦਰਸ਼ਨਾਂ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਮੁਤਾਬਕ 8 ਮਈ ਨੂੰ ਡਟਵੀਂ ਸ਼ਮੂਲੀਅਤ ਕੀਤੀ ਜਾਵੇਗੀ। 

ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਕਰੋਨਾ ਦੀ ਰੋਕਥਾਮ ਅਤੇ ਪੀੜਤਾਂ ਦੇ ਸਹੀ ਇਲਾਜ ਲਈ ਲੋੜੀਂਦੀ ਜਨ-ਜਾਗ੍ਰਤੀ ਅਤੇ ਬੈੱਡਾਂ, ਵੈਂਟੀਲੇਟਰਾਂ, ਵੈਕਸੀਨੇਸ਼ਨਾਂ, ਆਕਸੀਜਨ ਆਦਿ ਦੇ ਪ੍ਰਬੰਧਾਂ 'ਚ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਸਿਰੇ ਦੀ ਗੈਰ ਜ਼ਿੰਮੇਵਾਰੀ ਦਿਖਾਈ ਗਈ ਹੈ ਜਿਸਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ। ਉਲਟਾ ਪੁਲਿਸ ਜਬਰ ਨਾਲ ਲਾਕਡਾਊਨ ਮੜ੍ਹ ਕੇ ਆਮ ਦੁਕਾਨਦਾਰਾਂ ਤੇ ਰੋਜ਼ ਦੀ ਰੋਜ਼ ਕਮਾ ਕੇ ਖਾਣ ਵਾਲੇ ਹੋਰ ਗਰੀਬ ਲੋਕਾਂ ਦਾ ਜਿਉਣਾ ਦੁੱਭਰ ਕੀਤਾ ਜਾ ਰਿਹਾ ਹੈ। ਇਸੇ ਕਰੋਨਾ ਦੀ ਆੜ ਹੇਠ ਮੋਦੀ ਭਾਜਪਾ ਹਕੂਮਤ ਵੱਲੋਂ ਕਿਸਾਨਾਂ ਮਜ਼ਦੂਰਾਂ ਉੱਤੇ ਕਾਲ਼ੇ ਖੇਤੀ ਕਾਨੂੰਨ ਅਤੇ ਲੇਬਰ ਕੋਡ ਮੜ੍ਹੇ ਜਾ ਰਹੇ ਹਨ ਅਤੇ ਲੰਬੇ ਜਾਨਹੂਲਵੇਂ ਘੋਲ਼ਾਂ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਸੇ ਆੜ ਹੇਠ ਆਪ੍ਰੇਸ਼ਨ ਕਲੀਨ ਵਰਗੇ ਦਬਕੇ ਵੀ ਮਾਰੇ ਗਏ ਸਨ ਜਿਹੜੇ ਕਿਸਾਨਾਂ ਮਜ਼ਦੂਰਾਂ ਦੇ ਜੁਝਾਰੂ ਰੌਂਅ ਅਤੇ ਦ੍ਰਿੜ੍ਹ ਇਰਾਦਿਆਂ ਨੇ ਧੂੜ ਵਾਂਗ ਉਡਾ ਕੇ ਰੱਖ ਦਿੱਤੇ। ਪਰ ਅਜੇ ਵੀ ਕਿਸਾਨਾਂ ਦੀਆਂ ਜ਼ਮੀਨਾਂ ਸਮੇਤ ਦੇਸ਼ ਦੀ ਪੂਰੀ ਆਰਥਿਕਤਾ ਅਡਾਨੀ ਅੰਬਾਨੀ ਅਤੇ ਦੇਸੀ ਬਦੇਸ਼ੀ ਸਾਮਰਾਜੀ ਕਾਰਪੋਰੇਟਾਂ ਹਵਾਲੇ ਕਰਨ ਲਈ ਮੋਦੀ ਹਕੂਮਤ ਤਰਲੋਮੱਛੀ ਹੋ ਰਹੀ ਹੈ। ਜਿਹੜੀ ਉਸਦੀ ਪਿੱਠ ਥਾਪੜ ਰਹੀਆਂ ਕੌਮਾਂਤਰੀ ਸਾਮਰਾਜੀ ਸੰਸਥਾਵਾਂ ਸੰਸਾਰ ਵਪਾਰ ਸੰਸਥਾ, ਸੰਸਾਰ ਬੈਂਕ ਅਤੇ ਕੌਮਾਂਤਰੀ ਮੁਦਰਾਕੋਸ਼ ਦੀ ਤਾਕਤ 'ਤੇ ਕੁੱਝ ਜ਼ਿਆਦਾ ਹੀ ਮਾਣ ਕਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਇਸ ਮਾਣ ਨੂੰ ਚਕਨਾਚੂਰ ਕਰਨ ਅਤੇ ਇਨ੍ਹਾਂ ਸਾਰੇ ਲੋਕ-ਮਾਰੂ ਹੱਲਿਆਂ ਨੂੰ ਪਛਾੜਨ ਲਈ ਕਿਸਾਨਾਂ ਮਜਦੂਰਾਂ ਸਮੇਤ ਸਾਰੇ ਕਿਰਤੀ ਲੋਕਾਂ ਦੀ ਵਿਸ਼ਾਲ ਜੁਝਾਰੂ ਏਕਤਾ ਸਮੇਂ ਦੀ ਅਣਸਰਦੀ ਲੋੜ ਹੈ। ਇਸ ਜੁਝਾਰੂ ਏਕਤਾ ਦਾ ਪਸਾਰਾ ਪੂਰੇ ਦੇਸ਼ ਵਿੱਚ ਕਰਨ ਦੀ ਲੋੜ ਹੋਰ ਵੀ ਵਧੇਰੇ ਹੈ।ਲਾਕਡਾਊਨ ਵਿਰੁੱਧ ਸੰਘਰਸ਼ ਦੀ ਹਮਾਇਤ ਰਾਹੀਂ ਏਕਤਾ ਅਤੇ ਪਸਾਰੇ ਦੀ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। 

ਕਿਸਾਨ ਆਗੂਆਂ ਵੱਲੋਂ ਆਉਂਦੇ ਦਿਨਾਂ ਵਿੱਚ ਕੇਂਦਰ ਹਕੂਮਤ ਵਿਰੁੱਧ ਜਨਤਕ ਦਬਾਉ ਹੋਰ ਵਧਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦਿਆਂ ਨੂੰ ਲਾਗੂ ਕਰਦੇ ਹੋਏ ਕਰੋਨਾ ਸਾਵਧਾਨੀਆਂ ਦਾ ਧਿਆਨ ਰੱਖਦਿਆਂ ਦਿੱਲੀ ਬਾਡਰਾਂ ਤੋਂ ਇਲਾਵਾ ਪੰਜਾਬ ਵਿੱਚ ਸਾਮਰਾਜੀ ਕਾਰੋਬਾਰਾਂ ਅਤੇ ਭਾਜਪਾ ਆਗੂਆਂ ਵਿਰੁੱਧ ਲਗਾਤਾਰ ਚੱਲ ਰਹੇ ਪੱਕੇ ਮੋਰਚਿਆਂ ਵੱਲ ਹੋਰ ਵੱਡੀ ਗਿਣਤੀ ਵਿੱਚ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ।